ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ {ਪੰਨਾ 607}
ਨੋਟ: ਪੰਚ ਪਦ-ਪੰਜ 'ਬੰਦਾਂ' ਵਾਲਾ ਸ਼ਬਦ।
ਪਦਅਰਥ: ਅਚਰੁ = {ਅ = ਚਰੁ} ਨਾਹ ਜਿੱਤਿਆ ਜਾ ਸਕਣ (ਮਨ) ਵਾਲਾ। ਚਰੈ = ਜਿੱਤ ਲੈਂਦਾ ਹੈ। ਸਿਧਿ = (ਜੀਵਨ = ਸੰਗ੍ਰਾਮ ਵਿਚ) ਕਾਮਯਾਬੀ। ਤੇ = ਤੋਂ। ਬੁਧਿ = ਅਕਲ। ਸਰ = ਤੀਰ। ਤਨ = ਸਰੀਰ, ਹਿਰਦਾ। ਭ੍ਰਮੁ = ਮਨ ਦੀ ਭਟਕਣਾ।੧।
ਗੋਬਿਦ = ਹੇ ਗੋਬਿੰਦ! ਕਉ = ਨੂੰ। ਪਰਗਾਸਹੁ = ਪਰਗਟ ਕਰੋ, ਉਜਾਗਰ ਕਰ ਦਿਉ। ਰਹਹੁ = ਰੱਖੋ।ਰਹਾਉ।
ਸੰਸਾਰੁ = ਜਗਤ (ਦਾ ਮੋਹ) । ਆਵਣ ਜਾਣਾ = ਜਨਮ ਮਰਨ (ਦਾ ਮੂਲ) । ਮਨ = ਹੇ ਮਨ! ਨਾਮਿ = ਨਾਮ ਵਿਚ।੨।
ਜਿਸ ਕੀ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹ ੈ}। ਵਥੁ = ਵਸਤੁ, ਨਾਮ = ਵਸਤੁ। ਸੋਈ = ਉਹੀ (ਪ੍ਰਭੂ) । ਜਿਸ ਨੋ = (ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ) । ਸੁ = ਉਹ ਮਨੁੱਖ। ਅਨੂਪ = ਸੁੰਦਰ, ਬੇ = ਮਿਸਾਲ (ਅਨ = ਊਪ = ਉਪਮਾ ਰਹਿਤ) । ਅਗਮ = ਅਪਹੁੰਚ। ਅਗੋਚਰ = {ਅ = ਗੋ = ਚਰ} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਲਖੁ = ਅਦ੍ਰਿਸ਼ਟ ਪ੍ਰਭੂ। ਲਖਾਏ = ਵਿਖਾ ਦੇਂਦਾ ਹੈ।੩।
ਜਿਨਿ = ਜਿਸ (ਮਨੁੱਖ) ਨੇ। ਇਹ = ਇਹ ਵਸਤੁ {ਇਸਤ੍ਰੀ ਲਿੰਗ}। ਕੋ = ਕੋਈ ਮਨੁੱਖ।੪।
ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਸੋਈ = ਸਾਰ ਰੱਖਣ ਵਾਲਾ।੫।
ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।
ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।
ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।
ਜ਼ਰੂਰੀ ਨੋਟ: ਇਸ ਰਾਗ ਵਿਚ ਦੇ ਗੁਰੂ ਨਾਨਕ ਦੇਵ ਜੀ ਦੇ ਸਾਰੇ ਹੀ ਸ਼ਬਦਾਂ ਵਿਚ 'ਰਹਾਉ' ਦੀਆਂ ਤੁਕਾਂ ਨਾਲ ਲਫ਼ਜ਼ ਸਿਰਫ਼ "ਰਹਾਉ" ਹੈ, "੧।ਰਹਾਉ" ਨਹੀਂ। ਇਹੀ ਸਮਾਨਤਾ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸ਼ਬਦਾਂ ਵਿਚ ਮਿਲਦੀ ਹੈ। ਗੁਰੂ ਨਾਨਕ ਦੇਵ ਜੀ ਦੀ ਸਾਰੀ ਬਾਣੀ ਇਹਨਾਂ ਪਾਸ ਮੌਜੂਦ ਸੀ।

ਸੂਹੀ ਮਹਲਾ ੧ ਕਾਫੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ {ਪੰਨਾ 751-752}
ਨੋਟ: ਇਹ ਅਸ਼ਟਪਦੀ ਸੂਹੀ ਅਤੇ ਕਾਫੀ ਦੋਹਾਂ ਮਿਲਵੀਆਂ ਰਾਗਣੀਆਂ ਵਿਚ ਗਾਈ ਜਾਣੀ ਹੈ। ਕਾਫੀ ਇਕ ਰਾਗਣੀ ਦਾ ਨਾਮ ਹੈ।
ਪਦਅਰਥ: ਮਾਣਸ ਜਨਮੁ = ਮਨੁੱਖਾ ਜਨਮ। ਦੁਲੰਭੁ = ਦੁਰਲੱਭ, ਬੜੀ ਮੁਸ਼ਕਲ ਨਾਲ ਮਿਲਣ ਵਾਲਾ। ਪਾਇਆ = ਕਦਰ ਪਾਈ। ਚੁਲੰਭੁ = ਗੂੜ੍ਹਾ ਲਾਲ।੧।
ਸਵਾਰਿ = ਸਵਾਰ ਕੇ। ਵਖਰੁ = ਵਪਾਰ ਦਾ ਸੌਦਾ। ਸਚੁ = ਸਦਾ-ਥਿਰ ਨਾਮ। ਲੈ = ਲੈ ਕੇ। ਪਤਿ = ਇੱਜ਼ਤ। ਦਰਬਾਰਿ = ਪ੍ਰਭੂ ਦੀ ਹਜ਼ੂਰੀ ਵਿਚ। ਭੈ = ਡਰ = ਅਦਬ ਵਿਚ (ਰਹਿ ਕੇ) ।੧।ਰਹਾਉ।
ਮਨਿ = ਮਨ ਵਿਚ। ਤਨਿ = ਸਰੀਰ ਦੀ ਰਾਹੀਂ। ਸਾਲਾਹਿ = ਸਲਾਹ ਕੇ, ਸਿਫ਼ਤਿ-ਸਾਲਾਹ ਕਰ ਕੇ। ਲਾਲਿ = ਲਾਲ (ਰੰਗ) ਵਿਚ। ਰਤਾ = ਰੰਗਿਆ ਗਿਆ।੨।
ਹਉ = ਮੈਂ। ਸਾਰਿ = ਸੰਭਾਲ ਕੇ। ਤੂ ਵਸੈ = 'ਤੂ ਹੀ ਤੂ' ਦਾ ਬੋਲ ਵੱਸ ਪਏ। ਸਹਜੇ = ਸਹਿਜ ਵਿਚ, ਅਡੋਲ ਆਤਮਕ ਅਵਸਥਾ ਵਿਚ। ਰਸਿ = (ਨਾਮ-) ਅੰਮ੍ਰਿਤ ਨਾਲ। ਰਸੈ = ਰਸਦਾ ਹੈ, ਭਿੱਜਦਾ ਹੈ, ਰਚਦਾ ਹੈ।੩।
ਮਨ = ਹੇ ਮਨ! ਆਖਉ = ਮੈਂ ਆਖਾਂ। ਕੇਤੜਾ = ਕਿਤਨਾ ਕੁ? ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਗਾਇ = ਗਾ ਕੇ। ਰੰਗਿ = ਰੰਗ ਵਿਚ। ਰੰਗੇਤੜਾ = ਰੰਗਿਆ ਜਾ।੪।
ਰਿਦੈ = ਹਿਰਦੇ ਵਿਚ। ਸਮਾਲਿ = ਸਾਂਭ। ਸੰਤਾਪਣਾ = ਕਲੇਸ਼ ਦੇ ਸਕਣਾ।੫।
ਰੰਗੁ = (ਨਾਮ ਦੀ) ਲਾਲੀ। ਮਰਸੀ = ਆਤਮਕ ਜੀਵਨ ਗਵਾ ਬੈਠੇਗਾ। ਵਿਡਾਣਾ = ਓਪਰਾ, ਨਿਖਸਮਾ। ਭੰਗੁ = ਤੋਟ, ਵਿਛੋੜਾ।੬।
ਲਾਹਾ = ਲਾਭ। ਆਣਿਆ = ਲਿਆਂਦਾ। ਨਿਰਬਾਣੁ = ਵਾਸਨਾ = ਰਹਿਤ ਪ੍ਰਭੂ।੭।
ਭਾਵਸੀ = ਚੰਗੀ ਲੱਗੇ, ਪਸੰਦ ਆਵੇ। ਮੈ = ਮੈਨੂੰ, ਮੇਰੇ ਹਿਰਦੇ ਵਿਚ। ਗਾਵਸੀ = ਗਾਵੇਗਾ।੮।
ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ।
(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ।੧।
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) ।੨।
ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂ" ਦੀ ਧੁਨ ਲੱਗ ਪਏ।੩।
ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ) ।੪।
ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬।
ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭।
ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।
ਨੋਟ: ਇਹ ਅਸਟਪਦੀ 'ਘਰੁ ੧੦' ਦੀ ਹੈ। ਕੁੱਲ ਜੋੜ ੩ ਹੈ।

ਸਲੋਕ ਮਃ ੩ ॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ {ਪੰਨਾ 551}
ਪਦਅਰਥ: ਭੇਦਿ = ਵਿੰਨ੍ਹ। ਥਾਇ ਪਾਏ = ਪ੍ਰਵਾਨ ਕਰਦਾ ਹੈ। ਕਾਮਿ = ਕਾਮ ਵਿਚ (ਫਸੇ ਰਿਹਾਂ) ।
ਅਰਥ: ਹੇ ਸ਼ੇਖ਼! ਹਿਰਦੇ ਵਿਚੋਂ ਹਠ ਛੱਡ ਦੇਹ, ਇਹ ਝੱਲ-ਪੁਣਾ ਦੂਰ ਕਰ ਤੇ ਸਤਿਗੁਰੂ ਦਾ ਡਰ ਹਿਰਦੇ ਵਿਚ ਵਸਾ (ਭਾਵ, ਅਦਬ ਵਿਚ ਆ) ਸਤਿਗੁਰੂ ਦੇ ਅਦਬ ਵਿਚ ਰਹਿ ਕੇ ਨਿਰਭਉ ਪ੍ਰਭੂ ਨੂੰ ਲੱਭ ਕੇ ਕਈ ਏਸ ਡਰ ਦੀ ਰਾਹੀਂ ਤਰ ਗਏ ਹਨ।
(ਹੇ ਸ਼ੇਖ!) ਆਪਣੇ ਕਰੜੇ ਮਨ ਨੂੰ (ਭਾਵ, ਮਨ ਨੂੰ ਜੋ ਹਠ ਦੇ ਕਾਰਨ ਕਠੋਰ ਹੈ) ਸਤਿਗੁਰੂ ਦੇ ਸ਼ਬਦ ਨਾਲ ਵਿੰਨ੍ਹ ਤਾਂ ਕਿ ਤੇਰੇ ਮਨ ਵਿਚ ਸ਼ਾਂਤੀ ਤੇ ਠੰਡ ਆ ਕੇ ਵੱਸੇ, ਫੇਰ ਇਸ ਵਿਚ (ਭਜਨ ਬੰਦਗੀ ਵਾਲੀ) ਜੋ ਕਾਰ ਕਰੇਂਗਾ, ਮਾਲਕ ਉਸ ਨੂੰ ਕਬੂਲ ਕਰੇਗਾ, ਹੇ ਨਾਨਕ! ਕਿਸੇ ਗਿਆਨ ਵਾਲੇ ਨੂੰ ਜਾ ਕੇ ਪੁੱਛ ਲੈ, ਕਾਮ ਤੇ ਕ੍ਰੋਧ (ਆਦਿਕ ਵਿਕਾਰਾਂ) ਦੇ ਅਧੀਨ ਹੋਇਆਂ ਕਿਸੇ ਨੂੰ ਭੀ ਰੱਬ ਨਹੀਂ ਲੱਭਾ।੧।
ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}
ਪਦਅਰਥ: ਬਿੰਦੈ = ਜਾਣਦਾ ਹੈ। ਬ੍ਰਹਮੁ = ਪਰਮਾਤਮਾ। ਬ੍ਰਹਮਤੁ = ਬ੍ਰਾਹਮਣ ਵਾਲਾ ਲੱਛਣ। ਏਕ ਸਬਦਿ = ਕੇਵਲ ਸ਼ਬਦ ਵਿਚ।
ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649}
ਪਦਅਰਥ: ਕਰਿ = ਕਰ ਕੇ।
ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।
ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649}
ਪਦਅਰਥ: ਸੀਤਲੁ = ਠੰਡੇ, ਸ਼ਾਂਤ, ਸੰਤੋਖੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਰਮੁਖਿ = ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ।
ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650}
ਪਦਅਰਥ: ਤ੍ਰਿਪਤਿ = ਰੱਜ, ਰਜੇਵਾਂ। ਜਿ = ਜੋ ਕੁਝ।
ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}
ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧।
ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ।
ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨।
ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ।
ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩।
ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ।
ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪।
ਵਿਟਹੁ = ਤੋਂ। ਸਾਹਿਬ = ਹੇ ਸਾਹਿਬ!
ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ {ਪੰਨਾ 666}
ਪਦਅਰਥ: ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧।
ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।
ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨।
ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
ਨੋਟ: ਅੰਕ ੧ ਦਾ ਭਾਵ ਇਹ ਹੈ ਕਿ ਇਹ ਇੱਕ ਸ਼ਬਦ 'ਘਰੁ ੪' ਦਾ ਹੈ।
ਗੁਰੂ ਰਾਮਦਾਸ ਜੀ ਦੇ ਇਸ ਰਾਗ ਵਿਚ ਕੁੱਲ ੯ ਸ਼ਬਦ ਹਨ।

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}
ਪਦਅਰਥ: ਜਾ ਕਉ = ਜਿਸ (ਮਨੁੱਖ) ਨੂੰ। ਰੰਗੁ = ਪ੍ਰੇਮ। ਇਸੁ ਜੁਗ ਮਹਿ = ਇਸ ਜਗਤ ਵਿਚ। ਸੂਰਾ = ਸੂਰਮਾ। ਆਤਮੁ = ਆਪਣੇ ਆਪ ਨੂੰ, ਆਪਣੇ ਮਨ ਨੂੰ। ਜਿਣੈ = ਜਿੱਤ ਲੈਂਦਾ ਹੈ। ਵਸਿ = ਵੱਸ ਵਿਚ। ਤਾ ਕੈ ਵਸਿ = ਉਸ ਦੇ ਵੱਸ ਵਿਚ।੧।
ਆਤਮ ਰੰਗਿ = ਦਿਲੀ ਪਿਆਰ ਨਾਲ। ਗਾਈਐ = ਗਾਣਾ ਚਾਹੀਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸੰਗਿ = ਨਾਲ।੧।ਰਹਾਉ।
ਵਸਹਿ = ਵੱਸ ਪੈਣ। ਮੇਰੈ ਹੀਅਰੈ = ਮੇਰੇ ਹਿਰਦੇ ਵਿਚ। ਪੁਨੀਤਾ = ਪਵਿਤ੍ਰ। ਦੇਹੀ = ਸਰੀਰ। ਕਿਰਪਾ ਨਿਧਿ = ਹੇ ਕਿਰਪਾ ਦੇ ਖ਼ਜ਼ਾਨੇ! ਨਾਨਕ ਕੈ = ਨਾਨਕ ਦੇ ਹਿਰਦੇ ਵਿਚ।੨।
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}
ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।
ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।
ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।
ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ {ਪੰਨਾ 646}
ਪਦਅਰਥ: ਜਗਿ = ਜਗਤ ਵਿਚ। ਤੋਟਾ = ਘਾਟਾ। ਸੰਸਾਰਿ = ਸੰਸਾਰ ਵਿਚ। ਸਭਿ = ਸਾਰੇ ਜੀਵ।
ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧।
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ {ਪੰਨਾ 721-722}
ਪਦਅਰਥ: ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ:ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ = ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧।
ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।੧।ਰਹਾਉ।
ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ}। ਸਾਹਿਬੁ = ਮਾਲਿਕ = ਪ੍ਰਭੂ।੨।
ਰਤੜੇ = ਰੰਗੇ ਹੋਏ। ਕਹੁ = ਆਖ। ਅਰਦਾਸਿ = ਬੇਨਤੀ।੩।
ਸਾਜੇ = ਸਵਾਰਦਾ ਹੈ। ਨਦਰਿ = ਮਿਹਰ ਦੀ ਨਜ਼ਰ। ਕਰੇਇ = ਕਰਦਾ ਹੈ, ਕਰੈ। ਕਾਮਣਿ = ਇਸਤ੍ਰੀ, ਜੀਵ = ਇਸਤ੍ਰੀ। ਰਾਵੇਇ = ਮਾਣਦਾ ਹੈ, ਆਪਣੇ ਨਾਲ ਮਿਲਾਂਦਾ ਹੈ।੪।
ਨੋਟ: ਅੰਕ ੪ ਤੋਂ ਅਗਲਾ ਅੰਕ ੧ ਦੱਸਦਾ ਹੈ ਕਿ 'ਘਰੁ ੩' ਦਾ ਇਹ ਪਹਿਲਾ ਸ਼ਬਦ ਹੈ।
ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।
(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।
ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।
ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ {ਪੰਨਾ 675}
ਪਦਅਰਥ: ਦੀਨ = ਗਰੀਬ, ਅਨਾਥ। ਨਿਵਾਰਿ = ਦੂਰ ਕਰ ਕੇ। ਜਨ = ਸੇਵਕ। ਰਾਖੈ = ਲਾਜ ਰੱਖਦਾ ਹੈ। ਤਰਣ = ਜਹਾਜ਼। ਨਿਧਿ = ਖ਼ਜ਼ਾਨਾ। ਨ ਸਕੈ ਬਿਆਪਿ = ਪੋਹ ਨਹੀਂ ਸਕਦਾ।੧।
ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ। ਗੋਪਾਲ = ਧਰਤੀ ਦਾ ਪਾਲਣ ਵਾਲਾ। ਆਨ = {अन्य} ਕੋਈ ਹੋਰ। ਸੰਜਮ = ਜੁਗਤਿ। ਕਟਿ = ਕੱਟ ਲੈ। ਕਲਿ ਕਾਲ = ਸੰਸਾਰ ਦੀ ਕਲਪਣਾ, ਜਗਤ ਦੇ ਝੰਬੇਲੇ।ਰਹਾਉ।
ਆਦਿ = ਸ਼ੁਰੂ ਤੋਂ। ਅੰਤਿ = ਅਖ਼ੀਰ ਵਿਚ। ਆਦਿ ਅੰਤਿ = ਜਗਤ ਦੇ ਸ਼ੁਰੂ ਤੋਂ ਲੈ ਕੇ ਅਖ਼ੀਰ ਤਕ, ਸਦਾ ਹੀ। ਦਇਆਲ = ਦਇਆ ਦਾ ਘਰ। ਪੂਰਨ = ਸਰਬ = ਵਿਆਪਕ। ਨਿਵਾਰਿ = ਦੂਰ ਕਰ ਲੈ। ਜਪਿ = ਜਪ ਕੇ। ਸੋਇ = ਉਹੀ।੨।
ਕਰਹਿ = ਕਰਦੇ ਹਨ। ਮੁਕਤਿ = (ਜਗਤ ਦੇ ਝਗੜਿਆਂ ਝੰਬੇਲਿਆਂ ਤੋਂ) ਖ਼ਲਾਸੀ। ਅੰਧਾਰੁ = ਹਨੇਰਾ।੩।
ਅਧਾਰੁ = ਆਸਰਾ। ਸਾਚਾ = ਸਦਾ ਕਾਇਮ ਰਹਿਣ ਵਾਲਾ।੪।
ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।
ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।
ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।
ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।
ਸੂਹੀ ਮਹਲਾ ੧ ਕਾਫੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ {ਪੰਨਾ 751-752}
ਨੋਟ: ਇਹ ਅਸ਼ਟਪਦੀ ਸੂਹੀ ਅਤੇ ਕਾਫੀ ਦੋਹਾਂ ਮਿਲਵੀਆਂ ਰਾਗਣੀਆਂ ਵਿਚ ਗਾਈ ਜਾਣੀ ਹੈ। ਕਾਫੀ ਇਕ ਰਾਗਣੀ ਦਾ ਨਾਮ ਹੈ।
ਪਦਅਰਥ: ਮਾਣਸ ਜਨਮੁ = ਮਨੁੱਖਾ ਜਨਮ। ਦੁਲੰਭੁ = ਦੁਰਲੱਭ, ਬੜੀ ਮੁਸ਼ਕਲ ਨਾਲ ਮਿਲਣ ਵਾਲਾ। ਪਾਇਆ = ਕਦਰ ਪਾਈ। ਚੁਲੰਭੁ = ਗੂੜ੍ਹਾ ਲਾਲ।੧।
ਸਵਾਰਿ = ਸਵਾਰ ਕੇ। ਵਖਰੁ = ਵਪਾਰ ਦਾ ਸੌਦਾ। ਸਚੁ = ਸਦਾ-ਥਿਰ ਨਾਮ। ਲੈ = ਲੈ ਕੇ। ਪਤਿ = ਇੱਜ਼ਤ। ਦਰਬਾਰਿ = ਪ੍ਰਭੂ ਦੀ ਹਜ਼ੂਰੀ ਵਿਚ। ਭੈ = ਡਰ = ਅਦਬ ਵਿਚ (ਰਹਿ ਕੇ) ।੧।ਰਹਾਉ।
ਮਨਿ = ਮਨ ਵਿਚ। ਤਨਿ = ਸਰੀਰ ਦੀ ਰਾਹੀਂ। ਸਾਲਾਹਿ = ਸਲਾਹ ਕੇ, ਸਿਫ਼ਤਿ-ਸਾਲਾਹ ਕਰ ਕੇ। ਲਾਲਿ = ਲਾਲ (ਰੰਗ) ਵਿਚ। ਰਤਾ = ਰੰਗਿਆ ਗਿਆ।੨।
ਹਉ = ਮੈਂ। ਸਾਰਿ = ਸੰਭਾਲ ਕੇ। ਤੂ ਵਸੈ = 'ਤੂ ਹੀ ਤੂ' ਦਾ ਬੋਲ ਵੱਸ ਪਏ। ਸਹਜੇ = ਸਹਿਜ ਵਿਚ, ਅਡੋਲ ਆਤਮਕ ਅਵਸਥਾ ਵਿਚ। ਰਸਿ = (ਨਾਮ-) ਅੰਮ੍ਰਿਤ ਨਾਲ। ਰਸੈ = ਰਸਦਾ ਹੈ, ਭਿੱਜਦਾ ਹੈ, ਰਚਦਾ ਹੈ।੩।
ਮਨ = ਹੇ ਮਨ! ਆਖਉ = ਮੈਂ ਆਖਾਂ। ਕੇਤੜਾ = ਕਿਤਨਾ ਕੁ? ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਗਾਇ = ਗਾ ਕੇ। ਰੰਗਿ = ਰੰਗ ਵਿਚ। ਰੰਗੇਤੜਾ = ਰੰਗਿਆ ਜਾ।੪।
ਰਿਦੈ = ਹਿਰਦੇ ਵਿਚ। ਸਮਾਲਿ = ਸਾਂਭ। ਸੰਤਾਪਣਾ = ਕਲੇਸ਼ ਦੇ ਸਕਣਾ।੫।
ਰੰਗੁ = (ਨਾਮ ਦੀ) ਲਾਲੀ। ਮਰਸੀ = ਆਤਮਕ ਜੀਵਨ ਗਵਾ ਬੈਠੇਗਾ। ਵਿਡਾਣਾ = ਓਪਰਾ, ਨਿਖਸਮਾ। ਭੰਗੁ = ਤੋਟ, ਵਿਛੋੜਾ।੬।
ਲਾਹਾ = ਲਾਭ। ਆਣਿਆ = ਲਿਆਂਦਾ। ਨਿਰਬਾਣੁ = ਵਾਸਨਾ = ਰਹਿਤ ਪ੍ਰਭੂ।੭।
ਭਾਵਸੀ = ਚੰਗੀ ਲੱਗੇ, ਪਸੰਦ ਆਵੇ। ਮੈ = ਮੈਨੂੰ, ਮੇਰੇ ਹਿਰਦੇ ਵਿਚ। ਗਾਵਸੀ = ਗਾਵੇਗਾ।੮।
ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ।
(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ।੧।
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) ।੨।
ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂ" ਦੀ ਧੁਨ ਲੱਗ ਪਏ।੩।
ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ) ।੪।
ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬।
ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭।
ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।
ਨੋਟ: ਇਹ ਅਸਟਪਦੀ 'ਘਰੁ ੧੦' ਦੀ ਹੈ। ਕੁੱਲ ਜੋੜ ੩ ਹੈ।
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ {ਪੰਨਾ 723-724}
ਪਦਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧।
ਆਧਾਰੁ = ਸਹਾਰਾ।ਰਹਾਉ।
ਤੂ ਹੈ– ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।
ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩।
ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}। ਬਲਿਹਾਰ = ਸਦਕੇ। ਤਿਸ ਕੈ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕੈ' ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ। ਲੋਚਾ = ਤਾਂਘ। ਪੂਰਿ = ਪੂਰੀ ਕਰ। ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ = ਧੂੜ।੪।
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
Waheguru ji
ReplyDelete