
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ {ਪੰਨਾ 760}
ਪਦਅਰਥ: ਮਿਥਨ = ਨਾਸਵੰਤ। ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ!।੧।
ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ।੧।ਰਹਾਉ।
ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤਿ ਵਿਚ। ਭੇਟਨ = ਨੇੜੇ ਛੁਂਹਦਾ।੨।
ਅਨੂਪ = ਅਦੁੱਤੀ। ਰਵਣ = ਸਿਮਰਨ।੩।
ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਸਨ = ਜੀਭ (ਨਾਲ) । ਨ ਬਿਆਪੈ = ਜ਼ੋਰ ਨਹੀਂ ਪਾ ਸਕਦੀ।੪।
ਸੰਗੀ = ਸਾਥੀ। ਸਭਿ = ਸਾਰੇ। ਪੰਚ = ਪੰਜ। ਬਟਵਾਰੇ = ਲੁਟੇਰੇ, ਡਾਕੂ।੫।
ਬਚ = ਬਚਨ। ਕ੍ਰਮ = ਕਰਮ। ਧਿਆਏ = ਧਿਆਉਂਦਾ ਹੈ।੬।
ਧਾਰਿ = ਧਾਰ ਕੇ। ਅਨੁਗ੍ਰਹੁ = ਕਿਰਪਾ। ਪ੍ਰਭਿ = ਪ੍ਰਭੂ ਨੇ। ਰਸੁ = ਸੁਆਦ।੭।
ਆਦਿ ਮਧਿ ਅੰਤਿ = ਸਦਾ ਹੀ। ਆਦਿ = ਜਗਤ ਦੇ ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ। ਅੰਤਿ = ਅਖ਼ੀਰ ਵਿਚ।੮।
ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।
ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।
ਪੀਪਾ ॥ ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥ ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥ ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥ {ਪੰਨਾ 695}
ਪਦਅਰਥ: ਕਾਯਉ = ਕਾਯਾ ਹੀ, ਕਾਇਆਂ ਹੀ, ਸਰੀਰ। ਕਾਇਅਉ = ਕਾਇਆ ਹੀ। ਦੇਵਲ = {Skt. देव+आलय} ਦੇਵਾਲਾ, ਮੰਦਰ। ਜੰਗਮ = ਸ਼ਿਵ = ਉਪਾਸ਼ਕ ਰਮਤੇ ਜੋਗੀ, ਜਿਨ੍ਹਾਂ ਨੇ ਸਿਰ ਉਤੇ ਮੋਰਾਂ ਦੇ ਖੰਭ ਬੱਧੇ ਹੁੰਦੇ ਹਨ। ਜਾਤੀ = ਜਾਤ੍ਰੀ। ਨਈਬੇਦਾ = ਦੁੱਧ ਦੀ ਖੀਰ ਆਦਿਕ ਸੁਆਦਲੇ ਭੋਜਨ, ਜੋ ਮੂਰਤੀ ਦੀ ਭੇਟ ਕੀਤੇ ਜਾਣ। ਪੂਜਉ = ਮੈਂ ਪੂਜਦਾ ਹਾਂ। ਪਤੀ = ਪੱਤਰ (ਆਦਿਕ ਭੇਟ ਧਰ ਕੇ)।੧।
ਬਹੁ ਖੰਡ = ਦੇਸ ਦੇਸਾਂਤਰ। ਨਵ ਨਿਧਿ = (ਨਾਮ = ਰੂਪ) ਨੌ ਖ਼ਜ਼ਾਨੇ। ਆਇਬੋ = ਜੰਮੇਗਾ। ਜਾਇਬੋ = ਮਰੇਗਾ। ਦੁਹਾਈ = ਤੇਜ ਪ੍ਰਤਾਪ।੧।ਰਹਾਉ।
ਪਿੰਡੇ = ਸਰੀਰ ਵਿਚ। ਪਾਵੈ = ਲੱਭ ਲੈਂਦਾ ਹੈ। ਪ੍ਰਣਵੈ = ਬੇਨਤੀ ਕਰਦਾ ਹੈ। ਪਰਮ ਤਤੁ = ਪਰਮ ਆਤਮਾ, ਪਰਮਾਤਮਾ, ਸਭ ਤੋਂ ਵੱਡੀ ਅਸਲੀਅਤ, ਪਰਲੇ ਤੋਂ ਪਰਲਾ ਤੱਤ, ਸ੍ਰਿਸ਼ਟੀ ਦਾ ਅਸਲ ਸੋਮਾ। ਲਖਾਵੈ = ਜਣਾਉਂਦਾ ਹੈ।੨।੧।
ਅਰਥ: ਦੇਸ ਦੇਸਾਂਤਰਾਂ ਨੂੰ ਖੋਜ ਕੇ (ਆਖ਼ਰ ਆਪਣੇ) ਸਰੀਰ ਦੇ ਅੰਦਰ ਹੀ ਮੈਂ ਪ੍ਰਭੂ ਦਾ ਨਾਮ-ਰੂਪ ਨੌ ਨਿਧੀ ਲੱਭ ਲਈ ਹੈ, (ਹੁਣ ਮੇਰੀ ਕਾਇਆਂ ਵਿਚ) ਪਰਮਾਤਮਾ (ਦੀ ਯਾਦ) ਦਾ ਹੀ ਤੇਜ-ਪ੍ਰਤਾਪ ਹੈ, (ਉਸ ਦੀ ਬਰਕਤਿ ਨਾਲ ਮੇਰੇ ਲਈ) ਨਾ ਕੁਝ ਜੰਮਦਾ ਹੈ ਨਾਹ ਮਰਦਾ ਹੈ (ਭਾਵ, ਮੇਰਾ ਜਨਮ ਮਰਨ ਮਿਟ ਗਿਆ ਹੈ)।੧।ਰਹਾਉ।
(ਸੋ) ਕਾਇਆਂ (ਦੀ ਖੋਜ) ਹੀ ਮੇਰਾ ਦੇਵਤਾ ਹੈ (ਜਿਸ ਦੀ ਮੈਂ ਆਰਤੀ ਕਰਨੀ ਹੈ) , ਸਰੀਰ (ਦੀ ਖੋਜ) ਹੀ ਮੇਰਾ ਮੰਦਰ ਹੈ (ਜਿਥੇ ਮੈਂ ਸਰੀਰ ਅੰਦਰ ਵੱਸਦੇ ਪ੍ਰਭੂ ਦੀ ਆਰਤੀ ਕਰਦਾ ਹਾਂ) , ਕਾਇਆਂ (ਦੀ ਖੋਜ) ਹੀ ਮੈਂ ਜੰਗਮ ਅਤੇ ਜਾਤ੍ਰੂ ਲਈ (ਤੀਰਥ ਦੀ ਜਾਤ੍ਰਾ ਹੈ)। ਸਰੀਰ (ਦੀ ਖੋਜ) ਹੀ (ਮੇਰੇ ਵਾਸਤੇ ਮੇਰੇ ਅੰਦਰ ਵੱਸਦੇ ਦੇਵਤੇ ਲਈ) ਧੂਪ ਦੀਪ ਤੇ ਨੈਵੇਦ ਹੈ, ਕਾਇਆ ਦੀ ਖੋਜ (ਕਰ ਕੇ) ਹੀ, ਮੈਂ ਮਾਨੋ, ਪੱਤਰ ਭੇਟ ਰੱਖ ਕੇ (ਆਪਣੇ ਅੰਦਰ ਵੱਸਦੇ ਇਸ਼ਟ ਦੇਵ ਦੀ) ਪੂਜਾ ਕਰ ਰਿਹਾ ਹਾਂ।੧।
ਪੀਪਾ ਬੇਨਤੀ ਕਰਦਾ ਹੈ-ਜੋ ਸ੍ਰਿਸ਼ਟੀ ਦਾ ਰਚਣਹਾਰ ਪਰਮਾਤਮਾ ਸਾਰੇ ਬ੍ਰਹਮੰਡ ਵਿਚ (ਵਿਆਪਕ) ਹੈ ਉਹੀ (ਮਨੁੱਖਾ) ਸਰੀਰ ਵਿਚ ਹੈ, ਜੋ ਮਨੁੱਖ ਖੋਜ ਕਰਦਾ ਹੈ ਉਹ ਉਸ ਨੂੰ ਲੱਭ ਲੈਂਦਾ ਹੈ, ਜੇ ਸਤਿਗੁਰੂ ਮਿਲ ਪਏ ਤਾਂ (ਅੰਦਰ ਹੀ) ਦਰਸ਼ਨ ਕਰਾ ਦੇਂਦਾ ਹੈ।੨।੧।
ਨੋਟ: ਮੂਰਤੀ-ਪੂਜਾ ਦੇ ਘੁੱਪ ਹਨੇਰੇ ਵਿਚ ਕਿਤੇ ਟਾਵੇਂ ਟਾਵੇਂ ਪ੍ਰਭੂ-ਸਿਮਰਨ ਦੀ ਇਹ ਲੋ ਹੋ ਰਹੀ ਸੀ। ਸਤਿਗੁਰੂ ਨਾਨਕ ਦੇਵ ਜੀ ਨੇ ਭਾਰਤ ਦੇ ਸਾਰੇ ਉਹ ਅਸਥਾਨ ਫਿਰ ਕੇ ਵੇਖੇ ਜੋ ਧਰਮ-ਪ੍ਰਚਾਰ ਦਾ ਸੋਮਾ ਅਖਵਾਂਦੇ ਸਨ। ਇਹ ਭਗਤ ਆਪੋ ਆਪਣੇ ਵਤਨ ਵਿਚ ਬੈਠੇ ਕੁਰਾਹੇ ਜਾ ਰਹੇ ਬੰਦਿਆਂ ਨੂੰ ਪ੍ਰਭੂ-ਭਗਤੀ ਦਾ ਚਾਨਣ ਦੇਣ ਦੇ ਜਤਨ ਕਰਦੇ ਰਹੇ। ਇਹ ਹੋ ਨਹੀਂ ਸੀ ਸਕਦਾ ਕਿ ਰੱਬੀ ਨੂਰ ਦੇ ਆਸ਼ਿਕ ਸਤਿਗੁਰੂ ਜੀ ਦੀਆਂ ਨਜ਼ਰਾਂ ਤੋਂ ਉਹ ਚਾਨਣ, ਜਿਸ ਨੂੰ ਉਹ ਆਪ ਪਿਆਰ ਕਰਨ ਵਾਲੇ ਸਨ, ਉਹਲੇ ਰਹਿ ਜਾਂਦਾ, ਜਦੋਂ ਕਿ ਉਹ ਸਾਰੇ ਭਾਰਤ ਵਿਚ ਇਹੀ ਚਾਨਣ ਅਪੜਾਣ ਲਈ ਪੂਰੇ ਅੱਠ ਸਾਲ ਕਈ ਔਖ ਸਹਾਰ ਸਹਾਰ ਕੇ ਫਿਰਦੇ ਰਹੇ।
ਨੋਟ: ਇਸ ਸ਼ਬਦ ਵਿਚ ਭਗਤ ਪੀਪਾ ਜੀ ਮੂਰਤੀ-ਪੂਜਾ ਦਾ ਖੰਡਨ ਕਰਦੇ ਹਨ ਤੇ ਆਖਦੇ ਹਨ ਕਿ ਮੰਦਰ ਵਿਚ ਅਸਥਾਪਨ ਕੀਤੇ ਦੇਵਤੇ ਨੂੰ ਧੂਪ, ਦੀਵੇ ਤੇ ਨਈਵੇਦ ਪੱਤ੍ਰ ਆਦਿਕਾਂ ਦੀ ਭੇਟ ਰੱਖ ਕੇ ਪੂਜਣ ਦੇ ਥਾਂ ਸਰੀਰ-ਮੰਦਰ ਵਿਚ ਵੱਸਦੇ ਰਾਮ ਨੂੰ ਸਿਮਰੋ।
ਹਰੇਕ ਸ਼ਬਦ ਦਾ ਮੁੱਖ ਭਾਵ 'ਰਹਾਉ' ਦੀ ਤੁਕ ਵਿਚ ਹੋਇਆ ਕਰਦਾ ਹੈ। ਸੋ, 'ਰਹਾਉ' ਦੀ ਤੁਕ ਤੋਂ ਸ਼ੁਰੂ ਕੀਤਿਆਂ ਭਗਤ ਪੀਪਾ ਜੀ ਦੇ ਸ਼ਬਦ ਦਾ ਭਾਵ ਇਉਂ ਬਣਦਾ ਹੈ-ਜਿਸ ਮਨੁੱਖ ਦੇ ਸਰੀਰ ਵਿਚ ਰਾਮ ਦੀ ਯਾਦ ਦੀ ਦੁਹਾਈ ਮੱਚ ਜਾਂਦੀ ਹੈ, ਉਹ ਦੇਸ ਦੇਸਾਂਤਰਾਂ ਦੇ ਤੀਰਥਾਂ ਤੇ ਮੰਦਰਾਂ ਵਲ ਭਟਕਣ ਦੇ ਥਾਂ ਰਾਮ ਨੂੰ ਆਪਣੇ ਸਰੀਰ ਵਿਚ ਹੀ ਲੱਭ ਲੈਂਦਾ ਹੈ। ਸੋ, ਉਸ ਰਾਮ ਨੂੰ ਆਪਣੇ ਸਰੀਰ ਦੇ ਅੰਦਰ ਲੱਭੋ, ਇਹੀ ਅਸਲ ਦੇਵਤੇ ਦੀ ਭਾਲ ਹੈ, ਇਹੀ ਅਸਲ ਮੰਦਰ ਹੈ, ਇਹੀ ਅਸਲ ਪੂਜਾ ਹੈ। ਪਰ ਉਸ ਪਰਮ-ਤੱਤ (ਪਰਮਾਤਮਾ) ਨੂੰ ਨਿਰਾ ਆਪਣੇ ਸਰੀਰ ਵਿਚ ਹੀ ਨਾਹ ਸਮਝ ਰੱਖਣਾ, ਸਾਰੇ ਬ੍ਰਹਮੰਡ ਵਿਚ ਭੀ ਉਹੀ ਵੱਸਦਾ ਵੇਖੋ। ਇਹ ਸੂਝ ਸਤਿਗੁਰੂ ਪਾਸੋਂ ਮਿਲਦੀ ਹੈ।
ਭਗਤ ਜੀ ਨੇ ਇਸ ਸ਼ਬਦ ਵਿਚ ਹੇਠ-ਲਿਖੀਆਂ ਚਾਰ ਗੱਲਾਂ ਤੇ ਜ਼ੋਰ ਦਿੱਤਾ ਹੈ-(੧) ਪਰਮਾਤਮਾ ਦੀ ਯਾਦ, ਸਾਧਾਰਨ ਯਾਦ ਨਹੀਂ ਸਗੋਂ ਪਰਮਾਤਮਾ ਦੀ ਦੁਹਾਈ ਪਰਮਾਤਮਾ ਦੀ ਤੀਬਰ ਯਾਦ; (੨) ਪਰਮਾਤਮਾ ਦੀ ਯਾਦ ਹੀ ਅਸਲੀ ਦੇਵ-ਪੂਜਾ ਹੈ; (੩) ਉਹ ਪਰਮਾਤਮਾ ਹਰੇਕ ਮਨੁੱਖ ਦੇ ਅੰਦਰ ਵੱਸਦਾ ਹੈ, ਸਾਰੀ ਸ੍ਰਿਸ਼ਟੀ ਵਿਚ ਭੀ ਵੱਸਦਾ ਹੈ, ਤੇ ਸਾਰੀ ਸ੍ਰਿਸ਼ਟੀ ਦਾ ਰਚਣਹਾਰਾ ਹੈ; (੪) ਸਤਿਗੁਰੂ ਹੀ ਪਰਮਾਤਮਾ ਨਾਲ ਮਿਲਾਪ ਕਰਾ ਸਕਦਾ ਹੈ।
ਪਰ ਵਿਰੋਧੀ ਸੱਜਣ ਜੀ ਇਸ ਸ਼ਬਦ ਨੂੰ ਗੁਰਮਤਿ ਦੇ ਉਲਟ ਸਮਝਦੇ ਹੋਏ ਇਸ ਬਾਰੇ ਇਉਂ ਲਿਖਦੇ ਹਨ:
"ਇਹ ਸ਼ਬਦ ਵੇਦਾਂਤ ਮਤ ਦਾ ਹੈ ਅਰੁ ਗੋਸਾਈਂ ਰਾਮਾਨੰਦ ਜੀ ਦੀ ਰਚਨਾ ਨਾਲ ਮਿਲਦਾ ਜੁਲਦਾ ਹੈ, ਮਾਨੋ, ਦੋਵੇਂ ਸ਼ਬਦ ਇੱਕ ਦੀ ਰਚਨਾ ਹਨ। ਭਗਤ ਜੀ ਕਾਇਆਂ ਵਿਚ ਰੱਬ ਮੰਨਦੇ ਹਨ। ਮੈਂ ਬ੍ਰਹਮ ਹਾਂ (ਅਹੰ ਬ੍ਰਹਮ ਅਸਮੀ) ਦਾ ਸਿੱਧਾਂਤ ਹੈ। ਇਸ ਸ਼ਬਦ ਅੰਦਰ ਪ੍ਰੇਮਾ ਭਗਤੀ ਦਾ ਲੇਸ ਬਿਲਕੁਲ ਨਹੀਂ, ਕੇਵਲ ਗਿਆਨ ਵਿਚਾਰ ਚਰਚਾ ਹੈ। ਵੇਦਾਂਤੀ ਮੂੰਹ ਜ਼ਬਾਨੀ ਲੇਖਾ ਪੱਤਾ ਨਿਬੇੜ ਕੇ ਆਪਣੇ ਆਪ ਨੂੰ ਹੀ ਰੱਬ ਕਲਪਤ ਕਰਦੇ ਹਨ, ਪਰ ਗੁਰਮਤਿ ਅੰਦਰ ਇਸ ਆਸ਼ੇ ਦਾ ਪੂਰਨ ਤੌਰ ਪਰ ਖੰਡਨ ਹੈ। ਵੇਦਾਂਤ ਮਤ ਹਉਮੈ ਹੰਕਾਰ ਦੀ ਗਠੜੀ ਹੈ। ਗੁਰਮਤਿ ਅਤੇ ਵੇਦਾਂਤ ਮਤ ਵਿਚ ਦਿਨ ਰਾਤ ਦਾ ਫ਼ਰਕ ਹੈ।"
ਸ਼ਬਦ ਦੇ ਵਿਰੁੱਧ ਉਸ ਸੱਜਣ ਜੀ ਨੇ ਦੋ ਇਤਰਾਜ਼ ਕੀਤੇ ਹਨ-(੧) ਇਹ ਸ਼ਬਦ ਵੇਦਾਂਤ ਮਤ ਦਾ ਹੈ, ਭਗਤ ਜੀ ਕਾਇਆਂ ਵਿਚ ਰੱਬ ਮੰਨਦੇ ਹਨ, 'ਮੈਂ ਬ੍ਰਹਮ ਹਾਂ' ਦਾ ਸਿੱਧਾਂਤ ਹੈ। (੨) ਇਸ ਸ਼ਬਦ ਅੰਦਰ ਪ੍ਰੇਮਾ ਭਗਤੀ ਦਾ ਲੇਸ ਬਿਲਕੁਲ ਨਹੀਂ।
ਇਤਰਾਜ਼ ਕਰਨ ਵਾਲੇ ਸੱਜਣ ਜੀ ਨੇ ਇਤਰਾਜ਼ ਕਰਨ ਵਿਚ ਕੁਝ ਕਾਹਲੀ ਕਰ ਵਿਖਾਈ ਹੈ। ਇਹਨਾਂ ਨੂੰ ਤਾਂ 'ਪ੍ਰੇਮਾ ਭਗਤੀ ਦਾ ਲੇਸ' ਭੀ ਨਹੀਂ ਲੱਭਾ, ਪਰ ਭਗਤ ਜੀ ਨੇ 'ਰਹਾਉ' ਦੀ ਤੁਕ ਵਿਚ ਸ਼ਬਦ ਦਾ ਮੁੱਖ ਭਾਵ ਹੀ ਇਹ ਆਖਿਆ ਹੈ ਕਿ ਮੰਦਰ ਵਿਚ ਜਾ ਕੇ ਮੂਰਤੀ-ਪੂਜਾ ਕਰਨ ਦੇ ਥਾਂ ਆਪਣੇ ਸਰੀਰ ਦੇ ਅੰਦਰ "ਰਾਮ ਕੀ ਦੁਹਾਈ" ਮਚਾ ਦਿਉ, ਇਤਨੀ ਤੀਬਰ ਯਾਦ ਵਿਚ ਜੁੜੋ ਕਿ ਕਿਸੇ ਅਨ-ਪੂਜਾ ਦਾ ਫੁਰਨਾ ਉੱਠੇ ਹੀ ਨਾਹ, ਅੰਦਰ ਰਾਮ ਹੀ ਰਾਮ ਦੀ ਲਿਵ ਬਣ ਜਾਏ।
ਇਤਰਾਜ਼ ਕਰਨ ਵਾਲੇ ਸੱਜਣ ਜੀ ਨੂੰ ਇਥੇ ਵੇਦਾਂਤ ਮਤ ਦਿੱਸਿਆ ਹੈ, ਪਰ ਭਗਤ ਜੀ ਨੇ ਆਪਣੇ ਰੱਬ ਬਾਰੇ ਤਿੰਨ ਗੱਲਾਂ ਸਾਫ਼ ਆਖੀਆਂ ਹਨ-ਉਹ ਰੱਬ ਮਨੁੱਖਾ ਸਰੀਰ ਵਿਚ ਵੱਸਦਾ ਹੈ, ਉਹ ਪ੍ਰਭੂ ਸਾਰੇ ਬ੍ਰਹਮੰਡ ਵਿਚ ਵੱਸਦਾ ਹੈ, ਤੇ ਉਹ ਪਰਮਾਤਮਾ "ਪਰਮ ਤਤੁ" ਹੈ, ਭਾਵ ਸਾਰੀ ਰਚਨਾ ਦਾ ਮੂਲ-ਕਾਰਨ ਹੈ, ਬ੍ਰਹਮੰਡ ਵਿਚ ਨਿਰਾ ਵੱਸਦਾ ਹੀ ਨਹੀਂ ਹੈ, ਬ੍ਰਹਮੰਡ ਨੂੰ ਬਨਾਣ ਵਾਲਾ ਭੀ ਹੈ।
ਚੰਗਾ ਹੋਵੇ ਜੇ ਅਸੀ ਕਿਸੇ ਪੱਖ-ਪਾਤ ਵਿਚ ਆ ਕੇ ਕਾਹਲੀ ਨਾਲ ਮੂੰਹ ਨਾਹ ਮੋੜਦੇ ਜਾਈਏ। ਸਮਾ ਦੇ ਕੇ ਸਹਿਜੇ ਸਹਿਜੇ ਸਾਂਝ ਪਾਓ, ਇਸ ਸ਼ਬਦ ਵਿਚ ਤੇ ਗੁਰਮਤਿ ਵਿਚ ਕੋਈ ਫ਼ਰਕ ਨਹੀਂ ਦਿੱਸੇਗਾ।
ਬਿਲਾਵਲੁ ਮਹਲਾ ੫ ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥ {ਪੰਨਾ 823-824}
ਪਦਅਰਥ: ਗੁਰਿ = ਗੁਰੂ ਨੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਿਦੇ ਮਹਿ = ਹਿਰਦੇ ਵਿਚ।੧।ਰਹਾਉ।
ਨਿਵਰੇ = ਦੂਰ ਹੋ ਗਏ ਹਨ। ਦੂਤ = (ਕਾਮਾਦਿਕ) ਦੁਸ਼ਮਨ। ਬੈਰਾਈ = ਵੈਰੀ। ਕਹਾ ਕਰੈ = ਕੀਹ ਕਰ ਸਕਦਾ ਹੈ? ਕੁਝ ਵਿਗਾੜ ਨਹੀਂ ਕਰ ਸਕਦਾ। ਪਰਤਾਪੁ = ਤਾਕਤ।੧।
ਰਖੁ = ਟੇਕ, ਆਸਰਾ। ਮਾਹੀ = ਮਾਹਿ, ਵਿਚ। ਤਾ ਕੀ = ਉਸ (ਪ੍ਰਭੂ) ਦੀ। ਜਾ ਤੇ ਊਪਰਿ = ਜਿਸ ਤੋਂ ਵੱਡਾ।੨।
ਅਰਥ: (ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ। ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ।੧।ਰਹਾਉ।
ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ। ਮੇਰੇ ਪ੍ਰਭੂ ਦੀ ਬੜੀ ਤਾਕਤ ਹੈ, ਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ।੧।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨ, ਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ। ਹੇ ਭਾਈ! ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ।੨।੧੨।੯੮।
ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ {ਪੰਨਾ 675}
ਪਦਅਰਥ: ਦੀਨ = ਗਰੀਬ, ਅਨਾਥ। ਨਿਵਾਰਿ = ਦੂਰ ਕਰ ਕੇ। ਜਨ = ਸੇਵਕ। ਰਾਖੈ = ਲਾਜ ਰੱਖਦਾ ਹੈ। ਤਰਣ = ਜਹਾਜ਼। ਨਿਧਿ = ਖ਼ਜ਼ਾਨਾ। ਨ ਸਕੈ ਬਿਆਪਿ = ਪੋਹ ਨਹੀਂ ਸਕਦਾ।੧।
ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ। ਗੋਪਾਲ = ਧਰਤੀ ਦਾ ਪਾਲਣ ਵਾਲਾ। ਆਨ = {अन्य} ਕੋਈ ਹੋਰ। ਸੰਜਮ = ਜੁਗਤਿ। ਕਟਿ = ਕੱਟ ਲੈ। ਕਲਿ ਕਾਲ = ਸੰਸਾਰ ਦੀ ਕਲਪਣਾ, ਜਗਤ ਦੇ ਝੰਬੇਲੇ।ਰਹਾਉ।
ਆਦਿ = ਸ਼ੁਰੂ ਤੋਂ। ਅੰਤਿ = ਅਖ਼ੀਰ ਵਿਚ। ਆਦਿ ਅੰਤਿ = ਜਗਤ ਦੇ ਸ਼ੁਰੂ ਤੋਂ ਲੈ ਕੇ ਅਖ਼ੀਰ ਤਕ, ਸਦਾ ਹੀ। ਦਇਆਲ = ਦਇਆ ਦਾ ਘਰ। ਪੂਰਨ = ਸਰਬ = ਵਿਆਪਕ। ਨਿਵਾਰਿ = ਦੂਰ ਕਰ ਲੈ। ਜਪਿ = ਜਪ ਕੇ। ਸੋਇ = ਉਹੀ।੨।
ਕਰਹਿ = ਕਰਦੇ ਹਨ। ਮੁਕਤਿ = (ਜਗਤ ਦੇ ਝਗੜਿਆਂ ਝੰਬੇਲਿਆਂ ਤੋਂ) ਖ਼ਲਾਸੀ। ਅੰਧਾਰੁ = ਹਨੇਰਾ।੩।
ਅਧਾਰੁ = ਆਸਰਾ। ਸਾਚਾ = ਸਦਾ ਕਾਇਮ ਰਹਿਣ ਵਾਲਾ।੪।
ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।
ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।
ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।
ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।
ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ {ਪੰਨਾ 535}
ਪਦਅਰਥ: ਉਲਟੀ = ਉਲਟਾ ਲੈ, ਪਰਤਾਅ ਲੈ। ਸਿਉ = ਨਾਲ, ਨਾਲੋਂ। ਸਾਕਤ = ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ। ਰੇ = ਹੇ ਮਨ! ਛੁਟਕੀ ਛੁਟਕੀ = ਜ਼ਰੂਰ ਟੁੱਟ ਜਾਂਦੀ ਹੈ। ਸਾਕਤ ਸੰਗਿ = ਸਾਕਤ ਦੀ ਸੰਗਤਿ ਵਿਚ। ਨ ਛੁਟਕੀ = ਵਿਕਾਰਾਂ ਵਲੋਂ ਖ਼ਲਾਸੀ ਨਹੀਂ ਹੁੰਦੀ।੧।ਰਹਾਉ।
ਕਾਜਰ = ਕੱਜਲ, ਕਾਲਖ। ਭਰਿ = ਭਰ ਕੇ। ਮੰਦਰੁ = ਘਰ। ਜੋ ਪੈਸੇ = ਜੇਹੜਾ ਮਨੁੱਖ (ਉਸ ਵਿਚ) ਪਏਗਾ। ਕਾਲੂਖੀ = ਕਾਲਖ = ਭਰਿਆ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਜਿਸੁ ਤ੍ਰਿਕੁਟੀ = ਜਿਸ ਮਨੁੱਖ ਦੀ ਤ੍ਰਿਊੜੀ। ਤ੍ਰਿਕੁਟੀ = {ਤ੍ਰਿ = ਤਿੰਨ। ਕੁਟੀ = ਵਿੰਗੀ ਲਕੀਰ} ਮੱਥੇ ਦੀਆਂ ਤਿੰਨ ਵਿੰਗੀਆਂ ਲਕੀਰਾਂ; ਤ੍ਰਿਊੜੀ, ਅੰਦਰਲੀ ਖਿੱਝ।੧।
ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਕ੍ਰਿਪਾਲ = ਹੇ ਕਿਰਪਾ ਦੇ ਘਰ! ਕ੍ਰਿਪਾਨਿਧਿ = ਹੇ ਕਿਰਪਾ ਦੇ ਖ਼ਜ਼ਾਨੇ! ਨ ਜੁਟਸੀ = ਨਾਹ ਜੁੜੇ। ਕੋ = ਦਾ। ਮੂੰਡੁ = ਸਿਰ। ਪਗ = ਪੈਰ।੨।
ਅਰਥ: ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ।
ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ।੧।
ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ {ਪੰਨਾ 537-538}
ਪਦਅਰਥ: ਧਿਆਈਐ = ਧਿਆਉਣਾ ਚਾਹੀਦਾ ਹੈ। ਜਿੰਦੁੜੀਏ = ਹੇ ਸੋਹਣੀ ਜਿੰਦੇ! ਗੁਰਮੁਖਿ = ਗੁਰੂ ਦੀ ਸਰਨ ਪਿਆਂ। ਅਮੋਲੇ = ਜੇਹੜਾ ਕਿਸੇ ਮੁੱਲ ਤੋਂ ਨਾਹ ਮਿਲ ਸਕੇ। ਰਸਿ = ਰਸ ਵਿਚ, ਆਨੰਦ ਵਿਚ। ਬੀਧਾ = ਵਿੱਝਾ ਹੋਇਆ। ਨਾਮਿ = ਨਾਮ ਵਿਚ। ਝਕੋਲੇ = ਚੁੱਭੀ ਲਾਂਦਾ ਹੈ। ਠਹਰਾਈਐ = ਟਿਕਾਣਾ ਚਾਹੀਦਾ ਹੈ। ਅਨਤ = {अन्यत्र} ਹੋਰ ਪਾਸੇ। ਕਾਹੂ ਅਨਤ = ਕਿਸੇ ਹੋਰ ਪਾਸੇ। ਚਿੰਦਿਅੜਾ = ਚਿਤਵਿਆ।੧।
ਅਰਥ: ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।
ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ {ਪੰਨਾ 538}
ਪਦਅਰਥ: ਮਨਿ = ਮਨ ਵਿਚ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਵੁਠੜਾ = ਆ ਵੱਸਿਆ। ਮੁਖਿ = ਮੂੰਹ ਨਾਲ। ਬੈਣ = ਬਚਨ, ਸ਼ਬਦ। ਅਲਾਏ = ਉਚਾਰਦਾ ਹੈ। ਸੁਣੀਐ = ਸੁਣਨੀ ਚਾਹੀਦੀ ਹੈ। ਲਿਵ ਲਾਏ = ਲਿਵ ਲਾਇ, ਲਿਵ ਲਾ ਕੇ। ਗਲਿ = ਗਲ ਨਾਲ। ਸਹਜਿ = ਆਤਮਕ ਅਡੋਲਤਾ ਦੀ ਰਾਹੀਂ। ਸੁਭਾਏ = ਸੁਭਾਇ, ਡੂੰਘੇ ਪਿਆਰ ਦੇ ਕਾਰਨ। ਅਨਹਤ = {अनाहत = ਬਿਨਾ ਸਾਜ ਵਜਾਏ} ਇਕ-ਰਸ, ਲਗਾਤਾਰ।੨।
ਅਰਥ: ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨।
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥
ਪਦਅਰਥ: ਆਣਿ = ਲਿਆ ਕੇ। ਹਉ = ਮੈਂ। ਦੇਵਉ = ਦੇਵਉਂ, ਮੈਂ ਦੇ ਦਿਆਂ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।੩।
ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ।
ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ {ਪੰਨਾ 538}
ਪਦਅਰਥ: ਪ੍ਰਭ = ਹੇ ਪ੍ਰਭੂ! ਆਇ = ਆ ਕੇ {ਲਫ਼ਜ਼ 'ਆਣਿ' ਅਤੇ 'ਆਇ' ਦਾ ਫ਼ਰਕ ਚੇਤੇ ਰੱਖਣਾ}। ਪਰਗਾਸੇ = ਚਮਕਦਾ ਹੈ, ਉੱਘੜਦਾ ਹੈ। ਹਉ = ਮੈਂ। ਬਾਝੁ = ਬਿਨਾ। ਉਡੀਣੀਆ = ਉਦਾਸ। ਕਮਲ = ਕੌਲ = ਫੁੱਲ। ਗੁਰਿ = ਗੁਰੂ ਨੇ। ਪਾਸੇ = ਪਾਸ ਹੀ, ਕੋਲ ਹੀ, ਅੰਗ = ਸੰਗ। ਧਨੁ ਧਨੁ = ਸਲਾਹੁਣ = ਜੋਗ। ਨਾਮਿ = ਨਾਮ ਦੀ ਰਾਹੀਂ। ਬਿਗਾਸੇ = ਖਿੜ ਪੈਂਦਾ ਹੈ, ਟਹਿਕ ਪੈਂਦਾ ਹੈ।੪।
*┈┉┅━❀꧁ੴ꧂❀━┅┉┈*

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ {ਪੰਨਾ 637}
ਨੋਟ: ਤਿ-ਤੁਕੀ-ਤਿੰਨ ਤੁਕਾਂ ਵਾਲੀ, ਉਹ ਅਸ਼ਟਪਦੀ ਜਿਸ ਦੇ ਹਰੇਕ ਬੰਦ ਵਿਚ ਤਿੰਨ ਤੁਕਾਂ ਹਨ।
ਪਦਅਰਥ: ਹਰਿ ਜੀਉ = ਹੇ ਪ੍ਰਭੂ ਜੀ! ਧੁਰਿ = ਧੁਰ ਤੋਂ, ਸ਼ੁਰੂ ਤੋਂ, ਜਦੋਂ ਦਾ ਸੰਸਾਰ ਬਣਿਆ ਹੈ ਤਦੋਂ ਦਾ। ਪ੍ਰਹਿਲਾਦ ਜਨ = ਪ੍ਰਹਿਲਾਦ ਅਤੇ ਇਹੋ ਜਿਹੇ ਹੋਰ ਸੇਵਕ। ਮਾਰਿ = ਮਾਰ ਕੇ। ਪਚਾਇਆ = ਖ਼ੁਆਰ ਕੀਤਾ, ਤਬਾਹ ਕਰ ਦਿੱਤਾ। ਪਰਤੀਤਿ = ਸਰਧਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਰਮਿ = ਭਟਕਣਾ ਵਿਚ।੧।
ਵਡਿਆਈ = ਇੱਜ਼ਤ। ਪੈਜ = ਲਾਜ। ਸੁਆਮੀ = ਹੇ ਸੁਆਮੀ!।ਰਹਾਉ।
ਜਮੁ = ਮੌਤ, ਮੌਤ ਦਾ ਡਰ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਕਾਲੁ = ਮੌਤ ਦਾ ਡਰ। ਮਨਿ = ਮਨ ਵਿਚ। ਨਾਮੇ ਹੀ = ਨਾਮ ਵਿਚ ਜੁੜ ਕੇ ਹੀ। ਮੁਕਤਿ = ਮੌਤ ਦੇ ਡਰ ਤੋਂ ਖ਼ਲਾਸੀ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਈ = ਸੁਭਾਇ, ਪ੍ਰੇਮ ਵਿਚ।੨।
ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ {ਪੰਨਾ 637-638}
ਪਦਅਰਥ: ਨੋ = ਨੂੰ। ਆਵੀ = ਆਵੈ, ਆਉਂਦੀ। ਲੋਭ ਸੁਆਉ = ਲੋਭ ਦਾ ਸੁਆਰਥ, ਲੋਭ = ਭਰੀ ਗ਼ਰਜ਼। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ। ਹਿਰਦੈ = ਹਿਰਦੇ ਵਿਚ। ਭੇਦਿਓ = ਵਿੱਝਿਆ। ਨਾਮਿ = ਨਾਮ ਵਿਚ। ਭਾਉ = ਪਿਆਰ। ਪਾਜੁ = ਮੁਲੰਮਾ। ਲਹਿ ਜਾਸੀ = ਉਤਰ ਜਾਏਗਾ। ਅਲਾਉ = ਅਲਾਪ, ਬੋਲ।੩।
ਵਰਤਦਾ = ਕੰਮ ਕਰਦਾ। ਭਗਤੀ = ਭਗਤਾਂ ਨੇ। ਤੂ = ਤੈਨੂੰ। ਲੋਕ = ਸ੍ਰਿਸ਼ਟੀ। ਬਿਧਾਤਾ = ਰਚਨਹਾਰ। ਮਨਸਾ = {मनीषा} ਮਨੋ = ਕਾਮਨਾ। ਮਨਹਿ = ਮਨਿ ਹੀ, ਮਨ ਵਿਚ ਹੀ {ਲਫ਼ਜ਼ 'ਮਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਸਬਦਿ = ਸ਼ਬਦ ਦੀ ਰਾਹੀਂ।੪।
ਅਚਿੰਤ = ਚਿੰਤਾ ਤੋਂ ਬਿਨਾ ਹੀ। ਪ੍ਰਭ = ਹੇ ਪ੍ਰਭੂ! ਪਰਸਾਦਿ = ਕਿਰਪਾ ਨਾਲ। ਮਨਿ = ਮਨ ਵਿਚ। ਸਭਿ = ਸਾਰੇ। ਸੁ = ਉਹ (ਮਨੁੱਖ) । ਵਿਗੁਚੈ = ਖ਼ੁਆਰ ਹੁੰਦਾ ਹੈ।੫।
ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}
ਪਦਅਰਥ: ਕਿਨੈ = ਕਿਸੇ ਨੇ ਭੀ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਉਕਿ = ਫ਼ਜ਼ੂਲ ਬੋਲ ਕੇ। ਮੁਏ = ਆਤਮਕ ਮੌਤ ਸਹੇੜ ਬੈਠੇ। ਬਿਲਲਾਈ = ਬਿਲਲਾਇ, ਵਿਲਕ ਕੇ। ਆਵਹਿ ਜਾਵਹਿ = ਜੰਮਦੇ ਹਨ ਮਰਦੇ ਹਨ। ਠਉਰ = ਟਿਕਾਣਾ, ਜਨਮ ਮਰਨ ਤੋਂ ਖਲ੍ਹੀਰ। ਦੁਖਿ = ਦੁੱਖ ਵਿਚ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸਹਜੇ = ਆਤਮਕ ਅਡੋਲਤਾ ਵਿਚ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਮਾਈ = ਲੀਨਤਾ।੬।
ਜਨਮੁ = ਜਨਮਾਂ ਦਾ ਗੇੜ। ਅਧਿਕਾਈ = ਬਹੁਤ। ਪੜਹਿ = ਪੜ੍ਹਦੇ ਹਨ {ਬਹੁ-ਵਚਨ}। ਤੈ = ਅਤੇ। ਵਾਦ = ਚਰਚਾ, ਬਹਿਸਾਂ। ਪਤਿ = ਇੱਜ਼ਤ। ਸਚਾ = ਸਦਾ-ਥਿਰ (ਪ੍ਰਭੂ ਦਾ ਉਪਦੇਸ਼ ਕਰਨ ਵਾਲਾ) । ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਭਜਿ = ਭੱਜ ਕੇ, ਦੌੜ ਕੇ। ਛੂਟਹਿ = (ਆਤਮਕ ਮੌਤ ਤੋਂ) ਬਚਦੇ ਹਨ।੭।
ਮਨਿ = ਮਨ ਵਿਚ। ਦਰਿ = ਪ੍ਰਭੂ ਦੇ ਦਰ ਤੇ। ਸਾਚੇ = ਸੁਰਖ਼ = ਰੂ। ਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰਾ = ਸੁਰਖ਼ = ਰੂ, ਇੱਜ਼ਤ ਵਾਲੇ। ਜੁਗਿ ਜੁਗਿ = ਹਰੇਕ ਜੁਗ ਵਿਚ। ਤਿਨ ਕੈ = ਉਹਨਾਂ ਤੋਂ। ਸਦ = ਸਦਾ। ਉਰਿ = ਹਿਰਦੇ ਵਿਚ।
ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।
ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।
ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥ ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥ {ਪੰਨਾ 841}
ਪਦਅਰਥ: ਆਦਿਤ = {आदित्य} ਸੂਰਜ। ਵਾਰਿ = ਵਾਰ ਵਿਚ, ਵਾਰ ਦੀ ਰਾਹੀਂ। ਆਦਿਤ ਵਾਰਿ = ਇਤਵਾਰ ਦੀ ਰਾਹੀਂ, ਸੂਰਜ ਦੇ ਦਿਨ ਦੀ ਰਾਹੀਂ। ਆਦਿ = ਸਭ ਦਾ ਮੂਲ। ਪੁਰਖੁ = ਸਰਬ = ਵਿਆਪਕ ਪ੍ਰਭੂ! ਸੋਈ = ਉਹ ਆਪ ਹੀ। ਆਪੇ = ਆਪ ਹੀ। ਵਰਤੈ = (ਹਰ ਥਾਂ) ਮੌਜੂਦ ਹੈ। ਓਤਿ = ਉਣੇ ਹੋਏ ਵਿਚ। ਪੋਤਿ = ਪ੍ਰੋਤੇ ਹੋਏ ਵਿਚ {ओत प्रोत}। ਰਹਿਆ ਪਰੋਈ = ਪ੍ਰੋ ਰਿਹਾ ਹੈ। ਨਾਮਿ = ਨਾਮ ਵਿਚ। ਰਤੇ = ਰੰਗੇ ਹੋਏ ਨੂੰ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ।੧।
ਹਿਰਦੈ = ਹਿਰਦੇ ਵਿਚ। ਜਪਨੀ = ਮਾਲਾ। ਜਪਉ = ਜਪਉਂ, ਮੈਂ ਜਪਦਾ ਹਾਂ। ਗੁਣਤਾਸਾ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਅਗਮ = ਅਪਹੁੰਚ। ਅਗੋਚਰੁ = {ਅ = ਗੋ = ਚਰੁ। ਗੋ = ਗਿਆਨ = ਇੰਦ੍ਰੇ। ਚਰੁ = ਪਹੁੰਚ} ਜੋ ਗਿਆਨ = ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ। ਅਪਰੰਪਰ = ਪਰੇ ਤੋਂ ਪਰੇ। ਜਨ ਪਗਿ = ਸੰਤ ਜਨਾਂ ਦੀ ਪੈਰੀਂ। ਲਗਿ = ਲੱਗ ਕੇ। ਹੋਇ = ਬਣ ਕੇ। ਧਿਆਵਉ = ਧਿਆਵਉਂ, ਮੈਂ ਸਿਮਰਦਾ ਹਾਂ।੧।ਰਹਾਉ।
ਨੋਟ: ਮ: ੧ ਦੀ ਬਾਣੀ 'ਥਿਤੀ' ਦੀ 'ਰਹਾਉ' ਦੀ ਤੁਕ ਗਹੁ ਨਾਲ ਪੜ੍ਹੋ-"ਕਿਆ ਜਪੁ ਜਾਪਉ ਬਿਨੁ ਜਗਦੀਸੈ'। 'ਵਾਰ ਸਤ' ਦੀ ਭੀ 'ਰਹਾਉ' ਦੀ ਤੁਕ ਵੇਖੋ-'ਹਿਰਦੈ ਜਪਨੀ ਜਪਉ ਗੁਣ ਤਾਸਾ'। ਲਫ਼ਜ਼ਾਂ ਦੀ ਸਾਂਝ ਦੱਸਦੀ ਹੈ ਕਿ ਬਾਣੀ 'ਥਿਤੀ' ਗੁਰੂ ਅਮਰਦਾਸ ਜੀ ਪਾਸ ਮੌਜੂਦ ਸੀ, ਜਦੋਂ ਉਹਨਾਂ 'ਵਾਰ ਸਤ' ਬਾਣੀ ਲਿਖੀ। ਦੋਹਾਂ ਦਾ 'ਘਰੁ ੧੦' ਹੈ।
ਅਰਥ: ਹੇ ਭਾਈ! ਸਾਰੇ ਜਗਤ ਦਾ) ਮੂਲ ਉਹ ਅਕਾਲ ਪੁਰਖ ਆਪ ਹੀ (ਸਭ ਥਾਂ) ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ। ਉਹ ਪਰਮਾਤਮਾ ਸਾਰੇ ਜਗਤ ਨੂੰ ਤਾਣੇ ਪੇਟੇ ਵਾਂਗ (ਆਪਣੀ ਰਜ਼ਾ ਵਿਚ) ਪ੍ਰੋ ਰਿਹਾ ਹੈ। (ਜਗਤ ਵਿਚ) ਉਹ ਕੁਝ ਹੁੰਦਾ ਹੈ ਜੋ ਕਰਤਾਰ ਆਪ ਹੀ ਕਰਦਾ ਹੈ। ਉਸ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ। ਪਰ ਕੋਈ ਵਿਰਲਾ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ।੧।
ਹੇ ਭਾਈ! ਮੈਂ (ਆਪਣੇ) ਹਿਰਦੇ ਵਿਚ ਗੁਣਾਂ ਦੇ ਖ਼ਜ਼ਾਨੇ (ਪਰਮਾਤਮਾ ਦੇ ਨਾਮ) ਨੂੰ ਜਪਦਾ ਹਾਂ (ਇਹੀ ਹੈ ਮੇਰੀ) ਮਾਲਾ। ਪਰਮਾਤਮਾ ਅਪਹੁੰਚ ਹੈ, ਪਰੇ ਤੋਂ ਪਰੇ ਹੈ, ਸਭ ਦਾ ਮਾਲਕ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਮੈਂ ਤਾਂ ਸੰਤ ਜਨਾਂ ਦੀ ਚਰਨੀਂ ਲੱਗ ਕੇ ਸੰਤ ਜਨਾਂ ਦੇ ਦਾਸਾਂ ਦਾ ਦਾਸ ਬਣ ਕੇ ਉਸ ਨੂੰ ਸਿਮਰਦਾ ਹਾਂ।੧।ਰਹਾਉ।
ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥ {ਪੰਨਾ 841}
ਪਦਅਰਥ: ਸਚਿ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ। ਤਿਸ ਕੀ = {ਸੰਬੰਧਕ 'ਕੀ' ਕਾਰਨ ਲਫ਼ਜ਼ 'ਤਿਸੁ ਦਾ ੁ ਉੱਡ ਗਿਆ ਹੈ}। ਆਖਿ ਆਖਿ = ਆਖ ਆਖ ਕੇ। ਰਹੇ = ਥੱਕ ਗਏ। ਸਭਿ = ਸਾਰੇ। ਲਿਵ ਲਾਇ = ਸੁਰਤਿ ਜੋੜ ਕੇ। ਦੇਵੈ = (ਸਿਫ਼ਤਿ-ਸਾਲਾਹ ਦੀ ਦਾਤਿ ਪ੍ਰਭੂ ਆਪ) ਦੇਂਦਾ ਹੈ। ਤਿਸੁ ਪਲੈ ਪਾਇ = ਉਸ ਦੇ ਪੱਲੇ ਵਿਚ ਪੈਂਦੀ ਹੈ, ਉਸ ਨੂੰ ਮਿਲਦੀ ਹੈ। ਲਖਿਆ ਨ ਜਾਇ = (ਸਹੀ ਸਰੂਪ) ਬਿਆਨ ਨਹੀਂ ਕੀਤਾ ਜਾ ਸਕਦਾ। ਗੁਰ ਕੈ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਰਹਿਆ ਸਮਾਇ = ਲੀਨ ਹੋਇਆ ਰਹਿੰਦਾ ਹੈ।੨।
ਅਰਥ: ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਹੋਇਆ ਰਹਿੰਦਾ ਹੈ (ਉਸ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। (ਪਰ ਇਹ ਸਿਮਰਨ ਤੇ ਯਾਦ ਦੀ ਦਾਤਿ) ਜਿਸ (ਮਨੁੱਖ) ਨੂੰ (ਪਰਮਾਤਮਾ ਆਪ) ਦੇਂਦਾ ਹੈ, ਉਸ ਨੂੰ (ਹੀ) ਮਿਲਦੀ ਹੈ, (ਆਪਣੇ ਉੱਦਮ ਨਾਲ ਸੁਰਤਾਂ ਜੋੜਨ ਵਾਲੇ ਅਤੇ ਸਿਫ਼ਤਾਂ ਆਖਣ ਵਾਲੇ ਮਨੁੱਖ) ਸਿਫ਼ਤਾਂ ਆਖ ਆਖ ਕੇ ਅਤੇ ਸੁਰਤਿ ਜੋੜ ਜੋੜ ਕੇ ਸਾਰੇ ਹੀ ਥੱਕ ਜਾਂਦੇ ਹਨ।
ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਮਨੁੱਖ) ਪਰਮਾਤਮਾ ਵਿਚ ਲੀਨ ਰਹਿ ਸਕਦਾ ਹੈ।੨।
ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥ {ਪੰਨਾ 841}
ਪਦਅਰਥ: ਮੰਗਲਿ = ਮੰਗਲ (ਵਾਰ) ਦੀ ਰਾਹੀਂ। ਆਪੇ = ਆਪ ਹੀ। ਸਿਰਿ = ਸਿਰ ਉਤੇ। ਸਿਰਿ ਸਿਰਿ = ਹਰੇਕ (ਜੀਵ ਦੇ) ਸਿਰ ਉੱਤੇ। ਧੰਧੈ = (ਮਾਇਆ ਦੇ) ਧੰਧੇ ਵਿਚ। ਬੁਝਾਏ = ਸਮਝ ਬਖ਼ਸ਼ਦਾ ਹੈ। ਬੂਝੈ = ਸਮਝਦਾ ਹੈ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਦਰੁ ਘਰੁ = ਪਰਮਾਤਮਾ ਦਾ ਦਰਵਾਜ਼ਾ, ਪਰਮਾਤਮਾ ਦਾ ਟਿਕਾਣਾ। ਸੂਝੈ = ਦਿੱਸਦਾ ਹੈ। ਲਿਵ ਲਾਇ = ਸੁਰਤਿ ਜੋੜ ਕੇ। ਸਬਦਿ = ਸ਼ਬਦ ਦੀ ਰਾਹੀਂ।੩।
ਅਰਥ: ਹੇ ਭਾਈ! ਪਰਮਾਤਮਾ ਨੇ) ਮਾਇਆ ਦਾ ਮੋਹ (ਆਪ ਹੀ) ਪੈਦਾ ਕੀਤਾ ਹੈ, ਆਪ ਹੀ (ਇਸ ਮੋਹ ਨੂੰ) ਹਰੇਕ (ਜੀਵ ਦੇ) ਸਿਰ ਉੱਤੇ (ਥਾਪ ਕੇ ਹਰੇਕ ਨੂੰ ਮਾਇਆ ਦੇ) ਧੰਧੇ ਵਿਚ ਲਾਇਆ ਹੋਇਆ ਹੈ। ਜਿਸ ਮਨੁੱਖ ਨੂੰ (ਪਰਮਾਤਮਾ) ਆਪ ਸਮਝ ਬਖ਼ਸ਼ਦਾ ਹੈ, ਉਹੀ (ਇਸ ਮੋਹ ਦੀ ਖੇਡ ਨੂੰ) ਸਮਝਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉਸ ਨੂੰ (ਪਰਮਾਤਮਾ ਦਾ) ਦਰ-ਘਰ ਦਿੱਸ ਪੈਂਦਾ ਹੈ। ਉਹ ਮਨੁੱਖ ਸੁਰਤਿ ਜੋੜ ਕੇ ਪ੍ਰੇਮ ਨਾਲ ਪਰਮਾਤਮਾ ਦੀ ਭਗਤੀ ਕਰਦਾ ਹੈ, (ਤੇ, ਇਸ ਤਰ੍ਹਾਂ) ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਅਤੇ (ਮਾਇਆ ਦੀ) ਮਮਤਾ ਸਾੜ ਲੈਂਦਾ ਹੈ।੩।
ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥ ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥ {ਪੰਨਾ 481}
ਪਦਅਰਥ: ਆਪੇ = ਆਪ ਹੀ (ਦੇਂਦਾ ਹੈ) । ਬੁਧਿ ਸਾਰੁ = ਬੁੱਧੀ ਦਾ ਸਾਰ, ਸ੍ਰੇਸ਼ਟ ਬੁੱਧੀ {ਸਾਰੁ = ਤੱਤ, ਨਚੋੜ}। ਗੁਰਮੁਖਿ = ਗੁਰੂ ਦੇ ਸਨਮੁਖ ਰੱਖ ਕੇ, ਗੁਰੂ ਦੀ ਰਾਹੀਂ। ਕਰਣੀ = ਚੰਗਾ ਆਚਰਨ। ਵੀਚਾਰੁ = (ਗੁਣਾਂ ਨੂੰ) ਮਨ ਵਿਚ ਵਸਾਣਾ। ਨਾਮਿ ਰਤੇ ਮਨੁ = ਨਾਮੁ ਵਿਚ ਰੰਗੇ ਹੋਏ (ਮਨੁੱਖ) ਦਾ ਮਨ। ਖੋਇ = ਦੂਰ ਕਰ ਕੇ। ਦਰਿ = ਦਰ ਤੇ। ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਦ = ਸਦਾ। ਨਾਮਿ ਰਤੇ = ਨਾਮ ਵਿਚ ਰੰਗੇ ਹੋਏ ਮਨੁੱਖ। ਸਬਦਿ = ਸ਼ਬਦ ਦੀ ਰਾਹੀਂ। ਸੁਹਾਏ = ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੪।
ਲਾਹਾ = ਲਾਭ। ਗੁਰ ਦੁਆਰਿ = ਗੁਰੂ ਦੇ ਦਰ ਤੇ। ਦੇਵਣਹਾਰੁ = ਦੇ ਸਕਣ ਵਾਲਾ ਪ੍ਰਭੂ। ਜੋ = ਜਿਹੜਾ ਪ੍ਰਭੂ। ਤਿਸ ਕਉ = {ਸੰਬੰਧਕ 'ਕਉ' ਦੇ ਕਾਰਨ ਲਫ਼ਜ਼ 'ਤਿਸੁ' ਦਾ ੁ ਉੱਡ ਗਿਆ ਹੈ}। ਬਲਿ ਜਾਈਐ = ਕੁਰਬਾਨ ਜਾਣਾ ਚਾਹੀਦਾ ਹੈ। ਪਰਸਾਦੀ = ਕਿਰਪਾ ਨਾਲ, ਪਰਸਾਦਿ। ਆਪੁ = ਆਪਾ = ਭਾਵ, ਹਉਮੈ। ਗਵਾਈਐ = ਦੂਰ ਕਰਨਾ ਚਾਹੀਦਾ ਹੈ। ਉਰ = ਹਿਰਦਾ। ਉਰ ਧਾਰਿ = ਹਿਰਦੇ ਵਿਚ ਟਿਕਾ ਕੇ। ਕਉ = ਨੂੰ। ਜੈਕਾਰੁ = ਸਿਫ਼ਤਿ-ਸਾਲਾਹ, ਵਡਿਆਈ।੫।
ਅਰਥ: ਹੇ ਭਾਈ! ਪਰਮਾਤਮਾ) ਆਪ ਹੀ (ਮਨੁੱਖ ਨੂੰ) ਗੁਰੂ ਦੀ ਸਰਨ ਵਿਚ ਰੱਖ ਕੇ ਸ੍ਰੇਸ਼ਟ ਬੁੱਧੀ, ਉੱਚਾ ਆਚਰਨ, ਸਿਫ਼ਤਿ-ਸਾਲਾਹ ਅਤੇ (ਆਪਣੇ ਗੁਣਾਂ ਦੀ) ਵਿਚਾਰ (ਬਖ਼ਸ਼ਦਾ ਹੈ, ਇਸ ਤਰ੍ਹਾਂ ਉਸ ਦੇ) ਨਾਮ ਵਿਚ ਰੰਗੇ ਹੋਏ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ, (ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਸੋਭਾ ਖੱਟਦਾ ਹੈ।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੪।
ਹੇ ਭਾਈ! ਗੁਰੂ ਦੇ ਦਰ ਤੇ (ਰਹਿ ਕੇ ਮਨੁੱਖ ਪਰਮਾਤਮਾ ਦਾ) ਨਾਮ-ਲਾਭ ਖੱਟ ਲੈਂਦਾ ਹੈ, (ਪਰ ਇਹ ਦਾਤਿ ਹੈ, ਤੇ ਇਹ ਦਾਤਿ) ਦੇਣ ਦੀ ਸਮਰਥਾ ਵਾਲਾ ਪ੍ਰਭੂ ਆਪ ਹੀ ਦੇਂਦਾ ਹੈ। ਸੋ, ਜਿਹੜਾ ਪ੍ਰਭੂ (ਇਹ ਦਾਤਿ) ਦੇਂਦਾ ਹੈ ਉਸ ਤੋਂ (ਸਦਾ) ਸਦਕੇ ਜਾਣਾ ਚਾਹੀਦਾ ਹੈ, ਗੁਰੂ ਦੀ ਕਿਰਪਾ ਨਾਲ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਨਾ ਚਾਹੀਦਾ ਹੈ।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ, ਤੇ, ਉਸ ਸਭ ਕੁਝ ਦੇ ਸਕਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹੋ।੫।
ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥੮॥ {ਪੰਨਾ 841}
ਪਦਅਰਥ: ਵੀਰਵਾਰਿ = ਵੀਰਵਾਰ ਦੀ ਰਾਹੀਂ। ਵੀਰ = ਬਵੰਜਾ ਬੀਰ (ਹਨੂਮਾਨ ਆਦਿਕ। ਭਰਮਿ = ਭਟਕਣਾ ਵਿਚ (ਪਾ ਕੇ) । ਭੁਲਾਏ = ਕੁਰਾਹੇ ਪਾ ਰੱਖੇ। ਸਭਿ = ਸਾਰੇ। ਦੂਜੈ = ਮਾਇਆ ਦੇ ਮੋਹ ਵਿਚ। ਲਾਏ = ਲਾ ਦਿੱਤੇ। ਉਪਾਏ = ਪੈਦਾ ਕੀਤੇ। ਕਰਿ = ਕਰ ਕੇ, ਬਣਾ ਕੇ। ਵੇਕਾ = ਵੱਖ ਵੱਖ ਕਿਸਮ ਦੇ। ਵੇਖੈ = ਵੇਖਦਾ ਹੈ, ਸੰਭਾਲ ਕਰਦਾ ਹੈ। ਕਰਤੇ = ਹੇ ਕਰਤਾਰ! ਟੇਕਾ = ਆਸਰਾ। ਮਿਲੈ = (ਤੈਨੂੰ) ਮਿਲਦਾ ਹੈ। ਲੈਹਿ ਮਿਲਾਈ = ਤੂੰ (ਆਪ) ਮਿਲਾ ਲੈਂਦਾ ਹੈਂ।੬।
ਉਪਾਇ = ਪੈਦਾ ਕਰ ਕੇ। ਸਭ = ਸਾਰੀ ਸ੍ਰਿਸ਼ਟੀ। ਕੀਮਤਿ = ਕਦਰ। ਗੁਰਮੁਖਿ = ਗੁਰੂ ਦੇ ਸਨਮੁਖ। ਸੁ = ਉਹ ਮਨੁੱਖ। ਸਚੁ = ਸਦਾ-ਥਿਰ ਹਰਿ = ਨਾਮ ਦਾ ਸਿਮਰਨ। ਸੰਜਮੁ = ਇੰਦ੍ਰਿਆਂ ਨੂੰ ਵਿਕਾਰਾਂ ਤੋਂ ਬਚਾਈ ਰੱਖਣ ਦਾ ਉੱਦਮ। ਕਰਣੀ = ਕਰਤੱਬ। ਕਾਰ = ਰੋਜ਼ਾਨਾ ਕੰਮ। ਨਿਤਾਪ੍ਰਤਿ = ਸਦਾ ਹੀ, ਰੋਜ਼ਾਨਾ। ਪੂਜਾ = ਦੇਵ = ਪੂਜਾ। ਸਭੁ = ਸਾਰਾ। ਭਾਉ = ਪਿਆਰ। ਦੂਜਾ ਭਾਉ = (ਪ੍ਰਭੂ ਤੋਂ ਬਿਨਾ ਕਿਸੇ) ਹੋਰ ਦਾ ਪਿਆਰ।੭।
ਸਉਣ = ਸ਼ੋਨਕ ਰਿਸ਼ੀ। ਸਉਣ ਸਾਸਤ = ਸ਼ੋਨਕ ਦਾ ਲਿਖਿਆ ਜੋਤਿਸ਼ ਸ਼ਾਸਤ੍ਰ। ਮੇਰਾ = ਮਮਤਾ। ਭਰਮੈ = ਭਟਕਦਾ ਹੈ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। {ਭਾਉ = ਪਿਆਰ। ਭਾਇ = ਪਿਆਰ ਵਿਚ}। ਦਰਿ = ਦਰ ਤੇ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਲਿਵ ਲਾਏ = ਸੁਰਤਿ ਜੋੜਦਾ ਹੈ।੮।
ਅਰਥ: ਹੇ ਭਾਈ! ਬਵੰਜਾ) ਬੀਰਾਂ ਨੂੰ (ਭੀ ਪਰਮਾਤਮਾ ਨੇ) ਭਟਕਣਾ ਵਿਚ ਪਾ ਕੇ (ਮਾਇਆ ਦੇ ਮੋਹ ਵਿਚ) ਭੁਲਾਈ ਰੱਖਿਆ, ਸਾਰੇ ਭੂਤ ਪ੍ਰੇਤ ਭੀ ਮਾਇਆ ਦੇ ਮੋਹ ਵਿਚ ਲਾਏ ਹੋਏ ਹਨ। ਪਰਮਾਤਮਾ ਨੇ ਆਪ (ਹੀ ਇਹ ਸਾਰੇ) ਪੈਦਾ ਕੀਤੇ, (ਇਹਨਾਂ ਨੂੰ) ਵੱਖ ਵੱਖ ਕਿਸਮਾਂ ਦੇ ਬਣਾ ਕੇ (ਸਭ ਦੀ) ਸੰਭਾਲ (ਭੀ) ਕਰਦਾ ਹੈ।
ਹੇ ਕਰਤਾਰ! ਸਭ ਜੀਵਾਂ ਨੂੰ ਤੇਰਾ ਹੀ ਆਸਰਾ ਹੈ। ਸਾਰੇ ਜੀਵ ਜੰਤ ਤੇਰੀ ਸਰਨ ਹਨ। ਉਹ ਮਨੁੱਖ (ਹੀ ਤੈਨੂੰ) ਮਿਲਦਾ ਹੈ ਜਿਸ ਨੂੰ ਤੂੰ ਆਪ (ਆਪਣੇ ਨਾਲ) ਮਿਲਾਂਦਾ ਹੈਂ।੬।
ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ) ਪਰਮਾਤਮਾ ਵਿਆਪਕ ਹੈ, (ਸ੍ਰਿਸ਼ਟੀ ਨੂੰ) ਆਪ (ਹੀ) ਪੈਦਾ ਕਰ ਕੇ ਸਾਰੀ ਸ੍ਰਿਸ਼ਟੀ ਦੀ ਕਦਰ ਭੀ ਆਪ ਹੀ ਜਾਣਦਾ ਹੈ।
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਆਪਣੇ ਮਨ ਵਿਚ ਵਸਾਂਦਾ ਹੈ। ਸਦਾ-ਥਿਰ ਹਰਿ-ਨਾਮ ਦਾ ਸਿਮਰਨ, ਅਤੇ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਈ ਰੱਖਣ ਦਾ ਉੱਦਮ-ਇਹ ਉਸ ਮਨੁੱਖ ਦਾ ਨਿੱਤ ਦਾ ਕਰਤੱਬ, ਨਿੱਤ ਦੀ ਕਾਰ ਹੋ ਜਾਂਦੀ ਹੈ।
ਪਰ ਵਰਤ ਰੱਖਣਾ, ਕਰਮ ਕਾਂਡ ਦਾ ਹਰੇਕ ਨੇਮ ਨਿਬਾਹੁਣਾ, ਰੋਜ਼ਾਨਾ ਦੇਵ-ਪੂਜਾ-ਆਤਮਕ ਜੀਵਨ ਦੀ ਸੂਝ ਤੋਂ ਬਿਨਾ ਇਹ ਸਾਰਾ ਉੱਦਮ ਮਾਇਆ ਦਾ ਪਿਆਰ (ਹੀ ਪੈਦਾ ਕਰਨ ਵਾਲਾ) ਹੈ।੭।
ਹੇ ਭਾਈ! ਪਰਮਾਤਮਾ ਦਾ ਸਿਮਰਨ ਛੱਡ ਕੇ) ਸ਼ੋਨਕ ਦਾ ਜੋਤਿਸ਼ ਸ਼ਾਸਤ੍ਰ (ਆਦਿਕ) ਵਿਚਾਰਦੇ ਰਹਿਣਾ-(ਇਸ ਦੇ ਕਾਰਣ) ਜਗਤ ਮਮਤਾ ਅਤੇ ਹਉਮੈ ਵਿਚ ਭਟਕਦਾ ਰਹਿੰਦਾ ਹੈ। ਆਤਮਕ ਜੀਵਨ ਵਲੋਂ ਅੰਨ੍ਹਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, (ਅਜਿਹਾ ਮਨੁੱਖ) ਜਮਰਾਜ ਦੇ ਦਰ ਤੇ ਬੱਝਾ ਹੋਇਆ (ਵਿਕਾਰਾਂ ਦੀਆਂ) ਸੱਟਾਂ ਖਾਂਦਾ ਰਹਿੰਦਾ ਹੈ।
ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ ਸਿਮਰਨ ਨੂੰ (ਆਪਣਾ ਰੋਜ਼ਾਨਾ) ਕਰਤੱਬ ਬਣਾਂਦਾ ਹੈ ਅਤੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ।੮।
ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥੯॥ ਪੰਦ੍ਰਹ ਥਿਤੀ ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ ॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥ {ਪੰਨਾ 841-842}
ਪਦਅਰਥ: ਸੇਵਹਿ = ਸੇਂਵਦੇ ਹਨ, ਸੇਵਾ = ਭਗਤੀ ਕਰਦੇ ਹਨ, ਸਰਨ ਪੈਂਦੇ ਹਨ {ਬਹੁ-ਵਚਨ}। ਸੇ = ਉਹ {ਬਹੁ-ਵਚਨ}। ਮਾਰਿ = ਮਾਰ ਕੇ। ਸਚਿ = ਸਦਾ-ਥਿਰ ਪ੍ਰਭੂ ਵਿਚ। ਲਿਵ = ਸੁਰਤਿ। ਤੇਰੈ ਸੰਗਿ = ਤੇਰੇ (ਪ੍ਰੇਮ-) ਰੰਗ ਵਿਚ। ਰਾਤੇ = ਰੰਗੇ ਹੋਏ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪਿਆਰ ਵਿਚ। ਲੈਹਿ ਮਿਲਾਇ = ਤੂੰ ਮਿਲਾ ਲੈਂਦਾ ਹੈਂ। ਤੇ = ਤੋਂ (ਬਿਨਾ) । ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਬੂਝੈ = ਸਮਝ ਲੈਂਦਾ ਹੈ।੯।
ਤੈ = ਅਤੇ। ਵਾਰ = ਦਿਨ (ਸੂਰਜ ਦੇ ਹਿਸਾਬ) । ਥਿਤਂੀ = ਚੰਦ ਦੇ ਹਿਸਾਬ ਦਿਹਾੜੇ। ਮਾਹਾ = ਮਹੀਨੇ। ਰੁਤੀ = ਰੁੱਤਾਂ। ਆਵਹਿ = ਆਉਂਦੇ ਹਨ। ਵਾਰ ਵਾਰ = ਆਪਣੀ ਆਪਣੀ ਵਾਰੀ, ਮੁੜ ਮੁੜ। ਰੈਣਿ = ਰਾਤ। ਤਿਵੈ = ਉਸੇ ਤਰ੍ਹਾਂ। ਆਵਾਗਉਣ = ਜਨਮ ਮਰਨ ਦਾ ਗੇੜ। ਕਰਤਾਰਿ = ਕਰਤਾਰ ਨੇ। ਨਿਹਚਲੁ = ਅਟੱਲ। ਸਾਚੁ = ਸਦਾ-ਥਿਰ ਪ੍ਰਭੂ। ਕਲ = ਸੱਤਾ, ਤਾਕਤ। ਰਹਿਆ ਧਾਰਿ = ਟਿਕਾ ਰਿਹਾ ਹੈ। ਕੋ = ਕੋਈ ਵਿਰਲਾ।੧੦।
ਨੋਟ: ਗੁਰੂ ਅਮਰਦਾਸ ਜੀ ਦੀ ਇਸ ਬਾਣੀ ਦਾ ਸਿਰਲੇਖ ਹੈ 'ਵਾਰ ਸਤ'। ਅਖ਼ੀਰਲੀ ਪਉੜੀ ਨੰ: ੧੦ ਵਿਚ ਆਪ 'ਥਿਤੀ ਦਾ ਭੀ ਜ਼ਿਕਰ ਕਰ ਰਹੇ ਹਨ। ਇਸ ਦਾ ਕਾਰਨ ਸਿਰਫ਼ ਇਹ ਹੈ ਕਿ ਗੁਰੂ ਅਮਰਦਾਸ ਜੀ ਪਾਸ ਗੁਰੂ ਨਾਨਕ ਦੇਵ ਜੀ ਦੀ ਇਹ ਬਾਣੀ ਮੌਜੂਦ ਸੀ।
ਅਰਥ: ਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜਿਹੜੇ ਗੁਰੂ ਦੀ ਸਰਨ ਆ ਪੈਂਦੇ ਹਨ, (ਆਪਣੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਦੀ) ਸੁਰਤਿ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੱਗ ਜਾਂਦੀ ਹੈ।
ਹੇ ਪ੍ਰਭੂ! ਗੁਰੂ ਦੀ ਸਰਨ ਆਉਣ ਵਾਲੇ ਮਨੁੱਖ) ਤੇਰੇ ਪਿਆਰ-ਰੰਗ ਵਿਚ ਟਿਕੇ ਰਹਿੰਦੇ ਹਨ। ਸਾਰੇ ਸੁਖ ਦੇਣ ਵਾਲਾ ਤੂੰ (ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ।
ਹੇ ਭਾਈ! ਇਕ ਪਰਮਾਤਮਾ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਸ ਗੱਲ ਨੂੰ) ਸਮਝ ਲੈਂਦਾ ਹੈ, (ਉਸ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ) ।੯।
ਹੇ ਭਾਈ! ਜਿਵੇਂ) ਪੰਦ੍ਰਾਂ ਥਿੱਤਾਂ ਅਤੇ ਸੱਤ ਵਾਰ, ਮਹੀਨੇ, ਰੁੱਤਾਂ, ਰਾਤ, ਦਿਨ ਮੁੜ ਮੁੜ ਆਉਂਦੇ ਰਹਿੰਦੇ ਹਨ, ਤਿਵੇਂ ਇਹ ਜਗਤ ਹੈ (ਭਾਵ, ਜਗਤ ਦੇ ਜੀਵ ਜੰਮਦੇ ਮਰਦੇ ਰਹਿੰਦੇ ਹਨ। ਕਰਤਾਰ ਨੇ (ਆਪ ਹੀ ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਬਣਾ ਦਿੱਤਾ ਹੈ। ਅਟੱਲ ਰਹਿਣ ਵਾਲਾ ਸਦਾ-ਥਿਰ ਪ੍ਰਭੂ ਹੀ ਹੈ ਜੋ (ਸਾਰੀ ਸ੍ਰਿਸ਼ਟੀ ਵਿਚ ਆਪਣੀ) ਸੱਤਾ ਟਿਕਾ ਰਿਹਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ (ਭਾਗਾਂ ਵਾਲਾ) ਮਨੁੱਖ (ਗੁਰੂ ਦੇ) ਸ਼ਬਦ ਨੂੰ (ਆਪਣੇ) ਮਨ ਵਿਚ ਵਸਾ ਕੇ (ਇਸ ਗੱਲ ਨੂੰ) ਸਮਝ ਲੈਂਦਾ ਹੈ।੧੦।੧।
*┈┉┅━❀꧁ੴ꧂❀━┅┉┈*
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}
ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) । ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) । ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧।
ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ।ਰਹਾਉ।
ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ = ਚਿੱਤਾ = ਪਨ, ਮੇਰ = ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ।੨।
ਕਾਮਨਾ = ਇੱਛਾ, ਫੁਰਨਾ। ਸਿਰਿ = ਸਿਰ ਉਤੇ। ਕਰਵਤ = ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ = ਮੰਦਰ ਵਿਚ ਹੈ। ਸ਼ਿਵ = ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ = ਇਸ ਤਰੀਕੇ ਨਾਲ।੩।
ਕਨਿਕ = ਸੋਨਾ। ਕਾਮਿਨੀ = ਇਸਤ੍ਰੀ। ਹੈਵਰ = {हयवर} ਵਧੀਆ ਘੋੜੇ। ਗੈਵਰ = {गजवर} ਵਧੀਆ ਹਾਥੀ। ਦਾਤਾਰਾ = ਦੇਣ ਵਾਲਾ। ਅਰਪੇ = ਦਾਨ ਕਰਦਾ ਹੈ। ਹਰਿ ਦੁਆਰਾ = ਹਰੀ ਦੇ ਦਰ ਤੇ।੪।
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ {ਪੰਨਾ 735}
ਪਦਅਰਥ: ਕੈ ਅੰਤਰਿ = ਦੇ ਅੰਦਰ, ਦੇ ਹਿਰਦੇ ਵਿਚ। ਸਭਿ = ਸਾਰੇ। ਤੇ = ਉਹ ਮਨੁੱਖ {ਬਹੁ-ਵਚਨ}। ਮੁਕਤ = ਰੋਗਾਂ ਤੋਂ ਸੁਤੰਤਰ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਪਾਏ = ਪਾਇਆ, ਪਾ ਲਿਆ।੧।
ਮੇਰੇ ਰਾਮ ਹਰਿ ਜਨ = ਮੇਰੇ ਰਾਮ ਦੇ ਹਰੀ ਦੇ ਜਨ। ਆਰੋਗ = ਰੋਗ = ਰਹਿਤ।੧।ਰਹਾਉ।
ਮਹਾ ਦੇਉ = ਸ਼ਿਵ। ਤ੍ਰੈ ਗੁਣ = ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ। ਕਮਾਈ = ਕੀਤੀ। ਜਿਨਿ = ਜਿਨ (ਪਰਮਾਤਮਾ) ਨੇ। ਤਿਸਹਿ = {ਲਫ਼ਜ਼ 'ਤਿਸੁ' ਦਾ ੁ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ ਹੈ} ਉਸ ਨੂੰ ਹੀ। ਨ ਚੇਤਹਿ = ਨਹੀਂ ਚੇਤਦੇ। ਬਪੁੜੇ = ਵਿਚਾਰੇ। ਗੁਰਮੁਖਿ = ਗੁਰੂ ਦੀ ਸਰਨ ਪਿਆਂ।੨।
ਰੋਗਿ = ਰੋਗ ਵਿਚ। ਬਿਆਪਿਆ = ਫਸਿਆ ਹੋਇਆ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਕੋ = ਕੋਈ ਮਨੁੱਖ। ਹਉ = ਹਉਂ, ਮੈਂ। ਬਲਿਹਾਰੀ = ਸਦਕੇ।੩।
ਸਿਸਟਿ = ਦੁਨੀਆ। ਸਾਜੀ = ਪੈਦਾ ਕੀਤੀ। ਤਾ ਕਾ = ਉਸ (ਪਰਮਾਤਮਾ) ਦਾ। ਅਪਾਰੋ = ਅਪਾਰ, ਜਿਸ ਦਾ ਪਾਰਲਾ ਬੰਨਾ ਨਾਹ ਦਿੱਸੇ। ਆਪੇ = ਆਪ ਹੀ। ਵੇਖਿ = ਵੇਖ ਕੇ। ਵਿਗਸੈ = ਖ਼ੁਸ਼ ਹੁੰਦਾ ਹੈ। ਬ੍ਰਹਮ ਬੀਚਾਰੋ = ਪਰਮਾਤਮਾ ਦੇ ਗੁਣਾਂ ਦੀ ਵਿਚਾਰ।੪।
ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।
(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।
ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।
*┈┉┅━❀꧁ੴ꧂❀━┅┉┈*
ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ {ਪੰਨਾ 769-770}
ਪਦਅਰਥ: ਜੁਗ ਚਾਰੇ = ਚੌਹਾਂ ਹੀ ਜੁਗਾਂ ਵਿਚ। ਧਨ = ਜੀਵ = ਇਸਤ੍ਰੀ। ਸੋਹਾਗੁ = ਪ੍ਰਭੂ = ਪਤੀ ਦਾ ਮਿਲਾਪ। ਨਿਹਚਲੁ = ਅਟੱਲ, ਕਦੇ ਨਾਹ ਹਿੱਲਣ ਵਾਲਾ। ਕੇਰਾ = ਦਾ। ਸਚੁ = ਸਦਾ ਕਾਇਮ ਰਹਿਣ ਵਾਲਾ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਏਕੋ = ਇਕ ਪਰਮਾਤਮਾ ਹੀ। ਮੇਲਾਵਾ = ਮਿਲਾਪ। ਗੁਰਮਤੀ = ਗੁਰੂ ਦੀ ਮਤਿ ਉਤੇ ਤੁਰਿਆਂ। ਕਾਮਣਿ = ਜੀਵ = ਇਸਤ੍ਰੀ। ਕੰਤੈ ਰਾਵੈ = ਖਸਮ = ਪ੍ਰਭੂ ਨੂੰ ਹਿਰਦੇ ਵਿਚ ਵਸਾਂਦੀ ਹੈ। ਰਾਵੇ = ਮਿਲਾਪ ਮਾਣਦੀ ਹੈ। ਮਨਿ ਮਾਨਿਐ = ਜੇ ਮਨ ਪਤੀਜ ਜਾਏ।੧।
ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।
ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।
ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ {ਪੰਨਾ 770}
ਪਦਅਰਥ: ਸੇਵਿ = ਸੇਵਾ ਕਰ, ਸਰਨ ਪਉ। ਧਨ ਬਾਲੜੀਏ = ਹੇ ਅੰਞਾਣ ਜਿੰਦੇ। ਵਰੁ = ਖਸਮ। ਪਾਵਹਿ = ਤੂੰ ਲੱਭ ਲਏਂਗੀ। ਹੋਵਹਿ = ਤੂੰ ਰਹੇਂਗੀ। ਸੋਹਾਗਣੀ = ਖਸਮ ਵਾਲੀ। ਮੈਲਾ ਵੇਸੁ = {ਨੋਟ:ਵਿਧਵਾ ਇਸਤ੍ਰੀ ਨੂੰ ਮੈਲੇ ਕੱਪੜੇ ਪਾਣੇ ਪੈਂਦੇ ਹਨ} ਰੰਡੇਪਾ, ਪ੍ਰਭੂ = ਪਤੀ ਤੋਂ ਵਿਛੋੜਾ। ਗੁਰਮੁਖਿ = ਗੁਰੂ ਦੀ ਸਰਣ ਰਹਿਣ ਵਾਲੀ ਜੀਵ = ਇਸਤ੍ਰੀ। ਕੋਈ = ਕੋਈ ਵਿਰਲੀ। ਕਰਣੀ ਕਾਰ = ਉਹ ਕਾਰ ਜੇਹੜੀ ਕਰਨੀ ਚਾਹੀਦੀ ਹੈ, ਕਰਨ = ਜੋਗ ਕਾਰ। ਸਬਦਿ = ਸ਼ਬਦ ਵਿਚ। ਏਕੋ ਜਾਣਿਆ = ਇਕ ਪ੍ਰਭੂ ਨਾਲ ਹੀ ਸਾਂਝ ਪਾਈ ਹੈ। ਰਾਵੇ = ਸਿਮਰਦੀ ਹੈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਕਾਮਣਿ = ਜੀਵ = ਇਸਤ੍ਰੀ। ਰਵਿ ਰਹਿਆ = ਜੋ ਸਭ ਥਾਂ ਮੌਜੂਦ ਹੈ।੨।
ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।੨।
ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ {ਪੰਨਾ 770}
ਪਦਅਰਥ: ਕਰੇ = ਕਰਿ, ਕਰ। ਧਨ ਬਾਲੜੀਏ = ਹੇ ਅੰਞਾਣ ਜਿੰਦੇ! ਦੇਇ ਮਿਲਾਏ = ਦੇਇ ਮਿਲਾਇ, ਮਿਲਾ ਦੇਂਦਾ ਹੈ। ਕੈ ਰੰਗਿ = ਦੇ ਪ੍ਰੇਮ = ਰੰਗ ਵਿਚ। ਰਤੀ = ਰੰਗੀ ਹੋਈ। ਕਾਮਣਿ = ਜੀਵ = ਇਸਤ੍ਰੀ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਚੁ = ਸਦਾ-ਥਿਰ ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਪਛਾਤਾ = ਸਾਂਝ ਪਾ ਲਈ। ਕੰਠਿ = ਗਲ ਨਾਲ। ਮਹਲੀ ਮਹਲੁ = ਮਹਲ ਦੇ ਮਾਲਕ ਪ੍ਰਭੂ ਦਾ ਮਹਲ।੩।
ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੩।
ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥ {ਪੰਨਾ 770}
ਪਦਅਰਥ: ਸਾਧਨ ਬਾਲੀ = ਅੰਞਾਣ ਜੀਵ = ਇਸਤ੍ਰੀ। ਧੁਰਿ = ਧੁਰ ਦਰਗਾਹ ਤੋਂ। ਪ੍ਰਭਿ = ਪ੍ਰਭੂ ਨੇ। ਗੁਰਮਤੀ = ਗੁਰੂ ਦੀ ਮਤਿ ਉਤੇ ਤੁਰ ਕੇ। ਘਟਿ = ਹਿਰਦੇ ਵਿਚ। ਮੰਨਿ = ਮਨਿ, ਮਨ ਵਿਚ। ਪੂਰਬਿ = ਪੂਰਬਲੇ ਜਨਮ ਵਿਚ। ਸੇਜ = ਹਿਰਦਾ = ਸੇਜ। ਸੁਖਾਲੀ = ਸੁਖੀ। ਪ੍ਰਭ ਭਾਣੀ = ਪ੍ਰਭੂ ਨੂੰ ਚੰਗੀ ਲੱਗੀ। ਸਚੁ ਸੀਗਾਰੁ = ਸਦਾ-ਥਿਰ ਹਰੀ ਦਾ ਨਾਮ ਜਪਣ ਦਾ ਆਤਮਕ ਸੁਹਜ। ਕਾਮਣਿ = ਜੀਵ = ਇਸਤ੍ਰੀ। ਖੋਈ = ਦੂਰ ਕਰ ਲਈ। ਸਚਿ = ਸਦਾ-ਥਿਰ ਪ੍ਰਭੂ ਵਿਚ। ਕਰਤੈ = ਕਰਤਾਰ ਨੇ। ਨਵੈ ਨਿਧਿ = ਨੌ ਹੀ ਖ਼ਜ਼ਾਨੇ।੪।
ਅਰਥ: ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ।
ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ।੪।੩।੪।
*┈┉┅━❀꧁ੴ꧂❀━┅┉┈*

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ {ਪੰਨਾ 571}
ਪਦਅਰਥ: ਆਵਾਗਉਣੁ = (ਜਗਤ ਵਿਚ) ਆਉਣਾ ਤੇ (ਜਗਤ ਤੋਂ) ਜਾਣਾ, ਜਨਮ ਮਰਨ। ਸੰਸਾਰਿ = ਜਗਤ (ਦਾ ਮੋਹ) । ਅੰਤਿ = ਆਖ਼ਰ ਨੂੰ। ਸਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ (ਜੁੜਿਆਂ) । ਨਿਬੇੜਾ = (ਆਵਾਗਉਣ ਦਾ) ਖ਼ਾਤਮਾ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਰੰਗਿ = ਪ੍ਰੇਮ = ਰੰਗ ਵਿਚ। ਰਾਤੇ = ਰੰਗੇ ਹੋਏ। ਸਹਜੇ = ਆਤਮਕ ਅਡੋਲਤਾ ਵਿਚ। ਮਾਤੇ = ਮਸਤ। ਮਨਿ = ਮਨ ਵਿਚ। ਸਚੁ = ਸਦਾ-ਥਿਰ = ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਵਿਚ। ਨਾਮਿ = ਨਾਮ ਵਿਚ। ਬਹੁਰਿ = ਮੁੜ, ਫਿਰ। ਭਵਜਲਿ = ਸੰਸਾਰ = ਸਮੁੰਦਰ ਵਿਚ।੧।
ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।
ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।
ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ {ਪੰਨਾ 571}
ਪਦਅਰਥ: ਸਭੁ = ਸਾਰਾ, ਨਿਰਾ। ਬਰਲੁ = ਪਾਗਲ = ਪਨ, ਝੱਲ। ਦੂਜੈ ਭਾਇ = ਮਾਇਆ ਦੇ ਮੋਹ ਵਿਚ। ਖੁਆਈ = ਕੁਰਾਹੇ ਪਈ ਹੋਈ ਹੈ। ਹੇਤੁ = ਮੋਹ। ਹੇਤੇ = ਮੋਹ ਵਿਚ ਹੀ। ਪਲਚਾਈ = ਉਲਝੀ ਹੋਈ, ਫਸੀ ਹੋਈ। ਪੁਰਬਿ = ਪਹਿਲੇ ਜਨਮ ਵਿਚ। ਜਿਨਿ = ਜਿਸ (ਕਰਤਾਰ) ਨੇ। ਕਰਿ = ਕਰ ਕੇ, ਮਾਇਆ ਦਾ ਮੋਹ ਰਚ ਕੇ। ਮਨਮੁਖਿ = ਆਪਣੇ ਮਨ ਦੇ ਪਿਛੇ ਤੁਰਨ ਵਾਲਾ। ਤਪਿ ਤਪਿ = ਸੜ ਸੜ ਕੇ। ਖਪੈ = ਦੁਖੀ ਹੁੰਦਾ ਹੈ। ਮੋਹਿ = ਮੋਹ ਵਿਚ।੨।
ਅਰਥ: ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨।
ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ {ਪੰਨਾ 571}
ਪਦਅਰਥ: ਦੇਖਿ ਕੈ = ਦੇਖਿ ਕਰਿ, ਵੇਖ ਕੇ। ਕਰੀ = ਮੈਂ ਕਰਦਾ ਹਾਂ। ਵਡਾਈ = ਇੱਜ਼ਤ। ਦਾਤਾ = ਬਖ਼ਸ਼ਸ਼ਾਂ ਕਰਨ ਵਾਲਾ। ਅਵਰੁ = ਕੋਈ ਹੋਰ। ਜੁਗਿ ਜੁਗਿ ਏਕੋ = ਜੋ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ। ਜਾਤਾ = ਡੂੰਘੀ ਸਾਂਝ ਪਾਈ। ਜਤੁ = ਕਾਮ = ਵਾਸਨਾ ਨੂੰ ਰੋਕਣ ਦਾ ਜਤਨ। ਸਤੁ = ਉੱਚਾ ਆਚਰਨ। ਸੰਜਮੁ = ਇੰਦ੍ਰਿਆਂ ਨੂੰ ਵੱਸ ਕਰਨ ਦਾ ਜਤਨ। ਗਤਿ = ਉੱਚੀ ਆਤਮਕ ਅਵਸਥਾ। ਤਿਸ ਨੋ {ਲਫ਼ਜ਼ 'ਤਿਸੁ ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}।੩।
ਅਰਥ: ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ।
(ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩।
ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ {ਪੰਨਾ 571}
ਪਦਅਰਥ: ਦੇਇ = ਦੇਂਦਾ ਹੈ। ਦੇਹਿ = ਦੇਂਹਿ, ਤੂੰ ਦੇਂਦਾ ਹੈਂ। ਬੁਝਾਈ = ਸਮਝ। ਨ ਭਾਈ = ਪਸੰਦ ਨਹੀਂ ਆਉਂਦੀ। ਦਰਿ = ਦਰ ਤੇ। ਸਾਚੈ ਦਰਿ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਾਚੈ ਸਬਦਿ = ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਸੁਭਾਖਿਆ = ਸਿਫ਼ਤਿ-ਸਾਲਾਹ ਕਰਦਾ ਹੈ। ਘਰ ਮਹਿ = ਹਿਰਦੇ ਵਿਚ। ਨਿਜ ਘਰੁ = ਆਪਣਾ ਅਸਲ ਘਰ, ਪ੍ਰਭੂ ਦੀ ਹਜ਼ੂਰੀ। ਨਾਮਿ = ਨਾਮ ਵਿਚ। ਸੇਈ = ਉਹ ਬੰਦੇ ਹੀ। ਪਾਇਨਿ = ਪਾ ਲੈਂਦੇ ਹਨ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸਾਈ ਮਤਿ = ਉਹੀ ਅਕਲ।੪।
ਅਰਥ: ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) ।
ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ। (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ।
ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ।੪।੬।
*┈┉┅━❀꧁ੴ꧂❀━┅┉┈*
*┈┉┅━❀꧁ੴ꧂❀━┅┉┈*
ਬਿਲਾਵਲੁ ਮਹਲਾ ੫ ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥ {ਪੰਨਾ 815}
ਪਦਅਰਥ: ਸੁਖ ਸਾਰੁ = ਸੁਖਾਂ ਦਾ ਤੱਤ, ਸਭ ਤੋਂ ਸ੍ਰੇਸ਼ਟ ਸੁਖ। ਜਪਿ = ਜਪ ਕੇ।੧।
ਚਰਨ ਕਮਲ = ਕੌਲ ਫੁੱਲ ਵਰਗੇ ਸੋਹਣੇ ਚਰਨ। ਹਉ = ਹਉਂ, ਮੈਂ। ਜੀਵਾ = ਜੀਵਾਂ, ਮੈਂ ਜੀਊਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲਦਾ ਹੈ। ਆਰਾਧਤੇ = ਸਿਮਰਦਿਆਂ। ਮੁਖਿ = ਮੂੰਹ ਨਾਲ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਪੀਵਾ = ਪੀਵਾਂ, ਮੈਂ ਪੀਂਦਾ ਹਾਂ।੧।ਰਹਾਉ।
ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਸਭਿ = ਸਾਰੇ। ਸੁਖਿ = ਸੁਖ ਵਿਚ। ਕੈ ਮਨਿ = ਦੇ ਮਨ ਵਿਚ। ਪਰ ਉਪਕਾਰੁ = ਦੂਜਿਆਂ ਦੀ ਭਲਾਈ ਦਾ ਕੰਮ। ਪੋਚ = ਪਾਪ।੨।
ਧੰਨੁ = ਭਾਗਾਂ ਵਾਲਾ। ਬਸੰਤ = ਵੱਸਣ ਵਾਲੇ। ਜਹ = ਜਿੱਥੇ। ਜਪੀਐ = ਜਪਿਆ ਜਾਂਦਾ ਹੈ। ਅਤਿ ਘਨਾ = ਬਹੁਤ ਵਧੀਕ। ਸਹਜ ਬਿਸ੍ਰਾਮੁ = ਆਤਮਕ ਅਡੋਲਤਾ ਦਾ ਟਿਕਾਣਾ।੩।
ਤੇ = ਤੋਂ। ਕੋ = ਦਾ। ਅਨਾਥ ਕੋ ਨਾਥ = ਨਿਖਸਮਿਆਂ ਦਾ ਖਸਮ। ਜਾ ਕੈ ਹਾਥ = ਜਿਸ ਦੇ ਵੱਸ ਵਿਚ।੪।
ਅਰਥ: ਹੇ ਭਾਈ! ਗੁਰੂ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ, ਪਰਮਾਤਮਾ ਦਾ ਆਰਾਧਨ ਕਰਦਿਆਂ, ਪਰਮਾਤਮਾ ਦਾ ਨਾਮ ਜਪ ਜਪ ਕੇ, (ਜਿਉਂ ਜਿਉਂ) ਮੈਂ ਮੂੰਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹਾਂ, (ਤਿਉਂ ਤਿਉਂ) ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੧।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਜਪਣ ਦਾ) ਉੱਦਮ ਕਰਦਿਆਂ (ਮਨ ਵਿਚ) ਸਰੂਰ ਪੈਦਾ ਹੁੰਦਾ ਹੈ, ਨਾਮ ਸਿਮਰਦਿਆਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਸਭ ਗੁਣਾਂ ਨਾਲ ਭਰਪੂਰ ਪਰਮਾਤਮਾ ਦੇ ਗੁਣਾਂ ਦਾ ਵਿਚਾਰ (ਮਨ ਵਿਚ ਟਿਕਿਆ ਰਹਿੰਦਾ ਹੈ) ।੧।
ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਦਿਆਂ) ਸਾਰੇ ਜੀਅ ਜੰਤ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, (ਜਪਣ ਵਾਲੇ) ਸਭਨਾਂ ਦੇ ਮਨ ਵਿਚ (ਸਿਮਰਨ ਦੀ) ਤਾਂਘ ਪੈਦਾ ਹੋਈ ਰਹਿੰਦੀ ਹੈ। (ਜੇਹੜੇ ਜੇਹੜੇ ਮਨੁੱਖ ਨਾਮ ਜਪਦੇ ਹਨ, ਉਹ) ਸਦਾ ਦੂਜਿਆਂ ਦੀ ਭਲਾਈ ਕਰਨ ਦਾ ਕੰਮ ਸੋਚਦੇ ਰਹਿੰਦੇ ਹਨ, ਕੋਈ ਪਾਪ-ਵਿਕਾਰ ਉਹਨਾਂ ਉਤੇ ਆਪਣਾ ਅਸਰ ਨਹੀਂ ਪਾ ਸਕਦਾ।੨।
ਹੇ ਭਾਈ! ਜਿਸ ਥਾਂ ਪਰਮਾਤਮਾ ਦਾ ਨਾਮ ਜਪਿਆ ਜਾਂਦਾ ਹੈ, ਉਹ ਥਾਂ ਭਾਗਾਂ ਵਾਲਾ ਹੋ ਜਾਂਦਾ ਹੈ, ਉਥੇ ਵੱਸਣ ਵਾਲੇ ਭੀ ਭਾਗਾਂ ਵਾਲੇ ਬਣ ਜਾਂਦੇ ਹਨ (ਕਿਉਂਕਿ ਜਿਸ ਥਾਂ) ਪਰਮਾਤਮਾ ਦੀ ਕਥਾ-ਵਾਰਤਾ, ਪ੍ਰਭੂ ਦੀ ਸਿਫ਼ਤਿ-ਸਾਲਾਹ ਬਹੁਤ ਹੁੰਦੀ ਰਹੇ, ਉਹ ਥਾਂ ਆਤਮਕ ਆਨੰਦ ਦਾ, ਆਤਮਕ ਅਡੋਲਤਾ ਦਾ ਟਿਕਾਣਾ (ਸੋਮਾ) ਬਣ ਜਾਂਦਾ ਹੈ।੩।
(ਇਸ ਵਾਸਤੇ) ਹੇ ਨਾਨਕ! (ਆਖ-ਹੇ ਭਾਈ!) ਉਹ ਅਨਾਥਾਂ ਦਾ ਨਾਥ ਪ੍ਰਭੂ ਕਦੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ, ਉਸ ਪ੍ਰਭੂ ਦੀ ਸਰਨ ਸਦਾ ਪਏ ਰਹਿਣਾ ਚਾਹੀਦਾ ਹੈ, ਜਿਸ ਦੇ ਹੱਥ ਵਿਚ ਹਰੇਕ ਚੀਜ਼ ਹੈ।੪।੨੯।੫੯।
ਵਡਹੰਸੁ ਮਹਲਾ ੪ ॥ ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ {ਪੰਨਾ 575-576}
ਪਦਅਰਥ: ਤੇਜਨੜੀ = ਸੋਹਣੀ ਤੇਜਣਿ, ਸੋਹਣੀ ਘੋੜੀ। ਨਵ ਰੰਗੀਆ = ਨਵੇਂ ਰੰਗ ਵਾਲੀ। ਚੰਗੀ = ਸੁੰਦਰ। ਗਤਿ = ਉੱਚੀ ਆਤਮਕ ਅਵਸਥਾ। ਮਿਤਿ = ਮਰਯਾਦਾ, ਮਾਪ। ਕਰਤੈ = ਕਰਤਾਰ ਨੇ। ਨਾਮਿ = ਨਾਮ ਵਿਚ। ਵਖਾਣੀਆ = ਉਚਾਰੀ। ਸਲਾਹਿ = ਸਲਾਹ ਕੇ। ਹਰਿ ਜਨ = ਹਰੀ ਦੇ ਭਗਤ।੧।
ਅਰਥ: ਹੇ ਭਾਈ ਉਹ ਕਾਂਇਆਂ ਸੋਹਣੀ ਘੋੜੀ ਹੈ (ਜੀਵ-ਰਾਹੀ ਦੇ ਜੀਵਨ-ਸਫਰ ਵਾਸਤੇ ਚੰਗੀ ਘੋੜੀ ਹੈ) ਜੋ ਪਰਮਾਤਮਾ ਦੇ ਪ੍ਰੇਮ ਦੇ ਨਵੇਂ ਰੰਗ ਵਿਚ ਰੰਗੀ ਰਹਿੰਦੀ ਹੈ, ਜੋ ਗੁਰੂ ਪਾਸੋਂ ਆਤਮਕ ਜੀਵਨ ਦੀ ਸ੍ਰੇਸ਼ਟ ਸੂਝ ਮੰਗਦੀ ਰਹਿੰਦੀ ਹੈ, ਜੋ (ਗੁਰੂ ਪਾਸੋਂ) ਆਤਮਕ ਜੀਵਨ ਦੀ ਸੂਝ ਮੰਗਦੀ ਹੈ, ਪਰਮਾਤਮਾ ਦੀ ਸੋਹਣੀ ਸਿਫ਼ਤਿ-ਸਾਲਾਹ ਕਰਦੀ ਹੈ, ਪਰਮਾਤਮਾ ਦਾ ਨਾਮ ਜਪਦੀ ਹੈ, ਜੋ ਇਹ ਸਮਝਣ ਦਾ ਜਤਨ ਕਰਦੀ ਹੈ ਕਿ ਪਰਮਾਤਮਾ ਕਿਹੋ ਜਿਹਾ ਤੇ ਕੇਡਾ ਵੱਡਾ ਹੈ। ਕਰਤਾਰ ਨੇ (ਅਜੇਹੀ ਕਾਂਇਆਂ-ਘੋੜੀ ਦਾ) ਸਾਰਾ ਜਨਮ ਸਫਲ ਕਰ ਦਿੱਤਾ ਹੈ, ਕਿਉਂਕਿ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਚਾਰਦੀ ਰਹਿੰਦੀ ਹੈ।
ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦੀ ਵਡਿਆਈ ਕਰ ਕੇ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੰਗਦੇ ਰਹਿੰਦੇ ਹਨ। ਦਾਸ ਨਾਨਕ ਆਖਦਾ ਹੈ-ਹੇ ਸੰਤ ਜਨੋ! ਇਹ ਸੋਹਣੀ ਕਾਂਇਆਂ ਘੋੜੀ ਪ੍ਰਾਪਤ ਕਰ ਕੇ) ਪਰਮਾਤਮਾ ਦੀ ਸੋਹਣੀ ਭਗਤੀ (ਕਰਦੇ ਰਹੋ) ।੧।
ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ {ਪੰਨਾ 576}
ਪਦਅਰਥ: ਦੇਹ = ਸਰੀਰ, ਕਾਂਇਆਂ (-ਘੋੜੀ) । ਜੀਨੁ = ਕਾਠੀ। ਸੁਵਿਨਾ = ਸੋਨੇ ਦੀ। ਜੜਿ = ਜੜ ਕੇ। ਘਣੇ = ਬਹੁਤ। ਨਵ ਤਨ = ਨਵਾਂ। ਨਵ ਰੰਗੀਆ = ਨਵ = ਰੰਗੀ, ਨਵੇਂ ਰੰਗ ਵਾਲਾ।੨।
ਅਰਥ: ਉਹ ਕਾਂਇਆਂ (-ਘੋੜੀ, ਮਾਨੋ,) ਸੋਨੇ ਦੀ ਹੈ (ਬਹੁਤ ਕੀਮਤ ਵਾਲੀ ਬਣ ਜਾਂਦੀ ਹੈ, ਜਿਸ ਉਤੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਸੋਨੇ ਦੀ ਕਾਠੀ ਪਾਈ ਜਾਂਦੀ ਹੈ (ਜਿਸ ਉਤੇ ਪਰਮਾਤਮਾ ਦੇ ਨਾਮ ਨਾਲ ਭਰਪੂਰ ਗੁਰ-ਸ਼ਬਦ ਦੀ ਕਾਠੀ ਪਾਈ ਜਾਂਦੀ ਹੈ) ।
(ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਗੁਰ-ਸ਼ਬਦ ਦੀ ਕਾਠੀ ਪਾ ਦਿੱਤੀ, ਉਸ ਨੂੰ ਪਰਮਾਤਮਾ ਮਿਲ ਪਿਆ, ਉਸ ਨੇ ਪਰਮਾਤਮਾ ਦੇ ਗੁਣ (ਆਪਣੇ ਅੰਦਰ ਵਸਾ ਲਏ) , ਉਸ ਨੂੰ ਸੁਖ ਹੀ ਸੁਖ ਪ੍ਰਾਪਤ ਹੋ ਗਏ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਸ਼ਬਦ ਹਾਸਲ ਕਰ ਲਿਆ, ਜਿਸ ਨੇ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿਤਾ, ਉਹ ਵੱਡੇ ਭਾਗਾਂ ਵਾਲਾ ਬਣ ਗਿਆ, ਉਸ ਦੇ ਅੰਦਰ ਪਰਮਾਤਮਾ ਦਾ ਪ੍ਰੇਮ ਉਘੜ ਪਿਆ।
ਨਾਨਕ ਆਖਦਾ ਹੈ-(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ, ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਮੰਗਦਾ ਹੈ, ਉਸ ਨੂੰ ਉਹ ਮਾਲਕ-ਹਰੀ ਮਿਲ ਪੈਂਦਾ ਹੈ ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਦਾ ਹੀ ਨਵਾਂ-ਨਰੋਆ ਰਹਿਣ ਵਾਲਾ ਹੈ, ਜੋ ਸਦਾ ਨਵੇਂ ਚੋਜਾਂ ਦਾ ਮਾਲਕ ਹੈ।੨।
ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ {ਪੰਨਾ 576}
ਪਦਅਰਥ: ਕੜੀਆਲੁ = ਲਗਾਮ। ਮੁਖੇ = ਮੁਖਿ, (ਕਾਂਇਆਂ = ਘੋੜੀ ਦੇ) ਮੂੰਹ ਵਿਚ। ਗੁਰਿ = ਗੁਰੂ ਨੇ। ਅੰਕਸੁ = ਹਾਥੀ ਨੂੰ ਚਲਾਣ ਵਾਸਤੇ ਵਰਤੀਦਾ ਲੋਹੇ ਦਾ ਕੁੰਡਾ। ਮੈਗਲੁ = ਹਾਥੀ {मदकल}। ਸਬਦਿ = ਸ਼ਬਦ ਦੀ ਰਾਹੀਂ। ਵਸਿ = ਵੱਸ ਵਿਚ। ਵਸਗਤਿ = ਵੱਸ ਵਿਚ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਸਾ ਧਨ = ਜੀਵ = ਇਸਤ੍ਰੀ। ਕੰਤਿ = ਕੰਤ ਨੇ। ਅੰਤਰਿ = ਅੰਦਰ, ਹਿਰਦੇ ਵਿਚ। ਹਰਿ ਸੇਤੀ = ਹਰੀ ਦੇ ਨਾਲ। ਘਰਿ = ਘਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਸੋਹੈ– ਸੋਹਣੀ ਲੱਗਦੀ ਹੈ। ਰੰਗਿ = ਪ੍ਰੇਮ = ਰੰਗਿ ਵਿਚ। ਰਾਤੀ = ਰੰਗੀ ਹੋਈ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਮਾਤੀ = ਮਸਤ। ਹਰਿ ਦਾਸੁ = ਹਰਿ ਦਾ ਸੇਵਕ। ਜਨੁ = ਦਾਸ।੩।
ਅਰਥ: ਹੇ ਭਾਈ! ਗੁਰੂ ਨੇ (ਜਿਸ ਮਨੁੱਖ ਦੀ ਕਾਂਇਆਂ-ਘੋੜੀ ਦੇ) ਮੂੰਹ ਵਿਚ ਲਗਾਮ ਦੇ ਦਿੱਤੀ, ਕੁੰਡਾ ਰੱਖ ਦਿੱਤਾ, ਉਸ ਦਾ ਮਨ-ਹਾਥੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਵੱਸ ਵਿਚ ਆ ਗਿਆ।
ਜਿਸ ਜੀਵ-ਇਸਤ੍ਰੀ ਦਾ ਮਨ ਵੱਸ ਵਿਚ ਆ ਗਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਪ੍ਰਭੂ-ਕੰਤ ਨੇ ਉਸ ਜੀਵ-ਇਸਤ੍ਰੀ ਨੂੰ ਪਿਆਰ ਕਰਨਾ ਸ਼ੁਰੂ ਕਰ ਦਿੱਤਾ, ਉਸ ਦੇ ਹਿਰਦੇ ਵਿਚ ਪਰਮਾਤਮਾ ਨਾਲ ਪ੍ਰੇਮ ਪੈਦਾ ਹੋ ਗਿਆ, ਉਹ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਵਿਚ ਸੋਹਣੀ ਲੱਗਦੀ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਜੋ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।
ਹਰੀ ਦਾ ਸੇਵਕ ਨਾਨਕ-ਦਾਸ ਆਖਦਾ ਹੈ-ਹੇ ਭਾਈ! ਵੱਡੇ ਭਾਗਾਂ ਵਾਲੇ ਜੀਵ ਹੀ ਪਰਮਾਤਮਾ ਦਾ ਨਾਮ ਸਿਮਰਦੇ ਹਨ।੩।
ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥ {ਪੰਨਾ 576}
ਪਦਅਰਥ: ਦੇਹ = ਕਾਂਇਆਂ, ਸਰੀਰ। ਜੀ = ਹੇ ਭਾਈ! ਜਿਤੁ = ਜਿਸ (ਕਾਂਇਆਂ = ਘੋੜੀ) ਦੀ ਰਾਹੀਂ। ਮਿਲਿ ਸਤਿਗੁਰੁ = ਗੁਰੂ ਨੂੰ ਮਿਲ ਕੇ। ਮੰਗਲੁ = ਆਤਮਕ ਆਨੰਦ ਦੇਣ ਵਾਲਾ ਗੀਤ। ਸੇਵਕੀ = ਸੇਵਕ = ਭਾਵਨਾ ਨਾਲ। ਜਾਇ = ਜਾ ਕੇ। ਪ੍ਰਭ ਰੰਗ ਮਹਲੀ = ਪਰਮਾਤਮਾ ਦੀ ਆਨੰਦ = ਭਰੀ ਹਜ਼ੂਰੀ ਵਿਚ। ਮਨਿ = ਮਨ ਵਿਚ। ਸੁਭਾਏ = ਸੁਭਾਇ, ਪ੍ਰੇਮ ਨਾਲ। ਚੜਿ = ਚੜ੍ਹ ਕੇ।੪।
ਅਰਥ: ਹੇ ਭਾਈ! ਉਹ ਕਾਂਇਆਂ (ਮਨੁੱਖ ਦੇ ਜੀਵਨ-ਸਫ਼ਰ ਵਿਚ, ਮਾਨੋ,) ਘੋੜੀ ਹੈ ਜਿਸ (ਕਾਂਇਆਂ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਅਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ। ਸੇਵਕ-ਭਾਵ ਨਾਲ ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਕੇ ਪਰਮਾਤਮਾ ਦੀ ਸੇਵਾ ਭਗਤੀ ਕਰਦਾ ਹੈ ਉਹ ਪਰਮਾਤਮਾ ਦੀ ਆਨੰਦ-ਭਰੀ ਹਜ਼ੂਰੀ ਵਿਚ ਜਾ ਪਹੁੰਚਦਾ ਹੈ ਅਤੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦਾ ਹੈ। ਉਹ ਮਨੁੱਖ ਪ੍ਰੇਮ ਨਾਲ ਆਪਣੇ ਮਨ ਵਿਚ ਪਰਮਾਤਮਾ ਦੇ ਗੁਣ ਗਾਂਦਾ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਮਨ ਵਿਚ ਪਰਮਾਤਮਾ ਦਾ ਧਿਆਨ ਧਰਦਾ ਹੈ।
ਹੇ ਨਾਨਕ! ਜਿਸ ਦਾਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ਉਹ ਆਪਣੀ ਕਾਂਇਆਂ-ਘੋੜੀ ਉਤੇ ਚੜ੍ਹ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ।੪।੨।੬।
*┈┉┅━❀꧁ੴ꧂❀━┅┉┈*
ਵਾਹਿਗੁਰੂ ਜੀ
ReplyDelete