
ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}
ਪਦਅਰਥ: ਗੁਰਿ ਪੂਰੈ = ਪੂਰੇ ਗੁਰੂ ਨੇ। ਸੰਗਿ = (ਆਪਣੇ) ਨਾਲ। ਸਹਾਈ = ਮਦਦਗਾਰ, ਸਾਥੀ। ਜਹ = ਜਿੱਥੇ। ਸੁਹੇਲੇ = ਸੁਖੀ। ਪ੍ਰਭਿ = ਪ੍ਰਭੂ ਨੇ।੧।
ਸੁਭਾਈ = ਸੁਭਾਇ, ਪਿਆਰ ਨਾਲ। ਮਨਚਿੰਦੇ = ਮਨ = ਇੱਛਤ, ਮਨ = ਮੰਗੇ। ਸਗਲੇ = ਸਾਰੇ। ਜੀਅ ਕੈ ਸੰਗਿ = ਜਿੰਦ ਦੇ ਨਾਲ।੧।ਰਹਾਉ।
ਹਮ = ਅਸੀ, ਮੈਂ। ਰੇਨਾਰਾ = ਰੇਣ, ਚਰਨ = ਧੂੜ। ਅਧਾਰਾ = ਆਸਰਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤ = ਪਵਿਤ੍ਰ। ਜਸੁ = ਸਿਫ਼ਤਿ-ਸਾਲਾਹ।੨।
ਸਦ = ਸਦਾ। ਰੈਨਿ = ਰਾਤ। ਬਹੁੜਿ = ਮੁੜ।੩।
ਬਿਧਾਤਾ = ਕਰਤਾਰ, ਰਚਨਹਾਰ। ਰਸੁ = ਸੁਆਦ। ਤਿਨ ਹੀ = ਤਿਨਿ ਹੀ, ਉਸ ਮਨੁੱਖ ਨੇ ਹੀ {ਲਫ਼ਜ਼ 'ਤਿਨਿ' ਦੀ 'ਿ' ਕ੍ਰਿਆ ਵਿਸ਼ਸ਼ੇਣ 'ਹੀ' ਦੇ ਕਾਰਨ ਉੱਡ ਗਈ ਹੈ}। ਜਮ ਕੰਕਰੁ = {ਕਿੰਕਰੁ = किंकर} ਜਮ ਦਾ ਸੇਵਕ, ਜਮ = ਦੂਤ।੪।
ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ।
(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।
ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।
ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।
(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ {ਪੰਨਾ 717}
ਪਦਅਰਥ: ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਅੰਕੁਰੁ = (ਪਿਛਲੇ ਬੀਜੇ ਹੋਏ ਭਲੇ ਕਰਮਾਂ ਦਾ) ਅੰਗੂਰ।ਰਹਾਉ।
ਭੇਟਿਓ = ਮਿਲ ਪਿਆ। ਬਡ ਭਾਗੀ = ਵੱਡੀ ਕਿਸਮਤ ਨਾਲ। ਜਾ ਕੋ = ਜਿਸ (ਪਰਮਾਤਮਾ) ਦਾ। ਪਾਰਾਵਾਰਾ = ਪਾਰ ਅਵਾਰ, ਪਾਰਲਾ ਉਰਲਾ ਬੰਨਾ। ਕਰੁ = {ਇਕ-ਵਚਨ} ਹੱਥ। ਗਹਿ = ਫੜ ਕੇ। ਜਨੁ ਅਪੁਨਾ = ਆਪਣੇ ਸੇਵਕ ਨੂੰ। ਬਿਖੁ = ਜ਼ਹਰ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਮਾਇਆ ਦੇ ਮੋਹ ਦਾ ਜ਼ਹਰ।੧।
ਗੁਰ ਬਚਨੀ = ਗੁਰੂ ਦੇ ਬਚਨਾਂ ਦੀ ਰਾਹੀਂ। ਸੰਕਟ ਦੁਆਰਾ = ਕਸ਼ਟਾਂ (ਵਾਲੇ ਚੌਰਾਸੀ ਦੇ ਗੇੜ) ਦਾ ਦਰਵਾਜ਼ਾ। ਗਹੀ = ਫੜੀ ਹੈ। ਪੁਨਹ ਪੁਨਹ = ਮੁੜ ਮੁੜ।੨।
ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।
ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}
ਪਦਅਰਥ: ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ।੧।
ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ।ਰਹਾਉ।
ਜਾ ਕੈ ਘਰਿ = ਜਿਸ (ਪ੍ਰਭੂ) ਦੇ ਘਰ ਵਿਚ। ਨਉ ਨਿਧਿ = ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ। ਭੰਡਾਰ = ਖ਼ਜ਼ਾਨੇ। ਤਿਸ ਕੀ = {ਲਫ਼ਜ਼ 'ਤਿਸ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ}। ਅਗਮ = ਅਪਹੁੰਚ। ਅਪਾਰ = ਬੇਅੰਤ, ਜਿਸ ਦਾ ਪਾਰਲਾ ਬੰਨਾ ਨਹੀਂ ਦਿੱਸਦਾ। ਸਾਰ = ਸੰਭਾਲ। ਭੇਟੀਐ = ਲੱਭੀਏ। ਸਬਦਿ = ਸ਼ਬਦ ਵਿਚ (ਜੋੜ ਕੇ) । ਮਿਲਾਵਣਹਾਰ = ਮਿਲਾ ਸਕਣ ਵਾਲਾ।੨।
ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ {ਪੰਨਾ 639-640}
ਪਦਅਰਥ: ਸਚੇ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ। ਸਰੇਵੀਅਹਿ = ਸੇਵੇ ਜਾਣੇ ਚਾਹੀਦੇ ਹਨ। ਭ੍ਰਮੁ = ਭਟਕਣਾ। ਮਿਲਿ = ਮਿਲ ਕੇ। ਮਾਂਜੀਐ = ਮਾਂਜਣਾ ਚਾਹੀਦਾ ਹੈ। ਕੈ ਨਾਮਿ = ਦੇ ਨਾਮ ਵਿਚ। ਗਿਆਨ = ਆਤਮਕ ਜੀਵਨ ਦੀ ਸੂਝ। ਅਗਿਆਨਤਾ = ਆਤਮਕ ਜੀਵਨ ਵਲੋਂ ਬੇ = ਸਮਝੀ। ਕਮਲ ਪਰਗਾਸੁ = (ਹਿਰਦੇ ਦੇ) ਕੌਲ ਫੁੱਲ ਦਾ ਖਿੜਾਉ। ਸਭਿ = ਸਾਰੇ।੩।
ਮੇਰਾ ਤੇਰਾ = ਮੇਰ = ਤੇਰ, ਵਿਤਕਰਾ। ਹੋਈਐ = ਬਣ ਜਾਣਾ ਚਾਹੀਦਾ ਹੈ। ਧੂਰਿ = ਖ਼ਾਕ। ਘਟਿ ਘਟਿ = ਹਰੇਕ ਘਟ ਵਿਚ। ਹਜੂਰਿ = ਅੰਗ = ਸੰਗ ਹੋ ਕੇ। ਜਿਤੁ = ਜਿਸ ਵਿਚ। ਦਿਨਿ = ਦਿਨ ਵਿਚ। ਜਿਤੁ ਦਿਨਿ = ਜਿਸ ਦਿਨ ਵਿਚ। ਤਿਤੁ ਦਿਨਿ = ਉਸ ਦਿਨ ਵਿਚ। ਮਰੀਐ = ਮਰੀਦਾ ਹੈ। ਝੂਰਿ = ਪਛੁਤਾ ਕੇ। ਕਰਨ ਕਰਾਵਨ ਸਮਰਥੋ = ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ। ਕਲਾ = ਤਾਕਤ।੪।
ਪਦਾਰਥੁ = ਕੀਮਤੀ ਧਨ। ਮੋਹ ਬਿਨਾਸੁ = ਮੋਹ ਦਾ ਨਾਸ। ਤਿਸੁ ਭਾਵੈ = ਉਸ (ਪਰਮਾਤਮਾ) ਨੂੰ ਚੰਗਾ ਲੱਗੇ। ਹਿਰਦੈ = ਹਿਰਦੇ ਵਿਚ। ਗੁਰਮੁਖਿ = ਗੁਰੂ ਦੀ ਸ਼ਰਨ ਪਿਆਂ। ਰਿਦੈ = ਹਿਰਦੈ ਵਿਚ। ਪਰਗਾਸੁ = ਚਾਨਣ। ਪ੍ਰਗਟ ਭਇਆ = ਉੱਘੜ ਪੈਂਦਾ ਹੈ। ਪਰਤਾਪੁ = ਤਾਕਤ। ਮਉਲਿਆ = ਖਿੜਿਆ ਹੋਇਆ।੫।
ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।
ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।
ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ {ਪੰਨਾ 640}
ਪਦਅਰਥ: ਗੁਰਿ = ਗੁਰੂ ਨੇ। ਸੰਤੋਖਿਆ = ਸੰਤੋਖ ਦਿੱਤਾ। ਅਹਿ = ਦਿਨ। ਨਿਸਿ = ਰਾਤ। ਭਾਉ = ਪ੍ਰੇਮ। ਰਸਨਾ = ਜੀਭ (ਨਾਲ) । ਰਵੈ = ਸਿਮਰਦਾ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਸੁਆਉ = ਸੁਆਰਥ, ਮਨੋਰਥ। ਕਰਨੀ = ਕੰਨਾਂ ਨਾਲ, ਕਰਨੀਂ। ਜੀਅੜਾ = (ਨਿਭਾਗੀ) ਜਿੰਦ। ਜਲਿ ਜਾਉ = ਜਲਿ ਜਾਇ, (ਵਿਕਾਰਾਂ ਵਿਚ) ਸੜ ਜਾਂਦੀ ਹੈ।੬।
ਸਾਹਿਬੈ = ਸਾਹਿਬ ਵਿਚ। ਹਉ = ਮੈਂ। ਤਿਸ ਕੈ = ਉਸ ਤੋਂ {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕੈ' ਦੇ ਕਾਰਨ ਉੱਡ ਗਿਆ ਹੈ}। ਬਲਿ = ਸਦਕੇ। ਜਾਉ = ਜਾਉਂ, ਜਾਂਦਾ ਹਾਂ। ਦੇਇ = ਦੇਂਦਾ ਹੈ। ਸੰਬਾਹੇ = ਅਪੜਾਂਦਾ ਹੈ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਗੂੜਾ = ਗੂੜ੍ਹਾ ਪ੍ਰੇਮ = ਰੰਗ ਦੇਣ ਵਾਲਾ। ਭੇਟੀਐ = ਮਿਲ ਪੈਂਦਾ ਹੈ। ਕਰਮਾਉ = ਕਿਸਮਤ।੭।
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।
ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬।
ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।
ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ {ਪੰਨਾ 640}
ਪਦਅਰਥ: ਨ ਜੀਵੀਐ = ਨਹੀਂ ਜੀ ਸਕੀਦਾ, ਆਤਮਕ ਜੀਵਨ ਨਹੀਂ ਮਿਲ ਸਕਦਾ। ਕਲਾ = ਤਾਕਤਾਂ। ਸਾਸਿ = (ਹਰੇਕ) ਸਾਹ ਦੇ ਨਾਲ। ਗਿਰਾਸਿ = ਗਿਰਾਹੀ ਦੇ ਨਾਲ। ਸਾਸਿ ਗਿਰਾਸਿ = ਸਾਹ ਲੈਂਦਿਆਂ ਤੇ ਖਾਂਦਿਆਂ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਹਜੂਰਿ = ਅੰਗ = ਸੰਗ। ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ। ਮਰਦੇ = ਆਤਮਕ ਮੌਤ ਸਹੇੜਦੇ ਹਨ। ਝੂਰਿ = ਚਿੰਤਾਤੁਰ ਹੋ ਕੇ।੮।
ਅੰਚਲਿ = ਪੱਲੇ ਨਾਲ, ਲੜ ਨਾਲ। ਭਉਜਲੁ = ਸੰਸਾਰ = ਸਮੁੰਦਰ। ਕਰਿ = ਕਰ ਕੇ। ਨਦਰਿ = ਮੇਹਰ ਦੀ ਨਿਗਾਹ। ਨਿਹਾਲਿਆ = ਤੱਕਿਆ। ਕੀਤੋਨੁ = ਉਸ ਨੇ ਕੀਤਾ। ਅੰਗੁ = ਪੱਖ। ਅਪਾਰੁ = ਬੇਅੰਤ। ਸੀਤਲੁ = ਠੰਢਾ। ਅਧਾਰੁ = ਆਸਰਾ। ਕਿਲਬਿਖ = ਪਾਪ। ਕਾਟਣਹਾਰੁ = ਕੱਟ ਸਕਣ ਵਾਲਾ। ਜਿ = ਜੇਹੜਾ।੯।
ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।
ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।
ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ {ਪੰਨਾ 733-734}
ਪਦਅਰਥ: ਮਿਤੁ = ਮਿੱਤਰ। ਸਹਾਈ = ਮਦਦਗਾਰ। ਤੇ = ਤੋਂ, ਨਾਲ। ਮਨਿ = ਮਨ ਵਿਚ। ਹੋਰਤੁ ਬਿਧਿ = ਕਿਸੇ ਹੋਰ ਤਰੀਕੇ ਨਾਲ। {ਹੋਰਤੁ = ਹੋਰ ਦੀ ਰਾਹੀਂ। ਜਿਤੁ = ਜਿਸ ਦੀ ਰਾਹੀਂ। ਤਿਤੁ = ਉਸ ਦੀ ਰਾਹੀਂ।੧।
ਸੰਚੀਐ = ਇਕੱਠਾ ਕਰਨਾ ਚਾਹੀਦਾ ਹੈ। ਭਾਈ = ਹੇ ਭਾਈ! ਜਿ ਹਰਿ = ਜੇਹੜਾ ਹਰੀ! ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ। ਸਖਾਈ = ਮਿੱਤਰ।੧।ਰਹਾਉ।
ਸੰਗਿ = ਨਾਲ। ਸਤ ਸੰਗਤੀ ਸੰਗਿ = ਸਤਸੰਗੀਆਂ ਨਾਲ (ਰਲ ਕੇ) । ਖਟੀਐ = ਖੱਟਿਆ ਜਾ ਸਕਦਾ ਹੈ। ਹੋਰਥੈ = ਕਿਸੇ ਹੋਰ ਥਾਂ। ਹੋਰਤੁ ਉਪਾਇ = ਕਿਸੇ ਹੋਰ ਜਤਨ ਨਾਲ। ਕਿਤੈ = ਕਿਸੇ ਭੀ ਥਾਂ। ਵਿਹਾਝੇ = ਖ਼ਰੀਦਦਾ ਹੈ।
ਕਚੈ ਕੇ ਵਾਪਾਰੀਏ = ਕੱਚ ਦਾ ਵਪਾਰ ਕਰਨ ਵਾਲੇ (ਕੱਚ ਹੀ ਵਿਹਾਝਦੇ ਹਨ) । ਵਾਕਿ = (ਉਹਨਾਂ ਦੇ) ਵਾਕ ਨਾਲ, (ਉਹਨਾਂ ਦੀ) ਸਿੱਖਿਆ ਨਾਲ।੨।
ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।
ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।
ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ {ਪੰਨਾ 734}
ਪਦਅਰਥ: ਜਵੇਹਰੁ = ਜਵਾਹਰ। ਮਾਣਕੁ = ਮੋਤੀ। ਅੰਮ੍ਰਿਤ ਵੇਲੈ = ਆਤਮਕ ਜੀਵਨ ਦੇਣ ਵਾਲੇ ਸਮੇ ਵਿਚ। ਵਤੈ = ਵੱਤਰ ਦੇ ਵੇਲੇ। ਹਰਿ ਭਗਤੀ = ਹਰੀ ਦੇ ਭਗਤਾਂ ਨੇ। ਲਿਵ = ਲਗਨ। ਲਿਵ ਲਾਈ = ਸੁਰਤਿ ਜੋੜੀ। ਨਿਖੁਟੈ = ਮੁੱਕਦਾ। ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ। ਕਉ = ਨੂੰ।੩।
ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸਾਚਾ = ਸਦਾ ਟਿਕੇ ਰਹਿਣ ਵਾਲਾ। ਤਸਕਰ = ਚੋਰ। ਉਚਕਾ = ਉਚੱਕਾ, ਚੁੱਕ ਕੇ ਲੈ ਜਾਣ ਵਾਲਾ, ਲੁਟੇਰਾ। ਜਾਗਾਤੀ = ਮਸੂਲੀਆ। ਡੰਡੁ = ਡੰਨ।੪।
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ। ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ। ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ। ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ।੩।
ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਦਾ ਹੀ ਟਿਕਿਆ ਰਹਿੰਦਾ ਹੈ। ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ। ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ।੪।
ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥ {ਪੰਨਾ 734}
ਪਦਅਰਥ: ਸਾਕਤੀ = ਸਾਕਤੀਂ, ਸਾਕਤਾਂ ਨੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਨੇ। ਬਿਖਿਆ = ਮਾਇਆ। ਸੰਚਿਆ = ਇਕੱਠਾ ਕੀਤਾ, ਜੋੜਿਆ। ਵਿਖ = ਕਦਮ। ਦੁਹੇਲੇ = ਦੁਖੀ। ਸਾਕਤ = ਮਾਇਆ = ਵੇੜ੍ਹੇ ਮਨੁੱਖ। ਹਥਹੁ = ਹੱਥ ਵਿਚੋਂ। ਛੁੜਕਿ ਗਇਆ = ਖੁੱਸ ਗਿਆ। ਅਗੈ ਪਲਤਿ = ਅਗਾਂਹ ਪਰਲੋਕ ਵਿਚ। ਸਾਕਤੁ = ਮਾਇਆ = ਵੇੜ੍ਹਿਆ ਮਨੁੱਖ {ਇਕ-ਵਚਨ}। ਢੋਈ = ਆਸਰਾ।੫।
ਸਾਹੁ = ਸ਼ਾਹੁ, ਸਰਮਾਏ ਦਾ ਮਾਲਕ। ਸੰਤਹੁ = ਹੇ ਸੰਤ ਜਨੋ! ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਦੇਇ = ਦੇਂਦਾ ਹੈ। ਲਦਿ = ਲੱਦ ਕੇ। ਤੋਟਾ = ਘਾਟ। ਆਵਈ = ਆਵਏ, ਆਵੈ। ਗੁਰਿ = ਗੁਰੂ ਨੇ। ਜਨ ਕਉ = ਆਪਣੇ ਦਾਸ ਨੂੰ। ਨਾਨਕ = ਹੇ ਨਾਨਕ!।੬।
ਅਰਥ: ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ। (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ।੫।
ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ। ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚ) ਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ। ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ।੬।੩।੧੦।
ਗੂਜਰੀ ਮਹਲਾ ੧ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥ ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥ ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥ ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥ ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥ ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥ ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥ ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥ ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥ ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥ {ਪੰਨਾ 505}
ਪਦਅਰਥ: ਆਰਾਧਿਤੰ = ਆਰਾਧਿਆ (ਜਿਨ੍ਹਾਂ ਨੇ। ਸਚੁ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ। ਪਿਆਸ = ਤਾਂਘ। ਪਰਮ = ਸਭ ਤੋਂ ਉੱਚੀ, ਬਹੁਤ ਉੱਚੀ। ਹਿਤੰ = ਪ੍ਰੇਮ। ਭਾਇ ਹਿਤੰ = ਪ੍ਰੇਮ = ਭਾਵ ਵਿਚ।੧।
ਮਨ = ਹੇ ਮਨ! ਤਾਰਿ = ਬੇੜੀ, ਜਹਾਜ਼। ਰਮ ਨਾਮ = ਰਾਮ ਦਾ ਨਾਮ। ਕਰਣੀ = {करणोय} ਕਰਤੱਬ, ਜੀਵਨ ਦਾ ਨਿਸ਼ਾਨਾ।੧।ਰਹਾਉ।
ਏ = ਹੇ! ਮਿਰਤ = ਮੌਤ, ਵਿਕਾਰਾਂ ਵਲੋਂ ਉਪਰਾਮਤਾ। ਸੁਭ ਚਿੰਤੰ = ਸ਼ੁਭਚਿੰਤਕ, ਸੁਖਦਾਈ। ਰਮਣੰ = ਸਿਮਰਨ। ਤਤੁ = ਜਗਤ ਦਾ ਮੂਲ = ਪ੍ਰਭੂ। ਗਿਆਨੰ = ਜਾਣ-ਪਛਾਣ, ਡੂੰਘੀ ਸਾਂਝ। ਕਲਿਆਣ = ਸੁਖ, ਆਨੰਦ।੨।
ਚਲ ਚਿਤ = ਚਿੱਤ ਨੂੰ ਚੰਚਲ ਕਰਨ ਵਾਲਾ। ਵਿਤ = ਧਨ। ਭ੍ਰਮਾਭ੍ਰਮੰ = ਭਟਕਣਾ। ਮਗਨ = ਮਸਤ। ਗੁਰ ਵਾਕਿ = ਗੁਰੂ ਦੇ ਸ਼ਬਦ ਦੀ ਰਾਹੀਂ। ਦਿੜੰ = ਪੱਕੀ (ਕਰ ਲਈ ਹੈ। ਮਤੀ = ਅਕਲ, ਸਮਝ।੩।
ਭਰਮਾਤਿ = ਭਟਕਦਾ ਹੈ। ਭਰਮੁ = ਭਟਕਣ। ਜਨਮਿ = ਜਨਮ (-ਮਰਨ) ਵਿਚ। ਬਿਆਧਿ = ਰੋਗ। ਖਪੰ = ਖ਼ੁਆਰ ਹੁੰਦਾ ਹੈ। ਨਿਹਕੇਵਲੰ = ਵਾਸਨਾ = ਰਹਿਤ। ਸਤਿ = ਸਦਾ-ਥਿਰ।੪।
ਬਿਆਪਿਤੰ = ਦਬਾਇਆ ਹੋਇਆ, ਦਬਾ ਹੇਠ। ਅਧਿਕ = ਬਹੁਤ। ਊਬਰਹਿ = ਤੂੰ ਬਚੇਂਗਾ।੫।
ਨਿਹਚਲ = ਅਟੱਲ। ਮਨਿ = ਮਨ ਵਿਚ (ਧਾਰਨ ਕਰ। ਮਨੰ = ਮੰਨ ਜਾਇਗਾ, ਗਿੱਝ ਜਾਇਗਾ। ਸਹਜ = ਅਡੋਲ ਆਤਮਕ ਅਵਸਥਾ। ਜਿਤੁ = ਜਿਸ ਵਿਚ। ਸਾਰੰ = ਸ੍ਰੇਸ਼ਟ।੬।
ਭੈ = (ਪਰਮਾਤਮਾ ਦੇ) ਡਰ ਵਿਚ। ਭਾਇ = (ਪਰਮਾਤਮਾ ਦੇ) ਪ੍ਰੇਮ ਵਿਚ। ਤਰੁ = ਪਾਰ ਲੰਘ। ਭਵਜਲੁ = ਸੰਸਾਰ = ਸਮੁੰਦਰ। ਲਾਇ = ਜੋੜ। ਪਾਵਨੁ = ਪਵਿਤ੍ਰ। ਤਉ = ਤੇਰੀ।੭।
ਨਿਵਾਰਣੰ = ਦੂਰ ਕਰਨ ਦੇ ਸਮਰੱਥ। ਰਾਸਿ = ਸਰਮਾਇਆ। ਮਨੰ = ਮਨ ਵਿਚ। ਨਿਰੰਜਨਾ = ਹੇ ਨਿਰੰਜਨ! ਹੇ ਮਾਇਆ = ਰਹਿਤ ਪ੍ਰਭੂ!।੮।
ਅਰਥ: ਹੇ ਮਨ! ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਓਟ ਫੜ। ਪਰਮਾਤਮਾ ਦੇ ਨਾਮ ਨੂੰ ਜੀਵਨ ਦਾ ਮਨੋਰਥ ਬਣਾ। ਇਹ ਨਾਮ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ ਜਹਾਜ਼ ਹੈ।੧।ਰਹਾਉ।
ਜੇਹੜੇ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ, ਸਦਾ-ਥਿਰ ਪ੍ਰਭੂ ਨੂੰ ਪ੍ਰੇਮ ਨਾਲ ਆਰਾਧਦੇ ਹਨ, ਉਹਨਾਂ ਦੇ ਅੰਦਰ ਪ੍ਰਭੂ-ਪ੍ਰੇਮ ਦੀ ਤੀਬਰ ਖਿੱਚ ਬਣੀ ਰਹਿੰਦੀ ਹੈ, ਉਹ (ਪ੍ਰਭੂ ਦੇ ਦਰ ਤੇ ਹੀ) ਹਾੜੇ-ਤਰਲੇ ਕਰਦੇ ਹਨ ਬੇਨਤੀਆਂ ਕਰਦੇ ਹਨ, ਉਹਨਾਂ ਦੇ ਚਿੱਤ ਪ੍ਰਭੂ ਦੇ ਪ੍ਰੇਮ ਪਿਆਰ ਵਿਚ (ਮਗਨ ਰਹਿੰਦੇ ਹਨ) ਤੇ ਉਹ ਆਤਮਕ ਆਨੰਦ ਮਾਣਦੇ ਹਨ।੧।
ਹੇ ਮਨ! ਗੁਰੂ ਦੇ ਸ਼ਬਦ ਵਿਚ (ਟਿਕ ਕੇ) ਪਰਮਾਤਮਾ ਦਾ ਸਿਮਰਨ ਕਰ, ਤੇ (ਵਿਕਾਰਾਂ ਵਲੋਂ ਉਪਰਾਮ ਹੋ) , ਵਿਕਾਰਾਂ ਵਲੋਂ ਮੌਤ (ਜੀਵਨ ਵਾਸਤੇ) ਸੁਖਦਾਈ ਹੈ। ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਮਨ ਵਿਚ ਸਿਮਰਦੇ ਹਨ ਉਹਨਾਂ ਦੀ ਮਤਿ ਜਗਤ-ਮੂਲ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ, ਉਹਨਾਂ ਨੂੰ ਸੁਖਾਂ ਦਾ ਖ਼ਜ਼ਾਨਾ ਪ੍ਰਭੂ ਮਿਲ ਪੈਂਦਾ ਹੈ।੨।
(ਦੁਨੀਆ ਦਾ) ਧਨ (ਮਨੁੱਖ ਦੇ) ਮਨ ਨੂੰ ਚੰਚਲ ਬਣਾਂਦਾ ਹੈ ਤੇ ਭਟਕਣਾ ਪੈਦਾ ਕਰਦਾ ਹੈ, (ਪਰ) ਜਗਤ (ਇਸ ਧਨ ਦੇ) ਮੋਹ ਵਿਚ ਪ੍ਰੇਮ ਵਿਚ ਮਸਤ ਰਹਿੰਦਾ ਹੈ। ਪਰਮਾਤਮਾ ਦੇ ਭਗਤ (ਆਪਣੀ) ਸਮਝ ਵਿਚ (ਇਹ ਨਿਸਚਾ) ਪੱਕਾ ਕਰ ਲੈਂਦੇ ਹਨ ਕਿ ਪਰਮਾਤਮਾ ਦਾ ਨਾਮ (ਹੀ) ਸਦਾ ਕਾਇਮ ਰਹਿਣ ਵਾਲਾ ਹੈ। ਉਹ ਗੁਰੂ ਦੇ ਸ਼ਬਦ ਵਿਚ ਟਿਕ ਕੇ ਸਿਫ਼ਤਿ-ਸਾਲਾਹ ਵਿਚ ਰੱਤੇ ਰਹਿੰਦੇ ਹਨ।੩।
ਜਗਤ (ਮਾਇਆ ਦੇ ਮੋਹ ਦੇ ਕਾਰਨ) ਜਨਮ ਮਰਨ ਦੇ ਰੋਗ ਵਿਚ ਖ਼ੁਆਰ ਹੁੰਦਾ ਰਹਿੰਦਾ ਹੈ, ਭਟਕਦਾ ਰਹਿੰਦਾ ਹੈ, (ਇਸ ਦੀ ਮਾਇਆ ਵਾਲੀ) ਭਟਕਣਾ ਮੁੱਕਦੀ ਨਹੀਂ। ਹੇ ਮਨ! ਪਰਮਾਤਮਾ ਦੀ ਸਰਨ ਹੀ ਐਸਾ ਥਾਂ ਹੈ ਜੋ ਮਾਇਆ ਦੇ ਮੋਹ ਤੋਂ ਉਪਰਾਮ ਕਰਦਾ ਹੈ, ਪਰਮਾਤਮਾ ਦੇ ਨਾਮ ਦਾ ਤਪ ਹੀ ਸਹੀ ਸਮਝ ਹੈ।੪।
ਇਹ ਜਗਤ ਮਾਇਆ ਦੇ ਮੋਹ ਵਿਚ ਫਸਿਆ ਹੋਇਆ ਹੈ, ਇਸ ਵਾਸਤੇ ਇਸ ਨੂੰ ਜਨਮ ਮਰਨ ਦਾ ਬਹੁਤ ਦੁੱਖ ਲੱਗਾ ਰਹਿੰਦਾ ਹੈ। (ਹੇ ਭਾਈ!) ਤੂੰ ਪਰਮਾਤਮਾ ਦਾ ਨਾਮ ਹਿਰਦੇ ਵਿਚ ਸਿਮਰ, ਸਤਿਗੁਰੂ ਦੀ ਸਰਨ ਪਉ, (ਤਦੋਂ ਹੀ) ਤੂੰ (ਜਨਮ ਮਰਨ ਦੇ ਗੇੜ ਤੋਂ) ਬਚ ਸਕੇਂਗਾ।੫।
ਜੋ ਮਨੁੱਖ ਆਪਣੇ ਮਨ ਵਿਚ ਗੁਰੂ ਦੀ ਸਿੱਖਿਆ ਪੱਕੇ ਤੌਰ ਤੇ ਧਾਰਨ ਕਰ ਲੈਂਦਾ ਹੈ, ਉਸ ਦਾ ਮਨ ਅਡੋਲ ਆਤਮਕ ਅਵਸਥਾ ਦੀ ਵਿਚਾਰ ਵਿਚ ਗਿੱਝ ਜਾਂਦਾ ਹੈ (ਭਾਵ, ਉਹ ਸਦਾ ਇਹ ਖ਼ਿਆਲ ਰੱਖਦਾ ਹੈ ਕਿ ਮਨ ਮਾਇਆ ਦੀ ਭਟਕਣਾ ਵਲੋਂ ਹਟ ਕੇ ਪ੍ਰਭੂ ਦੇ ਨਾਮ ਦੀ ਇਕਾਗ੍ਰਤਾ ਵਿਚ ਟਿਕਿਆ ਰਹੇ। ਜਿਸ ਮਨ ਵਿਚ ਸਦਾ-ਥਿਰ ਪ੍ਰਭੂ ਟਿਕ ਜਾਏ ਉਹ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦੇ ਅੰਦਰ ਪ੍ਰਭੂ-ਗਿਆਨ ਦਾ ਸ੍ਰੇਸ਼ਟ ਰਤਨ ਮੌਜੂਦ ਰਹਿੰਦਾ ਹੈ।੬।
ਹੇ (ਮੇਰੇ) ਮਨ! ਪਰਮਾਤਮਾ ਦੇ ਡਰ-ਅਦਬ ਵਿਚ ਰਹੁ, ਪ੍ਰਭੂ ਦੇ ਪਿਆਰ ਵਿਚ ਰਹੁ, ਪ੍ਰਭੂ ਦੀ ਭਗਤੀ ਕਰ, ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜ, ਇਸ ਤਰ੍ਹਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ। (ਹੇ ਭਾਈ!) ਪਰਮਾਤਮਾ ਦਾ ਪਵਿਤ੍ਰ ਨਾਮ ਆਪਣੇ ਹਿਰਦੇ ਵਿਚ (ਰੱਖ ਤੇ ਪ੍ਰਭੂ ਅੱਗੇ ਇਉਂ ਅਰਦਾਸ ਕਰ-ਹੇ ਪ੍ਰਭੂ!) ਮੇਰਾ ਇਹ ਸਰੀਰ ਤੇਰੀ ਸਰਨ ਹੈ (ਭਾਵ, ਮੈਂ ਤੇਰੀ ਸਰਨ ਆਇਆ ਹਾਂ)।੭।
ਹੇ ਨਾਨਕ! ਪਰਮਾਤਮਾ ਦਾ ਨਾਮ (ਆਤਮਕ ਜੀਵਨ ਦਾ ਸਰਮਾਇਆ ਹੈ, ਇਸ) ਸਰਮਾਏ ਨੂੰ ਆਪਣੇ ਮਨ ਵਿਚ ਸਾਂਭ ਕੇ ਰੱਖ, ਇਹ ਲੱਬ ਤੇ ਲੋਭ ਦੀਆਂ ਲਹਿਰਾਂ ਨੂੰ ਦੂਰ ਕਰਨ ਦੇ ਸਮਰੱਥ ਹੈ। ਆਪਣੇ ਮਨ ਨੂੰ (ਲਬ ਲੋਭ ਵਲੋਂ) ਕਾਬੂ ਕਰ ਕੇ ਰੱਖ, ਤੇ ਆਖ-ਹੇ ਨਿਰੰਜਨ! ਮੈਂ ਤੇਰੀ ਸਰਨ ਆਇਆ ਹਾਂ।੮।੧।੫।
ਨੋਟ: ਪਹਿਲੀਆਂ ੪ ਅਸ਼ਟਪਦੀਆਂ "ਘਰੁ ੧" ਦੀਆਂ ਸਨ। ਇਹ ਅਸ਼ਟਪਦੀ "ਘਰੁ ੪" ਦੀ ਹੈ। ਅਖ਼ੀਰਲੇ ਅੰਕ ੧ ਦਾ ਇਹੀ ਭਾਵ ਹੈ। ਅੰਕ ੫ ਦੱਸਦਾ ਹੈ ਕਿ ਗੁਰੂ ਨਾਨਕ ਸਾਹਿਬ ਦੀਆਂ ਕੁੱਲ ਪੰਜ ਅਸ਼ਟਪਦੀਆਂ ਹਨ।
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ {ਪੰਨਾ 612-613}
ਪਦਅਰਥ: ਜਾ ਕਾ ਮਨੁ = ਜਿਨ੍ਹਾਂ ਮਨੁੱਖਾਂ ਦਾ ਮਨ। ਸੇ ਜਨ = ਉਹ ਬੰਦੇ। ਤ੍ਰਿਪਤਿ ਅਘਾਈ = (ਮਾਇਆ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ। ਜਿਸੁ ਰਿਦੈ = ਜਿਸੁ ਜਿਸੁ ਰਿਦੈ, ਜਿਸ ਜਿਸ ਦੇ ਹਿਰਦੇ ਵਿਚ। ਤੇ ਨਰ = ਉਹ ਬੰਦੇ। ਤ੍ਰਿਖਾਈ = ਤਿਹਾਏ।੧।
ਅਰੋਗ = ਨਰੋਏ। ਅਨਦਾਈ = ਪ੍ਰਸੰਨ, ਆਨੰਦ = ਮਈ। ਸਨੇਹੀ = ਪਿਆਰਾ। ਬੇਦਨ = ਪੀੜਾਂ, ਦੁੱਖ। ਜਣੁ = ਜਾਣੋ, ਸਮਝੋ, ਮਾਨੋ।ਰਹਾਉ।
ਓਟ = ਆਸਰਾ। ਗਹੀ = ਫੜੀ। ਪ੍ਰਭ = ਹੇ ਪ੍ਰਭੂ! ਗਨਣੇ = ਗਿਣੇ ਜਾਂਦੇ ਹਨ।੨।
ਗੁਰ ਮਾਨਿ = ਗੁਰੂ ਦਾ ਹੁਕਮ ਮੰਨ ਕੇ। ਲਿਵ ਲਾਈ = ਸੁਰਤਿ ਜੋੜੀ। ਗੁਰ ਤੇ = ਗੁਰੂ ਤੋਂ। ਤੇ = ਉਹ ਬੰਦੇ। ਘੋਰ = ਭਿਆਨਕ।੩।
ਜਿਤੁ = ਜਿਸ (ਕੰਮ) ਵਿਚ। ਕੋ = ਕੋਈ ਬੰਦਾ। ਤਿਤ ਹੀ = {ਲਫ਼ਜ਼ 'ਜਿਤੁ' ਵਾਂਗ 'ਤਿਤੁ' ਦੇ ਅਖ਼ੀਰ ਤੇ ਭੀ ੁ ਹੈ। ਪਰ ਇਹ ੁ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ ਹੈ} ਉਸ (ਕੰਮ) ਵਿਚ ਹੀ। ਸਹ = ਓਟ, ਸ਼ਹ। ਮਗਨ = ਮਸਤ।੪।
ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।
ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।
ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।
*┈┉┅━❀꧁ੴ꧂❀━┅┉┈*

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ {ਪੰਨਾ 597-598}
ਪਦਅਰਥ: ਪ੍ਰਭ = ਹੇ ਪ੍ਰਭੂ! ਦਾਨਿ = ਦਾਨ (ਦੇਣ) ਵਿਚ। ਮਤਿ ਪੂਰਾ = ਮਤਿ ਦਾ ਪੂਰਾ, ਕਦੇ ਨਾਹ ਖੁੰਝਣ ਵਾਲਾ। ਥਾਰੇ = ਤੇਰੇ। ਭੇਖਾਰੀ = ਮੰਗਤੇ। ਮਾਗਉ = ਮੈਂ ਮੰਗਾਂ। ਥਿਰੁ = ਸਦਾ ਟਿਕੇ ਰਹਿਣ ਵਾਲਾ। ਨ ਰਹਾਈ = ਨ ਰਹੈ, ਨਹੀਂ ਰਹਿੰਦਾ। ਹਰਿ = ਹੇ ਹਰੀ! ਪਿਆਰੀ = ਮੈਂ ਪਿਆਰ ਕਰਾਂ।੧।
ਰਵਿ ਰਹਿਆ = ਵਿਆਪਕ ਹੋ ਰਿਹਾ ਹੈ। ਬਨਵਾਰੀ = ਪਰਮਾਤਮਾ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਦੇਖਿ ਨਿਹਾਰੀ = ਦੇਖਿ ਨਿਹਾਰਿ, ਚੰਗੀ ਤਰ੍ਹਾਂ ਵੇਖ।ਰਹਾਉ।
ਮਰਤ = ਮਾਤ ਲੋਕ, ਇਹ ਧਰਤੀ। ਪਇਆਲ = ਪਾਤਾਲ। ਗੁਰਿ = ਗੁਰੂ ਨੇ। ਸਤਿਗੁਰਿ = ਸਤਿਗੁਰ ਨੇ। ਹੈ ਭੀ = ਹੁਣ ਭੀ ਮੌਜੂਦ ਹੈ। ਹੋਨੀ = ਅਗਾਂਹ ਨੂੰ ਭੀ ਮੌਜੂਦ ਰਹੇਗਾ।੨।
ਬਪੁੜੋ = ਵਿਚਾਰਾ। ਇਨਿ = ਇਸ (ਜਗਤ) ਨੇ। ਦੂਜੈ = ਦੂਜੇ (ਮੋਹ) ਵਿਚ (ਫਸ ਕੇ) । ਸਾਕਤ = ਸਾਕਤਾਂ ਨੇ, ਮਾਇਆ = ਵੇੜ੍ਹੇ ਬੰਦਿਆਂ ਨੇ।੩।
ਸਤਿਗੁਰ = ਹੇ ਸਤਿਗੁਰ! ਤੋੜਿ = ਤੋੜ ਕੇ। ਨਿਰਾਰੇ = ਨਿਰਾਲੇ, ਨਿਰਲੇਪ। ਬਹੁੜਿ = ਮੁੜ। ਮਝਾਰੀ = ਵਿਚ। ਨਾਨਕ = ਹੇ ਨਾਨਕ! ਪਰਗਾਸਿਆ = ਚਮਕਿਆ, ਰੌਸ਼ਨ ਹੋਇਆ। ਮਨਿ = ਮਨ ਵਿਚ।੪।
ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।
ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।
(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।
ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।
ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।
ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ {ਪੰਨਾ 707}
ਪਦਅਰਥ: ਬਸੰਤਿ = ਵੱਸਦੇ ਹੋਣ। ਸ੍ਵਰਗ ਲੋਕਹ = ਸੁਰਗ ਵਰਗੇ ਦੇਸਾਂ ਵਿਚ। ਜਿਤਤੇ = ਜਿੱਤ ਲੈਣ। ਨਵ ਖੰਡਣਹ ਪ੍ਰਿਥਮੀ = ਨੌ ਖੰਡਾਂ ਵਾਲੀ ਧਰਤੀ, ਸਾਰੀ ਧਰਤੀ। ਗੋਪਾਲ = {ਗੋ+ਪਾਲ} ਧਰਤੀ ਦਾ ਰੱਖਕ। ਉਦਿਆਨ = ਜੰਗਲ।੧।
ਕਉਤਕ = ਖੇਲ, ਚੋਜ। ਕੋਡ = ਕ੍ਰੋੜਾਂ। ਚਿਤਿ = ਚਿੱਤ ਵਿਚ। ਨ ਆਵਸੁ = ਜੇ ਉਸ ਨੂੰ ਨਾਹ ਆਵੇ। ਕੋੜੀ ਨਰਕ = ਘੋਰ ਭਿਆਨਕ ਨਰਕ। ਉਜੜੁ = ਉਜੜਿਆ ਹੋਇਆ, ਉਜਾੜ।੨।
ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।
ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।
ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥ {ਪੰਨਾ 707}
ਪਦਅਰਥ: ਮਹਾ ਭਇਆਨ = ਬੜਾ ਡਰਾਉਣਾ। ਉਦਿਆਨ = ਜੰਗਲ। ਨਗਰ = ਸ਼ਹਿਰ। ਸਮਗ੍ਰੀ = ਪਦਾਰਥ। ਝੂਠ = ਨਾਸ ਹੋ ਜਾਣ ਵਾਲੇ। ਪੇਖਿ = ਵੇਖ ਕੇ। ਸਚੁ = ਸਦਾ-ਥਿਰ ਰਹਿਣ ਵਾਲੇ। ਕ੍ਰੋਧਿ = ਕ੍ਰੋਧ ਵਿਚ। ਦੇਵਾਨਿਆ = ਪਾਗਲ, ਝੱਲੇ। ਸਿਰਿ = ਸਿਰ ਉੱਤੇ।
ਅਰਥ: ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}
ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ।੧।
ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ।ਰਹਾਉ।
ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ।੨।
ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ! ਦੁਬਿਧਾ = ਮਨ ਦੀ ਡਾਂਵਾਂ = ਡੋਲ ਹਾਲਤ, ਮੇਰ = ਤੇਰ। ਮੰਨਿ = ਮਨਿ, ਮਨ ਵਿਚ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ। ਪਰਸਾਦਿ = ਕਿਰਪਾ ਨਾਲ। ਆਇ = ਆ ਕੇ।੩।
ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ। ਮਾਨਿਆ = ਪਤੀਜ ਜਾਂਦਾ ਹੈ।੪।
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।
*┈┉┅━❀꧁ੴ꧂❀━┅┉┈*
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}
ਪਦਅਰਥ: ਜਬ = ਜਿਤਨਾ ਚਿਰ। ਹਮ = ਅਸੀ, ਹਉਮੈ, ਆਪਾ = ਭਾਵ। ਹੋਤੇ = ਹੁੰਦੇ ਹਾਂ। ਮੈ = ਮੇਰੀ ਅਪਣੱਤ, ਹਉਮੈ। ਅਨਲ = {Skt. अनिल} ਹਵਾ। ਅਨਲ ਅਗਮ = ਭਾਰੀ ਹਨੇਰੀ (ਦੇ ਕਾਰਨ) । ਲਹਰਿ ਮਇ = ਲਹਰਿ ਮਯ, ਲਹਰਿ ਮੈ, {ਸੰ: ਮਯ = ਜਿਸ ਲਫ਼ਜ਼ ਦੇ ਅਖ਼ੀਰ ਵਿਚ ਲਫ਼ਜ਼ 'ਮਯ' ਵਰਤਿਆ ਜਾਏ, ਉਸ ਦੇ ਅਰਬ ਵਿਚ 'ਬਹੁਲਤਾ' ਦਾ ਖ਼ਿਆਲ ਵਧਾਇਆ ਜਾਂਦਾ ਹੈ, ਜਿਵੇਂ ਦਇਆ ਮਯ = ਦਇਆ ਨਾਲ ਭਰਪੂਰ} ਲਹਰਾਂ ਨਾਲ ਭਰਪੂਰ। ਓਦਧਿ = {Skt. ਉਦਧਿ, उदधि} ਸਮੁੰਦਰ।੧।
ਮਾਧਵੇ = ਹੇ ਮਾਧੋ! (ਨੋਟ: ਲਫ਼ਜ਼ 'ਮਾਧੋ' ਭਗਤ ਰਵਿਦਾਸ ਜੀ ਦਾ ਖ਼ਾਸ ਪਿਆਰਾ ਲਫ਼ਜ਼ ਹੈ, ਬਹੁਤੀ ਵਾਰੀ ਪਰਮਾਤਮਾ ਵਾਸਤੇ ਇਹੀ ਲਫ਼ਜ਼ ਵਰਤਦੇ ਹਨ, ਸੰਸਕ੍ਰਿਤ ਧਾਰਮਿਕ ਪੁਸਤਕਾਂ ਵਿਚ ਇਹ ਨਾਮ ਕ੍ਰਿਸ਼ਨ ਜੀ ਦਾ ਹੈ। ਜੇ ਰਵਿਦਾਸ ਜੀ ਸ੍ਰੀ ਰਾਮ ਚੰਦ ਜੀ ਦੇ ਉਪਾਸ਼ਕ ਹੁੰਦੇ, ਤਾਂ ਇਹ ਲਫ਼ਜ਼ ਉਹ ਨਾਹ ਵਰਤਦੇ) । ਕਿਆ ਕਹੀਐ = ਕੀਹ ਆਖੀਏ? ਕਿਹਾ ਨਹੀਂ ਜਾ ਸਕਦਾ। ਭ੍ਰਮੁ = ਭੁਲੇਖਾ। ਮਾਨੀਐ = ਮੰਨਿਆ ਜਾ ਰਿਹਾ ਹੈ, ਖ਼ਿਆਲ ਬਣਾਇਆ ਹੋਇਆ ਹੈ।੧।ਰਹਾਉ।
ਨਰਪਿਤ = ਰਾਜਾ। ਸਿੰਘਾਸਨਿ = ਤਖ਼ਤ ਉੱਤੇ। ਭਿਖਾਰੀ = ਮੰਗਤਾ। ਅਛਤ = ਹੁੰਦਿਆਂ ਸੁੰਦਿਆਂ। ਗਤਿ = ਹਾਲਤ।੨।
ਰਾਜ = ਰੱਜੂ, ਰੱਸੀ। ਭੁਇਅੰਗ = ਸੱਪ। ਪ੍ਰਸੰਗ = ਵਾਰਤਾ, ਗੱਲ। ਮਰਮੁ = ਭੇਤ, ਰਾਜ਼। ਕਟਕ = ਕੜੇ। ਕਹਤੇ = ਆਖਦਿਆਂ।੩।
ਸਰਬੇ = ਸਾਰਿਆਂ ਵਿਚ। ਅਨੇਕੈ = ਅਨੇਕ = ਰੂਪ ਹੋ ਕੇ। ਭਗਵੈ = {ਨੋਟ: ਅੱਖਰ 'ਭ' ਦੇ ਨਾਲ ਦੋ ਲਗਾਂ ਹਨ (ੋ) ਤੇ (ੁ) । ਅਸਲ ਲਫ਼ਜ਼ ਹੈ 'ਭੋਗਵੈ' ਪਰ ਇਥੇ ਪੜ੍ਹਨਾ ਹੈ 'ਭੁਗਵੈ'} ਭੋਗ ਰਿਹਾ ਹੈ, ਮੌਜੂਦ ਹੈ। ਪੈ = ਤੋਂ। ਸਹਜੇ = ਸੁਤੇ ਹੀ, ਉਸ ਦੀ ਰਜ਼ਾ ਵਿਚ।੪।
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।
ਸ਼ਬਦ ਦਾ ਭਾਵ: ਪਰਮਾਤਮਾ ਸਰਬ-ਵਿਆਪਕ ਹੈ। ਪਰ ਜੀਵ ਆਪਣੀ 'ਹਉਂ' ਦੇ ਘੇਰੇ ਵਿਚ ਰਹਿ ਕੇ ਜਗਤ ਨੂੰ ਉਸ ਤੋਂ ਵੱਖਰੀ ਹਸਤੀ ਸਮਝਦਾ ਹੈ। ਜਿਤਨਾ ਚਿਰ 'ਹਉਂ' ਹੈ, ਉਤਨਾ ਚਿਰ ਵਿਤਕਰੇ ਹਨ।
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।
ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।
ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।
ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।
ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲ} ਅਵੈੜਾ।੪।
ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫।
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}
ਪਦਅਰਥ: ਰਤਨੀ = ਰਤਨਾਂ ਨਾਲ, ਸੋਹਣੇ ਜੀਵਨ = ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧।
ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ।
ਰਖਿ ਰਖਿ = ਰੱਖ ਕੇ, ਰੱਖ ਕੇ, ਧਿਆਨ ਨਾਲ। ਵੀਚਾਰੀ = ਵੀਚਾਰ ਦੇ ਆਸਰੇ। ਦੁਬਿਧਾ = ਕਿਸੇ ਹੋਰ ਆਸਰੇ ਦੀ ਭਾਲ। ਰਹੇ = ਮੁੱਕ ਜਾਂਦੇ ਹਨ। ਗੁਰਿ = ਗੁਰੂ ਨੇ।੨।
ਸਹਜਿ = ਸਹਜ ਵਿਚ, ਅਡੋਲ ਆਤਮਕ ਅਵਸਥਾ ਵਿਚ। ਆਦਰੁ = ਇੱਜ਼ਤ।੩।
ਸੁੰਨ ਮੰਡਲ = ਅਫੁਰ ਅਵਸਥਾ, ਉਹ ਅਵਸਥਾ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ। ਜੋਗੀ = ਪ੍ਰਭੂ = ਚਰਨਾਂ ਵਿਚ ਜੁੜਿਆ ਹੋਇਆ। ਤ੍ਰਿਭਵਣ ਜੋਤਿ = ਉਹ ਪ੍ਰਭੂ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਹੈ। ਸੁਰਿ = ਦੇਵਤੇ।੪।
ਆਨੰਦ ਮੂਲੁ = ਆਨੰਦ ਦਾ ਸੋਮਾ। ਭਗਤਿ ਵਛਲ = ਭਗਤੀ ਨਾਲ ਪਿਆਰ ਕਰਨ ਵਾਲਾ। ਪਗੁ ਧਾਰੇ = (ਸਤਸੰਗ ਵਿਚ) ਪੈਰ ਟਿਕਾ ਕੇ, ਜਾ ਕੇ।੫।
ਕਰਿ = ਕਰ ਕੇ, ਕਰਨ ਤੇ ਭੀ। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਮੰਡਲ = ਜਗਤ। ਮਰਣੁ = ਮੌਤ, ਆਤਮਕ ਮੌਤ। ਖੋਵੈ = ਗਵਾ ਲੈਂਦਾ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ।੬।
ਏਕ = ਇਕ ਪ੍ਰਭੂ ਦੀ (ਸਿਫ਼ਤਿ-ਸਾਲਾਹ) । ਧਰਣੀਧਰ = ਧਰਤੀ ਦਾ ਆਸਰਾ ਪ੍ਰਭੂ। ਚਉਥਾ ਪਦ = ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ। ਪਤੀਆਇ = ਗਿਝਾ ਲਏ।੭।
ਸੂਰਤਿ = ਸ਼ਕਲ। ਮੂਰਤਿ = ਹਸਤੀ, ਵਜੂਦ, ਹੋਂਦ। ਅਨੂਪੁ = ਜੋ ਉਪਮਾ ਤੋਂ ਪਰੇ ਹੈ, ਜਿਸ ਵਰਗਾ ਹੋਰ ਕੋਈ ਨਹੀਂ। ਸਾਚੁ ਸਰੂਪੁ = ਜਿਸ ਦਾ ਸਰੂਪ ਸਦਾ ਕਾਇਮ ਰਹਿਣ ਵਾਲਾ ਹੈ।੮।
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।
ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
*┈┉┅━❀꧁ੴ꧂❀━┅┉┈*

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}
ਪਦਅਰਥ: ਕੁਮਤਿ = ਭੈੜੀ ਮਤਿ। ਦਾਰਾ = ਇਸਤ੍ਰੀ। ਰਾਸਿ = ਰਸ ਵਿਚ। ਰਚਿਓ = ਮਸਤ ਹੈਂ।ਰਹਾਉ।
ਮੁਕਤਿ ਪੰਥੁ = (ਇਹਨਾਂ) ਵਿਕਾਰਾਂ ਤੋਂ ਖ਼ਲਾਸੀ ਦਾ ਰਾਹ। ਨਾਹਨਿ = ਨਹੀਂ। ਧਾਇਆ = ਦੌੜਿਆ ਫਿਰਦਾ ਹੈਂ। ਸੰਗ = ਸਾਥ। ਕਾਹੂ = ਕਿਸੇ ਨੇ ਭੀ। ਬਿਰਥਾ = ਵਿਅਰਥ ਹੀ। ਆਪੁ = ਆਪਣੇ ਆਪ ਨੂੰ।੧।
ਗਿਆਨਾ = ਆਤਮਕ ਜੀਵਨ ਦੀ ਸੂਝ। ਘਟ = ਹਿਰਦਾ। ਤੇਰੈ ਘਟ ਹੀ ਮਾਹਿ = ਤੇਰੇ ਹਿਰਦੇ ਵਿਚ ਹੀ। ਉਦਿਆਨਾ = ਜੰਗਲ।੨।
ਤੈ ਹਾਰਿਓ = ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ। ਅਸਥਿਰ = ਅਡੋਲਤਾ ਵਿਚ ਰੱਖਣ ਵਾਲੀ। ਮਾਨਸ ਦੇਹ ਪਦ = ਮਨੁੱਖਾ ਸਰੀਰ ਦਾ ਦਰਜਾ। ਪਾਇ = ਹਾਸਲ ਕਰ ਕੇ। ਨਾਨਕ = ਹੇ ਨਾਨਕ!।੩।
ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।
ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।
ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ {ਪੰਨਾ 677}
ਪਦਅਰਥ: ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਦੇਖਦਾ ਹਾਂ। ਤਹ = ਉੱਥੇ। ਹਜੂਰਿ = ਅੰਗ = ਸੰਗ, ਹਾਜ਼ਰ। ਕਤਹੁ ਜਾਈ = ਕਿਸੇ ਭੀ ਥਾਂ ਤੋਂ। ਜਾਈ = ਥਾਂ। ਰਵਿ ਰਹਿਆ = ਵੱਸ ਰਿਹਾ ਹੈ। ਸਰਬਤ੍ਰ ਮੈ = ਸਭਨਾਂ ਵਿਚ। ਮਨ = ਹੇ ਮਨ!।੧।
ਈਤ = ਇਸ ਲੋਕ ਵਿਚ। ਊਤ = ਪਰਲੋਕ ਵਿਚ। ਬੀਛੜੈ = ਵਿਛੁੜਦਾ। ਸੰਗੀ = ਸਾਥੀ। ਗਨੀਐ = ਸਮਝਣਾ ਚਾਹੀਦਾ ਹੈ। ਨਿਮਖ = ਅੱਖ ਝਮਕਣ ਜਿਤਨਾ ਸਮਾ। ਅਲਪ = ਛੋਟਾ, ਥੋੜਾ, ਹੋਛਾ। ਭਨੀਐ = ਆਖਣਾ ਚਾਹੀਦਾ ਹੈ।ਰਹਾਉ।
ਅਪਿਆਉ = ਰਸ ਆਦਿਕ ਖ਼ੁਰਾਕ। ਊਨ = ਕਮੀ, ਥੁੜ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ।੨।
ਅਛਲ = ਜਿਸ ਨੂੰ ਧੋਖਾ ਨਹੀਂ ਦਿੱਤਾ ਜਾ ਸਕਦਾ। ਅਛੇਦ = ਜਿਸ ਨੂੰ ਵਿੰਨਿ੍ਹਆ ਨਾਹ ਜਾ ਸਕੇ। ਜਾ ਕਾ ਰੂਪੁ = ਜਿਸ ਦੀ ਹਸਤੀ। ਜਪਿ = ਜਪ ਕੇ। ਜਨ = ਸੇਵਕ, ਭਗਤ। ਆਨੂਪੁ = ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ।੩।
ਸਾ = ਉਹ {ਇਸਤ੍ਰੀ ਲਿੰਗ}। ਪ੍ਰਭ = ਹੇ ਪ੍ਰਭੂ! ਜਿਤੁ = ਜਿਸ (ਮਤਿ) ਦੀ ਰਾਹੀਂ। ਰੇਨ = ਧੂੜ। ਪਗ = ਪੈਰ।੪।
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।
*┈┉┅━❀꧁ੴ꧂❀━┅┉┈*
ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ 697}
ਪਦਅਰਥ: ਜਿਨ ਹਿਰਦੇ = ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ। ਤਿਨ ਮਾਤ = ਉਹਨਾਂ ਦੀ ਮਾਂ। ਬਾਂਝਾ = ਸੰਢ, ਜਿਸ ਦੇ ਘਰ ਸੰਤਾਨ ਪੈਦਾ ਨਾਹ ਹੋ ਸਕੇ। ਸੁੰਞੀ = ਸੱਖਣੀ। ਦੇਹ = ਕਾਂਇਆਂ, ਸਰੀਰ। ਓਇ = ਉਹ {ਲਫ਼ਜ਼ 'ਓਹ' ਤੋਂ ਬਹੁ-ਵਚਨ}। ਮੁਏ = ਆਤਮਕ ਮੌਤ ਮਰ ਗਏ। ਕਰਾਂਝਾ = ਕ੍ਰੁਝ ਕ੍ਰੁਝ ਕੇ।੧।
ਮਾਝਾ = ਅੰਦਰ, ਜੋ ਅੰਦਰ ਹੀ ਵੱਸ ਰਿਹਾ ਹੈ। ਕ੍ਰਿਪਾਲਿ = ਕ੍ਰਿਪਾਲ ਨੇ। ਪ੍ਰਭਿ = ਪ੍ਰਭੂ ਨੇ। ਗੁਰਿ = ਗੁਰੂ ਨੇ।ਰਹਾਉ।
ਕੀਰਤਿ = ਸਿਫ਼ਤਿ-ਸਾਲਾਹ। ਕਲਜੁਗਿ = ਜਗਤ ਵਿਚ। ਪਦੁ = ਆਤਮਕ ਦਰਜਾ। ਪਾਈਐ = ਮਿਲਦਾ ਹੈ। ਮਾਝਾ = ਦੀ ਰਾਹੀਂ। ਹਉ = ਮੈਂ। ਜਿਨਿ = ਜਿਸ (ਗੁਰੂ) ਨੇ {ਲਫ਼ਜ਼ 'ਜਿਨ' ਅਤੇ 'ਜਿਨਿ' ਦਾ ਫ਼ਰਕ ਚੇਤੇ ਰੱਖੋ}। ਗੁਪਤੁ = ਅੰਦਰ ਲੁਕਿਆ ਹੋਇਆ।੨।
ਸਾਧ = ਗੁਰੂ। ਸਭਿ = ਸਾਰੇ। ਕਿਲਬਿਖ = ਪਾਪ। ਦਾਣਾ = ਦਾਨਾ, ਸਿਆਣਾ। ਸਾਝਾ = ਸਾਂਝੀਵਾਲ।੩।
ਜਗ ਜੀਵਨਿ = ਜਗਤ ਦੇ ਜੀਵਨ (ਪ੍ਰਭੂ) ਨੇ। ਉਰਿ = ਹਿਰਦੇ ਵਿਚ। ਮਾਝਾ = ਵਿਚ। ਦਰਿ = ਦਰ ਤੇ। ਕਾਗਦ = ਕੀਤੇ ਕਰਮਾਂ ਦੇ ਲੇਖੇ ਦੇ ਕਾਗ਼ਜ਼। ਫਾਰੇ = ਪਾੜ ਦਿੱਤੇ ਗਏ।੪।
ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।
ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।
ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।
ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।
ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ {ਪੰਨਾ 807-808}
ਪਦਅਰਥ: ਸਹਜ = ਆਤਮਕ ਅਡੋਲਤਾ। ਸਹਜ ਸਮਾਧਿ = ਆਤਮਕ ਅਡੋਲਤਾ ਦੀ ਲੀਨਤਾ, ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ। ਗੁਰਿ = ਗੁਰੂ ਨੇ। ਦੀਨ = ਦੇ ਦਿੱਤੇ। ਸੰਗਿ = ਨਾਲ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਚੀਨ੍ਹ੍ਹ = ਵਿਚਾਰੇ ਹਨ {ਅੱਖਰ 'ਨ' ਦੇ ਨਾਲ ਅੱਧਾ 'ਹ' ਹੈ}।ਰਹਾਉ।
ਜੈ ਜੈਕਾਰੁ = ਸੋਭਾ ਹੀ ਸੋਭਾ। ਜਗਤ੍ਰ ਮਹਿ = ਜਗਤ ਵਿਚ। ਲੋਚਹਿ = ਲੋਚਦੇ ਹਨ, ਚਾਹੁੰਦੇ ਹਨ। ਸਭਿ = ਸਾਰੇ। ਬਿਘਨੁ = ਰੁਕਾਵਟ।੧।
ਜਾ ਕਾ = ਜਿਸ (ਮਨੁੱਖ) ਦਾ। ਅੰਗੁ = ਪੱਖ। ਗੁਰ ਪਾਸਿ = ਗੁਰੂ ਦੇ ਕੋਲ (ਰਿਹਾਂ) ।੨।
ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।
ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।
ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।
*┈┉┅━❀꧁ੴ꧂❀━┅┉┈*
Waheguru Ji
ReplyDelete