
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ {ਪੰਨਾ 760}
ਪਦਅਰਥ: ਮਿਥਨ = ਨਾਸਵੰਤ। ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ!।੧।
ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ।੧।ਰਹਾਉ।
ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤਿ ਵਿਚ। ਭੇਟਨ = ਨੇੜੇ ਛੁਂਹਦਾ।੨।
ਅਨੂਪ = ਅਦੁੱਤੀ। ਰਵਣ = ਸਿਮਰਨ।੩।
ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਸਨ = ਜੀਭ (ਨਾਲ) । ਨ ਬਿਆਪੈ = ਜ਼ੋਰ ਨਹੀਂ ਪਾ ਸਕਦੀ।੪।
ਸੰਗੀ = ਸਾਥੀ। ਸਭਿ = ਸਾਰੇ। ਪੰਚ = ਪੰਜ। ਬਟਵਾਰੇ = ਲੁਟੇਰੇ, ਡਾਕੂ।੫।
ਬਚ = ਬਚਨ। ਕ੍ਰਮ = ਕਰਮ। ਧਿਆਏ = ਧਿਆਉਂਦਾ ਹੈ।੬।
ਧਾਰਿ = ਧਾਰ ਕੇ। ਅਨੁਗ੍ਰਹੁ = ਕਿਰਪਾ। ਪ੍ਰਭਿ = ਪ੍ਰਭੂ ਨੇ। ਰਸੁ = ਸੁਆਦ।੭।
ਆਦਿ ਮਧਿ ਅੰਤਿ = ਸਦਾ ਹੀ। ਆਦਿ = ਜਗਤ ਦੇ ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ। ਅੰਤਿ = ਅਖ਼ੀਰ ਵਿਚ।੮।
ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।
ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।
ਸ੍ਰੀ ਸੈਣੁ ॥ ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥੧॥ ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥ ਊਤਮੁ ਦੀਅਰਾ ਨਿਰਮਲ ਬਾਤੀ ॥ ਤੁਹੀ ਨਿਰੰਜਨੁ ਕਮਲਾ ਪਾਤੀ ॥੨॥ ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥੩॥ ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥ {ਪੰਨਾ 695}
ਪਦਅਰਥ: ਘ੍ਰਿਤ = ਘਿਉ। ਸਾਜਿ = ਸਾਜ ਕੇ, ਬਣਾ ਕੇ, ਇਕੱਠੀਆਂ ਕਰ ਕੇ। ਵਾਰਨੇ ਜਾਉ = ਮੈਂ ਸਦਕੇ ਜਾਂਦਾ ਹਾਂ। ਕਮਲਾਪਤੀ = ਲੱਛਮੀ ਦਾ ਪਤੀ ਪਰਮਾਤਮਾ।੧।
ਮੰਗਲੁ = ਆਨੰਦ, ਸੁਖਦਾਈ ਸੁਲੱਖਣੀ ਮਰਯਾਦਾ। ਰਾਜਾ = ਮਾਲਕ। ਕੋ = ਦਾ (ਭਾਵ, ਦਾ ਬਖ਼ਸ਼ਿਆ ਹੋਇਆ)।੧।ਰਹਾਉ।
ਦੀਅਰਾ = ਸੋਹਣਾ ਜਿਹਾ ਦੀਵਾ। ਨਿਰਮਲ = ਸਾਫ਼। ਨਿਰੰਜਨੁ = ਮਾਇਆ ਤੋਂ ਰਹਿਤ।੨।
ਰਾਮਾ ਭਗਤਿ = ਪਰਮਾਤਮਾ ਦੀ ਭਗਤੀ ਦੀ ਰਾਹੀਂ। ਰਾਮਾਨੰਦੁ = {ਰਾਮ+ਆਨੰਦ} ਪਰਮਾਤਮਾ (ਦੇ ਮੇਲ) ਦਾ ਆਨੰਦ। ਪੂਰਨ = ਸਰਬ = ਵਿਆਪਕ। ਬਖਾਨੈ = ਉਚਾਰਦਾ ਹੈ, ਗੱਲਾਂ ਕਰਦਾ ਹੈ।੩।
ਮਦਨ ਮੂਰਤਿ = ਉਹ ਮੂਰਤਿ ਜਿਸ ਨੂੰ ਵੇਖ ਕੇ ਮਸਤੀ ਆ ਜਾਏ, ਸੋਹਣੇ ਸਰੂਪ ਵਾਲਾ। ਭੈ ਤਾਰਿ = ਡਰਾਂ ਤੋਂ ਪਾਰ ਲੰਘਾਉਣ ਵਾਲਾ। ਗੋਬਿੰਦ = {ਗੋ = ਸ੍ਰਿਸ਼ਟੀ। ਬਿੰਦ = ਜਾਨਣਾ, ਸਾਰ ਲੈਣੀ} ਸ੍ਰਿਸ਼ਟੀ ਦੀ ਸਾਰ ਲੈਣ ਵਾਲਾ। ਭਣੈ = ਆਖਦਾ ਹੈ। ਭਜੁ = ਸਿਮਰ। ਪਰਮਾਨੰਦੇ = ਪਰਮ ਅਨੰਦ ਮਾਣਨ ਵਾਲੇ ਨੂੰ।੪।
ਅਰਥ: ਹੇ ਮਾਇਆ ਦੇ ਮਾਲਕ ਪ੍ਰਭੂ! ਮੈਂ ਤੈਥੋਂ ਸਦਕੇ ਜਾਂਦਾ ਹਾਂ (ਤੈਥੋਂ ਸਦਕੇ ਜਾਣਾ ਹੀ) ਧੂਪ ਦੀਵੇ ਤੇ ਘਿਉ (ਆਦਿਕ) ਸਮੱਗ੍ਰੀ ਇਕੱਠੇ ਕਰ ਕੇ ਤੇਰੀ ਆਰਤੀ ਕਰਨੀ ਹੈ।੧।
ਹੇ ਹਰੀ! ਹੇ ਰਾਜਨ! ਹੇ ਰਾਮ! ਤੇਰੀ ਮਿਹਰ ਨਾਲ (ਮੇਰੇ ਅੰਦਰ) ਸਦਾ (ਤੇਰੇ ਨਾਮ-ਸਿਮਰਨ ਦਾ) ਅਨੰਦ ਮੰਗਲ ਹੋ ਰਿਹਾ ਹੈ।੧।ਰਹਾਉ।
ਹੇ ਕਮਲਾਪਤੀ! ਤੂੰ ਨਿਰੰਜਨ ਹੀ ਮੇਰੇ ਲਈ (ਆਰਤੀ ਕਰਨ ਲਈ) ਸੋਹਣਾ ਚੰਗਾ ਦੀਵਾ ਤੇ ਸਾਫ਼ ਸੁਥਰੀ ਵੱਟੀ ਹੈਂ।੨।
ਜੋ ਮਨੁੱਖ ਸਰਬ-ਵਿਆਪਕ ਪਰਮ ਆਨੰਦ-ਰੂਪ ਪ੍ਰਭੂ ਦੇ ਗੁਣ ਗਾਂਦਾ ਹੈ, ਉਹ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਉਸ ਦੇ ਮਿਲਾਪ ਦਾ ਆਨੰਦ ਮਾਣਦਾ ਹੈ।੩।
ਸੈਣ ਆਖਦਾ ਹੈ-(ਹੇ ਮੇਰੇ ਮਨ!) ਉਸ ਪਰਮ-ਆਨੰਦ ਪਰਮਾਤਮਾ ਦਾ ਸਿਮਰਨ ਕਰ, ਜੋ ਸੋਹਣੇ ਸਰੂਪ ਵਾਲਾ ਹੈ, ਜੋ (ਸੰਸਾਰ ਦੇ) ਡਰਾਂ ਤੋਂ ਪਾਰ ਲੰਘਾਣ ਵਾਲਾ ਹੈ ਤੇ ਜੋ ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ।੪।੨।
ਨੋਟ: ਇਸ ਸ਼ਬਦ ਨੂੰ ਗੁਰਮਤਿ ਦੇ ਉਲਟ ਸਮਝਣ ਦਾ ਭੁਲੇਖਾ ਖਾ ਕੇ ਵਿਰੋਧੀ ਸੱਜਣ ਜੀ ਨੇ ਇਸ ਬਾਰੇ ਇਉਂ ਲਿਖਿਆ ਹੈ-
"ਉਕਤ ਸ਼ਬਦ ਦੁਆਰਾ ਭਗਤ ਜੀ ਨੇ ਆਪਣੇ ਗੁਰੂ ਗੁਸਾਈਂ ਰਾਮਾਨੰਦ ਜੀ ਅੱਗੇ ਆਰਤੀ ਉਤਾਰੀ ਹੈ। ('ਮਦਨ ਮੂਰਤਿ' ਵਿਸ਼ਨੂ ਜੀ ਹਨ, ਭਗਤ ਜੀ ਪੱਕੇ ਵੈਸ਼ਨਵ ਸਨ) ਪਰੰਤੂ ਗੁਰਮਤਿ ਅੰਦਰ 'ਗਗਨ ਮੈ ਥਾਲੁ' ਵਾਲੇ ਸ਼ਬਦ ਵਿਚ ਭਗਤ ਵਾਲੀ ਆਰਤੀ ਦਾ ਖੰਡਨ ਹੈ। ਦੀਵੇ ਮਚਾ ਕੇ ਆਰਤੀ ਕਰਨ ਵਾਲੇ ਮਹਾ ਅਗਿਆਨੀ ਦੱਸੇ ਹਨ। ਨਾਲ ਲੱਗਦੇ ਇਹ ਭੀ ਹੁਕਮ ਹੈ 'ਕਿਸਨ ਬਿਸਨ ਕਬਹੂੰ ਨ ਧਿਆਊ'। ਇਸ ਕਰ ਕੇ ਸਾਬਤ ਹੋਇਆ ਕਿ ਭਗਤ ਸੈਣ ਜੀ ਦੀ ਰਚਨਾ ਗੁਰੂ-ਆਸ਼ੇ ਦੇ ਉੱਕੀ ਵਿਰੁੱਧ ਹੈ।"
ਇਸ ਸ਼ਬਦ ਨੂੰ ਗੁਰਮਤਿ ਦੇ ਵਿਰੁੱਧ ਸਮਝਣ ਵਾਲੇ ਸੱਜਣ ਜੀ ਨੇ ਭਗਤ ਜੀ ਬਾਰੇ ਤਿੰਨ ਗੱਲਾਂ ਦੱਸੀਆਂ ਹਨ-(੧) ਇਸ ਸ਼ਬਦ ਦੀ ਰਾਹੀਂ ਸੈਣ ਜੀ ਨੇ ਆਪਣੇ ਗੁਰੂ ਰਾਮਾਨੰਦ ਜੀ ਦੀ ਆਰਤੀ ਉਤਾਰੀ ਹੈ। (੨) ਭਗਤ ਜੀ ਪੱਕੇ ਵੈਸ਼ਨੋ ਸਨ। (੩) ਦੀਵੇ ਮਚਾ ਕੇ ਆਰਤੀ ਕਰਨ ਵਾਲਾ ਮਹਾਂ ਅਗਿਆਨੀ ਹੈ।
ਪਰ ਅਚਰਜ ਗੱਲ ਇਹ ਹੈ ਕਿ ਇਸ ਸ਼ਬਦ ਵਿਚ ਇਹਨਾਂ ਤਿੰਨਾਂ ਦੂਸ਼ਣਾਂ ਵਿਚੋਂ ਇੱਕ ਭੀ ਨਹੀਂ ਲੱਭਦਾ। ਵਿਚਾਰ ਕੇ ਵੇਖੀਏ-
(੧) ਜਿਸ ਦੀ ਉਸਤਤਿ ਇੱਥੇ ਕਰ ਰਹੇ ਹਨ, ਉਸ ਵਾਸਤੇ ਸੈਣ ਜੀ ਨੇ ਹੇਠ-ਲਿਖੇ ਲਫ਼ਜ਼ ਵਰਤੇ ਹਨ-ਕਮਲਾਪਤੀ, ਹਰਿ, ਰਾਜਾ ਰਾਮ, ਨਿਰੰਜਨ, ਪੂਰਨ, ਪਰਮਾਨੰਦ, ਮਦਨ-ਮੂਰਤਿ, ਭੈ-ਤਾਰਿ, ਗੋਬਿੰਦ। ਇਹਨਾਂ ਲਫ਼ਜ਼ਾਂ ਵਿਚ ਸੈਣ ਜੀ ਦੇ ਗੁਰੂ ਦਾ ਕੋਈ ਜ਼ਿਕਰ ਨਹੀਂ ਹੈ।
ਇਉਂ ਜਾਪਦਾ ਹੈ ਕਿ ਸ਼ੱਕ ਕਰਨ ਵਾਲੇ ਸੱਜਣ ਨੇ ਸ਼ਬਦ ਦੇ ਤੀਜੇ ਬੰਦ ਵਿਚ ਵਰਤੇ ਲਫ਼ਜ਼ 'ਰਾਮਾਨੰਦ' ਤੋਂ ਉਕਾਈ ਖਾਧੀ ਹੈ। ਇਸ ਤੁਕ ਦਾ ਅਰਥ ਇਉਂ ਹੈ-ਜੋ ਮਨੁੱਖ ਸਰਬ ਵਿਆਪਕ ਪਰਮ ਆਨੰਦ-ਸਰੂਪ ਪ੍ਰਭੂ ਦੇ ਗੁਣ ਗਾਂਦਾ ਹੈ, ਉਹ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਉਸ ਰਾਮ ਦੇ ਮਿਲਾਪ ਦਾ ਆਨੰਦ ਮਾਣਦਾ ਹੈ (ਵੇਖੋ ਸ਼ਬਦ ਦੇ ਨਾਲ ਦਿੱਤੇ ਪਦ-ਅਰਥਾਂ ਨੂੰ)।
(੨) ਲਫ਼ਜ਼ 'ਮਦਨ ਮੂਰਤਿ' ਦੇ ਵਰਤਣ ਤੋਂ, ਭਗਤ ਜੀ ਨੂੰ ਵੈਸ਼ਨਵ ਸਮਝਣ ਵਿਚ ਭੀ ਉਕਾਈ ਹੀ ਖਾਧੀ ਗਈ ਹੈ। ਲਫ਼ਜ਼ 'ਮਦਨ' ਦਾ ਅਰਥ ਹੈ 'ਖੇੜਾ, ਖ਼ੁਸ਼ੀ, ਹੁਲਾਰਾ ਪੈਦਾ ਕਰਨ ਵਾਲਾ' (ਵੇਖੋ ਪਦ-ਅਰਥ)।
(੩) ਸ਼ਬਦ ਦੇ ਬੰਦ ਨੰ: ੧ ਅਤੇ ੨ ਤੋਂ ਸੈਣ ਜੀ ਨੂੰ ਦੀਵੇ ਮਚਾ ਕੇ ਆਰਤੀ ਕਰਨ ਵਾਲਾ ਸਮਝਿਆ ਗਿਆ ਹੈ, ਪਰ ਉਹ ਤਾਂ ਆਖਦੇ ਹਨ-ਹੇ ਕਮਲਾਪਤੀ! ਮੈਂ ਤੈਥੋਂ ਸਦਕੇ ਜਾਂਦਾ ਹਾਂ, ਇਹੀ ਧੂਪ, ਦੀਵੇ ਤੇ ਘਿਉ (ਆਦਿਕ) ਸਮੱਗ੍ਰੀ ਇਕੱਠੀ ਕਰ ਕੇ ਤੇਰੀ ਆਰਤੀ ਕਰਨੀ ਹੈ।੧। ਹੇ ਕਮਲਾਪਤੀ! ਤੂੰ ਨਿਰੰਜਨ ਹੀ ਮੇਰੇ ਵਾਸਤੇ (ਆਰਤੀ ਕਰਨ ਲਈ) ਸੋਹਣਾ ਚੰਗਾ ਦੀਵਾ ਤੇ ਸਾਫ਼-ਸੁਥਰੀ ਵੱਟੀ ਹੈਂ।੨।
ਸੋ, ਘਟ ਤੋਂ ਘਟ ਇਸ ਸ਼ਬਦ ਤੋਂ ਤਾਂ ਇਹ ਸਾਬਤ ਨਹੀਂ ਹੁੰਦਾ ਕਿ ਭਗਤ ਸੈਣ ਜੀ ਦੀ ਰਚਨਾ ਗੁਰੂ ਆਸ਼ੇ ਦੇ ਕਿਤੇ ਰਤਾ ਭੀ ਵਿਰੁੱਧ ਹੈ।
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}
ਪਦਅਰਥ: ਜਬ = ਜਿਤਨਾ ਚਿਰ। ਹਮ = ਅਸੀ, ਹਉਮੈ, ਆਪਾ = ਭਾਵ। ਹੋਤੇ = ਹੁੰਦੇ ਹਾਂ। ਮੈ = ਮੇਰੀ ਅਪਣੱਤ, ਹਉਮੈ। ਅਨਲ = {Skt. अनिल} ਹਵਾ। ਅਨਲ ਅਗਮ = ਭਾਰੀ ਹਨੇਰੀ (ਦੇ ਕਾਰਨ) । ਲਹਰਿ ਮਇ = ਲਹਰਿ ਮਯ, ਲਹਰਿ ਮੈ, {ਸੰ: ਮਯ = ਜਿਸ ਲਫ਼ਜ਼ ਦੇ ਅਖ਼ੀਰ ਵਿਚ ਲਫ਼ਜ਼ 'ਮਯ' ਵਰਤਿਆ ਜਾਏ, ਉਸ ਦੇ ਅਰਬ ਵਿਚ 'ਬਹੁਲਤਾ' ਦਾ ਖ਼ਿਆਲ ਵਧਾਇਆ ਜਾਂਦਾ ਹੈ, ਜਿਵੇਂ ਦਇਆ ਮਯ = ਦਇਆ ਨਾਲ ਭਰਪੂਰ} ਲਹਰਾਂ ਨਾਲ ਭਰਪੂਰ। ਓਦਧਿ = {Skt. ਉਦਧਿ, उदधि} ਸਮੁੰਦਰ।੧।
ਮਾਧਵੇ = ਹੇ ਮਾਧੋ! (ਨੋਟ: ਲਫ਼ਜ਼ 'ਮਾਧੋ' ਭਗਤ ਰਵਿਦਾਸ ਜੀ ਦਾ ਖ਼ਾਸ ਪਿਆਰਾ ਲਫ਼ਜ਼ ਹੈ, ਬਹੁਤੀ ਵਾਰੀ ਪਰਮਾਤਮਾ ਵਾਸਤੇ ਇਹੀ ਲਫ਼ਜ਼ ਵਰਤਦੇ ਹਨ, ਸੰਸਕ੍ਰਿਤ ਧਾਰਮਿਕ ਪੁਸਤਕਾਂ ਵਿਚ ਇਹ ਨਾਮ ਕ੍ਰਿਸ਼ਨ ਜੀ ਦਾ ਹੈ। ਜੇ ਰਵਿਦਾਸ ਜੀ ਸ੍ਰੀ ਰਾਮ ਚੰਦ ਜੀ ਦੇ ਉਪਾਸ਼ਕ ਹੁੰਦੇ, ਤਾਂ ਇਹ ਲਫ਼ਜ਼ ਉਹ ਨਾਹ ਵਰਤਦੇ) । ਕਿਆ ਕਹੀਐ = ਕੀਹ ਆਖੀਏ? ਕਿਹਾ ਨਹੀਂ ਜਾ ਸਕਦਾ। ਭ੍ਰਮੁ = ਭੁਲੇਖਾ। ਮਾਨੀਐ = ਮੰਨਿਆ ਜਾ ਰਿਹਾ ਹੈ, ਖ਼ਿਆਲ ਬਣਾਇਆ ਹੋਇਆ ਹੈ।੧।ਰਹਾਉ।
ਨਰਪਿਤ = ਰਾਜਾ। ਸਿੰਘਾਸਨਿ = ਤਖ਼ਤ ਉੱਤੇ। ਭਿਖਾਰੀ = ਮੰਗਤਾ। ਅਛਤ = ਹੁੰਦਿਆਂ ਸੁੰਦਿਆਂ। ਗਤਿ = ਹਾਲਤ।੨।
ਰਾਜ = ਰੱਜੂ, ਰੱਸੀ। ਭੁਇਅੰਗ = ਸੱਪ। ਪ੍ਰਸੰਗ = ਵਾਰਤਾ, ਗੱਲ। ਮਰਮੁ = ਭੇਤ, ਰਾਜ਼। ਕਟਕ = ਕੜੇ। ਕਹਤੇ = ਆਖਦਿਆਂ।੩।
ਸਰਬੇ = ਸਾਰਿਆਂ ਵਿਚ। ਅਨੇਕੈ = ਅਨੇਕ = ਰੂਪ ਹੋ ਕੇ। ਭਗਵੈ = {ਨੋਟ: ਅੱਖਰ 'ਭ' ਦੇ ਨਾਲ ਦੋ ਲਗਾਂ ਹਨ (ੋ) ਤੇ (ੁ) । ਅਸਲ ਲਫ਼ਜ਼ ਹੈ 'ਭੋਗਵੈ' ਪਰ ਇਥੇ ਪੜ੍ਹਨਾ ਹੈ 'ਭੁਗਵੈ'} ਭੋਗ ਰਿਹਾ ਹੈ, ਮੌਜੂਦ ਹੈ। ਪੈ = ਤੋਂ। ਸਹਜੇ = ਸੁਤੇ ਹੀ, ਉਸ ਦੀ ਰਜ਼ਾ ਵਿਚ।੪।
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।
ਸ਼ਬਦ ਦਾ ਭਾਵ: ਪਰਮਾਤਮਾ ਸਰਬ-ਵਿਆਪਕ ਹੈ। ਪਰ ਜੀਵ ਆਪਣੀ 'ਹਉਂ' ਦੇ ਘੇਰੇ ਵਿਚ ਰਹਿ ਕੇ ਜਗਤ ਨੂੰ ਉਸ ਤੋਂ ਵੱਖਰੀ ਹਸਤੀ ਸਮਝਦਾ ਹੈ। ਜਿਤਨਾ ਚਿਰ 'ਹਉਂ' ਹੈ, ਉਤਨਾ ਚਿਰ ਵਿਤਕਰੇ ਹਨ।
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।
ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।
ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।
ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।
ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲ} ਅਵੈੜਾ।੪।
ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫।
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ {ਪੰਨਾ 607}
ਨੋਟ: ਪੰਚ ਪਦ-ਪੰਜ 'ਬੰਦਾਂ' ਵਾਲਾ ਸ਼ਬਦ।
ਪਦਅਰਥ: ਅਚਰੁ = {ਅ = ਚਰੁ} ਨਾਹ ਜਿੱਤਿਆ ਜਾ ਸਕਣ (ਮਨ) ਵਾਲਾ। ਚਰੈ = ਜਿੱਤ ਲੈਂਦਾ ਹੈ। ਸਿਧਿ = (ਜੀਵਨ = ਸੰਗ੍ਰਾਮ ਵਿਚ) ਕਾਮਯਾਬੀ। ਤੇ = ਤੋਂ। ਬੁਧਿ = ਅਕਲ। ਸਰ = ਤੀਰ। ਤਨ = ਸਰੀਰ, ਹਿਰਦਾ। ਭ੍ਰਮੁ = ਮਨ ਦੀ ਭਟਕਣਾ।੧।
ਗੋਬਿਦ = ਹੇ ਗੋਬਿੰਦ! ਕਉ = ਨੂੰ। ਪਰਗਾਸਹੁ = ਪਰਗਟ ਕਰੋ, ਉਜਾਗਰ ਕਰ ਦਿਉ। ਰਹਹੁ = ਰੱਖੋ।ਰਹਾਉ।
ਸੰਸਾਰੁ = ਜਗਤ (ਦਾ ਮੋਹ) । ਆਵਣ ਜਾਣਾ = ਜਨਮ ਮਰਨ (ਦਾ ਮੂਲ) । ਮਨ = ਹੇ ਮਨ! ਨਾਮਿ = ਨਾਮ ਵਿਚ।੨।
ਜਿਸ ਕੀ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹ ੈ}। ਵਥੁ = ਵਸਤੁ, ਨਾਮ = ਵਸਤੁ। ਸੋਈ = ਉਹੀ (ਪ੍ਰਭੂ) । ਜਿਸ ਨੋ = (ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ) । ਸੁ = ਉਹ ਮਨੁੱਖ। ਅਨੂਪ = ਸੁੰਦਰ, ਬੇ = ਮਿਸਾਲ (ਅਨ = ਊਪ = ਉਪਮਾ ਰਹਿਤ) । ਅਗਮ = ਅਪਹੁੰਚ। ਅਗੋਚਰ = {ਅ = ਗੋ = ਚਰ} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਲਖੁ = ਅਦ੍ਰਿਸ਼ਟ ਪ੍ਰਭੂ। ਲਖਾਏ = ਵਿਖਾ ਦੇਂਦਾ ਹੈ।੩।
ਜਿਨਿ = ਜਿਸ (ਮਨੁੱਖ) ਨੇ। ਇਹ = ਇਹ ਵਸਤੁ {ਇਸਤ੍ਰੀ ਲਿੰਗ}। ਕੋ = ਕੋਈ ਮਨੁੱਖ।੪।
ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਸੋਈ = ਸਾਰ ਰੱਖਣ ਵਾਲਾ।੫।
ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।
ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।
ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।
ਜ਼ਰੂਰੀ ਨੋਟ: ਇਸ ਰਾਗ ਵਿਚ ਦੇ ਗੁਰੂ ਨਾਨਕ ਦੇਵ ਜੀ ਦੇ ਸਾਰੇ ਹੀ ਸ਼ਬਦਾਂ ਵਿਚ 'ਰਹਾਉ' ਦੀਆਂ ਤੁਕਾਂ ਨਾਲ ਲਫ਼ਜ਼ ਸਿਰਫ਼ "ਰਹਾਉ" ਹੈ, "੧।ਰਹਾਉ" ਨਹੀਂ। ਇਹੀ ਸਮਾਨਤਾ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸ਼ਬਦਾਂ ਵਿਚ ਮਿਲਦੀ ਹੈ। ਗੁਰੂ ਨਾਨਕ ਦੇਵ ਜੀ ਦੀ ਸਾਰੀ ਬਾਣੀ ਇਹਨਾਂ ਪਾਸ ਮੌਜੂਦ ਸੀ।
ਬਿਹਾਗੜਾ ਮਹਲਾ ੫ ਛੰਤ ॥ ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥
ਪਦਅਰਥ: ਅਨਕ = {अनक, अणक} ਤੁੱਛ, ਬਹੁਤ ਨਿੱਕੀ। ਅਨਕਾਏ = ਤੁੱਛ ਪਦਾਰਥਾਂ ਵਿਚ। ਰਾਤੜਿਆ = ਹੇ ਰੱਤੇ ਹੋਏ! ਵਾਟ = (ਜੀਵਨ ਦਾ) ਰਸਤਾ। ਦੁਹੇਲੀ = ਦੁੱਖਾਂ ਭਰੀ। ਕਮਾਵਦਿਆ = ਹੇ ਕਮਾਣ ਵਾਲੇ! ਬੇਲੀ = ਸਾਥੀ। ਪਛੋਤਾਵਹੇ = ਪਛੋਤਾਵਹਿ, ਤੂੰ ਪਛੁਤਾਂਦਾ ਰਹੇਂਗਾ। ਨ ਜਪਹਿ = ਤੂੰ ਨਹੀਂ ਜਪਦਾ। ਰਸਨਾ = ਜੀਭ (ਨਾਲ) । ਸੇ ਦਿਹ = ਇਹ ਦਿਨ (ਬਹੁ-ਵਚਨ) । ਆਵਹੇ = ਆਵਹਿ, ਆਵਣਗੇ। ਪਾਤ = ਪੱਤਰ। ਤਰਵਰ = ਰੁੱਖ। ਮਗਿ = ਰਸਤੇ ਉਤੇ। ਗਉਨੁ = ਗਮਨ, ਤੋਰ।੭।
ਅਰਥ: ਹੇ ਤੁੱਛ ਪਦਾਰਥਾਂ (ਦੇ ਮੋਹ) ਵਿਚ ਰੱਤੇ ਹੋਏ ਮਨੁੱਖ! ਇਸ ਮੋਹ ਦੇ ਕਾਰਨ) ਤੇਰਾ ਜੀਵਨ-ਪੰਧ ਦੁੱਖਾਂ ਨਾਲ ਭਰਦਾ ਜਾ ਰਿਹਾ ਹੈ। ਹੇ ਪਾਪ ਕਮਾਣ ਵਾਲੇ ਕੋਈ ਭੀ ਤੇਰਾ (ਸਦਾ ਦਾ) ਸਾਥੀ ਨਹੀਂ। (ਕੀਤੇ ਪਾਪਾਂ ਦੀ ਸਜ਼ਾ ਵਿਚ ਭਾਈਵਾਲ ਬਣਨ ਲਈ) ਤੇਰਾ ਕੋਈ ਭੀ ਸਾਥੀ ਨਹੀਂ ਬਣੇਗਾ, ਤੂੰ ਸਦਾ ਹੱਥ ਮਲਦਾ ਰਹਿ ਜਾਏਂਗਾ। ਤੂੰ ਆਪਣੀ ਜੀਭ ਨਾਲ ਸ੍ਰਿਸ਼ਟੀ ਦੇ ਪਾਲਕ ਪ੍ਰਭੂ ਦੇ ਗੁਣ ਨਹੀਂ ਜਪਦਾ, ਜ਼ਿੰਦਗੀ ਦੇ ਇਹ ਦਿਨ ਫਿਰ ਕਦੇ ਵਾਪਸ ਨਹੀਂ ਆਉਣਗੇ (ਜਿਵੇਂ) ਰੁੱਖਾਂ ਨਾਲੋਂ ਵਿਛੁੜੇ ਹੋਏ ਪੱਤਰ (ਮੁੜ ਰੁੱਖਾਂ ਨਾਲ) ਨਹੀਂ ਜੁੜ ਸਕਦੇ। (ਕੀਤੇ ਪਾਪਾਂ ਦੇ ਕਾਰਨ ਮਨੁੱਖ ਦੀ ਜਿੰਦ) ਆਤਮਕ ਮੌਤ ਦੇ ਰਸਤੇ ਉੱਤੇ ਇਕੱਲੀ ਹੀ ਤੁਰੀ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ-ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੀ ਜਿੰਦ ਸਦਾ ਦੁੱਖਾਂ ਨਾਲ ਘਿਰੀ ਹੋਈ ਭਟਕਦੀ ਰਹਿੰਦੀ ਹੈ।੧।
ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥ {ਪੰਨਾ 546}
ਪਦਅਰਥ: ਵਲਵੰਚ = ਵਲ = ਛਲ। ਲੂਕਿ = ਲੁਕ ਕੇ। ਜਾਣੀ = ਅੰਤਰਜਾਮੀ ਪ੍ਰਭੂ। ਤਿਲ ਘਾਣੀ = ਤਿਲਾਂ ਦੀ ਘਾਣੀ (ਵਾਂਗ) । ਪੀੜੇ = ਕੋਹਲੂ ਵਿਚ ਪੀੜੇ ਜਾਂਦੇ ਹਨ। ਕਿਰਤ = ਕੀਤੇ ਹੋਏ। ਕਮਾਣੇ = ਕਮਾਏ ਹੋਏ। ਪਰਾਣੀ = ਹੇ ਪ੍ਰਾਣੀ! ਸੰਗਿ = ਨਾਲ। ਰਾਤਾ = ਮਸਤ। ਆਨ ਕਾਜ = ਹੋਰ ਕੰਮਾਂ ਵਿਚ। ਭਰਮਿ = ਭਟਕਣਾ ਵਿਚ। ਮੋਹਿ = ਮੋਹ ਵਿਚ। ਲੁਭਾਣੀ = ਫਸੀ ਹੋਈ।੨।
ਅਰਥ: (ਹੇ ਪ੍ਰਾਣੀ!) ਤੂੰ (ਲੋਕਾਂ ਪਾਸੋਂ) ਲੁਕ ਲੁਕ ਕੇ ਵਲ-ਛਲ ਕਰਦਾ ਰਹਿੰਦਾ ਹੈਂ, ਪਰ ਅੰਤਰਜਾਮੀ ਪਰਮਾਤਮਾ ਤੇਰੀ ਹਰੇਕ ਕਰਤੂਤ ਨੂੰ ਜਾਣਦਾ ਹੈ। ਜਦੋਂ ਧਰਮਰਾਜ ਦਾ ਹਿਸਾਬ ਹੁੰਦਾ ਹੈ ਤਾਂ (ਮੰਦੇ ਕਰਮ ਕਰਨ ਵਾਲੇ ਇਉਂ) ਪੀੜੇ ਜਾਂਦੇ ਹਨ ਜਿਵੇਂ ਤਿਲ (ਘਾਣੀ ਵਿਚ) ਪੀੜੇ ਜਾਂਦੇ ਹਨ। ਹੇ ਪ੍ਰਾਣੀ! ਆਪਣੇ ਕੀਤੇ ਕਮਾਏ ਕਰਮਾਂ ਅਨੁਸਾਰ ਤੂੰ ਭੀ ਦੁੱਖ ਸਹਾਰ। (ਮੰਦ-ਕਰਮੀ-ਜੀਵ) ਅਨੇਕਾਂ ਜੂਨਾਂ ਵਿਚ ਭਵਾਇਆ ਜਾਂਦਾ ਹੈ। ਜੇਹੜਾ ਮਨੁੱਖ ਸਦਾ ਇਸ ਵੱਡੀ ਮੋਹ ਲੈਣ ਵਾਲੀ ਮਾਇਆ ਦੇ ਨਾਲ ਹੀ ਮਸਤ ਰਹਿੰਦਾ ਹੈ ਉਹ ਸ੍ਰੇਸ਼ਟ ਮਨੁੱਖਾ ਜਨਮ ਗਵਾ ਲੈਂਦਾ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਜਿੰਦੇ!) ਇਕ ਪਰਮਾਤਮਾ ਦੇ ਨਾਮ ਤੋਂ ਬਗ਼ੈਰ ਤੂੰ ਹੋਰ ਸਾਰੇ ਕੰਮਾਂ ਵਿਚ ਸਿਆਣੀ (ਬਣੀ ਫਿਰਦੀ ਹੈਂ। ਤੇਰੇ ਮੱਥੇ ਉਤੇ ਮਾਇਆ ਦੇ ਮੋਹ ਦਾ ਹੀ) ਲੇਖ ਲਿਖਿਆ ਜਾ ਰਿਹਾ ਹੈ (ਤਾਹੀਏਂ ਤੂੰ) ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈਂ।੨।
ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ਹ੍ਹ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥ {ਪੰਨਾ 546}
ਪਦਅਰਥ: ਬੀਚੁ = ਵਿਚੋਲਾ = ਪਨ। ਅਕ੍ਰਿਤਘਣੁ = {कृतघ्न} ਕੀਤੀ ਭਲਾਈ ਨੂੰ ਨਾਹ ਜਾਣਨ ਵਾਲਾ, ਨਾ = ਸ਼ੁਕਰਾ। ਖਰੇ = ਬਹੁਤ। ਕਠਿਨ = ਨਿਰਦਈ। ਜਮ ਕੰਕਰਿ = ਜਮ = ਕੰਕਰ ਨੇ; ਜਮਦੂਤ ਨੇ {ਇਕ-ਵਚਨ}। ਚਲਾਇਆ = ਅੱਗੇ ਲਾ ਲਿਆ। ਰਾਤਿਆ = ਰੱਤਾ ਹੋਇਆ, ਮਸਤ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਗਲਿ = ਗਲ ਨਾਲ। ਕਾਮ ਕ੍ਰੋਧ = ਕਾਮਿ ਕ੍ਰੋਧਿ, ਕਾਮ ਵਿਚ, ਕ੍ਰੋਧ ਵਿਚ। ਅਹੰਕਾਰਿ = ਅਹੰਕਾਰ ਵਿਚ। ਮੂਠਾ = ਠੱਗਿਆ ਹੋਇਆ। ਸੰਜੋਗਿ = (ਕਾਮ ਆਦਿਕ ਵਿਕਾਰਾਂ ਦੇ) ਸੰਜੋਗ ਦੇ ਕਾਰਨ। ਭੂਲਾ = ਕੁਰਾਹੇ ਪਿਆ ਰਿਹਾ। ਰਸਨ = ਜੀਭ (ਨਾਲ) ।੩।
ਅਰਥ: ਪਰਮਾਤਮਾ ਦੇ ਕੀਤੇ ਉਪਕਾਰਾਂ ਨੂੰ ਨਾਹ ਜਾਣਨ ਵਾਲਾ ਮਨੁੱਖ ਪਰਮਾਤਮਾ ਦੇ ਚਰਨਾਂ ਤੋਂ ਵਿਛੁੜਿਆ ਰਹਿੰਦਾ ਹੈ (ਪ੍ਰਭੂ ਨਾਲ ਮੁੜ ਮਿਲਾਣ ਵਾਸਤੇ) ਕੋਈ (ਉਸ ਦਾ) ਵਿਚੋਲਾ-ਪਨ ਨਹੀਂ ਕਰਦਾ। (ਉਸ ਦੀ ਸਾਰੀ ਉਮਰ ਇਸੇ ਤਰ੍ਹਾਂ ਲੰਘ ਜਾਂਦੀ ਹੈ, ਆਖ਼ਰ) ਬੜਾ ਨਿਰਦਈ ਜਮਦੂਤ ਉਸ ਨੂੰ ਆ ਫੜਦਾ ਹੈ। (ਜਮਦੂਤ ਉਸ ਨੂੰ) ਫੜ ਕੇ ਅੱਗੇ ਲਾ ਲੈਂਦਾ ਹੈ, ਸਾਰੀ ਉਮਰ ਡਾਢੀ ਮਾਇਆ ਵਿਚ ਮਸਤ ਰਹਿਣ ਕਰਕੇ ਉਹ ਆਪਣਾ ਕੀਤਾ ਪਾਂਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਗੁਣ ਕਦੇ ਯਾਦ ਨਹੀਂ ਕਰਦਾ (ਉਸ ਦੀ ਸਾਰੀ ਉਮਰ ਵਿਕਾਰਾਂ ਦੀ ਸੜਨ ਵਿਚ ਇਉਂ ਬੀਤਦੀ ਹੈ, ਜਿਵੇਂ) ਸੜਦੇ-ਬਲਦੇ ਥੰਮਾਂ ਦੇ ਗਲ ਨਾਲ ਉਸ ਨੂੰ ਲਾਇਆ ਹੋਇਆ ਹੈ। ਕਾਮ ਵਿਚ, ਕ੍ਰੋਧ ਵਿਚ, ਅਹੰਕਾਰ ਵਿਚ (ਫਸੇ ਰਹਿ ਕੇ) ਆਪਣਾ ਆਤਮਕ ਜੀਵਨ ਲੁਟਾ ਬੈਠਦਾ ਹੈ, ਆਤਮਕ ਜੀਵਨ ਦੀ ਸੂਝ ਗਵਾ ਕੇ (ਆਖ਼ਰ) ਹੱਥ ਮਲਦਾ ਹੈ। ਨਾਨਕ ਬੇਨਤੀ ਕਰਦਾ ਹੈ-ਕਾਮਾਦਿਕ ਵਿਕਾਰਾਂ ਦੇ ਸੰਜੋਗ ਦੇ ਕਾਰਨ (ਸਾਰੀ ਉਮਰ ਮਨੁੱਖ) ਕੁਰਾਹੇ ਪਿਆ ਰਹਿੰਦਾ ਹੈ, ਕਦੇ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਨਹੀਂ ਜਪਦਾ {ਨੋਟ:ਭੂਤ ਕਾਲ ਨੂੰ ਵਰਤਮਾਨ ਕਾਲ ਵਿਚ ਅਰਥਾਇਆ ਗਿਆ ਹੈ}।੩।
ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥ ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥ {ਪੰਨਾ 546}
ਪਦਅਰਥ: ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਬਿਰਦੁ = ਮੁੱਢ = ਕਦੀਮਾਂ ਦਾ ਸੁਭਾਉ। ਉਧਾਰਣ = (ਵਿਕਾਰਾਂ ਵਿਚ) ਡੁਬਦਿਆਂ ਨੂੰ ਬਚਾਣਾ। ਕ੍ਰਿਪਾਨਿਧਿ = ਹੇ ਕਿਰਪਾ ਦੇ ਖ਼ਜ਼ਾਨੇ। ਦਇਆਲਾ = ਹੇ ਦਇਆ ਦੇ ਘਰ! ਅੰਧ ਕੂਪ = ਅੰਨ੍ਹਾ ਖੂਹ। ਤੇ = ਤੋਂ। ਉਧਰੁ = (ਬਾਹਰ) ਕੱਢ ਲੈ। ਕਰਤੇ = ਹੇ ਕਰਤਾਰ! ਅਧਾਰਾ = ਆਸਰਾ। ਕਰ = ਹੱਥ {ਬਹੁ-ਵਚਨ}। ਦੇਇ = ਦੇ ਕੇ। ਦੀਨ ਦਇਆਰਾ = ਦੀਨਾਂ ਉਤੇ ਦਇਆ ਕਰਨ ਵਾਲੇ!।੪।
ਅਰਥ: ਹੇ ਪ੍ਰਭੂ! ਤੈਥੋਂ ਬਿਨਾ (ਵਿਕਾਰਾਂ ਦੀ ਤਪਸ਼ ਤੋਂ) ਬਚਾ ਸਕਣ ਵਾਲਾ ਹੋਰ ਕੋਈ ਨਹੀਂ ਹੈ, ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਵਿਚ ਡੁੱਬਣੋਂ) ਬਚਾਣਾ ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ। ਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਡੁੱਬਣੋਂ) ਬਚਾਣ ਵਾਲੇ! ਹੇ ਸੁਆਮੀ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਦਇਆ ਦੇ ਘਰ! ਹੇ ਕਰਤਾਰ! ਹੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ (ਵਿਚ ਡੁੱਬਣ) ਤੋਂ ਬਚਾ ਲੈ। ਨਾਨਕ ਬੇਨਤੀ ਕਰਦਾ ਹੈ-ਹੇ ਗੋਬਿੰਦ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ; ਮੇਰੀ (ਮਾਇਆ ਦੇ ਮੋਹ ਦੀ) ਕਰੜੀ ਬੇੜੀ ਕੱਟ ਦੇ, ਮੈਨੂੰ ਆਪਣਾ ਨਾਮ-ਆਸਰਾ ਬਖ਼ਸ਼, ਆਪਣਾ ਹੱਥ ਦੇ ਕੇ ਮੈਨੂੰ (ਮਾਇਆ ਦੇ ਮੋਹ ਵਿਚ ਡੁੱਬਣੋਂ) ਬਚਾ ਲੈ।੪।
ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥ {ਪੰਨਾ 547}
ਪਦਅਰਥ: ਸਫਲੁ = ਕਾਮਯਾਬ, ਭਾਗਾਂ ਵਾਲਾ। ਗਣਿਆ = ਸਮਝਣਾ ਚਾਹੀਦਾ ਹੈ। ਸਭਿ = ਸਾਰੇ। ਦੂਰਿ ਪਰਾਇਆ = ਦੂਰ ਜਾ ਪੈਂਦੇ ਹਨ। ਸਹਜ = ਆਤਮਕ ਅਡੋਲਤਾ। ਬਿਨੋਦ = ਖ਼ੁਸ਼ੀਆਂ। ਗਾਈਐ = ਰਲ, ਰਲ ਕੇ ਗਾਵੀਏ। ਭਜੁ = ਭਜਨ ਕਰ, ਯਾਦ ਕਰ। ਸਾਧ ਸੰਗੇ = ਸਾਧ ਸੰਗਤਿ ਵਿਚ। ਮਿਲੇ = ਮਿਲਿ, ਮਿਲ ਕੇ। ਰੰਗੇ = ਰੰਗਿ, ਪ੍ਰੇਮ ਨਾਲ। ਬਹੁੜਿ = ਮੁੜ, ਫਿਰ। ਗਹਿ = ਫੜ ਕੇ। ਕੰਠਿ = ਗਲ ਨਾਲ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਪ੍ਰੇਮ ਵਿਚ। ਆਦਿ = ਮੁੱਢਲਾ। ਅੰਕੁਰੁ = ਅੰਗੂਰ। ਕਤਹੂ = ਕਿਤੇ ਭੀ।੫।
ਅਰਥ: ਹੇ ਭਾਈ! ਉਹ ਦਿਨ ਭਾਗਾਂ ਵਾਲਾ ਸਮਝਣਾ ਚਾਹੀਦਾ ਹੈ ਜਦੋਂ ਹਰਿ-ਪ੍ਰਭੂ (ਗੁਰੂ ਦਾ) ਮਿਲਾਇਆ (ਮਿਲ ਪੈਂਦਾ ਹੈ) । (ਹਿਰਦੇ ਵਿਚ) ਸਾਰੇ ਸੁਖ ਪਰਗਟ ਹੋ ਜਾਂਦੇ ਹਨ, ਤੇ, ਸਾਰੇ ਦੁੱਖ ਦੂਰ ਜਾ ਪੈਂਦੇ ਹਨ। ਹੇ ਭਾਈ! ਆਓ, ਜਗਤ-ਪਾਲ ਪ੍ਰਭੂ ਦੇ ਗੁਣ ਨਿੱਤ ਗਾਂਦੇ ਰਹੀਏ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹਿਰਦੇ ਵਿਚ) ਸਦਾ ਹੀ ਆਤਮਕ ਅਡੋਲਤਾ ਦੇ ਸੁਖ-ਆਨੰਦ ਬਣੇ ਰਹਿੰਦੇ ਹਨ, ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਪ੍ਰੇਮ ਨਾਲ ਮਿਲ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ) ਮੁੜ ਮੁੜ ਜੂਨਾਂ ਵਿਚ ਨਹੀਂ ਪਈਦਾ, ਪਰਮਾਤਮਾ (ਬਾਹੋਂ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਲੀਨ ਕਰ ਦੇਂਦਾ ਹੈ। ਹਿਰਦੇ ਵਿਚ ਭਗਤੀ ਦਾ) ਮੁੱਢਲਾ ਅੰਗੂਰ ਪੁੰਗਰ ਪੈਂਦਾ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਸਾਧ ਸੰਗਤਿ ਵਿਚ ਮਿਲਿਆਂ) ਪ੍ਰਭੂ ਆਪ ਆ ਮਿਲਦਾ ਹੈ, ਫਿਰ (ਉਸ ਦਾ ਦਰ ਛੱਡ ਕੇ) ਹੋਰ ਕਿਤੇ ਭੀ ਨਹੀਂ ਭਟਕੀਦਾ।੫।੪।੭।
*┈┉┅━❀꧁ੴ꧂❀━┅┉┈*
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}
ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ।੧।
ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ।ਰਹਾਉ।
ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ।੨।
ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ! ਦੁਬਿਧਾ = ਮਨ ਦੀ ਡਾਂਵਾਂ = ਡੋਲ ਹਾਲਤ, ਮੇਰ = ਤੇਰ। ਮੰਨਿ = ਮਨਿ, ਮਨ ਵਿਚ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ। ਪਰਸਾਦਿ = ਕਿਰਪਾ ਨਾਲ। ਆਇ = ਆ ਕੇ।੩।
ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ। ਮਾਨਿਆ = ਪਤੀਜ ਜਾਂਦਾ ਹੈ।੪।
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ {ਪੰਨਾ 651}
ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ {ਪੰਨਾ 651}
ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।
ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ {ਪੰਨਾ 651-652}
ਪਦਅਰਥ: ਸਾਰ = ਕਦਰ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ।
ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।
ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ {ਪੰਨਾ 652}
ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ {ਪੰਨਾ 652}
ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ {ਪੰਨਾ 652}
ਪਦਅਰਥ: ਸੈਣੀ = ਰਿਸ਼ਤੇਦਾਰ।
ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।
*┈┉┅━❀꧁ੴ꧂❀━┅┉┈*
ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥ {ਪੰਨਾ 791-792}
ਅਰਥ: (ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।੧।
ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥ {ਪੰਨਾ 792}
ਅਰਥ: ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨।
ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥ {ਪੰਨਾ 792}
ਅਰਥ: ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ।
ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।
*┈┉┅━❀꧁ੴ꧂❀━┅┉┈*

ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ {ਪੰਨਾ 599-600}
ਪਦਅਰਥ: ਸਭਿ = ਸਾਰੇ। ਸਬਦੈ = ਗੁਰੂ ਦੇ ਸ਼ਬਦ ਦਾ। ਸਾਦੁ = ਸੁਆਦ, ਰਸ। ਤੇ = ਤੋਂ, ਨਾਲ। ਜਿਨਿ = ਜਿਸ (ਮਨੁੱਖ) ਨੇ {ਲਫ਼ਜ਼ 'ਜਿਨ' ਬਹੁ-ਵਚਨ ਹੈ, 'ਜਿਨਿ' ਇਕ-ਵਚਨ ਹੈ}। ਆਪੁ = ਆਪਾ = ਭਾਵ। ਅਨਦਿਨੁ = ਹਰ ਰੋਜ਼। ਗਾਵਹਿ = ਗਾਂਦੇ ਹਨ। ਸਾਚੇ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ। ਸਬਦਿ = ਸ਼ਬਦ ਦੀ ਰਾਹੀਂ। ਸੁਹਾਇਆ = ਸੋਹਣੇ ਜੀਵਨ ਵਾਲੇ ਹੋ ਜਾਂਦੇ ਹਨ।੧।
ਠਾਕੁਰ = ਹੇ ਮਾਲਕ! ਸਚਾ = ਸਦਾ-ਥਿਰ ਰਹਿਣ ਵਾਲਾ।ਰਹਾਉ।
ਜਾਗਤ = (ਵਿਕਾਰਾਂ ਵਲੋਂ) ਸੁਚੇਤ। ਗਿਰਹੀ ਮਹਿ = ਗ੍ਰਿਹ ਵਿਚ ਹੀ, ਗ੍ਰਿਹਸਤ ਵਿਚ ਹੀ। ਉਰ = ਹਿਰਦਾ।੨।
ਮਨੂਆ = ਅੱਲ੍ਹੜ ਮਨ। ਦਹ ਦਿਸਿ = ਦਸੀਂ ਪਾਸੀਂ। ਦੂਜੈ ਭਾਇ = ਮਾਇਆ ਦੇ ਮੋਹ ਵਿਚ। ਖੁਆਇਆ = ਰਾਹੋਂ ਖੁੰਝ ਜਾਂਦਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਮੁਗਧੁ = ਮੂਰਖ। ਭੇਟੇ = ਮਿਲ ਪਏ।੩।
ਵੀਚਾਰੀ = ਵਿਚਾਰਵਾਨ (ਹੋ ਕੇ) । ਪ੍ਰਭਿ = ਪ੍ਰਭੂ ਨੇ। ਸਾਚੈ = ਸਦਾ-ਥਿਰ ਰਹਿਣ ਵਾਲੇ ਨੇ। ਨਾਵਹੁ = ਨਾਮ ਤੋਂ ਹੀ। ਗਤਿ = ਉੱਚੀ ਆਤਮਕ ਅਵਸਥਾ। ਏਹਾ = ਇਹ (ਨਾਮ) ਹੀ। ਰਾਸਿ = ਪੂੰਜੀ, ਸਰਮਾਇਆ।੪।
ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।
ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।
ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।
ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।
*┈┉┅━❀꧁ੴ꧂❀━┅┉┈*
*┈┉┅━❀꧁ੴ꧂❀━┅┉┈*
ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ {ਪੰਨਾ 749-750}
ਪਦਅਰਥ: ਜਿਸ ਕੇ = {ਲਫ਼ਜ਼ 'ਜਿਸ' ਦਾ ੁ ਸੰਬੰਧਕ 'ਕੇ' ਦੇ ਕਾਰਨ ਉੱਡ ਗਿਆ ਹੈ}। ਸੁਆਮੀ = ਹੇ ਸੁਆਮੀ! ਬੋਲਿ ਨ ਜਾਣੈ = ਬੋਲਣ ਨਹੀਂ ਜਾਣਦਾ। ਮਦਿ = ਅਹੰਕਾਰ ਵਿਚ। ਮਾਤਾ = ਮਸਤ। ਮਰਣਾ = ਮੌਤ, ਮੌਤ ਦਾ ਸਹਿਮ। ਚੀਤਿ = ਚਿੱਤ ਵਿਚ।੧।
ਰਾਮਰਾਇ = ਹੇ ਪ੍ਰਭੂ = ਪਾਤਿਸ਼ਾਹ! ਕਉ = ਨੂੰ। ਨੇਰੇ = ਨੇੜੇ।੧।ਰਹਾਉ।
ਤੇਰੈ ਰੰਗਿ = ਤੇਰੇ ਪ੍ਰੇਮ ਵਿਚ। ਰਾਤੇ = ਰੰਗੇ ਹੋਏ। ਨਾਸਾ = ਦੂਰ ਹੋ ਜਾਂਦਾ ਹੈ। ਬਖਸ = ਬਖ਼ਸ਼ਸ਼। ਦਿਲਾਸਾ = ਭਰੋਸਾ, ਤਸੱਲੀ।੨।
ਧਿਆਇਨਿ = ਧਿਆਉਂਦੇ ਹਨ। ਪਾਇਨਿ = ਪਾਂਦੇ ਹਨ। ਆਰਾਧਹਿ = ਆਰਾਧਦੇ ਹਨ। ਭਰਵਾਸੇ = ਆਸਰੇ ਨਾਲ। ਪੰਚ ਦੁਸਟ = ਕਾਮਾਦਿਕ ਪੰਚ ਵੈਰੀ। ਲੈ = ਫੜ ਕੇ। ਸਾਧਹਿ = ਵੱਸ ਵਿਚ ਕਰ ਲੈਂਦੇ ਹਨ।੩।
ਗਿਆਨੁ = ਆਤਮਕ ਜੀਵਨ ਦੀ ਸੂਝ। ਧਿਆਨੁ = ਸੁਰਤਿ ਜੋੜਨ ਦੀ ਜਾਚ। ਨ ਜਾਣਾ = ਨ ਜਾਣਾਂ, ਨਹੀਂ ਸਾਂ ਜਾਣਦਾ। ਸਾਰ = ਕਦਰ। ਜਿਨਿ = ਜਿਸ (ਗੁਰੂ) ਨੇ। ਕਰ = ਇੱਜਤ, ਲਾਜ।੪।
ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ) । ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।
ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।
ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।
ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩।
ਹੇ ਮੇਰੇ ਮਾਲਕ-ਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ) ।੪।੧੦।੫੭।
*┈┉┅━❀꧁ੴ꧂❀━┅┉┈*
Waheguru Ji
ReplyDelete