
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}
ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।
ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।
ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।
ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
ਨਾਮਦੇਵ ਜੀ ॥ ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥ ਕਰੀਮਾਂ ਰਹੀਮਾਂ ਅਲਾਹ ਤੂ ਗਨੀ ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥੧॥ ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥ ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥ {ਪੰਨਾ 727}
ਪਦਅਰਥ: ਟੇਕ = ਓਟ, ਸਹਾਰਾ। ਖੁੰਦਕਾਰਾ = ਸਹਾਰਾ। ਖੁੰਦਕਾਰ = ਬਾਦਸ਼ਾਹ, ਹੇ ਮੇਰੇ ਪਾਤਿਸ਼ਾਹ! ਮਸਕੀਨ = ਆਜਿਜ਼। ਅਧਾਰਾ = ਆਸਰਾ।੧।ਰਹਾਉ।
ਕਰੀਮਾਂ = ਹੇ ਕਰੀਮ! ਹੇ ਬਖ਼ਸ਼ਸ਼ ਕਰਨ ਵਾਲੇ! ਰਹੀਮਾਂ = ਹੇ ਰਹੀਮ! ਹੇ ਰਹਿਮ ਕਰਨ ਵਾਲੇ! ਗਨੀ = ਅਮੀਰ, ਰੱਜਿਆ = ਪੁੱਜਿਆ। ਹਾਜਰਾ ਹਜੂਰਿ = ਹਰ ਥਾਂ ਮੌਜੂਦ, ਪ੍ਰਤੱਖ ਮੌਜੂਦ। ਦਰਿ = ਵਿਚ। ਪੇਸਿ = ਪੇਸ਼ਿ, ਸਾਹਮਣੇ। ਦਰਿ ਪੇਸਿ ਮਨੀ = ਮੇਰੇ ਸਾਹਮਣੇ।੧।
ਦਿਹੰਦ = ਦੇਣ ਵਾਲਾ, ਦਾਤਾ। ਬਿਸੀਆਰ = ਬਹੁਤ। ਧਨੀ = ਧਨ ਵਾਲਾ। ਦੇਹਿ = ਤੂੰ ਦੇਂਦਾ ਹੈਂ। ਲੇਹਿ = ਤੂੰ ਲੈਂਦਾ ਹੈਂ। ਦਿਗਰ = ਕੋਈ ਹੋਰ, ਦੂਸਰਾ।੨।
ਦਾਨਾਂ = ਜਾਣਨ ਵਾਲਾ। ਬੀਨਾਂ = ਵੇਖਣ ਵਾਲਾ। ਚ = ਦਾ। ਚੇ = ਦੇ। ਚੀ = ਦੀ। ਨਾਮੇ ਚੇ = ਨਾਮੇ ਦੇ। ਨਾਮੇ ਚੇ ਸੁਆਮੀ = ਹੇ ਨਾਮਦੇਵ ਦੇ ਸੁਆਮੀ!।੪।
ਅਰਥ: ਹੇ ਮੇਰੇ ਪਾਤਿਸ਼ਾਹ! ਤੇਰਾ ਨਾਮ ਮੈਂ ਅੰਨ੍ਹੇ ਦੀ ਡੰਗੋਰੀ ਹੈ, ਸਹਾਰਾ ਹੈ; ਮੈਂ ਕੰਗਾਲ ਹਾਂ, ਮੈਂ ਆਜਿਜ਼ ਹਾਂ, ਤੇਰਾ ਨਾਮ (ਹੀ) ਮੇਰਾ ਆਸਰਾ ਹੈ।੧।ਰਹਾਉ।
ਹੇ ਅੱਲਾਹ! ਹੇ ਕਰੀਮ! ਹੇ ਰਹੀਮ! ਤੂੰ (ਹੀ) ਅਮੀਰ ਹੈਂ, ਤੂੰ ਹਰ ਵੇਲੇ ਮੇਰੇ ਸਾਹਮਣੇ ਹੈਂ (ਫਿਰ, ਮੈਨੂੰ ਕਿਸੇ ਹੋਰ ਦੀ ਕੀਹ ਮੁਥਾਜੀ?) ।੧।
ਤੂੰ (ਰਹਿਮਤ ਦਾ) ਦਰੀਆ ਹੈਂ, ਤੂੰ ਦਾਤਾ ਹੈਂ, ਤੂੰ ਬਹੁਤ ਹੀ ਧਨ ਵਾਲਾ ਹੈਂ; ਇੱਕ ਤੂੰ ਹੀ (ਜੀਵਾਂ ਨੂੰ ਪਦਾਰਥ) ਦੇਂਦਾ ਹੈਂ, ਤੇ ਮੋੜ ਲੈਂਦਾ ਹੈਂ, ਕੋਈ ਹੋਰ ਐਸਾ ਨਹੀਂ (ਜੋ ਇਹ ਸਮਰੱਥਾ ਰੱਖਦਾ ਹੋਵੇ) ।੨।
ਹੇ ਨਾਮਦੇਵ ਦੇ ਖਸਮ! ਹੇ ਹਰੀ! ਤੂੰ ਸਭ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਤੂੰ (ਸਭ ਦੇ ਦਿਲ ਦੀ) ਜਾਣਨ ਵਾਲਾ ਹੈਂ ਤੇ (ਸਭ ਦੇ ਕੰਮ) ਵੇਖਣ ਵਾਲਾ ਹੈਂ; ਹੇ ਹਰੀ! ਮੈਂ ਤੇਰਾ ਕਿਹੜਾ ਕਿਹੜਾ ਗੁਣ ਬਿਆਨ ਕਰਾਂ?।੩।੧।੨।
ਨੋਟ: ਜੇ ਮੁਸਲਮਾਨੀ ਲਫ਼ਜ਼, ਅੱਲਾਹ, ਕਰੀਮ, ਰਹੀਮ ਦੇ ਵਰਤਣ ਤੋਂ ਅਸੀ ਨਾਮਦੇਵ ਜੀ ਨੂੰ ਮੁਸਲਮਾਨ ਨਹੀਂ ਸਮਝ ਸਕਦੇ, ਤਾਂ ਕ੍ਰਿਸ਼ਨ ਤੇ ਬੀਠੁਲ ਆਦਿਕ ਲਫ਼ਜ਼ਾਂ ਤੋਂ ਭੀ ਇਹ ਅੰਦਾਜ਼ਾ ਗ਼ਲਤ ਹੈ ਕਿ ਨਾਮਦੇਵ ਜੀ ਕਿਸੇ ਬੀਠੁਲ-ਮੂਰਤੀ ਦੇ ਪੁਜਾਰੀ ਸਨ।
ਭਾਵ: ਪ੍ਰਭੂ ਦਾ ਗੁਣਾਨੁਵਾਦ-
ਤੂੰ ਹੀ ਮੇਰਾ ਸਹਾਰਾ ਹੈਂ। ਸਭ ਦਾ ਰਾਜ਼ਕ ਤੂੰ ਹੀ ਹੈਂ।
ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥ {ਪੰਨਾ 692}
ਪਦਅਰਥ: ਦਿਨ ਤੇ = ਦਿਨਾਂ ਤੋਂ। ਆਵ = ਆਯੂ, ਉਮਰ। ਛੀਜੈ = ਕਮਜ਼ੋਰ ਹੁੰਦਾ ਜਾ ਰਿਹਾ ਹੈ। ਅਹੇਰੀ = ਸ਼ਿਕਾਰੀ। ਬਧਿਕ = ਸ਼ਿਕਾਰੀ। ਕਹਹੁ = ਦੱਸੋ। ਕਵਨ ਬਿਧਿ ਕੀਜੈ = ਕਿਹੜੀ ਵਿਧੀ ਵਰਤੀ ਜਾਏ? ਕਿਹੜਾ ਢੰਗ ਕੀਤਾ ਜਾਏ? ਕੋਈ ਢੰਗ ਕਾਮਯਾਬ ਨਹੀਂ ਹੋ ਸਕਦਾ।੧।
ਸੋ ਦਿਨੁ = ਉਹ ਦਿਨ (ਜਦੋਂ ਕਾਲ ਅਹੇਰੀ ਨੇ ਸਾਨੂੰ ਭੀ ਆ ਫੜਨਾ ਹੈ) । ਸੁਤ = ਪੁੱਤਰ। ਬਨਿਤਾ = ਵਹੁਟੀ। ਕਾ ਕਾ = ਕਿਸ ਦਾ? ਕੋਊ ਹੈ ਕਾ ਕਾ = ਕੋਈ ਕਿਸ ਦਾ ਹੈ? ਕੋਈ ਕਿਸੇ ਦਾ ਨਹੀਂ ਬਣ ਸਕਦਾ।੧।ਰਹਾਉ।
ਜੋਤਿ = ਆਤਮਾ, ਜਿੰਦ। ਬਰਤੈ = ਮੌਜੂਦ ਹੈ। ਆਪਾ = ਆਪਣਾ ਅਸਲਾ। ਜੀਵਨ ਪਦ ਕਾਰਨ = ਹੋਰ ਹੋਰ ਜੀਊਣ ਵਾਸਤੇ, ਲੰਮੀ ਉਮਰ ਵਾਸਤੇ। ਲੋਚਨ = ਅੱਖਾਂ।੨।
ਅਰਥ: ਦਿਨਾਂ ਤੋਂ ਪਹਿਰ ਤੇ ਪਹਿਰਾਂ ਤੋਂ ਘੜੀਆਂ (ਗਿਣ ਲਉ, ਇਸੇ ਤਰ੍ਹਾਂ ਥੋੜਾ ਥੋੜਾ ਸਮਾ ਕਰ ਕੇ) ਉਮਰ ਘਟਦੀ ਜਾਂਦੀ ਹੈ, ਤੇ ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ, (ਸਭ ਜੀਵਾਂ ਦੇ ਸਿਰ ਉੱਤੇ) ਕਾਲ-ਰੂਪ ਸ਼ਿਕਾਰੀ ਇਉਂ ਫਿਰਦਾ ਹੈ ਜਿਵੇਂ (ਹਿਰਨ ਆਦਿਕਾਂ ਦਾ ਸ਼ਿਕਾਰ ਕਰਨ ਵਾਲੇ) ਸ਼ਿਕਾਰੀ। ਦੱਸੋ, (ਇਸ ਸ਼ਿਕਾਰੀ ਤੋਂ ਬਚਣ ਲਈ ਕਿਹੜਾ ਜਤਨ ਕੀਤਾ ਜਾ ਸਕਦਾ ਹੈ?।੧।
(ਹਰ ਇਕ ਜੀਵ ਦੇ ਸਿਰ ਉੱਤੇ) ਉਹ ਦਿਨ ਆਉਂਦਾ ਜਾਂਦਾ ਹੈ (ਜਦੋਂ ਕਾਲ-ਸ਼ਿਕਾਰੀ ਆ ਪਕੜਦਾ ਹੈ) ; ਮਾਂ, ਪਿਉ, ਭਰਾ, ਪੁੱਤਰ, ਵਹੁਟੀ-ਇਹਨਾਂ ਵਿਚੋਂ ਕੋਈ (ਉਸ ਕਾਲ ਦੇ ਅੱਗੇ) ਕਿਸੇ ਦੀ ਸਹਾਇਤਾ ਨਹੀਂ ਕਰ ਸਕਦਾ।੧।ਰਹਾਉ।
ਜਦ ਤਕ ਸਰੀਰ ਵਿਚ ਆਤਮਾ ਮੌਜੂਦ ਰਹਿੰਦਾ ਹੈ, ਪਸ਼ੂ-(ਮਨੁੱਖ) ਆਪਣੇ ਅਸਲੇ ਨੂੰ ਸਮਝਦਾ ਨਹੀਂ, ਹੋਰ ਹੋਰ ਜੀਊਣ ਲਈ ਲਾਲਚ ਕਰਦਾ ਹੈ, ਇਸ ਨੂੰ ਅੱਖੀਂ (ਇਹ) ਨਹੀਂ ਦਿੱਸਦਾ (ਕਿ ਕਾਲ-ਅਹੇਰੀ ਤੋਂ ਛੁਟਕਾਰਾ ਨਹੀਂ ਹੋ ਸਕੇਗਾ) ।੨।
ਕਬੀਰ ਆਖਦਾ ਹੈ-ਹੇ ਭਾਈ! ਸੁਣੋ, ਮਨ ਦੇ (ਇਹ) ਭੁਲੇਖੇ ਦੂਰ ਕਰ ਦਿਉ (ਕਿ ਸਦਾ ਇੱਥੇ ਬਹਿ ਰਹਿਣਾ ਹੈ) । ਹੇ ਜੀਵ? (ਹੋਰ ਲਾਲਸਾ ਛੱਡ ਕੇ) ਸਿਰਫ਼ ਪ੍ਰਭੂ ਨਾਮ ਸਿਮਰੋ, ਤੇ ਉਸ ਇੱਕ ਦੀ ਸ਼ਰਨ ਆਓ।੩।੨।
ਸ਼ਬਦ ਦਾ ਭਾਵ: ਮੌਤ ਨੇੜੇ ਆ ਰਹੀ ਹੈ, ਉਮਰ ਸਹਿਜੇ ਸਹਿਜੇ ਘਟਦੀ ਜਾ ਰਹੀ ਹੈ। ਭਜਨ ਕਰੋ।
ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667}
ਪਦਅਰਥ: ਅੰਧੁਲੇ ਅੰਧ = ਬਹੁਤ ਹੀ ਅੰਨ੍ਹੇ। ਬਿਖੈ ਬਿਖੁ = ਮਾਇਕ ਪਦਾਰਥਾਂ ਦਾ ਜ਼ਹਰ। ਰਾਤੇ = ਮਗਨ। ਕਿਉ ਚਾਲਹ = ਅਸੀ ਕਿਵੇਂ ਚੱਲ ਸਕਦੇ ਹਾਂ? ਲਾਵੈ = ਲਾ ਲਏ। ਪਾਲੀ = ਪੱਲੇ, ਲੜ।੧।
ਮੀਤ = ਹੇ ਮਿੱਤਰੋ! ਭਲ = ਭਲਾ। ਨਿਰਾਲੀ = ਅਨੋਖੀ, ਅਚਰਜ।੧।ਰਹਾਉ।
ਗੁਰੁ ਸੇਵਿਹੁ = ਗੁਰੂ ਦੀ ਸਰਨ ਪੈ ਜਾਓ। ਬੇਗਿ = ਛੇਤੀ। ਬੇਗਿ ਬੇਗਾਲੀ = ਬਹੁਤ ਛੇਤੀ। ਖਰਚੁ ਹਰਿ = ਪ੍ਰਭੂ ਦਾ ਨਾਮ (ਜੀਵਨ = ਸਫ਼ਰ ਵਾਸਤੇ) ਖ਼ਰਚ। ਬਾਧਹੁ = (ਪੱਲੇ) ਬੰਨ੍ਹ ਲਵੋ। ਕਾਲ੍ਹ੍ਹੀ = ਕੱਲ੍ਹ, ਭਲਕੇ।੨।
ਜਪਣਾ = ਜਾਪ। ਚਲੈ ਹਰਿ ਨਾਲੀ = ਹਰੀ ਦੀ ਰਜ਼ਾ ਵਿਚ ਤੁਰਦਾ ਹੈ। ਕੇਲ = ਚੋਜ, ਤਮਾਸ਼ੇ। ਕੇਲਾਲੀ = ਚੋਜੀ।੩।
ਲਚਾਨੀ = {ਅਸਲ ਲਫ਼ਜ਼ 'ਲੋਚਾਨੀ' ਹੈ, ਇਥੇ 'ਲੁਚਾਨੀ' ਪੜ੍ਹਨਾ ਹੈ}। ਹਰਿ = ਹੇ ਹਰੀ! ਬਨਵਾਲੀ = ਹੇ ਬਨਵਾਲੀ, ਹੇ ਪਰਮਾਤਮਾ! ਪਗ = ਪੈਰ। ਰਾਲੀ = ਖ਼ਾਕ, ਧੂੜ।੪।
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।
ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}
ਪਦਅਰਥ: ਕਿਆ = ਕੀਹ ਲਾਭ? ਗੁਨੀਐ {Skt. गण्} ਵਿਚਾਰੀਏ। ਕਿਆ ਹੋਈ = ਕੋਈ ਲਾਭ ਨਹੀਂ ਹੋਵੇਗਾ। ਜਉ = ਜੇ। ਸਹਜ = {Skt. सहज = as a natural result of} ਕੁਦਰਤੀ ਨਤੀਜੇ ਦੇ ਤੌਰ ਤੇ, ਸੁਭਾਵਿਕ ਹੀ। ਸੋਈ = ਉਹ ਪ੍ਰਭੂ।੧।
ਨ ਜਪਸਿ = ਤੂੰ ਨਹੀਂ ਜਪਦਾ। ਗਵਾਰਾ = ਹੇ ਗੰਵਾਰ! ਹੇ ਮੂਰਖ! ਬਾਰੰ ਬਾਰਾ = ਮੁੜ ਮੁੜ।੧।ਰਹਾਉ।
ਅੰਧਿਆਰੇ = ਹਨੇਰੇ ਵਿਚ। ਚਹੀਐ = ਚਾਹੀਦਾ ਹੈ, ਲੋੜ ਹੁੰਦੀ ਹੈ। ਅਗੋਚਰ = ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ {ਅ = ਗੋ = ਚਰ}। ਲਹੀਐ = ਲੱਭ ਪਏ। ਪਾਈ = (ਜਿਸ ਨੇ) ਲੱਭ ਲਈ। ਘਟਿ = (ਉਸ ਦੇ) ਹਿਰਦੇ ਵਿਚ। ਸਮਾਈ ਰਹਿਆ = ਅਡੋਲ ਜਗਦਾ ਰਹਿੰਦਾ ਹੈ।੨।
ਕਹਿ = ਕਹੇ, ਕਹਿੰਦਾ ਹੈ। ਅਬ = ਹੁਣ (ਜਦੋਂ 'ਅਗੋਚਰ ਬਸਤੁ' ਲੱਭ ਪਈ ਹੈ) । ਜਾਨਿਆ = ਜਾਣ ਲਿਆ ਹੈ, ਸੂਝ ਪੈ ਗਈ ਹੈ, ਜਾਣ-ਪਛਾਣ ਹੋ ਗਈ ਹੈ। ਮਾਨਿਆ = ਮੰਨ ਗਿਆ, ਪਤੀਜ ਗਿਆ ਹੈ, ਸੰਤੁਸ਼ਟ ਹੋ ਗਿਆ ਹੈ। ਤਉ = ਤਾਂ। ਕਿਆ ਕੀਜੈ = ਕੀਹ ਕੀਤਾ ਜਾਏ? ਕੋਈ ਮੁਥਾਜੀ ਨਹੀਂ ਹੁੰਦੀ।੩।
ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?।੧।ਰਹਾਉ।
(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂ, ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।
ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ) । ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।
ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨ; ਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ) ।੩।੭।
ਸ਼ਬਦ ਦਾ ਭਾਵ: ਜੇ ਮਨੁੱਖ ਦੀ ਲਗਨ ਪ੍ਰਭੂ ਦੇ ਨਾਮ ਵਿਚ ਨਹੀਂ ਬਣਦੀ ਤਾਂ ਧਰਮ-ਪੁਸਤਕਾਂ ਦੇ ਪਾਠ ਕਰਾਉਣ ਦਾ ਕੋਈ ਲਾਭ ਨਹੀਂ ਹੁੰਦਾ। ਇਹ ਪਾਠ ਕਰਨੇ ਕਰਾਉਣੇ ਨਿਰੇ ਲੋਕਾਚਾਰੀ ਰਹਿ ਜਾਂਦੇ ਹਨ।੭।
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}
ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।
ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।
ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।
ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
*┈┉┅━❀꧁ੴ꧂❀━┅┉┈*

ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ {ਪੰਨਾ 617}
ਪਦਅਰਥ: ਜੀਅਨ ਕੋ = ਸਭ ਜੀਵਾਂ ਦਾ। ਸਭ ਮਲੁ = ਸਾਰੀ ਮੈਲ {ਲਫ਼ਜ਼ 'ਮਲੁ' ਸ਼ਕਲੋਂ ਪੁਲਿੰਗ ਦਿੱਸਦਾ ਹੈ, ਪਰ ਹੈ ਇਹ ਇਸਤ੍ਰੀ-ਲਿੰਗ। ਵੇਖੋ 'ਗੁਰਬਾਣੀ ਵਿਆਕਰਣ'}। ਨਿਧਾਨ = ਖ਼ਜ਼ਾਨਾ। ਕਉ = ਵਾਸਤੇ। ਬਰਤਨਿ = ਹਰ ਵੇਲੇ ਕੰਮ ਆਉਣ ਵਾਲੀ ਚੀਜ਼।੧।
ਬਾਹੁੜਿ = ਫਿਰ, ਮੁੜ।੧।ਰਹਾਉ।
ਸਾਧ ਸੰਗੁ = ਭਲੇ ਮਨੁੱਖਾਂ ਦੀ ਸੰਗਤਿ। ਤਿਨ ਭੇਟਤ = ਉਹਨਾਂ ਨੂੰ ਮਿਲਿਆਂ। ਦੁਰਮਤਿ = ਖੋਟੀ ਮਤਿ। ਬਾਂਛੈ = ਮੰਗਦਾ ਹੈ, ਚਾਹੁੰਦਾ ਹੈ। ਜਿਨ = ਜਿਨ੍ਹਾਂ ਨੇ। ਰਿਦੈ = ਹਿਰਦੈ ਵਿਚ।੨।
ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।
ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।
ਸੂਹੀ ਮਹਲਾ ੫ ॥ ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥ ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥ ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥ {ਪੰਨਾ 745}
ਪਦਅਰਥ: ਜਿਨਿ = ਜਿਸ (ਮਾਇਆ) ਨੇ। ਮੋਹੇ = ਮੋਹ ਲਏ ਹਨ। ਬ੍ਰਹਮੰਡ = ਸਾਰੀ ਸ੍ਰਿਸ਼ਟੀ। ਖੰਡ = ਸਾਰੇ ਦੇਸ। ਤਾ ਹੂ ਮਹਿ = ਉਸੇ ਵਿਚ ਹੀ। ਪਾਉ = ਪਾਉਂ, ਮੈਂ ਪੈ ਰਿਹਾ ਹਾਂ। ਬਿਖਈ = ਵਿਕਾਰੀ।੧।ਰਹਾਉ।
ਜਾ ਤੇ = ਜਿਸ (ਮਾਇਆ) ਪਾਸੋਂ। ਜਾਉ = ਜਾਉਂ, ਮੈਂ ਜਾਂਦਾ ਹਾਂ। ਕਉ = ਨੂੰ। ਲਪਟਾਉ = ਲਪਟਾਉਂ।੧।
ਕਰੁਣਾ = ਤਰਸ। ਪਤਿ = ਮਾਲਕ। ਪਤੇ = ਹੇ ਮਾਲਕ! ਕਰੁਣਾਪਤੇ = ਹੇ ਤਰਸ ਦੇ ਮਾਲਕ! ਗਾਉ = ਗਾਉਂ। ਸਮਾਉ = ਸਮਾਉਂ, ਮੈਂ ਲੀਨ ਰਹਾਂ।੨।
ਅਰਥ: ਹੇ ਪ੍ਰਭੂ! ਜਿਸ (ਮਾਇਆ) ਨੇ ਸਾਰੀ ਸ੍ਰਿਸ਼ਟੀ ਤੇ ਸਾਰੇ ਦੇਸ ਆਪਣੇ ਪਿਆਰ ਵਿਚ ਫਸਾਏ ਹੋਏ ਹਨ, ਉਸੇ (ਮਾਇਆ) ਦੇ ਵੱਸ ਵਿਚ ਮੈਂ ਭੀ ਪਿਆ ਹੋਇਆ ਹਾਂ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼, ਤੇ ਮੈਨੂੰ ਇਸ ਵਿਕਾਰੀ ਜੀਵ ਨੂੰ (ਮਾਇਆ ਦੇ ਹੱਥੋਂ) ਬਚਾ ਲੈ।੧।ਰਹਾਉ।
ਹੇ ਪ੍ਰਭੂ! ਮੈਂ ਭੀ ਉਸ (ਮਾਇਆ) ਦੇ ਪਿੱਛੇ (ਮੁੜ ਮੁੜ) ਜਾਂਦਾ ਹਾਂ ਜਿਸ ਪਾਸੋਂ ਕੋਈ ਭੀ ਕਦੇ ਸੁਖੀ ਨਹੀਂ ਹੋਇਆ। ਮੈਂ ਮੁੜ ਮੁੜ (ਉਹਨਾਂ ਪਦਾਰਥਾਂ ਨਾਲ) ਚੰਬੜਦਾ ਹਾਂ, ਜੋ (ਆਖ਼ਰ) ਸਭਨਾਂ ਨੂੰ ਛੱਡ ਜਾਂਦੇ ਹਨ।੧।
ਹੇ ਤਰਸ ਦੇ ਮਾਲਕ! ਹੇ ਹਰੀ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਗੁਣ ਗਾਂਦਾ ਰਹਾਂ। ਹੇ ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਅੱਗੇ ਇਹੀ) ਬੇਨਤੀ ਹੈ ਕਿ ਮੈਂ ਸਾਧ ਸੰਗਤਿ ਵਿਚ ਟਿਕਿਆ ਰਹਾਂ।੨।੩।੪੩।
*┈┉┅━❀꧁ੴ꧂❀━┅┉┈*
ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}
ਪਦਅਰਥ: ਕੁਮਤਿ = ਭੈੜੀ ਮਤਿ। ਦਾਰਾ = ਇਸਤ੍ਰੀ। ਰਾਸਿ = ਰਸ ਵਿਚ। ਰਚਿਓ = ਮਸਤ ਹੈਂ।ਰਹਾਉ।
ਮੁਕਤਿ ਪੰਥੁ = (ਇਹਨਾਂ) ਵਿਕਾਰਾਂ ਤੋਂ ਖ਼ਲਾਸੀ ਦਾ ਰਾਹ। ਨਾਹਨਿ = ਨਹੀਂ। ਧਾਇਆ = ਦੌੜਿਆ ਫਿਰਦਾ ਹੈਂ। ਸੰਗ = ਸਾਥ। ਕਾਹੂ = ਕਿਸੇ ਨੇ ਭੀ। ਬਿਰਥਾ = ਵਿਅਰਥ ਹੀ। ਆਪੁ = ਆਪਣੇ ਆਪ ਨੂੰ।੧।
ਗਿਆਨਾ = ਆਤਮਕ ਜੀਵਨ ਦੀ ਸੂਝ। ਘਟ = ਹਿਰਦਾ। ਤੇਰੈ ਘਟ ਹੀ ਮਾਹਿ = ਤੇਰੇ ਹਿਰਦੇ ਵਿਚ ਹੀ। ਉਦਿਆਨਾ = ਜੰਗਲ।੨।
ਤੈ ਹਾਰਿਓ = ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ। ਅਸਥਿਰ = ਅਡੋਲਤਾ ਵਿਚ ਰੱਖਣ ਵਾਲੀ। ਮਾਨਸ ਦੇਹ ਪਦ = ਮਨੁੱਖਾ ਸਰੀਰ ਦਾ ਦਰਜਾ। ਪਾਇ = ਹਾਸਲ ਕਰ ਕੇ। ਨਾਨਕ = ਹੇ ਨਾਨਕ!।੩।
ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।
ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।
ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ {ਪੰਨਾ 721-722}
ਪਦਅਰਥ: ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ:ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ = ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧।
ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।੧।ਰਹਾਉ।
ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ}। ਸਾਹਿਬੁ = ਮਾਲਿਕ = ਪ੍ਰਭੂ।੨।
ਰਤੜੇ = ਰੰਗੇ ਹੋਏ। ਕਹੁ = ਆਖ। ਅਰਦਾਸਿ = ਬੇਨਤੀ।੩।
ਸਾਜੇ = ਸਵਾਰਦਾ ਹੈ। ਨਦਰਿ = ਮਿਹਰ ਦੀ ਨਜ਼ਰ। ਕਰੇਇ = ਕਰਦਾ ਹੈ, ਕਰੈ। ਕਾਮਣਿ = ਇਸਤ੍ਰੀ, ਜੀਵ = ਇਸਤ੍ਰੀ। ਰਾਵੇਇ = ਮਾਣਦਾ ਹੈ, ਆਪਣੇ ਨਾਲ ਮਿਲਾਂਦਾ ਹੈ।੪।
ਨੋਟ: ਅੰਕ ੪ ਤੋਂ ਅਗਲਾ ਅੰਕ ੧ ਦੱਸਦਾ ਹੈ ਕਿ 'ਘਰੁ ੩' ਦਾ ਇਹ ਪਹਿਲਾ ਸ਼ਬਦ ਹੈ।
ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।
(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।
ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।
*┈┉┅━❀꧁ੴ꧂❀━┅┉┈*
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643}
ਪਦਅਰਥ: ਜਿਨਿ = ਜਿਸ (ਮਾਇਆ ਦੀ ਅਪਣੱਤ) ਨੇ।
{ਨੋਟ: 'ਮਾਇਆ' ਤੇ 'ਮਮਤਾ' ਦੋ ਵੱਖੋ ਵੱਖ ਚੀਜ਼ਾਂ ਨਹੀਂ ਲੈਣੀਆਂ; ਲਫ਼ਜ਼ 'ਜਿਨਿ' (=ਜਿਸ ਨੇ) 'ਇਕ-ਵਚਨ' ਹੈ।
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ {ਪੰਨਾ 643}
ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ {ਪੰਨਾ 644}
ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।
*┈┉┅━❀꧁ੴ꧂❀━┅┉┈*

ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}
ਪਦਅਰਥ: ਤੀਰਥਿ = ਤੀਰਥ ਉਤੇ। ਜਾਉ = ਮੈਂ ਜਾਂਦਾ ਹਾਂ। ਸਬਦ ਬੀਚਾਰੁ = ਸ਼ਬਦ ਦੀ ਵਿਚਾਰ। ਅੰਤਰਿ = ਅੰਦਰ, ਮਨ ਵਿਚ। ਗਿਆਨੁ = ਪਰਮਾਤਮਾ ਨਾਲ ਜਾਣ-ਪਛਾਣ। ਸਾਚਾ = ਸਦਾ-ਥਿਰ ਰਹਿਣ ਵਾਲਾ। ਦਸ ਪੁਰਬ = ਦਸ ਪਵਿਤ੍ਰ ਦਿਹਾੜੇ {ਮੱਸਿਆ, ਸੰਗ੍ਰਾਂਦ, ਪੂਰਨਮਾਸੀ, ਚਾਨਣਾ ਐਤਵਾਰ, ਸੂਰਜ ਗ੍ਰਹਣ, ਚੰਦ ਗ੍ਰਹਣ, ਦੋ ਅਸ਼ਟਮੀਆਂ, ਦੋ ਚੌਦੇਂ}। ਦਸਾਹਰਾ = ਦਸ ਪਾਪ ਹਰਨ ਵਾਲਾ ਦਿਨ, ਜੇਠ ਸੁਦੀ ਦਸਮੀ, ਗੰਗਾ ਦਾ ਜਨਮ ਦਿਨ। ਹਉ = ਮੈਂ। ਜਾਚਉ = ਮੰਗਦਾ ਹਾਂ। ਧਰਣੀਧਰਾ = {ਧਰਣੀ = ਧਰਤੀ। ਧਰ = ਆਸਰਾ} ਹੇ ਧਰਤੀ ਦੇ ਆਸਰੇ ਪ੍ਰਭੂ! ਸਾਚੁ = ਸਦਾ-ਥਿਰ ਰਹਿਣ ਵਾਲਾ। ਮਜਨਾ = ਇਸ਼ਨਾਨ।੧।
ਸਾਚਿ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜਿਆਂ) । ਕਿਆ ਧੋਈਐ = (ਤੀਰਥ ਆਦਿਕਾਂ ਤੇ ਜਾ ਕੇ) ਧੋਣ ਦੀ ਲੋੜ ਨਹੀਂ ਪੈਂਦੀ। ਗੁਣਹਿ ਹਾਰੁ = ਗੁਣਾਂ ਦਾ ਹਾਰ। ਪਰੋਇ = ਪ੍ਰੋ ਕੇ। ਕਿਸ ਕਉ ਰੋਈਐ = ਕਿਸੇ ਅੱਗੇ ਪੁਕਾਰ ਕਰਨ ਦੀ ਲੋੜ ਨਹੀਂ ਰਹਿੰਦੀ। ਵੀਚਾਰਿ = ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ। ਉਲਟਿ = ਮੁੜ। ਆਵਏ = ਆਵੈ, ਆਉਂਦਾ। ਪਾਰਸੁ = ਧਾਤਾਂ ਨੂੰ ਸੋਨਾ ਬਣਾ ਦੇਣ ਵਾਲੀ ਪੱਥਰੀ। ਪਰਮ ਧਿਆਨੀ = ਬਹੁਤ ਉੱਚੀ ਸੁਰਤਿ ਦਾ ਮਾਲਕ। ਸਾਚੁ = ਸਦਾ-ਥਿਰ ਪ੍ਰਭੂ ਦਾ ਰੂਪ। ਭਾਵਏ = ਭਾਵੈ, ਪਸੰਦ ਆ ਜਾਂਦਾ ਹੈ। ਅਨਦਿਨੁ = ਹਰ ਰੋਜ਼। ਹਰਖੁ = ਖ਼ੁਸ਼ੀ। ਕਿਲਵਿਖ = ਪਾਪ। ਪਰਹਰੇ = ਦੂਰ ਕਰ ਲੈਂਦਾ ਹੈ। ਗੁਰਿ = ਗੁਰੂ ਨੇ। ਸਚ ਮਨੇ = ਸਦਾ-ਥਿਰ ਨਾਮ ਨੂੰ ਜਪਣ ਵਾਲੇ ਮਨ ਨੂੰ।੨।
ਮੀਤ ਮਿਲਾਪੁ = ਮਿੱਤ੍ਰ ਪ੍ਰਭੂ ਦਾ ਮਿਲਾਪ। ਨਾਵਣੋ = ਨਾਵਣੁ, ਇਸ਼ਨਾਨ। ਗਾਵਣਹਾਰੁ = ਗਾਵਣ = ਜੋਗ ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਵਿਚ (ਜੁੜ ਕੇ) । ਸੁਹਾਵਣੋ = ਸੋਹਣੇ ਜੀਵਨ ਵਾਲਾ। ਸਾਲਾਹਿ = ਸਿਫ਼ਤਿ-ਸਾਲਾਹ ਕਰ ਕੇ। ਮੰਨਿ = ਮੰਨ ਕੇ, ਸਰਧਾ ਰੱਖ ਕੇ। ਮਤੇ = ਮਤਿ। ਪਿਰ ਸੰਗਿ = ਪਤੀ ਪ੍ਰਭੂ ਦੀ ਸੰਗਤਿ ਵਿਚ। ਭਾਵੈ = (ਪ੍ਰਭੂ ਨੂੰ) ਪਿਆਰਾ ਲੱਗਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਬੇਣੀ ਸੰਗਮੁ = ਤ੍ਰਿਬੇਣੀ ਜੰਗਮ, ਤਿੰਨ ਨਦੀਆਂ (ਗੰਗਾ, ਜਮਨਾ, ਸਰਸ੍ਵਤੀ) ਦਾ ਮਿਲਾਪ = ਥਾਂ, ਪ੍ਰਯਾਗ (ਅਲਾਹਾਬਾਦ ਦੇ ਨਜ਼ਦੀਕ) । ਸਤ ਸਤੇ = ਸੁੱਚੇ ਤੋਂ ਸੁੱਚਾ। ਸਾਚਾ = ਸਦਾ-ਥਿਰ ਰਹਿਣ ਵਾਲਾ। ਦੇਇ = ਦੇਂਦਾ ਹੈ (ਜੋ ਪ੍ਰਭੂ) । ਚੜੈ ਸਵਾਇਆ = (ਉਸ ਦਾ ਦਿੱਤਾ) ਦਿਨੋ ਦਿਨ ਵਧਦਾ ਹੈ। ਕਰਿ = ਕਰ ਕੇ। ਮੇਲਿ = ਸੰਗਤਿ ਵਿਚ।੩।
ਕਹਣੁ = ਕਥਨ। ਕਹਣੁ ਕਹੈ– ਕਥਨ ਕਥੈ। ਸਭੁ ਕੋਇ = ਹਰੇਕ ਜੀਵ। ਕੇਵਡੁ = ਕਿਤਨਾ ਵੱਡਾ। ਕੇਵਡੁ ਆਖੀਐ = ਕਿਤਨਾ ਵੱਡਾ ਆਖਿਆ ਜਾ ਸਕਦਾ ਹੈ, ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕੇਡਾ ਵੱਡਾ ਹੈ। ਹਉ = ਮੈਂ। ਸਮਝਾ = ਮੈਂ ਸਮਝ ਸਕਦਾ ਹਾਂ। ਸਾਖੀਐ = ਗੁਰੂ ਦੇ ਉਪਦੇਸ਼ ਨਾਲ। ਸਾਖੀ = ਸਿੱਖਿਆ, ਉਪਦੇਸ਼, ਸ਼ਬਦ। ਅੰਮ੍ਰਿਤ ਸਾਖੀ = ਆਤਮਕ ਜੀਵਨ ਦੇਣ ਵਾਲਾ ਉਪਦੇਸ਼। ਗੁਰ ਕੀ ਭਾਖੀ ਸਾਖੀ = ਗੁਰੂ ਦਾ ਉਚਾਰਿਆ ਹੋਇਆ ਸ਼ਬਦ। ਸਚੁ ਸਾਖੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ। ਤਿਤੁ = ਉਸ ਸ਼ਬਦ ਵਿਚ। ਬਿਖੁ = (ਮਾਇਆ = ਮੋਹ ਦਾ) ਜ਼ਹਰ। ਸਬਦਿ ਸਚੈ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਆਖਣਿ = ਆਖਣ ਨਾਲ, ਬਿਆਨ ਕਰਨ ਨਾਲ। ਤੋਟਿ = ਖ਼ਾਤਮਾ। ਭੰਡਾਰੀ = ਭੰਡਾਰੀਂ, ਭੰਡਾਰਿਆਂ ਵਿਚ। ਭਰਿਪੁਰਿ ਰਹਿਆ = ਹਰ ਥਾਂ ਮੌਜੂਦ ਹੈ। ਸੋਈ = ਉਹ (ਪ੍ਰਭੂ) ਹੀ। ਸਾਚੁ ਕਹੈ– ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ। ਕਹੈ ਬੇਨੰਤੀ = ਅਰਦਾਸਾਂ ਕਰਦਾ ਹੈ। ਮਾਂਜੈ = ਸਾਫ਼ ਕਰਦਾ ਹੈ। ਸਚੁ = ਸਦਾ-ਥਿਰ ਪ੍ਰਭੂ। ਸਚੁ ਸੋਈ = ਸਦਾ-ਥਿਰ ਪ੍ਰਭੂ ਹੀ (ਹਰ ਥਾਂ ਦਿੱਸਦਾ ਹੈ) ।੪।
ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।
ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।
(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।
ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।
ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।
(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।
*┈┉┅━❀꧁ੴ꧂❀━┅┉┈*
ਸਲੋਕ ਮਃ ੫ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ {ਪੰਨਾ 521}
ਪਦਅਰਥ: ਭੇਟਤ = ਮਿਲਿਆਂ। ਤਿਨ = ਉਹਨਾਂ ਦੀ।
ਅਰਥ: ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਪ੍ਰਭੂ ਜੀ ਕਿਰਪਾ ਕਰਦੇ ਹਨ ਉਹੀ ਹਰਿ-ਨਾਮ ਜਪਦੇ ਹਨ, ਸਾਧ ਸੰਗਤਿ ਵਿਚ ਮਿਲਣ ਕਰ ਕੇ ਪਰਮਾਤਮਾ ਨਾਲ ਉਹਨਾਂ ਦੀ ਪ੍ਰੀਤਿ ਬਣ ਜਾਂਦੀ ਹੈ।੧।
ਮਃ ੫ ॥ ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥ {ਪੰਨਾ 521}
ਪਦਅਰਥ: ਜਲਿ = ਪਾਣੀ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਤੇ, ਧਰਤੀ ਦੇ ਉੱਤੇ, ਭਾਵ, ਆਕਾਸ਼ ਵਿਚ। ਨਾਮਿ = {ਅਧਿਕਰਣ ਕਾਰਕ, ਇਕ-ਵਚਨ}। ਨਾਮਿ ਅਰਾਧਿਐ = (ਪੂਰਬ ਪੂਰਨ ਕਾਰਦੰਤਕ, Locative Absolute) ਜੇ ਨਾਮ ਸਿਮਰੀਏ}।
ਅਰਥ: ਹੇ ਵੱਡੇ ਭਾਗਾਂ ਵਾਲਿਓ! ਉਸ ਪਰਮਾਤਮਾ ਨੂੰ ਸਿਮਰੋ ਜੋ ਪਾਣੀ ਵਿਚ ਧਰਤੀ ਦੇ ਅੰਦਰ ਧਰਤੀ ਦੇ ਉਪਰ (ਹਰ ਥਾਂ) ਮੌਜੂਦ ਹੈ। ਹੇ ਨਾਨਕ! ਜੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਜੀਵਨ-ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ।੨।
ਪਉੜੀ ॥ ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨ੍ਹ੍ਹਾ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥ {ਪੰਨਾ 521-522}
ਪਦਅਰਥ: ਪਵੈ ਥਾਇ = ਕਬੂਲ ਹੁੰਦਾ ਹੈ। ਟੇਕ = ਆਸਰਾ। ਸਚਿ = ਸੱਚ ਵਿਚ। ਨਾਇ = ਨਾਮ ਵਿਚ। ਅਧਾਰੁ = ਆਸਰਾ। ਰੈਣਿ = ਰਾਤ। ਅਘਾਇ ਰਹੇ = ਰੱਜੇ ਰਹਿੰਦੇ ਹਨ। ਪਰਵਾਣੁ = ਮੰਨਣ = ਜੋਗ। ਮਾਇ = ਮਾਇਆ।
ਅਰਥ: ਬੰਦਗੀ ਕਰਨ ਵਾਲੇ ਮਨੁੱਖਾਂ ਦਾ ਬੋਲਿਆ ਬਚਨ ਮੰਨਣ-ਯੋਗ ਹੁੰਦਾ ਹੈ, ਪ੍ਰਭੂ ਦੀ ਦਰਗਾਹ ਵਿਚ (ਭੀ) ਕਬੂਲ ਹੁੰਦਾ ਹੈ। ਹੇ ਪ੍ਰਭੂ! ਭਗਤਾਂ ਨੂੰ ਤੇਰਾ ਆਸਰਾ ਹੁੰਦਾ ਹੈ, ਉਹ ਸੱਚੇ ਨਾਮ ਵਿਚ ਰੰਗੇ ਰਹਿੰਦੇ ਹਨ। ਪ੍ਰਭੂ ਜਿਸ ਮਨੁੱਖ ਉਤੇ ਮਿਹਰਬਾਨ ਹੁੰਦਾ ਹੈ ਉਸ ਦਾ ਦੁੱਖ ਦੂਰ ਹੋ ਜਾਂਦਾ ਹੈ। ਹੇ ਦਇਆਲ ਪ੍ਰਭੂ! ਬੰਦਗੀ ਕਰਨ ਵਾਲੇ ਬੰਦੇ ਤੇਰੇ ਹੋ ਕੇ ਰਹਿੰਦੇ ਹਨ, ਤੂੰ ਉਹਨਾਂ ਤੇ ਕਿਰਪਾ ਕਰਦਾ ਹੈਂ; (ਜਿਸ ਮਨੁੱਖ ਤੇ ਤੂੰ ਮਿਹਰ ਕਰਦਾ ਹੈਂ) ਉਸ ਨੂੰ ਮਾਇਆ ਪੋਹ ਨਹੀਂ ਸਕਦੀ, ਕੋਈ ਦੁਖ ਦਰਦ ਕੋਈ ਵੱਡੇ ਤੋਂ ਵੱਡਾ ਰੋਗ ਉਸ ਨੂੰ ਪੋਹ ਨਹੀਂ ਸਕਦਾ। ਗੋਵਿੰਦ ਦੇ ਗੁਣ ਗਾ ਗਾ ਕੇ ਇਹ (ਸਿਫ਼ਤਿ-ਸਾਲਾਹ) ਭਗਤਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦੀ ਹੈ; ਦਿਨ ਰਾਤ ਸਦਾ ਹੀ ਇਕ ਪ੍ਰਭੂ ਨੂੰ ਸਿਮਰ ਸਿਮਰ ਕੇ, ਨਾਮ-ਰੂਪ ਅੰਮ੍ਰਿਤ ਪੀ ਪੀ ਕੇ ਸੇਵਕ ਨਾਮ ਵਿਚ ਹੀ ਰੱਜੇ ਰਹਿੰਦੇ ਹਨ।੧੪।
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667}
ਪਦਅਰਥ: ਅੰਧੁਲੇ ਅੰਧ = ਬਹੁਤ ਹੀ ਅੰਨ੍ਹੇ। ਬਿਖੈ ਬਿਖੁ = ਮਾਇਕ ਪਦਾਰਥਾਂ ਦਾ ਜ਼ਹਰ। ਰਾਤੇ = ਮਗਨ। ਕਿਉ ਚਾਲਹ = ਅਸੀ ਕਿਵੇਂ ਚੱਲ ਸਕਦੇ ਹਾਂ? ਲਾਵੈ = ਲਾ ਲਏ। ਪਾਲੀ = ਪੱਲੇ, ਲੜ।੧।
ਮੀਤ = ਹੇ ਮਿੱਤਰੋ! ਭਲ = ਭਲਾ। ਨਿਰਾਲੀ = ਅਨੋਖੀ, ਅਚਰਜ।੧।ਰਹਾਉ।
ਗੁਰੁ ਸੇਵਿਹੁ = ਗੁਰੂ ਦੀ ਸਰਨ ਪੈ ਜਾਓ। ਬੇਗਿ = ਛੇਤੀ। ਬੇਗਿ ਬੇਗਾਲੀ = ਬਹੁਤ ਛੇਤੀ। ਖਰਚੁ ਹਰਿ = ਪ੍ਰਭੂ ਦਾ ਨਾਮ (ਜੀਵਨ = ਸਫ਼ਰ ਵਾਸਤੇ) ਖ਼ਰਚ। ਬਾਧਹੁ = (ਪੱਲੇ) ਬੰਨ੍ਹ ਲਵੋ। ਕਾਲ੍ਹ੍ਹੀ = ਕੱਲ੍ਹ, ਭਲਕੇ।੨।
ਜਪਣਾ = ਜਾਪ। ਚਲੈ ਹਰਿ ਨਾਲੀ = ਹਰੀ ਦੀ ਰਜ਼ਾ ਵਿਚ ਤੁਰਦਾ ਹੈ। ਕੇਲ = ਚੋਜ, ਤਮਾਸ਼ੇ। ਕੇਲਾਲੀ = ਚੋਜੀ।੩।
ਲਚਾਨੀ = {ਅਸਲ ਲਫ਼ਜ਼ 'ਲੋਚਾਨੀ' ਹੈ, ਇਥੇ 'ਲੁਚਾਨੀ' ਪੜ੍ਹਨਾ ਹੈ}। ਹਰਿ = ਹੇ ਹਰੀ! ਬਨਵਾਲੀ = ਹੇ ਬਨਵਾਲੀ, ਹੇ ਪਰਮਾਤਮਾ! ਪਗ = ਪੈਰ। ਰਾਲੀ = ਖ਼ਾਕ, ਧੂੜ।੪।
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।
*┈┉┅━❀꧁ੴ꧂❀━┅┉┈*
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ {ਪੰਨਾ 646}
ਪਦਅਰਥ: ਜਗਿ = ਜਗਤ ਵਿਚ। ਤੋਟਾ = ਘਾਟਾ। ਸੰਸਾਰਿ = ਸੰਸਾਰ ਵਿਚ। ਸਭਿ = ਸਾਰੇ ਜੀਵ।
ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧।
ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ {ਪੰਨਾ 646}
ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ।
ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ {ਪੰਨਾ 646}
ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ।
ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ {ਪੰਨਾ 646}
ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) । ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ।੨।
ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ {ਪੰਨਾ 646}
ਪਦਅਰਥ: ਸਤਿਆ = ਸਤਿ, ਸਦਾ-ਥਿਰ ਰਹਿਣ ਵਾਲਾ।
ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ।੯।
*┈┉┅━❀꧁ੴ꧂❀━┅┉┈*
ਵਾਹਿਗੁਰੂ ਜੀ
ReplyDelete