
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}
ਪਦਅਰਥ: ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ।੧।ਰਹਾਉ।
ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ।੧।
ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ।੨।
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥੧॥ ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥ ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥੨॥ ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥ ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥ ਦਰਸਨ ਦੇਖੇ ਕੀ ਵਡਿਆਈ ॥ ਤੁਮ੍ਹ੍ਹ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥ {ਪੰਨਾ 738}
ਪਦਅਰਥ: ਮਾਗਨੁ = ਮੰਗ। ਮਹਲੁ = ਪ੍ਰਭੂ ਦੀ ਹਜ਼ੂਰੀ। ਕਹਤੋ = ਆਖਦਾ ਹੈ। ਪਹੁਤਾ = ਪਹੁੰਚਿਆ ਹੋਇਆ ਹਾਂ।੧।
ਜੇ = ਜੇਹੜੇ ਮਨੁੱਖ। ਪ੍ਰਿਅ ਮਾਨੇ = ਪਿਆਰੇ ਦੇ ਸਤਕਾਰੇ ਹੋਏ ਹਨ। ਹਾਠੀਸਾ = ਹਠ ਦੀਆਂ ਗੱਲਾਂ।੧।ਰਹਾਉ।
ਸਚੁ = ਸਦਾ-ਥਿਰ ਹਰਿ = ਨਾਮ ਦਾ ਸਿਮਰਨ। ਮਹਲੀ = ਪ੍ਰਭੂ ਦੇ ਮਹਲ ਦਾ ਵਾਸੀ। ਨਿਕਟਿ = ਨੇੜੇ।੨।
ਅਤੀਤੁ = ਵਿਰਕਤ, ਤਿਆਗੀ। ਸਦਾਏ = ਅਖਵਾਂਦਾ ਹੈ। ਮਾਤਾ = ਮੱਤਾ ਹੋਇਆ, ਮਸਤ। ਮਨਿ = ਮਨ ਵਿਚ। ਮੁਖਿ = ਮੂੰਹੋਂ। ਰਾਤਾ = ਰੰਗਿਆ ਹੋਇਆ।੩।
ਨਾਨਕ = ਹੇ ਨਾਨਕ! ਪ੍ਰਭ = ਹੇ ਪ੍ਰਭੂ! ਬਿਨਉ = {विनय} ਬੇਨਤੀ। ਕੁਚਲੁ = ਗੰਦਾ, ਮੈਲੇ ਆਚਰਨ ਵਾਲਾ। ਕਠੋਰੁ = ਨਿਰਦਈ। ਮੁਕਤੁ ਕੀਜੈ = ਵਿਕਾਰਾਂ ਤੋਂ ਬਚਾ ਲੈ।੪।
ਦੇਖੇ ਕੀ = ਵੇਖਣ ਦੀ। ਸੁਭਾਈ = ਸੋਹਣਾ ਪਿਆਰ ਕਰਨ ਵਾਲਾ।੧।ਰਹਾਉ ਦੂਜਾ।
ਅਰਥ: ਹੇ ਭਾਈ! ਝੂਠੇ ਮੂਰਖ ਮਨੁੱਖ ਦੇ ਹਠ ਦੀ ਗੱਲ (ਸੁਣ) । ਇਹ ਉਹਨਾਂ ਦੀ ਰੀਸ ਕਰਦਾ ਹੈ ਜੇਹੜੇ ਪਿਆਰੇ ਪ੍ਰਭੂ ਦੇ ਦਰ ਤੋਂ ਸਤਕਾਰ ਹਾਸਲ ਕਰ ਚੁਕੇ ਹਨ।੧।ਰਹਾਉ।
ਹੇ ਭਾਈ! ਇਹ ਮੂਰਖ ਕੰਮ ਤਾਂ ਥੋੜਾ ਕਰਦਾ ਹੈ, ਪਰ ਉਸ ਦੇ ਇਵਜ਼ ਵਿਚ ਇਸ ਦੀ ਮੰਗ ਬਹੁਤ ਜ਼ਿਆਦਾ ਹੈ। ਪ੍ਰਭੂ ਦੇ ਚਰਨਾਂ ਤਕ ਪਹੁੰਚ ਤਾਂ ਹਾਸਲ ਨਹੀਂ ਕਰ ਸਕਦਾ, ਪਰ ਆਖਦਾ ਹੈ ਕਿ ਮੈਂ (ਪ੍ਰਭੂ ਦੀ ਹਜ਼ੂਰੀ ਵਿਚ) ਪਹੁੰਚਿਆ ਹੋਇਆ ਹਾਂ।੧।
(ਹੇ ਭਾਈ! ਝੂਠਾ ਮੂਰਖ ਹੋਰਨਾਂ ਨੂੰ ਆਪਣੇ ਧਰਮੀ ਹੋਣ ਦੇ ਨਿਰੇ) ਭੇਖ ਵਿਖਾ ਰਿਹਾ ਹੈ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਨਹੀਂ ਕਰਦਾ। ਮੂੰਹੋਂ ਆਖਦਾ ਹੈ ਕਿ ਮੈਂ ਹਜ਼ੂਰੀ ਵਿਚ ਪਹੁੰਚਿਆ ਹੋਇਆ ਹਾਂ, ਪਰ (ਪ੍ਰਭੂ-ਚਰਨਾਂ ਦੇ ਕਿਤੇ) ਨੇੜੇ ਭੀ ਨਹੀਂ ਢੁਕਿਆ।੨।
(ਹੇ ਭਾਈ! ਵੇਖ ਮੂਰਖ ਦੀ ਹਠ ਦੀ ਗੱਲ! ਇਹ ਆਪਣੇ ਆਪ ਨੂੰ) ਤਿਆਗੀ ਅਖਵਾਂਦਾ ਹੈ ਪਰ ਮਾਇਆ (ਦੀ ਲਾਲਸਾ) ਵਿਚ ਮਸਤ ਰਹਿੰਦਾ ਹੈ। (ਇਸ ਦੇ) ਮਨ ਵਿਚ (ਪ੍ਰਭੂ-ਚਰਨਾਂ ਦਾ) ਪਿਆਰ ਨਹੀਂ ਹੈ, ਪਰ ਮੂੰਹੋਂ ਆਖਦਾ ਹੈ ਕਿ ਮੈਂ (ਪ੍ਰਭੂ ਦੇ ਪ੍ਰੇਮ-ਰੰਗ ਵਿਚ) ਰੰਗਿਆ ਹੋਇਆ ਹਾਂ।੩।
ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਬੇਨਤੀ ਸੁਣ (ਜੀਵ ਵਿਚਾਰਾ ਕੁਝ ਕਰਨ-ਜੋਗਾ ਨਹੀਂ, ਇਹ) ਮੰਦ-ਕਰਮੀ ਹੈ, ਨਿਰਦਈ ਹੈ, ਵਿਸ਼ਈ ਹੈ (ਫਿਰ ਭੀ ਤੇਰਾ) ਹੈ ਇਸ ਨੂੰ ਇਹਨਾਂ ਵਿਕਾਰਾਂ ਤੋਂ ਖ਼ਲਾਸੀ ਬਖ਼ਸ਼।੪।
ਹੇ ਪੁਰਖ ਪ੍ਰਭੂ! ਤੂੰ ਸਭ ਸੁਖ ਦੇਣ-ਜੋਗ ਹੈਂ, ਤੂੰ ਪਿਆਰ-ਭਰਪੂਰ ਹੈਂ। (ਅਸਾਂ ਜੀਵਾਂ ਨੂੰ) ਇਹ ਵਡਿਆਈ ਬਖ਼ਸ਼ ਕਿ ਤੇਰਾ ਦਰਸਨ ਕਰ ਸਕੀਏ।੧।ਰਹਾਉ ਦੂਜਾ।੧।੭।
ਨੋਟ: ਨਵੇਂ ਸੰਗ੍ਰਹਿ (ਘਰੁ ੩) ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੭ ਹੈ।
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}
ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) । ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) । ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧।
ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ।ਰਹਾਉ।
ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ = ਚਿੱਤਾ = ਪਨ, ਮੇਰ = ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ।੨।
ਕਾਮਨਾ = ਇੱਛਾ, ਫੁਰਨਾ। ਸਿਰਿ = ਸਿਰ ਉਤੇ। ਕਰਵਤ = ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ = ਮੰਦਰ ਵਿਚ ਹੈ। ਸ਼ਿਵ = ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ = ਇਸ ਤਰੀਕੇ ਨਾਲ।੩।
ਕਨਿਕ = ਸੋਨਾ। ਕਾਮਿਨੀ = ਇਸਤ੍ਰੀ। ਹੈਵਰ = {हयवर} ਵਧੀਆ ਘੋੜੇ। ਗੈਵਰ = {गजवर} ਵਧੀਆ ਹਾਥੀ। ਦਾਤਾਰਾ = ਦੇਣ ਵਾਲਾ। ਅਰਪੇ = ਦਾਨ ਕਰਦਾ ਹੈ। ਹਰਿ ਦੁਆਰਾ = ਹਰੀ ਦੇ ਦਰ ਤੇ।੪।
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।
ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ {ਪੰਨਾ 718}
ਪਦਅਰਥ: ਰਿਦੈ = ਹਿਰਦੇ ਵਿਚ। ਉਰ ਧਾਰੇ = ਉਰ ਧਾਰਿ, {ਉਰ = ਹਿਰਦਾ} ਹਿਰਦੇ ਵਿਚ ਟਿਕਾਈ ਰੱਖ। ਸਿਮਰਿ = ਸਿਮਰ ਕੇ। ਸੁਆਮੀ = ਮਾਲਕ = ਪ੍ਰਭੂ। ਹਮਾਰੇ = ਅਸਾਂ ਜੀਵਾਂ ਦੇ।੧।ਰਹਾਉ।
ਕੀਰਤਿ = ਸਿਫ਼ਤਿ-ਸਾਲਾਹ। ਤਤੁ ਬੀਚਾਰੇ = ਸਾਰੀਆਂ ਵਿਚਾਰਾਂ ਦਾ ਨਿਚੋੜ। ਗਾਵਤ = ਗਾਂਦਿਆਂ। ਅਤੁਲ = ਜੇਹੜਾ ਤੋਲਿਆ ਨਾਹ ਜਾ ਸਕੇ, ਅਮਿਣਵਾਂ। ਗੁਨ ਠਾਕੁਰ = ਠਾਕੁਰ ਦੇ ਗੁਣ। ਅਗਮ = ਅਪਹੁੰਚ।੧।
ਪਾਰਬ੍ਰਹਮਿ = ਪਾਰਬ੍ਰਹਮ ਨੇ। ਬਾਹੁਰਿ = ਮੁੜ, ਫਿਰ। ਕਛੁ ਨ ਬੀਚਾਰੇ = ਕੋਈ ਲੇਖਾ ਨਹੀਂ ਕਰਦਾ। ਸੁਨਿ = ਸੁਣ ਕੇ। ਜਪਿ = ਜਪ ਕੇ। ਜੀਵਾ = ਜੀਵਾਂ, ਮੈ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਕੰਠ = ਗਲਾ। ਮਝਾਰੇ = ਵਿਚ।੨।
ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।
ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।
ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।
ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।
ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।
ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲ} ਅਵੈੜਾ।੪।
ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫।
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
*┈┉┅━❀꧁ੴ꧂❀━┅┉┈*
ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ {ਪੰਨਾ 809}
ਪਦਅਰਥ: ਪਿੰਗੁਲ = ਲੂਲ੍ਹੇ। ਪਰੇ = ਲੰਘ ਗਏ। ਖਲ = ਮੂਰਖ ਬੰਦੇ। ਚਤੁਰ = ਸਿਆਣੇ। ਬਕੀਤਾ = ਵਕਤਾ, ਬੋਲਣ ਵਾਲੇ, ਚੰਗਾ ਵਖਿਆਨ ਕਰ ਸਕਣ ਵਾਲੇ। ਅੰਧੁਲੇ = ਅੰਨ੍ਹੇ ਮਨੁੱਖ ਨੂੰ। ਤ੍ਰਿਭਵਣ = ਤਿੰਨੇ ਭਵਨ, ਸਾਰੀ ਦੁਨੀਆ। ਗੁਰ ਭੇਟਿ = ਗੁਰੂ ਨੂੰ ਮਿਲ ਕੇ। ਪੁਨੀਤਾ = ਪਵਿੱਤਰ ਜੀਵਨ ਵਾਲੇ।੧।
ਮਹਿਮਾ = ਵਡਿਆਈ। ਸਾਧੂ ਸੰਗ ਕੀ = ਗੁਰੂ ਦੀ ਸੰਗਤਿ ਦੀ। ਮੀਤਾ = ਹੇ ਮਿੱਤਰ! ਕੋਟਿ = ਕ੍ਰੋੜਾਂ। ਅਘ = ਪਾਪ। ਨਿਰਮਲ = ਪਵਿੱਤਰ।੧।ਰਹਾਉ।
ਕੀਟਿ = ਕੀਟ ਨੇ, ਕੀੜੇ ਨੇ, ਨਿਮ੍ਰਤਾ = ਸੁਭਾਵ ਨੇ। ਹਸਤੀ = ਹਾਥੀ, ਅਹੰਕਾਰ। ਕੀਨੋ = ਬਣਾ ਲਿਆ। ਤਿਸੁ = ਉਸ (ਮਨੁੱਖ) ਨੂੰ। ਅਭੈ = ਨਿਰਭੈਤਾ।੨।
ਸਿੰਘੁ = ਸ਼ੇਰ, ਅਹੰਕਾਰ। ਬਿਲਾਈ = ਬਿੱਲੀ, ਨਿਮ੍ਰਤਾ ਸੁਭਾਉ। ਤ੍ਰਿਣੁ = ਤੀਲਾ, ਗਰੀਬੀ = ਸੁਭਾਉ। ਮੇਰੁ = ਮੇਰੂ ਪਹਾੜ, ਬੜੀ ਤਾਕਤ। ਸ੍ਰਮੁ = ਮੇਹਨਤ। ਦਮ ਆਢ ਕਉ = ਅੱਧੇ ਦਾਮ ਵਾਸਤੇ, ਅੱਧੀ ਕੌਡੀ ਲਈ। ਗਨੀ = ਗ਼ਨੀ, ਦੌਲਤ = ਮੰਦ। ਧਨੀਤਾ = ਧਨੀ, ਧਨਾਢ।੩।
ਕਹਿ ਸਕਉ = ਕਹਿ ਸਕਉਂ, ਮੈਂ ਦੱਸ ਸਕਾਂ। ਗੁਨੀਤਾ = ਗੁਣਾਂ ਦਾ ਮਾਲਕ। ਦਰ ਸਰੀਤਾ = ਦਰ ਦਾ ਗ਼ੁਲਾਮ।੪।
ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ।
ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧।
(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨।
(ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩।
(ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭।
*┈┉┅━❀꧁ੴ꧂❀━┅┉┈*

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}
ਪਦਅਰਥ: ਰਤਨੀ = ਰਤਨਾਂ ਨਾਲ, ਸੋਹਣੇ ਜੀਵਨ = ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧।
ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ।
ਰਖਿ ਰਖਿ = ਰੱਖ ਕੇ, ਰੱਖ ਕੇ, ਧਿਆਨ ਨਾਲ। ਵੀਚਾਰੀ = ਵੀਚਾਰ ਦੇ ਆਸਰੇ। ਦੁਬਿਧਾ = ਕਿਸੇ ਹੋਰ ਆਸਰੇ ਦੀ ਭਾਲ। ਰਹੇ = ਮੁੱਕ ਜਾਂਦੇ ਹਨ। ਗੁਰਿ = ਗੁਰੂ ਨੇ।੨।
ਸਹਜਿ = ਸਹਜ ਵਿਚ, ਅਡੋਲ ਆਤਮਕ ਅਵਸਥਾ ਵਿਚ। ਆਦਰੁ = ਇੱਜ਼ਤ।੩।
ਸੁੰਨ ਮੰਡਲ = ਅਫੁਰ ਅਵਸਥਾ, ਉਹ ਅਵਸਥਾ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ। ਜੋਗੀ = ਪ੍ਰਭੂ = ਚਰਨਾਂ ਵਿਚ ਜੁੜਿਆ ਹੋਇਆ। ਤ੍ਰਿਭਵਣ ਜੋਤਿ = ਉਹ ਪ੍ਰਭੂ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਹੈ। ਸੁਰਿ = ਦੇਵਤੇ।੪।
ਆਨੰਦ ਮੂਲੁ = ਆਨੰਦ ਦਾ ਸੋਮਾ। ਭਗਤਿ ਵਛਲ = ਭਗਤੀ ਨਾਲ ਪਿਆਰ ਕਰਨ ਵਾਲਾ। ਪਗੁ ਧਾਰੇ = (ਸਤਸੰਗ ਵਿਚ) ਪੈਰ ਟਿਕਾ ਕੇ, ਜਾ ਕੇ।੫।
ਕਰਿ = ਕਰ ਕੇ, ਕਰਨ ਤੇ ਭੀ। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਮੰਡਲ = ਜਗਤ। ਮਰਣੁ = ਮੌਤ, ਆਤਮਕ ਮੌਤ। ਖੋਵੈ = ਗਵਾ ਲੈਂਦਾ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ।੬।
ਏਕ = ਇਕ ਪ੍ਰਭੂ ਦੀ (ਸਿਫ਼ਤਿ-ਸਾਲਾਹ) । ਧਰਣੀਧਰ = ਧਰਤੀ ਦਾ ਆਸਰਾ ਪ੍ਰਭੂ। ਚਉਥਾ ਪਦ = ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ। ਪਤੀਆਇ = ਗਿਝਾ ਲਏ।੭।
ਸੂਰਤਿ = ਸ਼ਕਲ। ਮੂਰਤਿ = ਹਸਤੀ, ਵਜੂਦ, ਹੋਂਦ। ਅਨੂਪੁ = ਜੋ ਉਪਮਾ ਤੋਂ ਪਰੇ ਹੈ, ਜਿਸ ਵਰਗਾ ਹੋਰ ਕੋਈ ਨਹੀਂ। ਸਾਚੁ ਸਰੂਪੁ = ਜਿਸ ਦਾ ਸਰੂਪ ਸਦਾ ਕਾਇਮ ਰਹਿਣ ਵਾਲਾ ਹੈ।੮।
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।
ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ {ਪੰਨਾ 715}
ਪਦਅਰਥ: ਗਰਬਿ = ਅਹੰਕਾਰ ਵਿਚ। ਗਹਿਲੜੋ = ਗਹਿਲਾ, ਬਾਵਲਾ, ਝੱਲਾ। ਮੂੜੜੋ = ਮੂੜ੍ਹਾ, ਮੂਰਖ। ਹੀਓ = ਹਿਰਦਾ। ਰੇ = ਹੇ ਭਾਈ! ਮਹਰਾਜ ਰੀ = ਮਹਾਰਾਜ ਦੀ। ਮਾਇਓ = ਮਾਇਆ (ਨੇ) । ਡੀਹਰ ਨਿਆਈ = ਮੱਛੀ ਵਾਂਗ। ਮੋਹਿ = ਮੋਹ ਵਿਚ। ਫਾਕਿਓ = ਫਸਾ ਲਿਆ ਹੈ।ਰਹਾਉ।
ਘਣੋ = ਬਹੁਤ। ਸਦ = ਸਦਾ। ਲੋੜੈ = ਮੰਗਦਾ ਹੈ। ਬਿਨੁ ਲਹਣੇ = ਭਾਗਾਂ ਤੋਂ ਬਿਨਾ। ਕੈਠੇ = ਕਿਸ ਥਾਂ ਤੋਂ, ਕਿਥੋਂ? ਮਹਰਾਜ ਰੋ = ਮਹਾਰਾਜ ਦਾ। ਗਾਥੁ = ਸਰੀਰ। ਵਾਹੂ ਸਿਉ = ਉਸ (ਸਰੀਰ) ਨਾਲ ਹੀ। ਲੁਭੜਿਓ = ਲੋਭ ਕਰ ਰਿਹਾ ਹੈ, ਮੋਹ ਕਰ ਰਿਹਾ ਹੈ। ਨਿਹਭਾਗੜੋ = ਨਿਭਾਗਾ। ਭਾਹਿ = (ਤ੍ਰਿਸ਼ਨਾ ਦੀ) ਅੱਗ। ਸੰਜੋਇਓ = ਜੋੜ ਰਿਹਾ ਹੈ।੧।
ਮਨ = ਹੇ ਮਨ! ਸੀਖ = ਸਿੱਖਿਆ। ਸਾਧੂ ਜਨ = ਗੁਰਮੁਖਿ ਸਤਸੰਗੀ। ਸਗਲੋ = ਸਾਰੇ। ਥਾਰੇ = ਤੇਰੇ। ਪ੍ਰਾਛਤ = ਪਾਪ। ਜਾ ਕੋ = ਜਿਸ ਦਾ। ਗਾਠੜੀਓ = ਗਠੜੀ ਵਿਚੋਂ। ਗਰਭਾਸਿ = ਗਰਭ ਜੂਨ ਵਿਚ। ਨ ਪਉੜਿਓ = ਨਹੀਂ ਪੈਂਦਾ।੨।
ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ {ਪੰਨਾ 787}
ਅਰਥ: ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈ; ਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰ) ਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ।੧।
ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ {ਪੰਨਾ 787}
ਅਰਥ: ਹੇ ਨਾਨਕ! ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂ) ਤੁਰ ਪੈਣਾ ਹੋਵੇ, (ਤੁਰਨ ਲੱਗਿਆਂ ਉਹ ਧਨ) ਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ।੨।
ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ {ਪੰਨਾ 787}
ਪਦਅਰਥ: ਗੁਣੁ = (ਆਪਣੇ ਆਪ ਨੂੰ) ਲਾਭ। ਉਪਕਾਰੁ = (ਕਿਸੇ ਹੋਰ ਨੂੰ) ਲਾਭ। ਸੇਤੀ ਖੁਸੀ = ਖ਼ੁਸ਼ੀ ਨਾਲ। ਸਾਰੁ = ਚੰਗਾ।
ਅਰਥ: ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ।੩।
ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ {ਪੰਨਾ 787}
ਪਦਅਰਥ: ਹਠਿ = ਹਠ ਨਾਲ। ਜਿਪਈ = ਜਿੱਤਿਆ ਜਾਂਦਾ। ਜਿਣੈ = ਜਿੱਤਦਾ ਹੈ। ਸਤ ਭਾਉ = ਚੰਗੀ ਭਾਵਨਾ, ਨੇਕ ਨੀਅਤ। ਦੇ = ਦੇ ਕੇ। ਤਰਫ = (ਰੱਬ ਵਾਲਾ) ਪਾਸਾ।
ਅਰਥ: ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ; ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ।੪।
ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥ {ਪੰਨਾ 787-788}
ਪਦਅਰਥ: ਕਾਰਣੁ = ਜਗਤ। ਗੋਈ = ਨਾਸ ਕੀਤੀ। ਫੁਨਿ = ਫਿਰ, ਮੁੜ। ਜੁਗ ਚਾਰੇ = ਚਹੁ ਜੁਗਾਂ ਵਿਚ। ਭਵਿ = ਭਉਂ ਕੇ। ਕਿਨਿ = ਕਿਸ ਪਾਸੋਂ?
ਅਰਥ: ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ; ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ। ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ।
ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ; ਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ।੭।
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}
ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ।੧।
ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ।ਰਹਾਉ।
ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ।੨।
ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ! ਦੁਬਿਧਾ = ਮਨ ਦੀ ਡਾਂਵਾਂ = ਡੋਲ ਹਾਲਤ, ਮੇਰ = ਤੇਰ। ਮੰਨਿ = ਮਨਿ, ਮਨ ਵਿਚ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ। ਪਰਸਾਦਿ = ਕਿਰਪਾ ਨਾਲ। ਆਇ = ਆ ਕੇ।੩।
ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ। ਮਾਨਿਆ = ਪਤੀਜ ਜਾਂਦਾ ਹੈ।੪।
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।
ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ {ਪੰਨਾ 693}
ਪਦਅਰਥ: ਪਹਿਲ ਪੁਰੀਏ = ਪਹਿਲਾਂ ਪਹਿਲ। {ਪੁਰਾ (पुरा) ਸੰਸਕ੍ਰਿਤ ਪਦ ਹੈ, ਇਸ ਦਾ ਅਰਥ ਹੈ 'ਪਹਿਲਾਂ'}। ਪੁੰਡਰਕ ਵਨਾ = ਪੁੰਡਰਕਾਂ ਦਾ ਬਨ, ਕੌਲ ਫੁੱਲਾਂ ਦਾ ਖੇਤ। ਪੁੰਡਰਕ = {पुंडरीक} ਚਿੱਟਾ ਕੌਲ ਫੁੱਲ। ਤਾ ਚੇ = ਉਸ (ਪੁੰਡਰਕ ਵਨ) ਦੇ, ਉਸ (ਕੌਲ ਫੁੱਲਾਂ ਦੇ ਖੇਤ) ਦੇ। ਸਗਲੇ ਜਨਾਂ = ਸਾਰੇ ਜੀਅ ਜੰਤ। ਕ੍ਰਿਸ੍ਨਾ = ਮਾਇਆ। ਤੇ = ਤੋਂ। ਜਾਨਊ = ਜਾਣੋ, ਸਮਝੋ। ਹਰਿ ਕ੍ਰਿਸ੍ਨਾ = ਪ੍ਰਭੂ ਦੀ ਮਾਇਆ। ਹਰਿ ਨਾਚਨਾ = ਪ੍ਰਭੂ ਦੀ ਨਾਚ ਕਰਨ ਵਾਲੀ (ਸ੍ਰਿਸ਼ਟੀ) । ਨਾਚੰਤੀ = ਨੱਚ ਰਹੀ ਹੈ।੧।
ਪੁਰਸਾਬਿਰਾ = ਪੁਰਸ = ਆਬਿਰਾ। ਪੁਰਸ = ਪਰਮਾਤਮਾ। ਆਬਿਰਾ = ਪਰਗਟ (ਹੋਇਆ) । ਆਬਿਰ ਭੂ = {आविर भु } ਪਰਗਟ ਹੋਣਾ। ਅਥੋਨ = ਉਸ ਤੋਂ ਪਿਛੋਂ, ਫਿਰ। ਪੁਰਸਾਦਮਰਾ = ਪੁਰਸ਼ਾਤ = ਅਮਰਾ {पुरूषात् = अमरा} ਪੁਰਸ਼ ਤੋਂ ਮਾਇਆ। ਅਮਰਾ = ਮਾਇਆ, ਕੁਦਰਤ। ਅਸ ਗਾ = ਇਸ ਦਾ। ਅਸ = ਅਤੇ। ਉਸ ਗਾ = ਉਸ ਦਾ। ਬਾਗਰਾ = ਸੋਹਣਾ ਜਿਹਾ ਬਾਗ਼। ਪਿੰਧੀ = ਟਿੰਡਾਂ। ਸਾਗਰਾ = ਸਮੁੰਦਰ, ਪਾਣੀ।੧।ਰਹਾਉ।
ਗੋਪੀ ਜੰਨਾ = ਇਸਤ੍ਰੀਆਂ ਅਤੇ ਮਰਦ। ਨਈਆ = ਨਾਇਕ, ਪਰਮਾਤਮਾ। ਤੇ = ਤੋਂ। ਬੈਰੇ = ਵੱਖਰੇ। ਕੰਨਾ = ਕੋਈ ਨਹੀਂ। ਕੇਸਵਾ ਬਚਉਨੀ = ਕੇਸ਼ਵ ਦੇ ਬਚਨ ਹੀ। ਅਈਏ ਮਈਏ = ਇਸਤ੍ਰੀ ਮਰਦ ਵਿਚ। ਅਈਆ = {अर्या} ਇਸਤ੍ਰੀ। ਮਈਆ {मर्य} ਮਨੁੱਖ। ਏਕ ਆਨ = {एकायन = ਇਕ ਅਯਨ। ਅਯਨ = ਰਸਤਾ} ਇੱਕੋ ਰਾਹੇ, ਇੱਕ = ਰਸ।੨।
ਉਭਕਲੇ = ਡੁਬਕੀਆਂ। ਸੰਸਾਰਾ = ਸੰਸਾਰ (ਸਮੁੰਦਰ) ਵਿਚ। ਭ੍ਰਮਿ ਭ੍ਰਮਿ = ਭਟਕ ਭਟਕ ਕੇ। ਤੁਮ ਚੇ = ਤੇਰੇ। ਚੇ = ਦੇ। ਰੇ = ਹੇ ਭਾਈ! ਕੁਨੁ = ਕੌਣ? ਜੀ = ਹੇ (ਪ੍ਰਭੂ) ਜੀ! ਆਲਾ = ਆਲਯ, ਘਰ, ਜਗਤ ਦਾ ਜੰਜਾਲ। ਤੇ = ਤੋਂ। ਨਿਵਾਰਣਾ = ਬਚਾ ਲੈ। ਜਮ ਕਾਰਣਾ = ਜਮਾਂ (ਦੇ ਡਰ) ਦਾ ਕਾਰਨ।
ਨੋਟ: ਲਫ਼ਜ਼ 'ਆਲਾ' ਦਾ ਅਰਥ ਕਈ ਸੱਜਣ 'ਆਇਆ' ਕਰਦੇ ਹਨ। ਇਸ ਲਫ਼ਜ਼ 'ਆਲਾ' ਨੂੰ ਉਹ ਧਾਤੂ 'ਆ' ਦਾ 'ਭੂਤਕਾਲ' ਮੰਨਦੇ ਹਨ। ਮਰਾਠੀ ਬੋਲੀ ਵਿਚ ਕਿਸੇ ਧਾਤੂ ਤੋਂ 'ਭੂਤਕਾਲ' ਬਣਾਣ ਲਈ ਪਿਛੇਤਰ 'ਲਾ' ਵਰਤੀਦਾ ਹੈ। ਪਰ ਧਾਤੂ 'ਆ' ਤੋਂ ਮਰਾਠੀ ਵਿਚ 'ਆਲਾ' ਭੂਤਕਾਲ ਨਹੀਂ ਬਣਦਾ, 'ਆ' ਅਤੇ 'ਲਾ' ਦੇ ਵਿਚਕਾਰ 'ਇ' ਭੀ ਵਰਤੀ ਜਾਂਦੀ ਹੈ। 'ਆ' ਤੋਂ ਭੂਤਕਾਲ 'ਆਇਲਾ' ਹੈ; ਜਿਵੇਂ:
"ਗਰੁੜ ਚੜੇ ਗੋਬਿੰਦੁ ਆਇਲਾ" {ਨਾਮਦੇਵ ਜੀ}
ਲਫ਼ਜ਼ 'ਤੇ' ਦਾ ਉਹ ਸੱਜਣ 'ਅਤੇ' ਅਰਥ ਕਰਦੇ ਹਨ। ਇਹ ਭੀ ਗ਼ਲਤ ਹੈ। 'ਤੇ' ਦਾ ਅਰਥ ਹੈ 'ਤੋਂ'। 'ਅਤੇ' ਵਾਸਤੇ ਪੁਰਾਣੀ ਪੰਜਾਬੀ ਵਿਚ ਲਫ਼ਜ਼ 'ਤੈ' ਹੈ।੩।
ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ"}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ") । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ") । (ਇਸ ਤਰ੍ਹਾਂ ਇਹ ਸੰਸਾਰ) ਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ) ।੧।ਰਹਾਉ।
ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈ, ਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤ) ਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।
ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀ) ਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ) ।੨।
(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂ, ਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।
ਸ਼ਬਦ ਦਾ ਭਾਵ: ਮਾਇਆ ਦਾ ਪ੍ਰਭਾਵ ਅਤੇ ਇਸ ਦਾ ਇਲਾਜ।
ਇਹ ਸਾਰੀ ਮਾਇਕ ਰਚਨਾ ਪ੍ਰਭੂ ਤੋਂ ਹੀ ਹੋਈ ਹੈ, ਪ੍ਰਭੂ ਸਭ ਵਿਚ ਵਿਆਪਕ ਹੈ। ਪਰ ਜੀਵ ਪ੍ਰਭੂ ਨੂੰ ਵਿਸਾਰ ਕੇ ਮਾਇਆ ਦੇ ਹੱਥ ਉੱਤੇ ਨੱਚ ਰਹੇ ਹਨ। ਪ੍ਰਭੂ ਦੀ ਸ਼ਰਨ ਪਿਆਂ ਹੀ ਇਸ ਤੋਂ ਬਚੀਦਾ ਹੈ।
*┈┉┅━❀꧁ੴ꧂❀━┅┉┈*
ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ {ਪੰਨਾ 613}
ਪਦਅਰਥ: ਗਰਭ ਮੋਹਿ = ਪੇਟ ਵਿਚ। ਆਪਨ = ਆਪਣਾ। ਦੇ = ਦੇ ਕੇ। ਤਹ = ਉਥੇ, ਮਾਂ ਦੇ ਪੇਟ ਵਿਚ। ਰਾਖਨਹਾਰੇ = ਬਚਾਣ ਦੀ ਸਮਰਥਾ ਵਾਲੇ। ਪਾਵਕ = (ਵਿਕਾਰਾਂ ਦੀ) ਅੱਗ। ਸਾਗਰ = ਸਮੁੰਦਰ। ਅਥਾਹ = ਬਹੁਤ ਡੂੰਘਾ। ਤਾਰਨਹਾਰੇ = ਹੇ ਪਾਰ ਲੰਘਾ ਸਕਣ ਵਾਲੇ!।੧।
ਮਾਧੌ = {ਮਾ = ਧਵ = ਮਾਇਆ ਦਾ ਪਤੀ} ਹੇ ਪ੍ਰਭੂ! ਸਿਰਿ ਮੋਰਾ = ਮੇਰੇ ਸਿਰ ਉੱੱਤੇ। ਈਹਾ = ਇਸ ਲੋਕ ਵਿਚ। ਊਹਾ = ਉਸ ਲੋਕ ਵਿਚ। ਧੋਰਾ = ਆਸਰਾ।ਰਹਾਉ।
ਕੀਤੇ ਕਉ = ਬਣਾਈਆਂ ਚੀਜ਼ਾਂ ਨੂੰ। ਮੇਰੈ ਸੰਮਾਨੈ = ਮੇਰੈ ਸਮ ਮਾਨੈ, ਮੇਰੂ ਪਹਾੜ ਦੇ ਬਰਾਬਰ ਮੰਨਦਾ ਹੈ। ਤ੍ਰਿਣੁ = ਤੀਲਾ, ਤੁੱਛ। ਮਾਗਨ ਕਉ = ਮੰਗਣ ਵਾਲੀ। ਸਗਲੀ = ਸਾਰੀ ਲੁਕਾਈ। ਦੇਹਿ = ਤੂ ਦੇਂਦਾ ਹੈਂ। ਪ੍ਰਭ = ਹੇ ਪ੍ਰਭੂ! ਭਾਨੈ = ਆਪਣੀ ਰਜ਼ਾ ਵਿਚ।੨।
ਖਿਨ = ਰਤਾ ਕੁ ਹੀ ਸਮਾ। ਅਵਰੁ = ਹੋਰ। ਖਿਨੈ ਮਹਿ = ਖਿਨ ਵਿਚ ਹੀ। ਅਚਰਜ = ਹੈਰਾਨ ਕਰ ਦੇਣ ਵਾਲੇ। ਚਲਤ = ਕੌਤਕ। ਰੂੜੋ = ਸੋਹਣਾ। ਗੂੜੋ = (ਸਾਰੇ ਸੰਸਾਰ ਵਿਚ) ਲੁਕਿਆ ਹੋਇਆ। ਗੰਭੀਰੋ = ਵੱਡੇ ਜਿਗਰੇ ਵਾਲਾ। ਅਗਮ = ਹੇ ਅਪਹੁੰਚ! ਅਪਾਰੇ = ਹੇ ਅਪਾਰ! ਹੇ ਬੇਅੰਤ!।੩।
ਸਾਧ ਸੰਗਿ = ਸਾਧ ਸੰਗਤਿ ਵਿਚ। ਜਉ = ਜਦੋਂ। ਤੁਮਹਿ = ਤੂੰ ਆਪ ਹੀ। ਤਉ = ਤਦੋਂ। ਪੇਖਤ ਹੀ = ਵੇਖਦਿਆਂ ਹੀ। ਪੁਰਖ = ਸਰਬ = ਵਿਆਪਕ। ਨਿਰਬਾਣੀ = ਵਾਸ਼ਨਾ = ਰਹਿਤ।੪।
ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ।
ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇ! ਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।
ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨।
ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩।
ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।
*┈┉┅━❀꧁ੴ꧂❀━┅┉┈*

ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ {ਪੰਨਾ 718}
ਪਦਅਰਥ: ਰਿਦੈ = ਹਿਰਦੇ ਵਿਚ। ਉਰ ਧਾਰੇ = ਉਰ ਧਾਰਿ, {ਉਰ = ਹਿਰਦਾ} ਹਿਰਦੇ ਵਿਚ ਟਿਕਾਈ ਰੱਖ। ਸਿਮਰਿ = ਸਿਮਰ ਕੇ। ਸੁਆਮੀ = ਮਾਲਕ = ਪ੍ਰਭੂ। ਹਮਾਰੇ = ਅਸਾਂ ਜੀਵਾਂ ਦੇ।੧।ਰਹਾਉ।
ਕੀਰਤਿ = ਸਿਫ਼ਤਿ-ਸਾਲਾਹ। ਤਤੁ ਬੀਚਾਰੇ = ਸਾਰੀਆਂ ਵਿਚਾਰਾਂ ਦਾ ਨਿਚੋੜ। ਗਾਵਤ = ਗਾਂਦਿਆਂ। ਅਤੁਲ = ਜੇਹੜਾ ਤੋਲਿਆ ਨਾਹ ਜਾ ਸਕੇ, ਅਮਿਣਵਾਂ। ਗੁਨ ਠਾਕੁਰ = ਠਾਕੁਰ ਦੇ ਗੁਣ। ਅਗਮ = ਅਪਹੁੰਚ।੧।
ਪਾਰਬ੍ਰਹਮਿ = ਪਾਰਬ੍ਰਹਮ ਨੇ। ਬਾਹੁਰਿ = ਮੁੜ, ਫਿਰ। ਕਛੁ ਨ ਬੀਚਾਰੇ = ਕੋਈ ਲੇਖਾ ਨਹੀਂ ਕਰਦਾ। ਸੁਨਿ = ਸੁਣ ਕੇ। ਜਪਿ = ਜਪ ਕੇ। ਜੀਵਾ = ਜੀਵਾਂ, ਮੈ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਕੰਠ = ਗਲਾ। ਮਝਾਰੇ = ਵਿਚ।੨।
ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।
ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।
*┈┉┅━❀꧁ੴ꧂❀━┅┉┈*
*┈┉┅━❀꧁ੴ꧂❀━┅┉┈*
ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥ {ਪੰਨਾ 791-792}
ਅਰਥ: (ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।੧।
ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥ {ਪੰਨਾ 792}
ਅਰਥ: ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨।
ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥ {ਪੰਨਾ 792}
ਅਰਥ: ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ।
ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ {ਪੰਨਾ 597-598}
ਪਦਅਰਥ: ਪ੍ਰਭ = ਹੇ ਪ੍ਰਭੂ! ਦਾਨਿ = ਦਾਨ (ਦੇਣ) ਵਿਚ। ਮਤਿ ਪੂਰਾ = ਮਤਿ ਦਾ ਪੂਰਾ, ਕਦੇ ਨਾਹ ਖੁੰਝਣ ਵਾਲਾ। ਥਾਰੇ = ਤੇਰੇ। ਭੇਖਾਰੀ = ਮੰਗਤੇ। ਮਾਗਉ = ਮੈਂ ਮੰਗਾਂ। ਥਿਰੁ = ਸਦਾ ਟਿਕੇ ਰਹਿਣ ਵਾਲਾ। ਨ ਰਹਾਈ = ਨ ਰਹੈ, ਨਹੀਂ ਰਹਿੰਦਾ। ਹਰਿ = ਹੇ ਹਰੀ! ਪਿਆਰੀ = ਮੈਂ ਪਿਆਰ ਕਰਾਂ।੧।
ਰਵਿ ਰਹਿਆ = ਵਿਆਪਕ ਹੋ ਰਿਹਾ ਹੈ। ਬਨਵਾਰੀ = ਪਰਮਾਤਮਾ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਦੇਖਿ ਨਿਹਾਰੀ = ਦੇਖਿ ਨਿਹਾਰਿ, ਚੰਗੀ ਤਰ੍ਹਾਂ ਵੇਖ।ਰਹਾਉ।
ਮਰਤ = ਮਾਤ ਲੋਕ, ਇਹ ਧਰਤੀ। ਪਇਆਲ = ਪਾਤਾਲ। ਗੁਰਿ = ਗੁਰੂ ਨੇ। ਸਤਿਗੁਰਿ = ਸਤਿਗੁਰ ਨੇ। ਹੈ ਭੀ = ਹੁਣ ਭੀ ਮੌਜੂਦ ਹੈ। ਹੋਨੀ = ਅਗਾਂਹ ਨੂੰ ਭੀ ਮੌਜੂਦ ਰਹੇਗਾ।੨।
ਬਪੁੜੋ = ਵਿਚਾਰਾ। ਇਨਿ = ਇਸ (ਜਗਤ) ਨੇ। ਦੂਜੈ = ਦੂਜੇ (ਮੋਹ) ਵਿਚ (ਫਸ ਕੇ) । ਸਾਕਤ = ਸਾਕਤਾਂ ਨੇ, ਮਾਇਆ = ਵੇੜ੍ਹੇ ਬੰਦਿਆਂ ਨੇ।੩।
ਸਤਿਗੁਰ = ਹੇ ਸਤਿਗੁਰ! ਤੋੜਿ = ਤੋੜ ਕੇ। ਨਿਰਾਰੇ = ਨਿਰਾਲੇ, ਨਿਰਲੇਪ। ਬਹੁੜਿ = ਮੁੜ। ਮਝਾਰੀ = ਵਿਚ। ਨਾਨਕ = ਹੇ ਨਾਨਕ! ਪਰਗਾਸਿਆ = ਚਮਕਿਆ, ਰੌਸ਼ਨ ਹੋਇਆ। ਮਨਿ = ਮਨ ਵਿਚ।੪।
ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।
ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।
(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।
ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।
ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।
*┈┉┅━❀꧁ੴ꧂❀━┅┉┈*
Waheguru Ji
ReplyDelete