
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}
ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) । ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) । ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧।
ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ।ਰਹਾਉ।
ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ = ਚਿੱਤਾ = ਪਨ, ਮੇਰ = ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ।੨।
ਕਾਮਨਾ = ਇੱਛਾ, ਫੁਰਨਾ। ਸਿਰਿ = ਸਿਰ ਉਤੇ। ਕਰਵਤ = ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ = ਮੰਦਰ ਵਿਚ ਹੈ। ਸ਼ਿਵ = ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ = ਇਸ ਤਰੀਕੇ ਨਾਲ।੩।
ਕਨਿਕ = ਸੋਨਾ। ਕਾਮਿਨੀ = ਇਸਤ੍ਰੀ। ਹੈਵਰ = {हयवर} ਵਧੀਆ ਘੋੜੇ। ਗੈਵਰ = {गजवर} ਵਧੀਆ ਹਾਥੀ। ਦਾਤਾਰਾ = ਦੇਣ ਵਾਲਾ। ਅਰਪੇ = ਦਾਨ ਕਰਦਾ ਹੈ। ਹਰਿ ਦੁਆਰਾ = ਹਰੀ ਦੇ ਦਰ ਤੇ।੪।
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।
ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ {ਪੰਨਾ 642}
ਪਦਅਰਥ: ਅਰਚਾ = ਮੂਰਤੀ ਦੀ ਪੂਜਾ। ਬੰਧਨ = ਨਮਸਕਾਰ। ਡੰਡਉਤ = ਡੰਡੇ ਵਾਂਗ ਸਿੱਧੇ ਲੰਮੇ ਪੈ ਕੇ ਨਮਸਕਾਰ ਕਰਨੀ। ਖਟੁ = ਛੇ। ਖਟੁ ਕਰਮਾ = ਬ੍ਰਾਹਮਣ ਵਾਸਤੇ ਛੇ ਜ਼ਰੂਰੀ ਧਾਰਮਿਕ ਕਰਮ = ਵਿੱਦਿਆ ਪੜ੍ਹਾਣੀ ਤੇ ਪੜ੍ਹਨੀ, ਜੱਗ ਕਰਨਾ ਤੇ ਕਰਾਣਾ, ਦਾਨ ਦੇਣਾ ਤੇ ਲੈਣਾ। ਰਤੁ ਰਹਤਾ = ਮਗਨ ਰਹਿੰਦਾ ਹੈ। ਹਉ ਹਉ = ਮੈਂ ਮੈਂ। ਇਹ ਜੁਗਤਾ = ਇਸ ਤਰੀਕੇ ਨਾਲ।੫।
ਸਿਧ = ਜੋਗ = ਆਸਣਾਂ ਵਿਚ ਪੁੱਗੇ ਹੋਏ ਜੋਗੀ। ਰਹਿਆ = ਥੱਕ ਗਿਆ। ਆਰਜਾ = ਉਮਰ। ਸੰਗੁ = ਸਾਥ। ਗਹਿਆ = ਲੱਭਾ।੬।
ਲੀਲਾ = ਰੰਗ = ਤਮਾਸ਼ੇ। ਰਚਨਾ = ਠਾਠ = ਬਾਠ। ਅਫਾਰਾ = ਜਿਸ ਨੂੰ ਕੋਈ ਮੋੜ ਨਾਹ ਸਕੇ। ਚੋਆ = ਅਤਰ। ਘੋਰ = ਭਿਆਨਕ।੭।
ਕੀਰਤਿ = ਸਿਫ਼ਤਿ-ਸਾਲਾਹ। ਕਰਮਨ ਕੈ ਸਿਰਿ = ਸਭ (ਧਾਰਮਿਕ) ਕੰਮਾਂ ਦੇ ਸਿਰ ਉਤੇ, ਸਭ ਕਰਮਾਂ ਨਾਲੋਂ ਸ੍ਰੇਸ਼ਟ। ਪੁਰਬ ਲਿਖੇ ਕਾ = ਪਹਿਲੇ ਜਨਮ ਵਿਚ ਕੀਤੇ ਕਰਮਾਂ ਦੇ ਲਿਖੇ ਲੇਖ ਅਨੁਸਾਰ।੮।
ਰੰਗਿ = ਰੰਗ ਵਿਚ। ਮਾਤਾ = ਮਸਤ। ਕੀਰਤਨਿ = ਕੀਰਤਨ ਵਿਚ। ਰਾਤਾ = ਰੰਗਿਆ ਹੋਇਆ।ਰਹਾਉ ਦੂਜਾ।
ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।
ਧਨਾਸਰੀ ਮਹਲਾ ੫ ॥ ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥ ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥ ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥ ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥ ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥ ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥ {ਪੰਨਾ 677}
ਪਦਅਰਥ: ਮਨੋਰਥ = ਮੁਰਾਦਾਂ, ਮਨੋ = ਕਾਮਨਾ। ਤੇ = ਤੋਂ, ਪਾਸੋਂ। ਕੰਠਿ = ਗਲ ਨਾਲ। ਗੁਰਿ = ਗੁਰੂ ਨੇ। ਸਾਗਰ = ਸਮੁੰਦਰ। ਕਿਨੈ = (ਉਹਨਾਂ ਵਿਚੋਂ) ਕਿਸੇ ਨੇ ਭੀ। ਦੁਤਰੁ = {दुस्तर} ਤਰਨਾ ਔਖਾ। ਭਾਖੇ = ਆਖਿਆ।੧।
ਕੈ ਮਨਿ = ਦੇ ਮਨ ਵਿਚ। ਸਾਚਾ = ਅਟੱਲ। ਬਿਸ੍ਵਾਸੁ = ਸਰਧਾ। ਪੇਖਿ = ਵੇਖ ਕੇ। ਉਲਾਸੁ = ਖ਼ੁਸ਼ੀ, ਚਾਉ।ਰਹਾਉ।
ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ। ਸਾਖਿਓ = ਪਰਤੱਖ ਵੇਖ ਲਿਆ। ਜਾਨਿ = ਜਾਣ ਕੇ। ਬੂਝਿ = ਸਮਝ ਕੇ। ਅੰਕੁਰੁ = ਨਵੇਂ ਉਗਦੇ ਬੂਟੇ ਦੀ ਕੋਮਲ ਕ੍ਰੂਮਲੀ। ਰਾਖਿਓ = ਬਚਾ ਲਈ।੨।
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ (ਗੁਰੂ ਪਰਮੇਸਰ ਵਾਸਤੇ) ਅਟੱਲ ਸਰਧਾ (ਬਣ ਜਾਂਦੀ) ਹੈ, ਮਾਲਕ-ਪ੍ਰਭੂ ਦੀ ਸੋਭਾ-ਵਡਿਆਈ ਵੇਖ ਵੇਖ ਕੇ ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਖ਼ੁਸ਼ੀ ਬਣੀ ਰਹਿੰਦੀ ਹੈ।ਰਹਾਉ।
ਹੇ ਭਾਈ! ਉਹਨਾਂ ਮਨੁੱਖਾਂ ਨੂੰ ਗੁਰੂ ਨੇ (ਆਪਣੇ) ਗਲ ਨਾਲ ਲਾ ਕੇ (ਸੰਸਾਰ-ਸਮੁੰਦਰ ਤੋਂ) ਬਚਾ ਲਿਆ, ਉਹਨਾਂ ਨੇ ਆਪਣੀਆਂ ਸਾਰੀਆਂ ਮੁਰਾਦਾਂ ਪਰਮਾਤਮਾ ਤੋਂ ਹਾਸਲ ਕਰ ਲਈਆਂ। ਗੁਰੂ ਪਰਮੇਸਰ ਨੇ ਉਹਨਾਂ ਨੂੰ ਸੰਸਾਰ-ਸਮੁੰਦਰ (ਦੇ ਵਿਕਾਰਾਂ ਦੀ ਅੱਗ) ਵਿਚ ਸੜਨ ਨਾਹ ਦਿੱਤਾ।(ਉਹਨਾਂ ਵਿਚੋਂ) ਕਿਸੇ ਨੇ ਭੀ ਇਹ ਨਾਹ ਆਖਿਆ ਕਿ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਔਖਾ ਹੈ।੧।
ਹੇ ਭਾਈ! ਉਹਨਾਂ ਮਨੁੱਖਾਂ ਨੇ ਸਰਬ-ਵਿਆਪਕ ਪਰਮਾਤਮਾ ਦੇ ਚਰਨਾਂ ਦੀ ਸਰਨ ਵਿਚ ਰਹਿ ਕੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪਰਮਾਤਮਾ ਨੂੰ ਪਰਤੱਖ (ਹਰ ਥਾਂ) ਵੇਖ ਲਿਆ ਹੈ। ਹੇ ਨਾਨਕ! (ਉਹਨਾਂ ਦੇ ਦਿਲ ਦੀ) ਜਾਣ ਕੇ ਸਮਝ ਕੇ ਪਰਮਾਤਮਾ ਨੇ ਉਹਨਾਂ ਨੂੰ ਆਪਣਾ ਬਣਾ ਲਿਆ, (ਤੇ, ਇਸ ਤਰ੍ਹਾਂ ਆਪਣੇ ਉਹਨਾਂ) ਭਗਤਾਂ ਦੇ ਅੰਦਰ ਭਗਤੀ ਦਾ ਫੁਟਦਾ ਕੋਮਲ ਅੰਗੂਰ (ਵਿਕਾਰਾਂ ਦੀ ਅੱਗ ਵਿਚ ਸੜਨ ਤੋਂ) ਪਰਮਾਤਮਾ ਨੇ ਬਚਾ ਲਿਆ।੨।੨।੨੬।
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ {ਪੰਨਾ 561}
ਪਦਅਰਥ: ਮੈ ਮਨਿ = ਮੇਰੇ ਮਨ ਵਿਚ। ਹਰੇ = ਹੇ ਹਰੀ! ਪਾਵਾ = ਪਾਵਾਂ, ਮੈਂ ਪਾ ਲਵਾਂ। ਪੁਛਾ = ਪੁਛਾਂ, ਮੈਂ ਪੁੱਛਦੀ ਹਾਂ। ਜਾਇ = ਜਾ ਕੇ। ਸਤਗੁਰੈ = ਗੁਰੂ ਨੂੰ। ਪੁਛਿ = ਪੁੱਛ ਕੇ। ਮੁਗਧੁ = ਮੂਰਖ। ਸਮਝਾਵਾ = ਸਮਝਾਵਾਂ, ਮੈਂ ਸਮਝਾਂਦੀ ਹਾਂ।੧।
ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।
ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ {ਪੰਨਾ 561}
ਪਦਅਰਥ: ਸਭਿ = ਸਾਰੇ। ਕਰੀ = ਕਰੀਂ, ਮੈਂ ਕਰਦੀ ਹਾਂ। ਪਿਰ ਕਾਰਣਿ = ਪਤੀ ਨੂੰ ਮਿਲਣ ਵਾਸਤੇ। ਜੇ = ਤਾ ਕਿ, ਭਲਾ ਜਿ। ਭਾਵਾ = ਭਾਵਾਂ, ਮੈਂ ਪਸੰਦ ਆ ਜਾਵਾਂ। ਧੀਰਜੁ = ਸ਼ਾਂਤੀ। ਸੀਗਾਰੀ = ਸੀਗਾਰੀਂ, ਮੈਂ ਸਿੰਗਾਰਦੀ ਹਾਂ। ਅਵਰਾ = ਹੋਰਨਾਂ ਵਿਚ। ਧਨੁ = ਸਲਾਹੁਣ = ਜੋਗ। ਜਿਨਿ = ਜਿਸ ਨੇ। ਸਚੁ = ਸਦਾ ਕਾਇਮ ਰਹਿਣ ਵਾਲਾ। ਸਵਰਾ = ਸੰਵਰਾ, ਸੋਹਣਾ।੨।
ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।
ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ {ਪੰਨਾ 561}
ਪਦਅਰਥ: ਪੁਛਾ = ਪੁਛਾਂ, ਮੈਂ ਪੁੱਛਦੀ ਹਾਂ। ਜਾਇ = ਜਾ ਕੇ। ਸੋਹਾਗ ਸੁਹਗਣਿ = ਪ੍ਰਭੂ = ਖਸਮ ਦੀ ਪਿਆਰੀ ਨੂੰ। ਕਿਉ = ਕਿਵੇਂ? ਪਿਰਿ ਸਾਚੈ = ਸਦਾ ਕਾਇਮ ਰਹਿਣ ਵਾਲੇ ਪਿਰ ਨੇ। ਜੀਉ = ਜਿੰਦ। ਇਤੁ = ਇਸ ਵਿਚ। ਮਾਰਗਿ = ਰਸਤੇ ਤੇ। ਇਤੁ ਮਾਰਗਿ = ਇਸ ਰਸਤੇ ਉੱਤੇ। ਭੈਣੇ = ਹੇ ਭੈਣ!।੩।
ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।
ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ {ਪੰਨਾ 561-462}
ਪਦਅਰਥ: ਮੈ = ਮੈਨੂੰ। ਦੇਇ = ਦੇਵੇ। ਤਿਸੁ = ਉਸ ਨੂੰ। ਦੇਵਾ = ਦੇਵਾਂ। ਫੇਰੀ = ਫੇਰੀਂ, ਮੈਂ ਫੇਰਾਂ। ਕਰੀ = ਕਰੀਂ, ਮੈਂ ਕਰਾਂ। ਮਨਿ = ਮਨ ਵਿਚ (ਟਿਕੀ ਹੋਈ) । ਪੁਜਾਏ = ਪੂਰੀ ਕਰਦਾ ਹੈ।੪।
ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।
ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ {ਪੰਨਾ 562}
ਪਦਅਰਥ: ਮੇਲਿ = ਮਿਲਾ। ਹਰਿ = ਹੇ ਹਰੀ! ਜਿਤੁ = ਜਿਸੁ ਵਿਚ। ਮਿਲਿ = ਮਿਲ ਕੇ। ਧਿਆਵਾ = ਧਿਆਵਾਂ, ਮੈਂ ਧਿਆਵਾਂ। ਗੋਸਟਿ = ਮਿਲਾਪ। ਹਰਿ ਗੋਸਟਿ = ਪਰਮਾਤਮਾ ਦਾ ਮਿਲਾਪ। ਕਰਿ = ਕਰ ਕੇ। ਸਾਂਝੀ = ਮੇਲ = ਮਿਲਾਪ, ਸੰਗਤਿ। ਸਦ = ਸਦਾ। ਜੀਵੈ = ਜੀਊ ਪੈਂਦਾ ਹੈ, ਆਤਮਕ ਜੀਵਨ ਹਾਸਲ ਕਰਦਾ ਹੈ। ਜਿਤੁ ਵੇਲਾ = ਜਿਸ ਵੇਲੇ ਵਿਚ, ਜਦੋਂ। ਜੀਉ = ਜਿੰਦ। ਮਰਿ ਜਾਇ = ਮਰ ਜਾਂਦੀ ਹੈ, ਆਤਮਕ ਮੌਤ ਸਹੇੜ ਲੈਂਦੀ ਹੈ।੫।
ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।
ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ {ਪੰਨਾ 562}
ਪਦਅਰਥ: ਕਉ = ਵਾਸਤੇ। ਸਭੁ ਕੋਈ = ਹਰੇਕ ਜੀਵ। ਲੋਚੈ = ਤਾਂਘ ਕਰਦਾ ਹੈ। ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਨਦਰਿ = ਨਜ਼ਰ, ਨਿਗਾਹ। ਸਮਾਲੇ = (ਹਿਰਦੇ ਵਿਚ) ਸੰਭਾਲਦਾ ਹੈ। ਇਕੇ = ਇੱਕ ਹੀ, ਇੱਕ ਰੂਪ, ਇੱਕ = ਜੋਤਿ। ਸੇਤੀ = ਨਾਲ। ਜਪਿ = ਜਪ ਕੇ।੬।
ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ {ਪੰਨਾ 735}
ਪਦਅਰਥ: ਕੈ ਅੰਤਰਿ = ਦੇ ਅੰਦਰ, ਦੇ ਹਿਰਦੇ ਵਿਚ। ਸਭਿ = ਸਾਰੇ। ਤੇ = ਉਹ ਮਨੁੱਖ {ਬਹੁ-ਵਚਨ}। ਮੁਕਤ = ਰੋਗਾਂ ਤੋਂ ਸੁਤੰਤਰ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਪਾਏ = ਪਾਇਆ, ਪਾ ਲਿਆ।੧।
ਮੇਰੇ ਰਾਮ ਹਰਿ ਜਨ = ਮੇਰੇ ਰਾਮ ਦੇ ਹਰੀ ਦੇ ਜਨ। ਆਰੋਗ = ਰੋਗ = ਰਹਿਤ।੧।ਰਹਾਉ।
ਮਹਾ ਦੇਉ = ਸ਼ਿਵ। ਤ੍ਰੈ ਗੁਣ = ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ। ਕਮਾਈ = ਕੀਤੀ। ਜਿਨਿ = ਜਿਨ (ਪਰਮਾਤਮਾ) ਨੇ। ਤਿਸਹਿ = {ਲਫ਼ਜ਼ 'ਤਿਸੁ' ਦਾ ੁ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ ਹੈ} ਉਸ ਨੂੰ ਹੀ। ਨ ਚੇਤਹਿ = ਨਹੀਂ ਚੇਤਦੇ। ਬਪੁੜੇ = ਵਿਚਾਰੇ। ਗੁਰਮੁਖਿ = ਗੁਰੂ ਦੀ ਸਰਨ ਪਿਆਂ।੨।
ਰੋਗਿ = ਰੋਗ ਵਿਚ। ਬਿਆਪਿਆ = ਫਸਿਆ ਹੋਇਆ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਕੋ = ਕੋਈ ਮਨੁੱਖ। ਹਉ = ਹਉਂ, ਮੈਂ। ਬਲਿਹਾਰੀ = ਸਦਕੇ।੩।
ਸਿਸਟਿ = ਦੁਨੀਆ। ਸਾਜੀ = ਪੈਦਾ ਕੀਤੀ। ਤਾ ਕਾ = ਉਸ (ਪਰਮਾਤਮਾ) ਦਾ। ਅਪਾਰੋ = ਅਪਾਰ, ਜਿਸ ਦਾ ਪਾਰਲਾ ਬੰਨਾ ਨਾਹ ਦਿੱਸੇ। ਆਪੇ = ਆਪ ਹੀ। ਵੇਖਿ = ਵੇਖ ਕੇ। ਵਿਗਸੈ = ਖ਼ੁਸ਼ ਹੁੰਦਾ ਹੈ। ਬ੍ਰਹਮ ਬੀਚਾਰੋ = ਪਰਮਾਤਮਾ ਦੇ ਗੁਣਾਂ ਦੀ ਵਿਚਾਰ।੪।
ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।
(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।
ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।
ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ {ਪੰਨਾ 665}
ਪਦਅਰਥ: ਕਾਚਾ = ਕੱਚਾ, ਟੁੱਟ ਜਾਣ ਵਾਲਾ, ਨਾਸ ਹੋ ਜਾਣ ਵਾਲਾ। ਸੰਚਹਿ = ਇਕੱਠਾ ਕਰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਭੂਲੇ = ਕੁਰਾਹੇ ਪਏ ਹੋਏ। ਅੰਧ = (ਮਾਇਆ ਦੇ ਮੋਹ ਵਿਚ) ਅੰਨ੍ਹੇ। ਬਿਖਿਆ = ਮਾਇਆ। ਕੈ ਧਨਿ = ਦੇ ਧਨ ਨਾਲ। ਪਰਾਪਤਿ = ਰਜੇਵਾਂ, ਤਸੱਲੀ, ਸੰਤੋਖ।੧।
ਸਾਚਾ = ਸਦਾ ਕਾਇਮ ਰਹਿਣ ਵਾਲਾ। ਗੁਰਮਤੀ = ਗੁਰੂ ਦੀ ਮਤਿ ਉੱਤੇ ਤੁਰ ਕੇ। ਫੁਨਿ = ਮੁੜ ਮੁੜ। ਆਵੈ = ਮਿਲਦਾ ਹੈ, ਲੱਭਦਾ ਹੈ। ਜਾਏ = ਹੱਥੋਂ ਖੁੱਸ ਜਾਂਦਾ ਹੈ।ਰਹਾਉ।
ਸਭਿ = ਸਾਰੇ। ਮਰਹਿ = ਆਤਮਕ ਜੀਵਨ ਗਵਾ ਲੈਂਦੇ ਹਨ। ਭਵਜਲਿ = ਸੰਸਾਰ = ਸਮੁੰਦਰ ਵਿਚ। ਉਰਵਾਰਿ = ਉਰਲੇ ਬੰਨੇ। ਪਾਰਿ = ਪਾਰਲੇ ਬੰਨੇ। ਭੇਟੇ = ਮਿਲਦਾ ਹੈ। ਭਾਗਿ = ਕਿਸਮਤ ਨਾਲ। ਸਾਚਿ = ਸਦਾ-ਥਿਰ ਹਰਿ = ਨਾਮ ਵਿਚ। ਰਤੇ = ਮਸਤ। ਅਹਿ = ਦਿਨ। ਨਿਸਿ = ਰਾਤ। ਬੈਰਾਗਿ = ਵੈਰਾਗ ਵਿਚ।੨।
ਚਹੁ ਜੁਗ ਮਹਿ = ਚੌਹਾਂ ਜੁਗਾਂ ਵਿਚ, ਸਦਾ ਹੀ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ। ਸਾਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ। ਨਾਮਿ = ਨਾਮ ਵਿਚ। ਸਿਧ = ਕਰਾਮਾਤੀ ਜੋਗੀ। ਸਾਧਿਕ = ਸਾਧਨਾਂ ਕਰਨ ਵਾਲੇ। ਸਭਿ = ਸਾਰੇ। ਲੋਇ = ਲੋਕ ਵਿਚ, ਜਗਤ ਵਿਚ।੩।
ਸਭੁ ਕਿਛੁ = ਹਰੇਕ ਚੀਜ਼। ਸਾਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸੋਇ = ਉਹ (ਪ੍ਰਭੂ) ਹੀ। ਕੋਇ = ਕੋਈ ਵਿਰਲਾ ਮਨੁੱਖ। ਪਛਾਣੈ = ਸਾਂਝ ਪਾਂਦਾ ਹੈ। ਸਚੁ ਸਾਚਾ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਸਚੁ = ਸਦਾ-ਥਿਰ ਹਰਿ = ਨਾਮ। ਦ੍ਰਿੜਾਏ = (ਹਿਰਦੇ ਵਿਚ) ਪੱਕਾ ਕਰਦਾ ਹੈ। ਆਪੇ = ਆਪ ਹੀ। ਵੇਖੈ = ਸੰਭਾਲ ਕਰਦਾ ਹੈ। ਸਚਿ = ਸਦਾ-ਥਿਰ ਨਾਮ ਵਿਚ।੪।
ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।
ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ) । ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।
ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ {ਪੰਨਾ 692}
ਪਦਅਰਥ: ਭਾਈ = ਹੇ ਭਾਈ! ਬੂਡਤੇ = (ਸੰਸਾਰ = ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤ ਜੀਵ।੧।ਰਹਾਉ।
ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖ ਦੇਣ ਵਾਲੇ। ਕਾਲ = ਮੌਤ। ਅਵਧ = {Skt. अवधि} ਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧।
ਅਜਾਮਲ = ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ 'ਨਾਰਾਇਣ' ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ = ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀ; ਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ।
ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ 'ਰਾਮ ਰਾਮ' ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨।
ਸੂਕਰ = ਸੂਰ। ਕੂਕਰ = ਕੁੱਤੇ। ਭ੍ਰਮੇ = ਭਟਕਦੇ ਰਹੇ। ਤਊ = ਤਾਂ ਭੀ। ਬਿਖੁ = ਜ਼ਹਿਰ।੩।
ਤਜਿ = ਛੱਡ ਦੇਹ। ਬਿਧਿ ਕਰਮ = ਉਹ ਕਰਮ ਜੋ ਵਿਧੀ ਅਨੁਸਾਰ ਹੋਣ, ਉਹ ਕਰਮ ਜਿਨ੍ਹਾਂ ਦੇ ਕਰਨ ਦੀ ਆਗਿਆ ਸ਼ਾਸਤ੍ਰਾਂ ਵਲੋਂ ਮਿਲੀ ਹੋਵੇ। ਨਿਖੇਧ ਕਰਮ = ਉਹ ਕੰਮ ਜਿਨ੍ਹਾਂ ਦੇ ਕਰਨ ਬਾਰੇ ਸ਼ਾਸਤ੍ਰਾਂ ਵਲੋਂ ਮਨਾਹੀ ਹੋਵੇ। ਬਿਧਿ = ਆਗਿਆ। ਨਿਖੇਧ = ਮਨਾਹੀ। ਸਨੇਹੀ = ਪਿਆਰਾ, ਸਾਥੀ।੪।
ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।
ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।
ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।
(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।
(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।
ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।
*┈┉┅━❀꧁ੴ꧂❀━┅┉┈*

ਵਡਹੰਸੁ ਮਹਲਾ ੩ ॥ ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥੧॥ ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥ ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥ ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥ {ਪੰਨਾ 559-560}
ਪਦਅਰਥ: ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਚੁ = ਸਦਾ-ਥਿਰ ਪ੍ਰਭੂ (ਦਾ ਨਾਮ ਸਿਮਰਨਾ) । ਸੰਜਮੁ = ਇੰਦ੍ਰਿਆਂ ਨੂੰ ਵੱਸ ਕਰਨ ਦਾ ਜਤਨ। ਤਤੁ = ਅਸਲ। ਸਾਚੇ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ।੧।
ਮਨ = ਹੇ ਮਨ! ਸਮਾਲਿ = ਸਾਂਭ, ਯਾਦ ਕਰਦਾ ਰਹੁ।ਰਹਾਉ।
ਜਾਤਿ ਪਤਿ = ਜਾਤਿ ਪਾਤਿ, ਉੱਚੀ ਕੁਲ। ਸਖਾਈ = ਮਿੱਤਰ, ਸਾਥੀ।੨।
ਜਿਸ ਨੋ = {ਲਫ਼ਜ਼ 'ਜਿਸ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਵਡਾਈ = ਇੱਜ਼ਤ।੩।
ਕਰਣੀ = ਕਰਤੱਬ, ਜੀਵਨ = ਮਨੋਰਥ। ਪਰਵਾਰੈ = ਪਰਵਾਰ ਵਾਸਤੇ। ਸਾਧਾਰੁ = ਸੁ = ਆਧਾਰੁ, ਆਧਾਰ ਸਹਿਤ, ਆਸਰਾ ਦੇਣ = ਜੋਗ।੪।
ਅਰਥ: ਹੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਯਾਦ ਕਰਦਾ ਰਹੁ। ਇਹ ਨਾਮ ਹੀ ਤੇਰੇ ਨਾਲ ਜਾਣ ਵਾਲਾ ਹੈ ਸਾਥ ਨਿਬਾਹੁਣ ਵਾਲਾ ਹੈ।ਰਹਾਉ।
ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਹੀ ਇੰਦ੍ਰਿਆਂ ਨੂੰ ਵੱਸ ਕਰਨ ਦਾ ਸਹੀ ਜਤਨ ਹੈ, ਤੇ, ਆਤਮਕ ਜੀਵਨ ਦੀ ਸੂਝ ਦਾ ਮੂਲ ਹੈ। ਗੁਰੂ ਦੀ ਸਰਨ ਪਿਆਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੁੜੀ ਰਹਿੰਦੀ ਹੈ।੧।
ਹੇ ਭਾਈ! ਗੁਰੂ ਦੀ ਸਰਨ ਪੈ ਕੇ ਉਸ ਸਦਾ-ਥਿਰ ਹਰੀ ਦਾ ਨਾਮ-ਸਿਮਰਨ ਉੱਚੀ ਜਾਤਿ ਤੇ ਉੱਚੀ ਕੁਲ (ਦਾ ਮੂਲ) ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ, ਤੇ, ਉਸ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ।੨।
ਪਰ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ (ਇਸ ਜੋਗ) ਬਣਾਂਦਾ ਹੈ, ਉਹ ਪਰਮਾਤਮਾ ਆਪ ਮਨੁੱਖ ਨੂੰ ਗੁਰੂ ਦੇ ਸਨਮੁਖ ਕਰ ਕੇ ਇੱਜ਼ਤ ਬਖ਼ਸ਼ਦਾ ਹੈ।੩।
ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ) ਸੰਭਾਲ, ਇਹੀ ਕਰਨ-ਜੋਗ ਕੰਮ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਪਰਵਾਰ ਵਾਸਤੇ ਭੀ ਆਸਰਾ ਦੇਣ ਜੋਗਾ ਹੋ ਜਾਂਦਾ ਹੈ।੪।੬।
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}
ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।
ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।
ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।
ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।
ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।
ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।
ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।
ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲ} ਅਵੈੜਾ।੪।
ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫।
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
*┈┉┅━❀꧁ੴ꧂❀━┅┉┈*
ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}
ਪਦਅਰਥ: ਸਿਰਿ = ਸਿਰ ਉਤੇ। ਅੰਕਸੁ = ਮਹਾਵਤ ਦਾ ਕੁੰਡਾ। ਊਭੀ = ਖਲੋ ਕੇ, ਸੁਚੇਤ ਹੋ ਕੇ। ਆਪੁ = ਆਪਾ = ਭਾਵ, ਅਪਣੱਤ। ਨਿਵਾਰੀਐ = ਦੂਰ ਕੀਤੀ ਜਾਂਦੀ ਹੈ।
ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।
ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}
ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।
ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}
ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।
ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ {ਪੰਨਾ 648}
ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂ' ਆਖੋ, 'ਗੁਰੂ, ਗੁਰੂ' ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}
ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) । ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) । ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧।
ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ।ਰਹਾਉ।
ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ = ਚਿੱਤਾ = ਪਨ, ਮੇਰ = ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ।੨।
ਕਾਮਨਾ = ਇੱਛਾ, ਫੁਰਨਾ। ਸਿਰਿ = ਸਿਰ ਉਤੇ। ਕਰਵਤ = ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ = ਮੰਦਰ ਵਿਚ ਹੈ। ਸ਼ਿਵ = ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ = ਇਸ ਤਰੀਕੇ ਨਾਲ।੩।
ਕਨਿਕ = ਸੋਨਾ। ਕਾਮਿਨੀ = ਇਸਤ੍ਰੀ। ਹੈਵਰ = {हयवर} ਵਧੀਆ ਘੋੜੇ। ਗੈਵਰ = {गजवर} ਵਧੀਆ ਹਾਥੀ। ਦਾਤਾਰਾ = ਦੇਣ ਵਾਲਾ। ਅਰਪੇ = ਦਾਨ ਕਰਦਾ ਹੈ। ਹਰਿ ਦੁਆਰਾ = ਹਰੀ ਦੇ ਦਰ ਤੇ।੪।
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।
ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ {ਪੰਨਾ 642}
ਪਦਅਰਥ: ਅਰਚਾ = ਮੂਰਤੀ ਦੀ ਪੂਜਾ। ਬੰਧਨ = ਨਮਸਕਾਰ। ਡੰਡਉਤ = ਡੰਡੇ ਵਾਂਗ ਸਿੱਧੇ ਲੰਮੇ ਪੈ ਕੇ ਨਮਸਕਾਰ ਕਰਨੀ। ਖਟੁ = ਛੇ। ਖਟੁ ਕਰਮਾ = ਬ੍ਰਾਹਮਣ ਵਾਸਤੇ ਛੇ ਜ਼ਰੂਰੀ ਧਾਰਮਿਕ ਕਰਮ = ਵਿੱਦਿਆ ਪੜ੍ਹਾਣੀ ਤੇ ਪੜ੍ਹਨੀ, ਜੱਗ ਕਰਨਾ ਤੇ ਕਰਾਣਾ, ਦਾਨ ਦੇਣਾ ਤੇ ਲੈਣਾ। ਰਤੁ ਰਹਤਾ = ਮਗਨ ਰਹਿੰਦਾ ਹੈ। ਹਉ ਹਉ = ਮੈਂ ਮੈਂ। ਇਹ ਜੁਗਤਾ = ਇਸ ਤਰੀਕੇ ਨਾਲ।੫।
ਸਿਧ = ਜੋਗ = ਆਸਣਾਂ ਵਿਚ ਪੁੱਗੇ ਹੋਏ ਜੋਗੀ। ਰਹਿਆ = ਥੱਕ ਗਿਆ। ਆਰਜਾ = ਉਮਰ। ਸੰਗੁ = ਸਾਥ। ਗਹਿਆ = ਲੱਭਾ।੬।
ਲੀਲਾ = ਰੰਗ = ਤਮਾਸ਼ੇ। ਰਚਨਾ = ਠਾਠ = ਬਾਠ। ਅਫਾਰਾ = ਜਿਸ ਨੂੰ ਕੋਈ ਮੋੜ ਨਾਹ ਸਕੇ। ਚੋਆ = ਅਤਰ। ਘੋਰ = ਭਿਆਨਕ।੭।
ਕੀਰਤਿ = ਸਿਫ਼ਤਿ-ਸਾਲਾਹ। ਕਰਮਨ ਕੈ ਸਿਰਿ = ਸਭ (ਧਾਰਮਿਕ) ਕੰਮਾਂ ਦੇ ਸਿਰ ਉਤੇ, ਸਭ ਕਰਮਾਂ ਨਾਲੋਂ ਸ੍ਰੇਸ਼ਟ। ਪੁਰਬ ਲਿਖੇ ਕਾ = ਪਹਿਲੇ ਜਨਮ ਵਿਚ ਕੀਤੇ ਕਰਮਾਂ ਦੇ ਲਿਖੇ ਲੇਖ ਅਨੁਸਾਰ।੮।
ਰੰਗਿ = ਰੰਗ ਵਿਚ। ਮਾਤਾ = ਮਸਤ। ਕੀਰਤਨਿ = ਕੀਰਤਨ ਵਿਚ। ਰਾਤਾ = ਰੰਗਿਆ ਹੋਇਆ।ਰਹਾਉ ਦੂਜਾ।
ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।
*┈┉┅━❀꧁ੴ꧂❀━┅┉┈*
ਸਲੋਕੁ ਮਃ ੧ ॥ ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥ {ਪੰਨਾ 470}
ਪਦ ਅਰਥ: ਮੇਰੁ = ਜਿਵੇਂ 'ਮੇਰੂ' ਪਰਬਤ ਦੇ ਦੁਆਲੇ ਸਾਰੇ ਗ੍ਰਹਿ (ਤਾਰੇ) ਭੌਂਦੇ ਹਨ, ਸਾਰੇ 'ਦੀਪਾਂ' ਦਾ ਇਹ ਕੇਂਦਰ ਹੈ ਤੇ ਇਸ ਵਿਚ ਸੋਨਾ ਤੇ ਹੀਰੇ ਮਿਲਦੇ ਹਨ; ਜਿਵੇਂ ਮਾਲਾ ਦੇ 108 ਮਣਕਿਆਂ ਵਿਚ ਸਿਰਤਾਜ ਮਣਕਾ 'ਮੇਰੂ' ਹੈ; ਜਿਵੇਂ ਮੋਤੀਆਂ ਦੇ ਹਾਰ ਦਾ ਸ਼ਿਰੋਮਣ ਮੋਤੀ 'ਮੇਰੂ' ਅਖਵਾਂਦਾ ਹੈ, ਤਿਵੇਂ ਪ੍ਰਭੂ ਦੀ ਰਚਨਾ ਦੀਆਂ ਬੇਅੰਤ ਜੂਨੀਆਂ ਵਿਚੋਂ ਸ਼ਿਰੋਮਣੀ ਜੂਨ ਮਨੁੱਖਾ-ਜੂਨ 'ਮੇਰੂ' ਅਖਵਾਂਦੀ ਹੈ ਅਤੇ ਮਨੁੱਖਾ-ਸਰੀਰ ਬਾਕੀ ਸਭ ਜੂਨੀਆਂ ਦੇ ਸਰੀਰਾਂ ਵਿਚੋਂ 'ਮੇਰੂ' ਹੈ। ਮੇਰੁ ਸਰੀਰ ਕਾ = (ਸਰੀਰਾਂ ਵਿਚੋਂ) ਮੇਰੁ ਸਰੀਰ ਦਾ, (ਸਾਰੀਆਂ ਜੂਨੀਆਂ ਦੇ ਸਰੀਰਾਂ ਵਿਚੋਂ) ਮੇਰੂ ਸਰੀਰ ਦਾ, ਸ਼ਿਰੋਮਣੀ ਸਰੀਰ ਦਾ, ਭਾਵ, ਮਨੁੱਖਾ-ਸਰੀਰ ਦੇ ਵਾਸਤੇ। ਰਥੁ = ਕਾਠ ਉਪਨਿਸ਼ਦ ਵਿਚ ਮਨੁੱਖਾ ਸਰੀਰ ਨੂੰ ਰਥ ਨਾਲ ਉਪਮਾ ਦਿੱਤੀ ਗਈ ਹੈ; ਭਾਵ, ਸਰੀਰ ਨੂੰ ਰਥ ਸਮਝੋ ਤੇ ਆਤਮਾ ਨੂੰ ਇਸ ਰਥ ਦਾ ਰਥਵਾਹੀ ਜਾਣੋ। ਰਥਵਾਹੁ = ਰਥ ਨੂੰ ਚਲਾਣ ਵਾਲਾ। ਜੁਗੁ ਜੁਗੁ = ਹਰੇਕ ਜੁਗ ਵਿਚ। ਜੁਗੁ = ਇਸ ਸ੍ਰਿਸ਼ਟੀ ਦੀ ਇਕ ਉਮਰ ਨੂੰ 'ਜੁਗ' ਕਿਹਾ ਜਾਂਦਾ ਹੈ। ਜੁਗ ਗਿਣਤੀ ਵਿਚ ਚਾਰ ਹਨ– ਸਤਜੁਗ, ਤ੍ਰੇਤਾ, ਦੁਆਪਰ ਤੇ ਕਲਜੁਗ। ਹਰੇਕ ਜੁਗ ਦੀ ਉਮਰ ਕ੍ਰਮ ਅਨੁਸਾਰ 1728000, 1596000, 864000 ਅਤੇ 472000 ਸਾਲ (ਮਨੁੱਖਾਂ ਦੇ ਸਾਲ) ਹੈ; ਇਹ ਸਾਰਾ ਸਮਾ ਮਿਲਾ ਕੇ ਇਕ 'ਮਹਾ ਜੁਗ' ਬਣਦਾ ਹੈ। ਹਰੇਕ ਜੁਗ ਦੀ ਉਮਰ ਤਰਤੀਬ-ਵਾਰ ਘਟਦੀ ਗਈ ਹੈ। ਇਸ ਸੰਬੰਧੀ ਖ਼ਿਆਲ ਇਹ ਹੈ ਕਿ ਇਹਨਾਂ ਜੁਗਾਂ ਵਿਚ ਦੇ ਜੀਵਾਂ ਦਾ ਸਰੀਰਕ ਬਲ ਤੇ ਆਚਰਨ ਕਮਜ਼ੋਰ ਹੁੰਦਾ ਜਾ ਰਿਹਾ ਹੈ, ਇਸ ਕਰਕੇ ਜੁਗਾਂ ਦੀ ਉਮਰ ਭੀ ਨਾਲੋ ਨਾਲ ਘਟਦੀ ਜਾ ਰਹੀ ਹੈ। ਵਟਾਈਅਹਿ = ਵਟਾਏ ਜਾਂਦੇ ਹਨ, ਬਦਲਦੇ ਰਹਿੰਦੇ ਹਨ। ਗਿਆਨੀ = ਗਿਆਨ ਵਾਲੇ ਮਨੁੱਖ। ਤਾਹਿ = ਇਸ ਗੱਲ ਨੂੰ। ਸਤਜੁਗਿ = ਸਤਜੁਗ ਵਿਚ। ਤ੍ਰੇਤੈ = ਤ੍ਰੇਤੇ ਜੁਗ ਵਿਚ। ਸਤੁ = ਉੱਚਾ ਆਚਰਨ।1।
ਅਰਥ: ਹੇ ਨਾਨਕ! ਚੌਰਾਸੀਹ ਲੱਖ ਜੂਨਾਂ ਵਿਚੋਂ ਸ਼ਿਰੋਮਣੀ ਮਨੁੱਖਾ ਸਰੀਰ ਦਾ ਇਕ ਰਥ ਹੈ ਤੇ ਇਕ ਰਥਵਾਹੀ ਹੈ (ਭਾਵ, ਇਹ ਜ਼ਿੰਦਗੀ ਦਾ ਇਕ ਲੰਮਾ ਸਫ਼ਰ ਹੈ, ਮਨੁੱਖ ਮੁਸਾਫ਼ਰ ਹੈ; ਇਸ ਲੰਮੇ ਸਫ਼ਰ ਨੂੰ ਸੌਖੇ ਤਰੀਕੇ ਨਾਲ ਤੈ ਕਰਨ ਵਾਸਤੇ ਜੀਵ ਸਮੇ ਦੇ ਪਰਭਾਵ ਵਿਚ ਆਪਣੀ ਮਤ ਅਨੁਸਾਰ ਕਿਸੇ ਨ ਕਿਸੇ ਦੀ ਅਗਵਾਈ ਵਿਚ ਤੁਰ ਰਹੇ ਹਨ, ਕਿਸੇ ਨ ਕਿਸੇ ਦਾ ਆਸਰਾ ਤੱਕ ਰਹੇ ਹਨ। ਪਰ ਜਿਉਂ ਜਿਉਂ ਸਮਾ ਗੁਜ਼ਰਦਾ ਜਾ ਰਿਹਾ ਹੈ, ਜੀਵਾਂ ਦੇ ਸੁਭਾਉ ਬਦਲ ਰਹੇ ਹਨ, ਇਸ ਵਾਸਤੇ ਜੀਵਾਂ ਦਾ ਆਪਣੀ ਜ਼ਿੰਦਗੀ ਦਾ ਨਿਸ਼ਾਨਾ, ਜ਼ਿੰਦਗੀ ਦਾ ਮਨੋਰਥ ਭੀ ਬਦਲ ਰਿਹਾ ਹੈ; ਤਾਂ ਤੇ) ਹਰੇਕ ਜੁਗ ਵਿਚ ਇਹ ਰਥ ਤੇ ਰਥਵਾਹੀ ਮੁੜ ਮੁੜ ਬਦਲਦੇ ਰਹਿੰਦੇ ਹਨ, ਇਸ ਭੇਦ ਨੂੰ ਸਿਆਣੇ ਮਨੁੱਖ ਸਮਝਦੇ ਹਨ।
ਸਤਜੁਗ ਵਿਚ ਮਨੁੱਖਾ-ਸਰੀਰ ਦਾ ਰਥ 'ਸੰਤੋਖ' ਹੁੰਦਾ ਹੈ ਤੇ ਰਥਵਾਹੀ 'ਧਰਮ' ਹੈ (ਭਾਵ, ਜਦੋਂ ਮਨੁੱਖਾਂ ਦਾ ਆਮ ਤੌਰ ਤੇ ਜ਼ਿੰਦਗੀ ਦਾ ਨਿਸ਼ਾਨਾ 'ਧਰਮ' ਹੋਵੇ, 'ਧਰਮ' ਜੀਵਨ-ਮਨੋਰਥ ਹੋਣ ਕਰਕੇ ਸੁਤੇ ਹੀ 'ਸੰਤੋਖ' ਉਹਨਾਂ ਦੀ ਸਵਾਰੀ ਹੁੰਦਾ ਹੈ, 'ਸੰਤੋਖ' ਵਾਲਾ ਸੁਭਾਉ ਜੀਵਾਂ ਦੇ ਅੰਦਰ ਪਰਬਲ ਹੁੰਦਾ ਹੈ। ਇਹ ਜੀਵ, ਮਾਨੋ, ਸਤਜੁਗੀ ਹਨ, ਸਤਜੁਗ ਵਿਚ ਵੱਸ ਰਹੇ ਹਨ) ।
ਤ੍ਰੇਤੇ ਜੁਗ ਵਿਚ ਮਨੁੱਖਾ-ਸਰੀਰ ਦਾ ਰਥ 'ਜਤੁ' ਹੈ ਤੇ ਇਸ 'ਜਤ' ਰੂਪ ਰਥ ਦੇ ਅੱਗੇ ਰਥਵਾਹੀ 'ਜੋਰੁ' ਹੈ (ਭਾਵ, ਜਦੋਂ ਮਨੁੱਖਾਂ ਦਾ ਜ਼ਿੰਦਗੀ ਦਾ ਨਿਸ਼ਾਨਾ 'ਸੂਰਮਤਾ' (Chivalry) ਹੋਵੇ, ਤਦੋਂ ਸੁਤੇ ਹੀ 'ਜਤੁ' ਉਹਨਾਂ ਦੀ ਸਵਾਰੀ ਹੁੰਦਾ ਹੈ। 'ਸੂਰਮਤਾ' ਦੇ ਪਿਆਰੇ ਮਨੁੱਖਾਂ ਦੇ ਅੰਦਰ 'ਜਤੀ' ਰਹਿਣ ਦਾ ਵਲਵਲਾ ਸਭ ਤੋਂ ਵਧੀਕ ਪਰਬਲ ਹੁੰਦਾ ਹੈ।
ਦੁਆਪਰ ਜੁਗ ਵਿਚ ਮਨੁੱਖਾ-ਸਰੀਰ ਦਾ ਰਥ 'ਤਪੁ' ਹੈ ਤੇ ਇਸ 'ਤਪ' ਰੂਪ ਰਥ ਦੇ ਅੱਗੇ ਰਥਵਾਹੀ 'ਸਤੁ' ਹੁੰਦਾ ਹੈ (ਭਾਵ, ਜਦੋਂ ਮਨੁੱਖਾਂ ਦੀ ਜ਼ਿੰਦਗੀ ਦਾ ਨਿਸ਼ਾਨਾ ਉੱਚਾ ਆਚਰਨ ਹੋਵੇ, ਤਦੋਂ ਸੁਤੇ ਹੀ 'ਤਪ' ਉਹਨਾਂ ਦੀ ਸਵਾਰੀ ਹੁੰਦਾ ਹੈ। 'ਉੱਚੇ ਆਚਰਨ' ਦੇ ਆਸ਼ਕ ਆਪਣੇ ਸਰੀਰਕ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਣ ਦੀ ਖ਼ਾਤਰ ਕਈ ਤਰ੍ਹਾਂ ਦੇ ਤਪ, ਕਸ਼ਟ ਝੱਲਦੇ ਹਨ) ।
ਕਲਜੁਗ ਵਿਚ ਮਨੁੱਖਾ-ਸਰੀਰ ਦਾ ਰਥ ਤ੍ਰਿਸ਼ਨਾ-ਅੱਗ ਹੈ ਤੇ ਇਸ 'ਅੱਗ' ਰੂਪ ਰਥ ਦੇ ਅੱਗੇ ਰਥਵਾਹੀ 'ਕੂੜੁ' ਹੈ (ਭਾਵ, ਜਦੋਂ ਜੀਵਾਂ ਦਾ ਜ਼ਿੰਦਗੀ ਦਾ ਮਨੋਰਥ 'ਕੂੜੁ' ਠੱਗੀ ਆਦਿਕ ਹੋਵੇ ਤਦੋਂ ਸੁਤੇ ਹੀ 'ਤ੍ਰਿਸ਼ਨਾ' ਰੂਪ ਅੱਗ ਉਹਨਾਂ ਦੀ ਸਵਾਰੀ ਹੁੰਦੀ ਹੈ। ਕੂੜ ਠੱਗੀ ਤੋਂ ਵਿਕੇ ਹੋਏ ਮਨੁੱਖਾਂ ਦੇ ਅੰਦਰ ਤ੍ਰਿਸ਼ਨਾ ਅੱਗ ਭੜਕਦੀ ਰਹਿੰਦੀ ਹੈ) ।
ਨੋਟ: ਇਸ ਸਲੋਕ ਵਿਚ ਗੁਰੂ ਨਾਨਕ ਸਾਹਿਬ ਜੀ ਹਿੰਦੂ ਮਤ ਅਨੁਸਾਰ ਜੁਗਾਂ ਦੀ ਕੀਤੀ ਹੋਈ ਵੰਡ ਤੇ ਵਿਚਾਰ ਕਰਦੇ ਹੋਏ ਫੁਰਮਾਂਦੇ ਹਨ ਕਿ ਸਤਜੁਗ, ਤ੍ਰੇਤਾ, ਦੁਆਪਰ, ਕਲਜੁਗ ਦੇ ਪਹਿਰੇ ਦੀ ਪਛਾਣ ਕਰਨ ਵਾਸਤੇ ਜੀਵਾਂ ਦੇ ਆਮ ਪਰਵਿਰਤੀ ਸੁਭਾਉ ਵਲ ਵੇਖੋ। ਜਿੱਥੇ 'ਧਰਮ' ਪਰਬਲ ਹੈ, ਉਥੇ ਮਾਨੋ, 'ਸਤਜੁਗ' ਦਾ ਰਾਜ ਹੈ, ਤੇ ਜਿੱਥੇ 'ਕੂੜੁ' ਪਰਧਾਨ ਹੈ, ਉਥੇ ਸਮਝੋ ਕਲਜੁਗ ਦਾ ਪਹਿਰਾ ਹੈ। ਜੁਗਾਂ ਦਾ ਪਰਭਾਵ ਜਗਤ ਤੇ ਨਹੀਂ ਹੈ, ਜਗਤ ਦੇ ਜੀਵਾਂ ਦਾ ਸੁਭਾਉ ਤੇ ਆਚਰਨ ਬਦਲਣ ਨਾਲ ਮਾਨੋ ਜੁਗ ਬਦਲ ਗਿਆ ਹੈ।1।
ਮਃ ੧ ॥ ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ ॥ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ਹ੍ਹ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨ੍ਹ੍ਹ ਚਾਰ ਵੀਚਾਰ ॥ ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥ {ਪੰਨਾ 470}
ਪਦ ਅਰਥ: ਪਾਰਜਾਤੁ = ਇੰਦਰ ਦੇ ਬਾਗ਼ 'ਨੰਦਨ' ਵਿਚ ਪੰਜ ਸ੍ਰੇਸ਼ਟ ਰੁੱਖਾਂ ਵਿਚੋਂ ਇਕ ਦਾ ਨਾਉਂ 'ਪਾਰਜਾਤ' ਹੈ। ਜਦੋਂ ਦੇਵਤਿਆਂ ਨੇ ਰਲ ਕੇ ਸਮੁੰਦਰ ਨੂੰ ਰਿੜਕਿਆ ਸੀ, ਤਦੋਂ ਉਸ ਵਿਚੋਂ ਚੌਦਾਂ ਰਤਨ ਨਿਕਲੇ, ਜਿਨ੍ਹਾਂ ਵਿਚੋਂ ਇਕ 'ਪਾਰਜਾਤ' ਰੁੱਖ ਸੀ। ਕ੍ਰਿਸ਼ਨ ਜੀ ਨੇ ਇਹ ਰੁੱਖ ਉਸ ਬਾਗ਼ ਵਿਚੋਂ ਪੁੱਟ ਕੇ ਲੈ ਆਂਦਾ ਤੇ ਆਪਣੀ ਪਿਆਰੀ 'ਸਤ੍ਯਭਾਮਾ' ਦੇ ਬਾਗ਼ ਵਿਚ ਲਾ ਦਿੱਤਾ। ਇਹ 'ਸਤ੍ਯਭਾਮਾ' ਰਾਜਾ ਸ਼ਤ੍ਰਾਜਿਤ ਦੀ ਧੀ ਤੇ ਸ੍ਰੀ ਕ੍ਰਿਸ਼ਨ ਜੀ ਦੀ ਪਿਆਰੀ ਇਸਤ੍ਰੀ ਸੀ।
ਇੰਦਰ ਦੇ ਬਾਗ਼ 'ਨੰਦਨ' ਵਿਚ ਪੰਜ ਵਧੀਆ ਜਾਤੀ ਦੇ ਰੁੱਖ ਦੱਸੇ ਗਏ ਹਨ। ਉਹ ਪੰਜੇ ਰੁੱਖ ਇਹ ਹਨ:
ਮੰਦਾਰ, ਪਾਰਜਾਤ, ਸੰਤਾਨ, ਕਲਪ-ਰੁੱਖ ਤੇ ਹਰੀ ਚੰਦਨ।
ਚੰਦ੍ਰਾਵਲਿ = ਇਕ ਗੋਪੀ ਦਾ ਨਾਮ ਸੀ। ਇਹ ਰਾਧਾ ਦੀ ਚਚੇਰੀ ਭੈਣ ਸੀ, ਰਾਧਾ ਦੇ ਪਿਤਾ ਵ੍ਰਿਖਭਾਨ ਦੇ ਜੇਠੇ ਭਰਾ ਚੰਦ੍ਰਭਾਨ ਦੀ ਇਹ ਲੜਕੀ ਸੀ। ਚੰਦ੍ਰਾਵਲੀ ਗੋਵਰਧਨ ਨਾਲ ਵਿਆਹੀ ਗਈ ਸੀ, ਜੋ ਕਰਲਾ ਨਾਮਕ ਪਿੰਡ ਦਾ ਰਹਿਣ ਵਾਲਾ ਸੀ। ਸਾਮ = ਤੀਜਾ ਵੇਦ; ਪਹਿਲੇ ਦੋ 'ਰਿਗ' ਅਤੇ 'ਯਜੁਰ' ਹਨ। ਰਾਮ ਨਾਮੁ = (ਸ੍ਰੀ) ਰਾਮ (ਜੀ) ਦਾ ਨਾਮ। ਦੇਵਾ ਮਹਿ = ਦੇਵਤਿਆਂ ਵਿਚ। ਸੂਰੁ = ਸੂਰਜ। ਨਾਇ ਲਇਐ = ਜੇ ਨਾਮ ਜਪੀਏ। ਪਰਾਛਤ = ਪਾਪ। ਜੋਰਿ = ਜ਼ੋਰ ਨਾਲ, ਧੱਕੇ ਨਾਲ। ਜਾਦਮੁ = 'ਜਦੁ' ਕੁਲ ਵਿਚ ਪੈਦਾ ਹੋਇਆ ਸ੍ਰੀ ਕ੍ਰਿਸ਼ਨ। ਗੋਪੀ = 'ਸਤ੍ਯਭਾਮਾ' ਗੋਪੀ ਦੇ ਵਾਸਤੇ। ਕਲਿ ਮਹਿ = ਕਲਿਜੁਗ ਵਿਚ। ਅਲਹੁ = ਅੱਲਾ, ਰੱਬ। ਅਮਲੁ = ਹੁਕਮੁ, ਰਾਜ। ਤੁਰਕ ਪਠਾਣੀ = ਤੁਰਕਾਂ ਪਠਾਣਾਂ ਨੇ। ਪੜਹਿ = (ਜੋ) ਪੜ੍ਹਦੇ ਹਨ। ਗੁਣਹਿ = ਜੋ ਵਿਚਾਰਦੇ ਹਨ। ਤਿਨ੍ਹ੍ਹ ਵੀਚਾਰ = ਉਹਨਾਂ ਦੇ ਵਿਚਾਰ। ਚਾਰ = ਸੁੰਦਰ।
ਅਰਥ ਸੰਬੰਧੀ ਨੋਟ:'ਕਲਿ ਮਹਿ ਬੇਦੁ ਅਥਰਬਣੁ ਹੂਆ' = ਜਿਵੇਂ ਇਸ ਤੁਕ ਵਿਚ 'ਕਲਜੁਗ' ਦੇ ਨਾਲ 'ਬੇਦੁ ਅਥਰਬਣੁ' ਵਰਤਿਆ ਗਿਆ ਹੈ ਤਿਵੇਂ ਪਹਿਲੀਆਂ ਤੁਕਾਂ ਵਿਚ ਸ਼ਬਦ 'ਸਾਮ' ਨਾਲ 'ਦੁਆਪਰ' ਵਰਤਣਾ ਹੈ। 'ਨਾਉ ਖੁਦਾਈ ਅਲਹੁ ਭਇਆ' = ਕਲਜੁਗ ਵਿਚ 'ਸੁਆਮੀ' ਦਾ ਨਾਉਂ 'ਖੁਦਾਇ' ਤੇ 'ਅਲਹੁ' ਪਰਧਾਨ ਹੋ ਗਿਆ। 'ਕਲਿ......ਕੀਆ' = ਕਲਜੁਗ ਵਿਚ ਅਥਰਬਣ ਵੇਦ ਪਰਧਾਨ ਹੋ ਗਿਆ ਹੈ, ਜੀਵਾਂ ਦੀ ਅਗਵਾਈ ਮਾਨੋ, ਅਥਰਬਣ ਬੇਦ ਕਰ ਰਿਹਾ ਹੈ, ਭਾਵ, ਕਲਜੁਗ ਵਿਚ ਜਾਦੂ ਟੂਣੇ, ਵੈਰ-ਵਿਰੋਧ ਤੇ ਜ਼ੁਲਮ ਪਰਧਾਨ ਹਨ; ਭਾਵ, 'ਕਲਿਜੁਗਿ ਰਥੁ ਅਗਨਿ ਕਾ, ਕੂੜੁ ਅਗੈ ਰਥਵਾਹੁ। ' ਤੁਰਕਾਂ ਤੇ ਪਠਾਣਾਂ ਦਾ ਰਾਜ ਹੋ ਗਿਆ ਹੈ, ਜਿਨ੍ਹਾਂ ਨੇ ਨੀਲੇ ਬਸਤਰ ਲੈ ਕੇ ਉਹਨਾਂ ਦੇ ਕੱਪੜੇ (ਬਣਵਾ ਕੇ) ਪਾਏ ਹੋਏ ਹਨ; ਉਹਨਾਂ ਦੇ ਹੀ ਤੇਜ ਪਰਤਾਪ ਕਰਕੇ ਹੁਣ 'ਸੁਆਮੀ' ਦਾ ਨਾਉਂ 'ਖੁਦਾਇ' ਤੇ 'ਅਲਹੁ' ਵੱਜ ਰਿਹਾ ਹੈ। 'ਜੁਜ ਮਹਿ......ਕਾਨ੍ਹ੍ਹ ਕ੍ਰਿਸ਼ਨ ਜਾਦਮੁ ਭਇਆ' = ਦੁਆਪਰ ਵਿਚ 'ਸੁਆਮੀ ਦਾ ਨਾਉਂ' 'ਜਾਦਮੁ ਕਾਨ੍ਹ੍ਹ ਕ੍ਰਿਸ਼ਨ' ਵੱਜਦਾ ਸੀ। ਕਿਹੜਾ 'ਕ੍ਰਿਸ਼ਨ'? ਜੋ 'ਕਾਨ੍ਹ੍ਹ' ਸਾਵਲੇ ਰੰਗ ਦਾ ਸੀ ਤੇ 'ਜਾਦਮੁ' ਜਾਦਵਾਂ ਦੀ ਕੁਲ ਵਿਚੋਂ ਸੀ; ਜਿਸ ਨੇ ਜ਼ੋਰ ਨਾਲ ਚੰਦ੍ਰਾਵਲੀ ਨੂੰ ਛਲ ਲਿਆਂਦਾ ਸੀ, ਜਿਸ ਨੇ (ਆਪਣੀ) ਗੋਪੀ (ਸਤ੍ਯਭਾਮਾ) ਦੀ ਖ਼ਾਤਰ 'ਪਾਰਜਾਤ' ਰੁੱਖ ਇੰਦਰ ਦੇ ਬਾਗ਼ ਵਿਚੋਂ ਲੈ ਆਂਦਾ ਸੀ ਅਤੇ ਜਿਸ ਨੇ ਬਿੰਦ੍ਰਾਬਨ ਵਿਚ ਕੌਤਕ ਕੀਤੇ ਸਨ। ਰਿਗੁਵੇਦ ਆਖਦਾ ਹੈ ਕਿ (ਤ੍ਰੇਤੇ ਜੁਗ ਵਿਚ ਸ੍ਰੀ ਰਾਮ ਜੀ ਦਾ ਨਾਮ ਹੀ ਸਾਰੇ ਦੇਵਤਿਆਂ ਵਿਚ ਸੂਰਜ ਵਾਂਗ ਚਮਕਦਾ ਸੀ, ਭਾਵ, ਤ੍ਰੇਤੇ ਵਿਚ 'ਸਵਾਮੀ' ਦਾ ਨਾਉਂ 'ਰਾਮ' ਪਰਧਾਨ ਸੀ। ਉਸੇ ਰਾਮ ਜੀ ਨੂੰ ਹੀ 'ਭਰਪੂਰਿ ਰਹਿਆ' ਸਮਝਿਆ ਗਿਆ, ਭਾਵ, ਉਸੇ ਦੀ ਹੀ ਪੂਜਾ 'ਸੁਆਮੀ' ਦੀ ਪੂਜਾ ਸਮਾਨ ਹੋਣ ਲੱਗ ਪਈ।2।
ਨੋਟ: ਸਤਿਗੁਰੂ ਜੀ ਕਿਸੇ ਵੇਦ ਦਾ ਕਿਸੇ ਖ਼ਾਸ ਜੁਗ ਨਾਲ ਸੰਬੰਧ ਨਹੀਂ ਦੱਸ ਰਹੇ। ਜਿਵੇਂ ਪਹਿਲੇ ਸਲੋਕ ਵਿਚ ਹਰੇਕ ਸਮੇ ਦੇ ਜੀਵਾਂ ਦੇ ਸੁਭਾਉ ਆਦਿਕ ਦੀ ਤਬਦੀਲੀ ਦਾ ਜ਼ਿਕਰ ਹੈ, ਤਿਵੇਂ ਹੀ ਇਥੇ ਹੈ। 'ਸਾਮ', 'ਰਿਗੁ', 'ਜੁਜ' ਅਤੇ 'ਅਥਰਵਣੁ' ਨੂੰ ਤਰਤੀਬਵਾਰ ਕੇਵਲ ਸ਼ਬਦ 'ਸੇਤੰਬਰ' 'ਰਾਮ' 'ਜਾਦਮੁ' ਅਤੇ 'ਅਲਹੁ' ਨਾਲ ਵਰਤਿਆ ਗਿਆ ਹੈ। ਹਰੇਕ ਵੇਦ ਦੇ ਨਾਉਂ ਦਾ ਪਹਿਲਾ ਅੱਖਰ ਰੱਬ ਦੇ ਉਸ ਸਮੇ ਦੇ ਪਰਧਾਨ ਨਾਮ ਦੇ ਪਹਿਲੇ ਅੱਖਰ ਨਾਲ ਮਿਲਦਾ ਹੈ।
ਅਰਥ: ਸਾਮ ਵੇਦ ਆਖਦਾ ਹੈ ਕਿ (ਭਾਵ, ਸਤਜੁਗ ਵਿਚ) ਜਗਤ ਦੇ ਮਾਲਕ (ਸੁਆਮੀ) ਦਾ ਨਾਮ 'ਸੇਤੰਬਰੁ' (ਪਰਸਿੱਧ) ਹੈ (ਭਾਵ, ਤਦੋਂ ਰੱਬ ਨੂੰ 'ਸੇਤੰਬਰ' ਮੰਨ ਕੇ ਪੂਜਾ ਹੋ ਰਹੀ ਸੀ) , ਜੋ ਸਦਾ 'ਸੱਚ' ਵਿਚ ਟਿਕਿਆ ਰਹਿੰਦਾ ਹੈ; ਤਦੋਂ ਹਰੇਕ ਜੀਵ 'ਸੱਚ' ਵਿਚ ਲੀਨ ਹੁੰਦਾ ਹੈ ('ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ') ; (ਜਦੋਂ ਆਮ ਤੌਰ ਤੇ ਹਰੇਕ ਜੀਵ 'ਸੱਚ' ਵਿਚ, 'ਧਰਮੁ' ਵਿਚ ਦ੍ਰਿੜ੍ਹ ਸੀ, ਤਦੋਂ ਸਤਜੁਗ ਵਰਤ ਰਿਹਾ ਸੀ) ।
ਰਿਗਵੇਦ ਆਖਦਾ ਹੈ ਕਿ (ਭਾਵ, ਤ੍ਰੇਤੇ ਜੁਗ ਵਿਚ) (ਸ੍ਰੀ) ਰਾਮ (ਜੀ) ਦਾ ਨਾਮ ਹੀ ਸਾਰੇ ਦੇਵਤਿਆਂ ਵਿਚ ਸੂਰਜ ਵਾਂਗ ਚਮਕਦਾ ਹੈ; ਉਹੀ ਸਭ ਥਾਈਂ ਵਿਆਪਕ ਹੈ। ਹੇ ਨਾਨਕ! (ਰਿਗਵੇਦ ਆਖਦਾ ਹੈ ਕਿ) (ਸ੍ਰੀ) ਰਾਮ (ਜੀ) ਦਾ ਨਾਮ ਲਿਆਂ (ਹੀ) ਪਾਪ ਦੂਰ ਹੋ ਜਾਂਦੇ ਹਨ ਅਤੇ (ਜੀਵ) ਤਦੋਂ ਮੁਕਤੀ ਪ੍ਰਾਪਤ ਕਰ ਲੈਂਦੇ ਹਨ।
ਯਜੁਰ ਵੇਦ (ਵਿਚ ਭਾਵ, ਦੁਆਪਰ ਵਿਚ) ਜਗਤ ਦੇ ਮਾਲਕ ਦਾ ਨਾਮ ਸਾਂਵਲ 'ਜਾਦਮੁ' ਕ੍ਰਿਸ਼ਨ ਪਰਸਿੱਧ ਹੋ ਗਿਆ, ਜਿਸ ਨੇ ਜ਼ੋਰ ਨਾਲ ਚੰਦ੍ਰਾਵਲੀ ਨੂੰ ਛਲ ਲਿਆਂਦਾ ਜਿਸ ਨੇ ਆਪਣੀ ਗੋਪੀ (ਸਤ੍ਯਭਾਮਾ) ਦੀ ਖ਼ਾਤਰ ਪਾਰਜਾਤ ਰੁੱਖ (ਇੰਦਰ ਦੇ ਬਾਗ਼ ਵਿਚੋਂ) ਲੈ ਆਂਦਾ ਅਤੇ ਜਿਸ ਨੇ ਬਿੰਦ੍ਰਾਬਨ ਵਿਚ ਕੌਤਕ ਵਰਤਾਇਆ।
ਕਲਜੁਗ ਵਿਚ ਅਥਰਬਣ ਵੇਦ ਪਰਧਾਨ ਹੋ ਗਿਆ ਹੈ, ਜਗਤ ਦੇ ਮਾਲਕ ਦਾ ਨਾਮ 'ਖੁਦਾਇ' ਤੇ 'ਅਲਹੁ' ਵੱਜਣ ਲੱਗ ਪਿਆ ਹੈ; ਤੁਰਕਾਂ ਤੇ ਪਠਾਣਾਂ ਦਾ ਰਾਜ ਹੋ ਗਿਆ ਹੈ ਜਿਨ੍ਹਾਂ ਨੇ ਨੀਲੇ ਰੰਗ ਦਾ ਬਸਤਰ ਲੈ ਕੇ ਉਹਨਾਂ ਨੇ ਕੱਪੜੇ ਪਾਏ ਹੋਏ ਸਨ।
ਚਾਰੇ ਵੇਦ ਸੱਚੇ ਹੋ ਗਏ ਹਨ (ਭਾਵ, ਚੌਹਾਂ ਹੀ ਜੁਗਾਂ ਵਿਚ ਜਗਤ ਦੇ ਮਾਲਕ ਦਾ ਨਾਮ ਵਖੋ-ਵਖਰਾ ਵੱਜਦਾ ਰਿਹਾ ਹੈ, ਹਰੇਕ ਸਮੇ ਇਹੀ ਖ਼ਿਆਲ ਬਣਿਆ ਰਿਹਾ ਹੈ ਕਿ ਜੋ ਜੋ ਮਨੁੱਖ 'ਸੇਤੰਬਰ', 'ਰਾਮ', 'ਕ੍ਰਿਸ਼ਨ' ਤੇ 'ਅਲਹੁ' ਆਖ ਆਖ ਕੇ ਜਪੇਗਾ, ਉਹੀ ਮੁਕਤੀ ਪਾਏਗਾ) ; ਅਤੇ ਜੋ ਜੋ ਮਨੁੱਖ ਇਹਨਾਂ ਵੇਦਾਂ ਨੂੰ ਪੜ੍ਹਦੇ ਵਿਚਾਰਦੇ ਹਨ, (ਭਾਵ, ਆਪੋ ਆਪਣੇ ਸਮੇ ਵਿਚ ਜੋ ਜੋ ਮਨੁੱਖ ਇਸ ਉਪਰੋਕਤ ਯਕੀਨ ਨਾਲ ਆਪਣੇ ਧਰਮ-ਪੁਸਤਕ ਪੜ੍ਹਦੇ ਤੇ ਵਿਚਾਰਦੇ ਰਹੇ ਹਨ) ਉਹ ਹੋਏ ਭੀ ਚੰਗੀਆਂ ਯੁਕਤੀਆਂ (ਚਾਰ=ਸੁੰਦਰ; ਵੀਚਾਰ=ਦਲੀਲ, ਯੁਕਤੀ) ਵਾਲੇ ਹਨ। (ਪਰ) ਹੇ ਨਾਨਕ! ਜਦੋਂ ਮਨੁੱਖ ਪ੍ਰੇਮ-ਭਗਤੀ ਕਰ ਕੇ ਆਪਣੇ ਆਪ ਨੂੰ ਨੀਵਾਂ ਅਖਵਾਂਦਾ ਹੈ (ਭਾਵ, ਅਹੰਕਾਰ ਤੋਂ ਬਚਿਆ ਰਹਿੰਦਾ ਹੈ) ਤਦੋਂ ਉਹ ਮੁਕਤੀ ਪ੍ਰਾਪਤ ਕਰਦਾ ਹੈ।2।
ਪਉੜੀ ॥ ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ਹ੍ਹੀ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਉਤਾਰਿਆ ॥੧੩॥ {ਪੰਨਾ 470}
ਪਦ ਅਰਥ: ਵਿਟਹੁ = ਤੋਂ। ਜਿਤ ਮਿਲਿਐ = ਜਿਸ ਗੁਰੂ ਨੂੰ ਮਿਲਣ ਕਰ ਕੇ। ਜਿਨਿ = ਜਿਸ ਗੁਰੂ ਨੇ। ਜਗਤੁ ਨਿਹਾਲਿਆ = ਜਗਤ ਨੂੰ, ਭਾਵ, ਜਗਤ ਦੀ ਅਸਲੀਅਤ ਨੂੰ ਵੇਖ ਲਿਆ ਹੈ। ਦੂਜੈ = ਦੂਜੇ ਵਿਚ, ਕਿਸੇ ਹੋਰ ਵਿਚ। ਵਣਜਾਰਿਆ = ਵਣਜਾਰੇ, ਵਣਜ ਕਰਨ ਵਾਲੇ, ਜਗਤ ਵਿਚ ਵਣਜ ਕਰਨ ਆਏ ਹੋਏ ਜੀਵ।13।
ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੂੰ ਮਿਲਣ ਕਰ ਕੇ ਮੈਂ ਮਾਲਕ ਨੂੰ ਯਾਦ ਕਰਦਾ ਹਾਂ, ਅਤੇ ਜਿਸ ਨੇ ਆਪਣੀ ਸਿੱਖਿਆ ਦੇ ਕੇ (ਮਾਨੋ) ਗਿਆਨ ਦਾ ਸੁਰਮਾ ਦੇ ਦਿੱਤਾ ਹੈ, (ਜਿਸ ਦੀ ਬਰਕਤਿ ਕਰਕੇ) ਮੈਂ ਇਹਨਾਂ ਅੱਖਾਂ ਨਾਲ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ (ਅਤੇ ਸਮਝ ਲਿਆ ਹੈ ਕਿ) ਜੋ ਮਨੁੱਖ ਮਾਲਕ ਨੂੰ ਵਿਸਾਰ ਕੇ ਕਿਸੇ ਹੋਰ ਵਿਚ ਚਿੱਤ ਜੋੜ ਰਹੇ ਹਨ, ਉਹ ਇਸ ਸੰਸਾਰ (ਸਾਗਰ) ਵਿਚ ਡੁੱਬ ਗਏ ਹਨ। (ਮੇਰੇ ਸਤਿਗੁਰੂ ਨੇ) ਮਿਹਰ ਕਰ ਕੇ ਮੈਨੂੰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਕਰ ਦਿੱਤਾ ਹੈ।13।
*┈┉┅━❀꧁ੴ꧂❀━┅┉┈*

ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ {ਪੰਨਾ 585}
ਪਦਅਰਥ: ਵਡਹੰਸ = ਵੱਡੇ ਹੰਸ, ਵੱਡੇ ਬਿਬੇਕੀ। ਉਰਿ = ਹਿਰਦੇ ਵਿਚ। ਸੰਗ੍ਰਹਹਿ = ਇਕੱਠਾ ਕਰਦੇ ਹਨ। ਸਚਿ = ਸੱਚ ਵਿਚ। ਪਿਆਰਿ = ਪਿਆਰ ਦੇ ਕਾਰਨ। ਕਰਤਾਰਿ = ਕਰਤਾਰ ਨੇ। ਮੁਰਾਰਿ = ਪਰਮਾਤਮਾ।
ਅਰਥ: ਜੋ ਮਨੁੱਖ ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਵੱਡੇ ਬਿਬੇਕੀ (ਸੰਤ) ਹਨ; ਉਹ ਸੱਚਾ ਨਾਮ (ਰੂਪ ਧਨ) ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨ; ਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; (ਇਸ ਕਰਕੇ) ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ। ਹੇ ਨਾਨਕ! ਆਖ-) ਜੋ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ।੧।
ਮਃ ੩ ॥ ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ {ਪੰਨਾ 585}
ਪਦਅਰਥ: ਬਗੁ = ਬਗੁਲਾ, ਪਖੰਡੀ ਮਨੁੱਖ। ਜਨਮਿ = ਜਨਮ ਤੋਂ ਹੀ, ਮੁੱਢ ਤੋਂ ਹੀ। ਅੰਗੁ ਨ ਦੇਦੀ = ਪਾਸ ਨਾ ਬੈਠਦੀ।
ਅਰਥ: ਮੈਂ ਸਮਝਿਆ ਸੀ ਕਿ ਇਹ ਕੋਈ ਵੱਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀ; ਜੇ ਮੈਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ।੨।
ਮਃ ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ {ਪੰਨਾ 585}
ਪਦਅਰਥ: ਤਲਿ = ਹੇਠਾਂ। ਸਿਰੁ ਤਲਿ, ਉਪਰਿ ਪਾਉ = ਸਿਰ ਹੇਠਾਂ ਤੇ ਪੈਰ ਉਤਾਂਹ ਨੂੰ, ਸਿਰ = ਪਰਨੇ ਹੋ ਕੇ।
ਅਰਥ: ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੱਦਿਆ, ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ।੩।
ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥ {ਪੰਨਾ 585}
ਪਦਅਰਥ: ਕਾਰਣੁ = ਮੁੱਢ। ਨਿਰੰਕਾਰੁ = ਨਿਰ = ਗੁਣ ਰੂਪ, ਜਿਸ ਦਾ ਕੋਈ ਖ਼ਾਸ ਸਰੂਪ ਨਹੀਂ। ਬੀਆ = ਦੂਜਾ। ਵਾਹੁ ਵਾਹੁ = ਧੰਨ।
ਅਰਥ: ਹੇ ਪ੍ਰਭੂ! ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, (ਕਿਉਂਕਿ ਇਸ ਤੋਂ ਪਹਿਲਾਂ ਦਾ ਭੀ) ਤੂੰ ਆਪ ਹੀ ਹੈਂ, ਤੂੰ ਆਪ ਹੀ ਹੈਂ; ਤੇਰਾ ਕੋਈ ਖ਼ਾਸ ਸਰੂਪ ਨਹੀਂ ਹੈ (ਜੋ ਮੈਂ ਬਿਆਨ ਕਰ ਸਕਾਂ) , ਤੇਰੇ ਵਰਗਾ ਕੋਈ ਦੂਜਾ ਨਹੀਂ ਹੈ। ਸ੍ਰਿਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂ, ਜੋ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈ; ਤੂੰ ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨਾ ਹੀ ਸਭ ਦਾਤਾਂ ਦੇ ਰਿਹਾ ਹੈਂ।
(ਹੇ ਭਾਈ!) ਸਾਰੇ ਆਖਹੁ-ਸਤਿਗੁਰੂ (ਭੀ) ਧੰਨ ਹੈ ਜਿਸ ਨੇ (ਇਹੋ ਜਿਹੇ) ਪ੍ਰਭੂ ਦੀ ਨਾਮ-ਰੂਪ ਦਾਤਿ (ਅਸਾਡੇ) ਮੂੰਹ ਵਿਚ ਪਾਈ ਹੈ (ਭਾਵ, ਅਸਾਨੂੰ ਨਾਮ ਦੀ ਦਾਤਿ ਬਖ਼ਸ਼ੀ ਹੈ) ।੧।
*┈┉┅━❀꧁ੴ꧂❀━┅┉┈*
ਆਸਾ ਸੇਖ ਫਰੀਦ ਜੀਉ ਕੀ ਬਾਣੀ ੴ ਸਤਿਗੁਰ ਪ੍ਰਸਾਦਿ ॥ ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥ ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥ ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥ ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥ ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥ {ਪੰਨਾ 488}
ਪਦ ਅਰਥ: ਜਿਨ੍ਹ੍ਹ ਮੁਹਬਤਿ = ਜਿਨ੍ਹਾਂ ਦੀ ਮੁਹੱਬਤਿ। ਸਚਿਆ = ਸੱਚੇ ਆਸ਼ਕ, ਸੱਚੀ ਮੁਹੱਬਤਿ ਕਰਨ ਵਾਲੇ। ਸੇਈ = ਉਹੀ ਬੰਦੇ। ਜਿਨ੍ਹ੍ਹ ਮਨਿ = ਜਿਨ੍ਹਾਂ ਦੇ ਮਨ ਵਿਚ। ਮੁਖਿ = ਮੂੰਹ ਵਿਚ। ਕਾਂਢੇ = ਕਹੇ ਜਾਂਦੇ ਹਨ। ਕਚਿਆ = ਕੱਚੀ ਪ੍ਰੀਤ ਵਾਲੇ।1।
ਰਤੇ = ਰੱਤੇ, ਰੰਗੇ ਹੋਏ। ਇਸਕ = ਮੁਹੱਬਤਿ, ਪਿਆਰ। ਰੰਗਿ = ਰੰਗ ਵਿਚ। ਭੁਇ = ਧਰਤੀ ਉੱਤੇ। ਥੀਏ = ਹੋ ਗਏ ਹਨ।1। ਰਹਾਉ।
ਲੜਿ = ਲੜ ਨਾਲ, ਪੱਲੇ ਨਾਲ। ਦਰਿ = (ਪ੍ਰਭੂ ਦੇ) ਦਰ ਤੇ। ਸੇ = ਉਹੀ ਬੰਦੇ। ਜਣੇਦੀ = ਜੰਮਣ ਵਾਲੀ। ਧੰਨੁ = ਭਾਗਾਂ ਵਾਲੀ। ਮਾਉ = ਮਾਂ।2।
ਪਰਵਦਗਾਰ = ਹੇ ਪਾਲਣਹਾਰ! ਅਗਮ = ਹੇ ਅਪਹੁੰਚ! ਤੂ = ਤੈਨੂੰ। ਸਚੁ = ਸਦਾ-ਥਿਰ ਰਹਿਣ ਵਾਲੇ ਨੂੰ। ਮੂੰ = ਮੈਂ।3।
ਪਨਹ = ਓਟ, ਪਨਾਹ। ਖੁਦਾਇ = ਹੇ ਖ਼ੁਦਾ! ਹੇ ਪ੍ਰਭੂ! ਬਖਸੰਦਗੀ = ਬਖ਼ਸ਼ਣ ਵਾਲਾ। ਫਰੀਦੈ = ਫ਼ਰੀਦ ਨੂੰ।4।
ਅਰਥ: ਜੋ ਮਨੁੱਖ ਰੱਬ ਦੇ ਪਿਆਰ ਵਿਚ ਰੱਤੇ ਹੋਏ ਹਨ, ਜੋ ਮਨੁੱਖ ਰੱਬ ਦੇ ਦੀਦਾਰ ਵਿਚ ਰੰਗੇ ਹੋਏ ਹਨ, (ਉਹੀ ਅਸਲ ਮਨੁੱਖ ਹਨ) ; ਪਰ ਜਿਨ੍ਹਾਂ ਨੂੰ ਰੱਬ ਦਾ ਨਾਮ ਭੁੱਲ ਗਿਆ ਹੈ ਉਹ ਮਨੁੱਖ ਧਰਤੀ ਉੱਤੇ ਨਿਰਾ ਭਾਰ ਹੀ ਹਨ।1। ਰਹਾਉ।
ਜਿਨ੍ਹਾਂ ਮਨੁੱਖਾਂ ਦਾ ਰੱਬ ਨਾਲ ਦਿਲੋਂ ਪਿਆਰ ਹੈ, ਉਹੀ ਸੱਚੇ ਆਸ਼ਕ ਹਨ; ਪਰ ਜਿਨ੍ਹਾਂ ਦੇ ਮਨ ਵਿਚ ਹੋਰ ਹੈ ਤੇ ਮੂੰਹੋਂ ਕੁਝ ਹੋਰ ਆਖਦੇ ਹਨ ਉਹ ਕੱਚੇ (ਆਸ਼ਕ) ਆਖੇ ਜਾਂਦੇ ਹਨ।1।
ਉਹੀ ਮਨੁੱਖ (ਰੱਬ ਦੇ) ਦਰਵਾਜ਼ੇ ਹਨ (ਉਹੀ ਮਨੁੱਖ ਰੱਬ ਦੇ ਦਰ ਤੋਂ ਇਸ਼ਕ ਦਾ ਖੈਰ ਮੰਗ ਸਕਦੇ ਹਨ) ਜਿਨ੍ਹਾਂ ਨੂੰ ਰੱਬ ਨੇ ਆਪ ਆਪਣੇ ਲੜ ਲਾਇਆ ਹੈ, ਉਹਨਾਂ ਦੀ ਜੰਮਣ ਵਾਲੀ ਮਾਂ ਭਾਗਾਂ ਵਾਲੀ ਹੈ, ਉਹਨਾਂ ਦਾ (ਜਗਤ ਵਿਚ) ਆਉਣਾ ਮੁਬਾਰਕ ਹੈ।2।
ਹੇ ਪਾਲਣਹਾਰ! ਹੇ ਬੇਅੰਤ! ਹੇ ਅਪਹੁੰਚ! ਜਿਨ੍ਹਾਂ ਨੇ ਇਹ ਸਮਝ ਲਿਆ ਹੈ ਕਿ ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਮੈਂ ਉਹਨਾਂ ਦੇ ਪੈਰ ਚੁੰਮਦਾ ਹਾਂ।3।
ਹੇ ਖ਼ੁਦਾ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ ਬਖ਼ਸ਼ਣ ਵਾਲਾ ਹੈਂ; ਮੈਨੂੰ ਸੇਖ਼ ਫ਼ਰੀਦ ਨੂੰ ਆਪਣੀ ਬੰਦਗੀ ਦਾ ਖ਼ੈਰ ਪਾ।4।1।
*┈┉┅━❀꧁ੴ꧂❀━┅┉┈*
ਸਲੋਕ ਮਃ ੧ ॥ ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥ ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥੧॥ {ਪੰਨਾ 471}
ਪਦ ਅਰਥ: ਕਰੁ = ਮਸੂਲ। ਲਾਵਹੁ = ਤੁਸੀ ਲਾਂਦੇ ਹਉ। ਗੋਬਰਿ = ਗੋਬਰ ਨਾਲ, ਗੋਹੇ ਨਾਲ ਪੋਚਾ ਫੇਰਿਆਂ। ਤੈ = ਅਤੇ। ਜਪਮਾਲੀ = ਮਾਲੀ। ਧਾਨੁ = ਪਦਾਰਥ, ਭੋਜਨ ਮਲੇਛਾਂ ਦਾ, ਮੁਸਲਮਾਨਾਂ ਦਾ। ਖਾਈ = ਖਾਂਦਾ ਹੈ। ਅੰਤਰਿ = ਅੰਦਰ, ਲੁਕ ਕੇ। ਸੰਜਮੁ = ਰਹਿਤ, ਰਹਿਣੀ। ਤੁਰਕਾ = ਤੁਰਕਾਂ ਵਾਲੀ, ਮੁਸਲਮਾਨਾਂ ਵਾਲੀ। ਭਾਈ = ਹੇ ਭਾਈ! ਛੋਡੀਲੇ = ਛੱਡ ਦੇਹ। ਨਾਮਿ ਲਇਐ = ਜੇ ਨਾਮ ਲਏਂਗਾ। ਜਾਹਿ ਤਰੰਦਾ = ਤਰ ਜਾਹਿਂਗਾ।1।
ਅਰਥ: ਹੇ ਭਾਈ! (ਦਰਿਆ ਦੇ ਪੱਤਣ ਤੇ ਬੈਠ ਕੇ) ਗਊ ਅਤੇ ਬ੍ਰਾਹਮਣ ਨੂੰ ਤਾਂ ਤੂੰ ਮਸੂਲ ਲਾਂਦਾ ਹੈਂ (ਭਾਵ, ਗਊ ਅਤੇ ਬ੍ਰਾਹਮਣ ਨੂੰ ਪਾਰ ਲੰਘਾਣ ਦਾ ਮਸੂਲ ਲਾ ਲੈਂਦਾ ਹੈਂ) , (ਫੇਰ ਤੂੰ ਕਦੇ ਇਹ ਨਹੀਂ ਸੋਚਦਾ ਕਿ ਉਸ ਗਊ ਦੇ) ਗੋਹੇ ਨਾਲ (ਪੋਚਾ ਫੇਰਿਆਂ, ਸੰਸਾਰ-ਸਮੁੰਦਰ ਤੋਂ) ਤਰਿਆ ਨਹੀਂ ਜਾ ਸਕਦਾ। ਧੋਤੀ (ਪਹਿਨਦਾ ਹੈਂ) , ਟਿੱਕਾ (ਮੱਥੇ ਉਤੇ ਲਾਂਦਾ ਹੈਂ) ਅਤੇ ਮਾਲਾ (ਫੇਰਦਾ ਹੈਂ) , ਪਰ ਪਦਾਰਥ ਮਲੇਛਾਂ ਦਾ ਖਾਂਦਾ ਹੈਂ, (ਭਾਵ ਪਦਾਰਥ ਉਹਨਾਂ ਤੋਂ ਲੈ ਕੇ ਛਕਦਾ ਹੈਂ, ਜਿਨ੍ਹਾਂ ਨੂੰ ਤੂੰ ਮਲੇਛ ਆਖਦਾ ਹੈਂ) । ਅੰਦਰ ਬੈਠ ਕੇ (ਭਾਵ, ਤੁਰਕ ਹਾਕਮਾਂ ਤੋਂ ਚੋਰੀ ਚੋਰੀ) ਪੂਜਾ ਕਰਦਾ ਹੈਂ, (ਬਾਹਰ ਮੁਸਲਮਾਨਾਂ ਨੂੰ ਵਿਖਾਲਣ ਵਾਸਤੇ) ਕੁਰਾਨ ਆਦਿ ਪੜ੍ਹਦਾ ਹੈਂ, ਤੇ ਮੁਸਲਮਾਨਾਂ ਵਾਲੀ ਹੀ ਰਹਿਤ ਤੂੰ ਰੱਖੀ ਹੋਈ ਹੈ।
(ਇਹ) ਪਾਖੰਡ ਤੂੰ ਛੱਡ ਦੇਹ। ਜੇ ਪ੍ਰਭੂ ਦਾ ਨਾਮ ਸਿਮਰੇਂਗਾ, ਤਾਂ ਹੀ (ਸੰਸਾਰ-ਸਮੁੰਦਰ ਤੋਂ) ਤਰੇਂਗਾ।1।
ਮਃ ੧ ॥ ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥ ਉਨ੍ਹ੍ਹਾ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥ {ਪੰਨਾ 471-472}
ਪਦ ਅਰਥ: ਮਾਣਸ ਖਾਣੇ = ਮਨੁੱਖਾਂ ਨੂੰ ਖਾਣ ਵਾਲੇ, ਵੱਢੀਖ਼ੋਰ। ਕਰਹਿ ਨਿਵਾਜ = ਨਮਾਜ਼ ਪੜ੍ਹਦੇ ਹਨ। ਛੁਰੀ ਵਗਾਇਨਿ = (ਜੋ ਲੋਕ) ਛੁਰੀ ਚਲਾਂਦੇ ਹਨ, ਭਾਵ, ਜ਼ੁਲਮ ਕਰਦੇ ਹਨ। ਤਾਗ = ਜੰਞੂ, ਜਨੇਊ। ਤਿਨ ਘਰਿ = ਉਹਨਾਂ (ਖੱਤ੍ਰੀਆਂ) ਦੇ ਘਰਾਂ ਵਿਚ। ਪੂਰਹਿ ਨਾਦ = ਨਾਦ ਪੂਰਦੇ ਹਨ, ਸੰਖ ਵਜਾਂਦੇ ਹਨ। ਉਨ੍ਹ੍ਹਾ ਭਿ = ਉਹਨਾਂ ਬ੍ਰਾਹਮਣਾਂ ਨੂੰ ਭੀ। ਆਵਹਿ ਓਈ ਸਾਦ = ਉਹੀ ਸੁਆਦ ਆਉਂਦੇ ਹਨ, (ਭਾਵ, ਜੋ ਕੁਝ ਉਹ ਖੱਤ੍ਰੀ ਮੁਨਸ਼ੀ ਖਾਂਦੇ ਹਨ, ਉਹਨਾਂ ਪਦਾਰਥਾਂ ਦਾ ਹੀ ਸੁਆਦ ਉਹਨਾਂ ਬ੍ਰਾਹਮਣਾਂ ਨੂੰ ਆਉਂਦਾ ਹੈ) । ਕਰਹਿ ਆਹਾਰੁ = ਆਹਾਰ ਕਰਦੇ ਹਨ, ਖਾਣਾ ਖਾਂਦੇ ਹਨ, ਰੋਜ਼ੀ ਕਮਾਂਦੇ ਹਨ। ਸਰਮ = ਲੱਜਾ, ਹਯਾ। ਕਖਾਈ = ਗੇਰੀ ਰੰਗ ਵਾਲੀ। ਜਗਤ ਕਾਸਾਈ = ਜਗਤ ਦਾ ਕਸਾਈ, ਜਗਤ ਦੇ ਹਰੇਕ ਜੀਵ ਉੱਤੇ ਵੱਸ ਲੱਗਿਆਂ ਜ਼ੁਲਮ ਕਰਨ ਵਾਲਾ। ਹੋਵਹਿ ਪਰਵਾਣੁ = ਕਬੂਲ ਹੁੰਦੇ ਹਨ, ਭਾਵ, ਮੁਲਾਜ਼ਮਤ ਵੇਲੇ ਨੀਲੇ ਕੱਪੜੇ ਪਾ ਕੇ ਜਾਂਦੇ ਹਨ, (ਤਾਂ ਹੀ ਹਾਕਮਾਂ ਦੇ ਸਾਹਮਣੇ ਜਾਣ ਦੀ ਆਗਿਆ ਮਿਲਦੀ ਹੈ) । ਲੈ = ਲੈ ਕੇ (ਭਾਵ, ਰੋਜ਼ੀ ਉਹਨਾਂ ਪਾਸੋਂ ਲੈਂਦੇ ਹਨ ਜਿਨ੍ਹਾਂ ਨੂੰ ਮਲੇਛ ਆਖਦੇ ਹਨ) । ਪੂਜਹਿ ਪੁਰਾਣੁ = ਪੁਰਾਣ ਨੂੰ ਪੂਜਦੇ ਹਨ, ਪੜ੍ਹਦੇ ਹਨ। ਅਭਾਖਿਆ = ਕਿਸੇ ਦੂਜੀ ਬੋਲੀ ਦਾ, ਕਿਸੇ ਓਪਰੀ ਬੋਲੀ ਦਾ ਭਾਵ, ਕਲਮਾ ਪੜ੍ਹ ਕੇ। ਕੁਠਾ = ਹਲਾਲ ਕੀਤਾ ਹੋਇਆ। ਖਾਣਾ = ਖ਼ੁਰਾਕ। ਮਤੁ ਭਿਟੈ = ਮਤਾਂ ਭਿੱਟਿਆ ਜਾਏ। ਫਿਟੈ = ਖ਼ਰਾਬ ਹੋ ਜਾਏ। ਤਨਿ ਫਿਟੈ = ਫਿਟੇ ਹੋਏ ਸਰੀਰ ਨਾਲ, ਗੰਦੇ ਸਰੀਰ ਨਾਲ। ਸੁਚਿ = ਪਵਿੱਤਰਤਾ। ਹੋਵੈ ਤਾ = ਤਦੋਂ ਹੁੰਦੀ ਹੈ।2।
ਅਰਥ: (ਕਾਜ਼ੀ ਤੇ ਮੁਸਲਮਾਨ ਹਾਕਮ) ਹਨ ਤਾਂ ਵੱਢੀ-ਖ਼ੋਰੇ, ਪਰ ਪੜ੍ਹਦੇ ਹਨ ਨਮਾਜ਼ਾਂ। (ਇਹਨਾਂ ਹਾਕਮਾਂ ਦੇ ਅੱਗੇ ਮੁਨਸ਼ੀ ਉਹ ਖੱਤ੍ਰੀ ਹਨ ਜੋ) ਛੁਰੀ ਚਲਾਂਦੇ ਹਨ (ਭਾਵ, ਗ਼ਰੀਬਾਂ ਉੱਤੇ ਜ਼ੁਲਮ ਕਰਦੇ ਹਨ) , ਪਰ ਉਹਨਾਂ ਦੇ ਗਲ ਵਿਚ ਜਨੇਊ ਹਨ। ਇਹਨਾਂ (ਜ਼ਾਲਮ ਖੱਤ੍ਰੀਆਂ) ਦੇ ਘਰ ਵਿਚ ਬ੍ਰਾਹਮਣ ਜਾ ਕੇ ਸੰਖ ਵਜਾਂਦੇ ਹਨ; ਤਾਂ ਤੇ ਉਨ੍ਹਾਂ ਬ੍ਰਾਹਮਣਾਂ ਨੂੰ ਭੀ ਉਹਨਾਂ ਹੀ ਪਦਾਰਥਾਂ ਦੇ ਸੁਆਦ ਆਉਂਦੇ ਹਨ (ਭਾਵ, ਉਹ ਬ੍ਰਾਹਮਣ ਭੀ ਜ਼ੁਲਮ ਦੇ ਕਮਾਏ ਹੋਏ ਪਦਾਰਥ ਖਾਂਦੇ ਹਨ) । (ਇਹਨਾਂ ਲੋਕਾਂ ਦੀ) ਇਹ ਝੂਠੀ ਪੂੰਜੀ ਹੈ ਤੇ ਝੂਠਾ ਹੀ ਇਹਨਾਂ ਦਾ (ਇਹ) ਵਪਾਰ ਹੈ। ਝੂਠ ਬੋਲ ਬੋਲ ਕੇ (ਹੀ) ਇਹ ਰੋਜ਼ੀ ਕਮਾਂਦੇ ਹਨ। ਹੁਣ ਸ਼ਰਮ ਤੇ ਧਰਮ ਦੀ ਸਭਾ ਉਠ ਗਈ ਹੈ (ਭਾਵ, ਇਹ ਲੋਕ ਨਾ ਆਪਣੀ ਸ਼ਰਮ ਹਯਾ ਦਾ ਖ਼ਿਆਲ ਕਰਦੇ ਹਨ ਅਤੇ ਨਾ ਹੀ ਧਰਮ ਦੇ ਕੰਮ ਕਰਦੇ ਹਨ) । ਹੇ ਨਾਨਕ! ਸਭ ਥਾਈਂ ਝੂਠ ਹੀ ਪਰਧਾਨ ਹੋ ਰਿਹਾ ਹੈ।
(ਇਹ ਖੱਤ੍ਰੀ) ਮੱਥੇ ਉੱਤੇ ਟਿੱਕਾ ਲਾਂਦੇ ਹਨ, ਲੱਕ ਦੁਆਲੇ ਗੇਰੂਏ ਰੰਗ ਦੀ ਧੋਤੀ (ਬੰਨ੍ਹਦੇ ਹਨ) ਪਰ ਹੱਥ ਵਿਚ, (ਮਾਨੋ) ਛੁਰੀ ਫੜੀ ਹੋਈ ਹੈ ਤੇ (ਵੱਸ ਲਗਦਿਆਂ) ਹਰੇਕ ਜੀਵ ਉੱਤੇ ਜ਼ੁਲਮ ਕਰਦੇ ਹਨ। ਨੀਲੇ ਰੰਗ ਦੇ ਕੱਪੜੇ ਪਾ ਕੇ (ਤੁਰਕ ਹਾਕਮਾਂ ਦੇ ਪਾਸ ਜਾਂਦੇ ਹਨ, ਤਾਂ ਹੀ) ਉਹਨਾਂ ਪਾਸ ਜਾਣ ਦੀ ਆਗਿਆ ਮਿਲਦੀ ਹੈ। (ਜਿਨ੍ਹਾਂ ਨੂੰ) ਮਲੇਛ (ਆਖਦੇ ਹਨ, ਉਹਨਾਂ ਹੀ) ਪਾਸੋਂ ਰੋਜ਼ੀ ਲੈਂਦੇ ਹਨ, ਤੇ (ਫੇਰ ਭੀ) ਪੁਰਾਣ ਨੂੰ ਪੂਜਦੇ ਹਨ (ਭਾਵ, ਫੇਰ ਭੀ ਇਹੀ ਸਮਝਦੇ ਹਨ ਕਿ ਅਸੀਂ ਪੁਰਾਣ ਦੇ ਅਨੁਸਾਰ ਤੁਰ ਰਹੇ ਹਾਂ) । (ਇੱਥੇ ਹੀ ਬੱਸ ਨਹੀਂ) ਖ਼ੁਰਾਕ ਇਹਨਾਂ ਦੀ ਉਹ ਬੱਕਰਾ ਹੈ ਜੋ ਕਲਮਾ ਪੜ੍ਹ ਕੇ ਹਲਾਲ ਕੀਤਾ ਹੋਇਆ ਹੈ (ਭਾਵ, ਜੋ ਮੁਸਲਮਾਨ ਦੇ ਹੱਥਾਂ ਦਾ ਤਿਆਰ ਕੀਤਾ ਹੋਇਆ ਹੈ, ਪਰ ਆਖਦੇ ਹਨ ਕਿ) ਸਾਡੇ ਚੌਕੇ ਉੱਤੇ ਕੋਈ ਹੋਰ ਮਨੁੱਖ ਨਾ ਆ ਚੜ੍ਹੇ। ਚੌਕਾ ਬਣਾ ਕੇ (ਦੁਆਲੇ) ਲਕੀਰਾਂ ਕੱਢਦੇ ਹਨ, (ਪਰ ਇਸ) ਚੌਕੇ ਵਿਚ ਉਹ ਮਨੁੱਖ ਆ ਬੈਠਦੇ ਹਨ ਜੋ ਆਪ ਝੂਠੇ ਹਨ। (ਹੋਰਨਾਂ ਨੂੰ ਆਖਦੇ ਹਨ– ਸਾਡੇ ਚੌਕੇ ਦੇ ਨੇੜੇ ਨਾ ਆਉਣਾ) ਕਿਤੇ ਚੌਕਾ ਭਿੱਟਿਆ ਨਾਹ ਜਾਏ ਅਤੇ ਸਾਡਾ ਅੰਨ ਖ਼ਰਾਬ ਨਾਹ ਹੋ ਜਾਏ; (ਪਰ ਆਪ ਇਹ ਲੋਕ) ਅਪਵਿੱਤਰ ਸਰੀਰ ਨਾਲ ਮੰਦੇ ਕੰਮ ਕਰਦੇ ਹਨ ਅਤੇ ਜੂਠੇ ਮਨ ਨਾਲ ਹੀ (ਭਾਵ, ਮਨ ਤਾਂ ਅੰਦਰੋਂ ਮਲੀਨ ਹੈ) ਚੁਲੀਆਂ ਕਰਦੇ ਹਨ।
ਹੇ ਨਾਨਕ! ਆਖ, ਪ੍ਰਭੂ ਨੂੰ ਧਿਆਉਣਾ ਚਾਹੀਦਾ ਹੈ। ਤਾਂ ਹੀ ਸੁੱਚ-ਪਵਿੱਤਰਤਾ ਹੋ ਸਕਦੀ ਹੈ ਜੇ ਸੱਚਾ ਪ੍ਰਭੂ ਮਿਲ ਪਏ।2।
ਪਉੜੀ ॥ ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੬॥ {ਪੰਨਾ 472}
ਪਦ ਅਰਥ: ਚਿਤੈ ਅੰਦਰਿ = (ਪ੍ਰਭੂ ਦੇ) ਚਿੱਤ ਵਿਚ, ਧਿਆਨ ਵਿਚ। ਸਭੁ ਕੋ = ਹਰੇਕ ਜੀਵ। ਵੇਖਿ = ਵੇਖ ਕੇ, ਭਾਵ, ਗਹੁ ਨਾਲ। ਚਲਾਇਦਾ = ਤੋਰਦਾ ਹੈ, ਕਾਰੇ ਲਾਈ ਰੱਖਦਾ ਹੈ। ਵਡਹੁ ਵਡਾ = ਵੱਡਿਆਂ ਤੋਂ ਵੱਡਾ। ਮੇਦਨੀ = ਸ੍ਰਿਸ਼ਟੀ, ਧਰਤੀ। ਵਡ ਮੇਦਨੀ = ਵੱਡੀ ਹੈ ਸ੍ਰਿਸ਼ਟੀ ਉਸ ਦੀ। ਸਿਰੇ ਸਿਰਿ = ਹਰੇਕ ਜੀਵ ਦੇ ਸਿਰ ਉੱਤੇ, ਥਾਉਂ ਥਾਈਂ। ਉਪਠੀ = ਉਲਟੀ। ਘਾਹੁ ਕਰਾਇਦਾ = ਕੱਖੋਂ ਹੌਲੇ ਕਰ ਦੇਂਦਾ ਹੈ, ਭਾਵ, ਕੋਈ ਉਹਨਾਂ ਵਲ ਤੱਕਦਾ ਭੀ ਨਹੀਂ। ਦਰਿ = (ਲੋਕਾਂ ਦੇ) ਦਰ ਉੱਤੇ। ਮੰਗਨਿ = (ਉਹ ਸੁਲਤਾਨ) ਮੰਗਦੇ ਹਨ। ਭਿਖ = ਭਿੱਖਿਆ, ਖ਼ੈਰ। 16।
ਅਰਥ: ਪ੍ਰਭੂ ਹਰੇਕ ਜੀਵ ਨੂੰ ਆਪਣੇ ਧਿਆਨ ਵਿਚ ਰੱਖਦਾ ਹੈ, ਤੇ ਹਰੇਕ ਨੂੰ ਆਪਣੀ ਨਜ਼ਰ ਵਿਚ ਰੱਖ ਕੇ ਕਾਰੇ ਲਾਈ ਰੱਖਦਾ ਹੈ। ਆਪ ਹੀ (ਜੀਆਂ ਨੂੰ) ਵਡਿਆਈਆਂ ਬਖ਼ਸ਼ਦਾ ਹੈ ਤੇ ਆਪ ਹੀ ਉਹਨਾਂ ਨੂੰ ਕੰਮ ਵਿਚ ਲਾਂਦਾ ਹੈ। ਪ੍ਰਭੂ ਵੱਡਿਆਂ ਤੋਂ ਵੱਡਾ ਹੈ (ਭਾਵ, ਸਭ ਤੋਂ ਵੱਡਾ ਹੈ) , (ਉਸ ਦੀ ਰਚੀ ਹੋਈ) ਸ੍ਰਿਸ਼ਟੀ ਭੀ ਬੇਅੰਤ ਹੈ। (ਇਤਨੀ ਬੇਅੰਤ ਸ੍ਰਿਸ਼ਟੀ ਹੁੰਦਿਆਂ ਭੀ) ਹਰੇਕ ਜੀਵ ਨੂੰ ਪ੍ਰਭੂ ਥਾਉਂ ਥਾਈਂ ਧੰਧਿਆਂ ਵਿਚ ਜੋੜੀ ਰੱਖਦਾ ਹੈ। ਜੇ ਕਦੇ ਦੁਨੀਆ ਦੇ ਪਾਤਸ਼ਾਹਾਂ ਉੱਤੇ ਭੀ ਗੁੱਸੇ ਦੀ ਨਜ਼ਰ ਕਰੇ, ਤਾਂ ਉਹਨਾਂ ਨੂੰ ਕੱਖੋਂ ਹੌਲੇ ਕਰ ਦੇਂਦਾ ਹੈ; (ਜੇ ਉਹ) ਲੋਕਾਂ ਦੇ ਦਰ ਤੇ ਜਾ ਕੇ ਸੁਆਲ ਪਾਂਦੇ ਹਨ, ਤਾਂ ਅਗੋਂ ਕੋਈ ਖ਼ੈਰ ਭੀ ਨਹੀਂ ਪਾਂਦਾ। 16।
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ {ਪੰਨਾ 682}
ਪਦਅਰਥ: ਅਉਖੀ = ਦੁੱਖ ਦੇਣ ਵਾਲੀ। ਦੇਈ = ਦੇਂਦਾ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਲੇ = ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੈ = ਰੱਖਿਆ ਕਰਦਾ ਹੈ। ਕਉ = ਨੂੰ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ।੧।
ਸਿਉ = ਨਾਲ। ਆਦਿ ਅੰਤਿ = ਸ਼ੁਰੂ ਤੋਂ ਅਖ਼ੀਰ ਤਕ, ਸਦਾ ਹੀ। ਸਹਾਈ = ਮਦਦਗਾਰ। ਧੰਨੁ = ਸਲਾਹੁਣ ਜੋਗ।ਰਹਾਉ।
ਮਨਿ = ਮਨ ਵਿਚ। ਬਿਲਾਸ = ਖ਼ੁਸ਼ੀਆਂ। ਦੇਖਿ = ਵੇਖ ਕੇ। ਸਿਮਰਿ = ਸਿਮਰ ਕੇ। ਕਰਿ = ਮਾਣ। ਪ੍ਰਭਿ = ਪ੍ਰਭੂ ਨੇ। ਪੈਜ = ਇੱਜ਼ਤ।੨।
ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ।ਰਹਾਉ।
ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।
ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ {ਪੰਨਾ 567}
ਪਦਅਰਥ: ਪਿਰ = ਪਤੀ। ਕੈ ਰੰਗਿ = ਦੇ ਪ੍ਰੇਮ = ਰੰਗ ਵਿਚ। ਰਤੀ = ਰੰਗੀ ਹੋਈ। ਮੁਈਏ = ਹੇ ਮੁਈਏ! ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀਏ! ਨਾਰੇ = ਹੇ ਜੀਵ = ਇਸਤ੍ਰੀਏ! ਸਚੈ = ਸਦਾ-ਥਿਰ ਪ੍ਰਭੂ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਰਾਵੇ = ਮਾਣਦਾ ਹੈ, ਮਿਲਿਆ ਹੋਇਆ ਹੈ। ਭਾਇ = ਪ੍ਰੇਮ ਦੇ ਕਾਰਨ। ਕੰਤਿ = ਕੰਤ ਨੇ। ਸਿਉ = ਨਾਲ। ਨੇਹੁ = ਪਿਆਰ। ਆਪੁ = ਆਪਾ = ਭਾਵ। ਸਾ ਧਨ = ਜੀਵ = ਇਸਤ੍ਰੀ। ਸੁਹਾਈ = ਸੋਹਣੇ ਜੀਵਨ ਵਾਲੀ। ਕਸਾਈ = ਖਿੱਚੀ ਹੋਈ। ਪ੍ਰੇਮ ਕਸਾਈ = ਪ੍ਰੇਮ ਦੀ ਖਿੱਚੀ ਹੋਈ। ਪਿਰਿ = ਪਿਰ ਨੇ {ਨੋਟ:ਲਫ਼ਜ਼ 'ਪਿਰ', 'ਪਿਰੁ' ਅਤੇ 'ਪਿਰਿ' ਦੇ ਵਿਆਕਰਣਿਕ ਅਰਥ ਦਾ ਖਿਆਲ ਰੱਖੋ}। ਸਾਹਿ = ਸ਼ਾਹਿ, ਸ਼ਾਹ ਨੇ।੧।
ਅਰਥ: ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ।
ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ। ਹੇ ਨਾਨਕ! ਆਖ-) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ।੧।
ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ {ਪੰਨਾ 567-568}
ਪਦਅਰਥ: ਨਿਰਗੁਣਵੰਤੜੀਏ = ਹੇ ਗੁਣਾਂ ਤੋਂ ਸੱਖਣੀ ਜਿੰਦੇ! ਹਦੂਰੇ = ਹਾਜ਼ਰ = ਨਾਜ਼ਰ, ਅੰਗ = ਸੰਗ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਰਾਵਿਆ = ਹਿਰਦੇ ਵਿਚ ਵਸਾਇਆ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਰਵਿ ਰਹਿਆ = ਵਿਆਪਕ ਹੈ। ਹਜੂਰੇ = ਅੰਗ = ਸੰਗ। ਜੁਗਿ ਜੁਗਿ = ਹਰੇਕ ਜੁਗ ਵਿਚ। ਏਕੋ = ਇਕ ਪ੍ਰਭੂ ਹੀ। ਜਾਤਾ = ਪ੍ਰਸਿੱਧ। ਧਨ = ਜੀਵ = ਇਸਤ੍ਰੀ। ਬਾਲੀ = ਬਾਲ = ਸੁਭਾਵ ਵਾਲੀ। ਭੋਲੀ = ਭੋਲੇ ਸੁਭਾਵ ਵਾਲੀ। ਸਹਜਿ = ਆਤਮਕ ਅਡੋਲਤਾ ਵਿਚ। ਕਰਮ ਵਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਜਿਨਿ = ਜਿਸ ਨੇ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਭਾਖਿਆ = ਉਚਾਰਿਆ, ਸਿਫ਼ਤਿ-ਸਾਲਾਹ ਕੀਤੀ। ਹਰਿ ਸਰਿ = ਹਰੀ = ਸਰੋਵਰ ਵਿਚ। ਕਾਮਣਿ = ਜੀਵ = ਇਸਤ੍ਰੀ। ਸਾ = ਉਹ {ਇਸਤ੍ਰੀ ਲਿੰਗ}। ਪਿਰ ਭਾਵੈ = ਪਿਰ ਨੂੰ ਚੰਗੀ ਲੱਗਦੀ ਹੈ।੨।
ਅਰਥ: ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ। ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਹੇ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ।੨।
ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ {ਪੰਨਾ 568}
ਪਦਅਰਥ: ਸੋਹਾਗਣੀ = ਉਹ ਜੀਵ = ਇਸਤ੍ਰੀਆਂ ਜਿਨ੍ਹਾਂ ਨੇ ਪ੍ਰਭੂ = ਪਤੀ ਨੂੰ ਪ੍ਰਸੰਨ ਕਰ ਲਿਆ ਹੈ। ਜਾਇ = ਜਾ ਕੇ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਆਪੁ = ਆਪਾ = ਭਾਵ। ਰੰਗ ਸਿਉ = ਆਨੰਦ ਨਾਲ। ਰੰਗਿ = ਪ੍ਰੇਮ = ਰੰਗ ਵਿਚ। ਰਾਤੀ = ਰੰਗੀ ਹੋਈ। ਸਹਜੇ = ਆਤਮਕ ਅਡੋਲਤਾ ਵਿਚ। ਮਾਤੀ = ਮਸਤ। ਅਨਦਿਨੁ = ਹਰ ਰੋਜ਼, ਹਰ ਵੇਲੇ। ਸੁਭਾਇਆ = ਪਸੰਦ ਆਇਆ। ਜਿਨਿ = ਜਿਸ ਨੇ। ਸਚੁ = ਸਦਾ-ਥਿਰ ਹਰਿ = ਨਾਮ।੩।
ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ। ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ।੩।
ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥ {ਪੰਨਾ 568}
ਪਦਅਰਥ: ਗੁਰ ਕੈ ਭਾਏ = ਗੁਰ ਕੈ ਭਾਇ, ਗੁਰੂ ਦੇ ਪ੍ਰੇਮ ਵਿਚ, ਗੁਰੂ ਦੇ ਅਨੁਸਾਰ। ਵਰੁ = ਖਸਮ। ਰਾਵਹਿ = ਤੂੰ ਮਿਲਾਪ ਪ੍ਰਾਪਤ ਕਰ ਲਏਂਗੀ। ਨਿਜ ਘਰਿ = ਆਪਣੇ ਅਸਲ ਘਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਪਾਏ = ਪਾਇ, ਪਾ ਕੇ। ਵਜਾਏ = ਵਜਾਂਦੀ ਹੈ, ਪ੍ਰਭਾਵ ਹਿਰਦੇ ਵਿਚ ਵਸਾਂਦੀ ਹੈ। ਰਲੀਆਲਾ = ਰਲੀਆਂ ਦਾ ਘਰ, ਆਨੰਦ ਦਾ ਸੋਮਾ। ਬਾਲਾ = ਜਵਾਨ। ਕੰਤਿ = ਕੰਤ ਨੇ। ਅਨਦਿਨੁ = ਹਰ ਰੋਜ਼। ਮਸਤਕਿ = ਮੱਥੇ ਉਤੇ। ਕਾਮਣਿ = ਜੀਵ = ਇਸਤ੍ਰੀ। ਰੰਗਿ = ਪ੍ਰੇਮ ਵਿਚ।੪।
ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ। (ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ।
ਹੇ ਜਿੰਦੇ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵਨ ਵਾਲੀ ਬਣਾ ਦਿੱਤਾ।
ਹੇ ਨਾਨਕ! ਜਦੋਂ ਜੀਵ-ਇਸਤ੍ਰੀ ਗੁਰੂ ਦੇ ਅਨੁਸਾਰ ਤੁਰਦੀ ਹੈ, ਤਾਂ ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਸ ਨੂੰ ਪ੍ਰਭੂ-ਪਤੀ ਸੁਹਾਗ ਮਿਲ ਜਾਂਦਾ ਹੈ, ਉਸ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੋਹਣੇ ਆਤਮਕ ਜੀਵਨ ਵਾਲੀ ਬਣ ਜਾਂਦੀ ਹੈ।੪।
ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}
ਪਦਅਰਥ: ਗੁਰਿ ਪੂਰੈ = ਪੂਰੇ ਗੁਰੂ ਨੇ। ਸੰਗਿ = (ਆਪਣੇ) ਨਾਲ। ਸਹਾਈ = ਮਦਦਗਾਰ, ਸਾਥੀ। ਜਹ = ਜਿੱਥੇ। ਸੁਹੇਲੇ = ਸੁਖੀ। ਪ੍ਰਭਿ = ਪ੍ਰਭੂ ਨੇ।੧।
ਸੁਭਾਈ = ਸੁਭਾਇ, ਪਿਆਰ ਨਾਲ। ਮਨਚਿੰਦੇ = ਮਨ = ਇੱਛਤ, ਮਨ = ਮੰਗੇ। ਸਗਲੇ = ਸਾਰੇ। ਜੀਅ ਕੈ ਸੰਗਿ = ਜਿੰਦ ਦੇ ਨਾਲ।੧।ਰਹਾਉ।
ਹਮ = ਅਸੀ, ਮੈਂ। ਰੇਨਾਰਾ = ਰੇਣ, ਚਰਨ = ਧੂੜ। ਅਧਾਰਾ = ਆਸਰਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤ = ਪਵਿਤ੍ਰ। ਜਸੁ = ਸਿਫ਼ਤਿ-ਸਾਲਾਹ।੨।
ਸਦ = ਸਦਾ। ਰੈਨਿ = ਰਾਤ। ਬਹੁੜਿ = ਮੁੜ।੩।
ਬਿਧਾਤਾ = ਕਰਤਾਰ, ਰਚਨਹਾਰ। ਰਸੁ = ਸੁਆਦ। ਤਿਨ ਹੀ = ਤਿਨਿ ਹੀ, ਉਸ ਮਨੁੱਖ ਨੇ ਹੀ {ਲਫ਼ਜ਼ 'ਤਿਨਿ' ਦੀ 'ਿ' ਕ੍ਰਿਆ ਵਿਸ਼ਸ਼ੇਣ 'ਹੀ' ਦੇ ਕਾਰਨ ਉੱਡ ਗਈ ਹੈ}। ਜਮ ਕੰਕਰੁ = {ਕਿੰਕਰੁ = किंकर} ਜਮ ਦਾ ਸੇਵਕ, ਜਮ = ਦੂਤ।੪।
ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ।
(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।
ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।
ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।
(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।
*┈┉┅━❀꧁ੴ꧂❀━┅┉┈*













No comments:
Post a Comment