
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ {ਪੰਨਾ 853}
ਪਦਅਰਥ: ਜਲੰਦਾ = (ਵਿਕਾਰਾਂ ਵਿਚ) ਸੜਦਾ। ਰਖਿ ਲੈ = ਬਚਾ ਲੈ। ਧਾਰਿ = ਧਾਰ ਕੇ, ਕਰ ਕੇ। ਜਿਤੁ ਦੁਆਰੈ = ਜਿਸ ਦਰ ਤੇ, ਜਿਸ ਤਰੀਕੇ ਨਾਲ। ਉਬਰੈ = ਬਚ ਸਕੇ। ਤਿਤੈ = ਉਸੇ ਤਰ੍ਹਾਂ ਹੀ। ਸਤਿਗੁਰਿ = ਗੁਰੂ ਨੇ। ਸੁਖੁ = ਆਤਮਕ ਆਨੰਦ। ਸਚਾ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਬੀਚਾਰਿ = ਵਿਚਾਰ ਕੇ, ਮਨ ਵਿਚ ਟਿਕਾ ਕੇ। ਅਵਰੁ = ਕੋਈ ਹੋਰ।੧।
ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।
ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।
ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ {ਪੰਨਾ 853}
ਪਦਅਰਥ: ਹਉਮੈ = 'ਮੈਂ, ਮੈਂ' ਦਾ ਪ੍ਰਭਾਵ। ਹਉਮੈ ਮਾਇਆ = ਮਾਇਆ ਦੀ ਹਉਮੈ, ਮਾਇਆ ਦੀ ਤਾਂਘ। ਦੂਜੈ = (ਪ੍ਰਭੂ ਤੋਂ ਬਿਨਾ) ਹੋਰ (ਦੇ ਮੋਹ) ਵਿਚ। ਹਟਿ = ਹੱਟੀ ਵਿਚ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਪਰਜਾਲੀਐ = ਚੰਗੀ ਤਰ੍ਹਾਂ ਸਾੜ ਦਿੱਤੀ ਜਾਏ। ਉਜਲਾ = ਪਵਿੱਤਰ। ਮਨਿ = ਮਨ ਵਿਚ। ਮਾਰਣੁ = ਪ੍ਰਭਾਵ ਮੁਕਾਣ ਦਾ ਵਸੀਲਾ।੨।
ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।
ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।
ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ {ਪੰਨਾ 853}
ਪਦਅਰਥ: ਵਡਿਆਈ = ਬਜ਼ੁਰਗੀ, ਇੱਜ਼ਤ। ਸਤਿਗੁਰਿ = ਸਤਿਗੁਰੂ ਨੇ। ਧੁਰਹੁ = ਧੁਰ ਤੋਂ, ਹਜ਼ੂਰੀ ਤੋਂ। ਹੁਕਮੁ = ਰਜ਼ਾ। ਬੁਝਿ = ਸਮਝ ਕੇ। ਨੀਸਾਣੁ = ਨਿਸ਼ਾਨ, ਪਰਵਾਨਾ, ਰਾਹਦਾਰੀ। ਪੁਤੀ = ਪੁੱਤਰਾਂ ਨੇ। ਭਾਤੀਈ = ਭਤੀਜਿਆਂ ਨੇ। ਸਕੀ = ਸੱਕਿਆਂ ਨੇ, ਸਾਕ = ਸੰਬੰਧੀਆਂ ਨੇ। ਅਗਹੁ ਪਿਛਹੁ = ਚੰਗੀ ਤਰ੍ਹਾਂ। ਟੋਲਿ = ਖੋਜ ਕੇ। ਲਾਹਿਓਨੁ = ਲਾਹ ਦਿੱਤਾ ਉਸ ਨੇ। ਕੋ = ਕੋਈ ਮਨੁੱਖ। ਬਖਸਿਓਸੁ = ਉਸ ਨੇ ਬਖ਼ਸ਼ਿਆ। ਜਿ = ਜਿਹੜਾ ਮਨੁੱਖ। ਮਿਲਿ = ਮਿਲ ਕੇ। ਮੰਨੇ = ਪਤੀਜਦਾ ਹੈ। ਸੁ = ਉਹ ਮਨੁੱਖ। ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ। ਸਿਝੈ = ਕਾਮਯਾਬ ਹੁੰਦਾ ਹੈ। ਫਿਰੈ = ਭਟਕਦਾ ਫਿਰਦਾ ਹੈ। ਥਾਨੁ = ਹਿਰਦਾ = ਥਾਂ। ਭਰਿਆ = (ਵਿਕਾਰਾਂ ਨਾਲ) ਗੰਦਾ। ਜਨ ਕੈ ਵਲਿ = (ਆਪਣੇ) ਸੇਵਕ ਦੇ ਪੱਖ ਤੇ। ਸੁਜਾਨੁ = ਸਿਆਣਾ, ਸਭ ਦੇ ਦਿਲ ਦੀ ਜਾਣਨ ਵਾਲਾ। ਭਿਤਿ = ਚੋਗ, ਖ਼ੁਰਾਕ, ਆਤਮਕ ਭੋਜਨ। ਸਭਿ ਆਇ = ਸਾਰੇ ਆਏ। ਲਾਹਿਓਨੁ = ਉਸ ਨੇ ਲਾਹ ਦਿੱਤਾ। ਕਿਅਹੁ ਮਨਹੁ = ਦਿਆਂ ਮਨਾਂ ਤੋਂ।੧੦।
ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।
ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।
ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ {ਪੰਨਾ 607}
ਪਦਅਰਥ: ਸਿਉ = ਨਾਲ। ਅੰਤਰੁ = ਅੰਦਰਲਾ। ਬੇਧਿਆ = ਵਿੱਝ ਗਿਆ। ਨੀਰ = ਪਾਣੀ।੧।
ਪ੍ਰਭ = ਹੇ ਪ੍ਰਭੂ! ਹਰਿ = ਹੇ ਹਰੀ! ਨਾਈ = ਵਡਿਆਈ, ਸਿਫ਼ਤਿ-ਸਾਲਾਹ। ਹਉ = ਮੈਂ। ਅੰਤਰਿ = ਅੰਦਰ, ਦਿਲ ਵਿਚ {ਲਫ਼ਜ਼ 'ਅੰਤਰੁ' ਅਤੇ 'ਅੰਤਰਿ' ਦਾ ਫ਼ਰਕ ਚੇਤੇ ਰੱਖਣਾ}। ਮੰਗਾ = ਮੰਗਾਂ, ਮੈਂ ਮੰਗਦਾ ਹਾਂ।ਰਹਾਉ।
ਚਾਤ੍ਰਿਕੁ = ਪਪੀਹਾ। ਗੁਰਮੁਖਿ = ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ। ਸੁਖ ਜਲੁ = ਆਤਮਕ ਆਨੰਦ ਦੇਣ ਵਾਲਾ ਨਾਮ = ਜਲ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਭਾਇ = ਪ੍ਰੇਮ ਦੀ ਰਾਹੀਂ। ਸੁਭਾਈ = ਸ੍ਰੇਸ਼ਟ ਪਿਆਰ ਦੀ ਰਾਹੀਂ।੨।
ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਹ ਦਿਸ = ਦਸੀਂ ਪਾਸੀਂ। ਪਾਈ = ਪਾਏ, ਪਾਂਦਾ ਹੈ। ਮਰੈ = ਮਰਦਾ ਹੈ।੩।
ਗਾਵਹ = (ਅਸੀ ਜੀਵ) ਗਾਂਦੇ ਹਾਂ। ਪਾਈ = ਪਾਇ, ਪਾ ਕੇ। ਸਬਦਿ = ਸ਼ਬਦ ਦੀ ਰਾਹੀਂ।੪।
ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।
ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।
ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।
ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}
ਪਦਅਰਥ: ਸਿਰਿ = ਸਿਰ ਉਤੇ। ਅੰਕਸੁ = ਮਹਾਵਤ ਦਾ ਕੁੰਡਾ। ਊਭੀ = ਖਲੋ ਕੇ, ਸੁਚੇਤ ਹੋ ਕੇ। ਆਪੁ = ਆਪਾ = ਭਾਵ, ਅਪਣੱਤ। ਨਿਵਾਰੀਐ = ਦੂਰ ਕੀਤੀ ਜਾਂਦੀ ਹੈ।
ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।
ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}
ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।
ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}
ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।
ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ {ਪੰਨਾ 648}
ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂ' ਆਖੋ, 'ਗੁਰੂ, ਗੁਰੂ' ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ {ਪੰਨਾ 637}
ਨੋਟ: ਤਿ-ਤੁਕੀ-ਤਿੰਨ ਤੁਕਾਂ ਵਾਲੀ, ਉਹ ਅਸ਼ਟਪਦੀ ਜਿਸ ਦੇ ਹਰੇਕ ਬੰਦ ਵਿਚ ਤਿੰਨ ਤੁਕਾਂ ਹਨ।
ਪਦਅਰਥ: ਹਰਿ ਜੀਉ = ਹੇ ਪ੍ਰਭੂ ਜੀ! ਧੁਰਿ = ਧੁਰ ਤੋਂ, ਸ਼ੁਰੂ ਤੋਂ, ਜਦੋਂ ਦਾ ਸੰਸਾਰ ਬਣਿਆ ਹੈ ਤਦੋਂ ਦਾ। ਪ੍ਰਹਿਲਾਦ ਜਨ = ਪ੍ਰਹਿਲਾਦ ਅਤੇ ਇਹੋ ਜਿਹੇ ਹੋਰ ਸੇਵਕ। ਮਾਰਿ = ਮਾਰ ਕੇ। ਪਚਾਇਆ = ਖ਼ੁਆਰ ਕੀਤਾ, ਤਬਾਹ ਕਰ ਦਿੱਤਾ। ਪਰਤੀਤਿ = ਸਰਧਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਰਮਿ = ਭਟਕਣਾ ਵਿਚ।੧।
ਵਡਿਆਈ = ਇੱਜ਼ਤ। ਪੈਜ = ਲਾਜ। ਸੁਆਮੀ = ਹੇ ਸੁਆਮੀ!।ਰਹਾਉ।
ਜਮੁ = ਮੌਤ, ਮੌਤ ਦਾ ਡਰ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਕਾਲੁ = ਮੌਤ ਦਾ ਡਰ। ਮਨਿ = ਮਨ ਵਿਚ। ਨਾਮੇ ਹੀ = ਨਾਮ ਵਿਚ ਜੁੜ ਕੇ ਹੀ। ਮੁਕਤਿ = ਮੌਤ ਦੇ ਡਰ ਤੋਂ ਖ਼ਲਾਸੀ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਈ = ਸੁਭਾਇ, ਪ੍ਰੇਮ ਵਿਚ।੨।
ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ {ਪੰਨਾ 637-638}
ਪਦਅਰਥ: ਨੋ = ਨੂੰ। ਆਵੀ = ਆਵੈ, ਆਉਂਦੀ। ਲੋਭ ਸੁਆਉ = ਲੋਭ ਦਾ ਸੁਆਰਥ, ਲੋਭ = ਭਰੀ ਗ਼ਰਜ਼। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ। ਹਿਰਦੈ = ਹਿਰਦੇ ਵਿਚ। ਭੇਦਿਓ = ਵਿੱਝਿਆ। ਨਾਮਿ = ਨਾਮ ਵਿਚ। ਭਾਉ = ਪਿਆਰ। ਪਾਜੁ = ਮੁਲੰਮਾ। ਲਹਿ ਜਾਸੀ = ਉਤਰ ਜਾਏਗਾ। ਅਲਾਉ = ਅਲਾਪ, ਬੋਲ।੩।
ਵਰਤਦਾ = ਕੰਮ ਕਰਦਾ। ਭਗਤੀ = ਭਗਤਾਂ ਨੇ। ਤੂ = ਤੈਨੂੰ। ਲੋਕ = ਸ੍ਰਿਸ਼ਟੀ। ਬਿਧਾਤਾ = ਰਚਨਹਾਰ। ਮਨਸਾ = {मनीषा} ਮਨੋ = ਕਾਮਨਾ। ਮਨਹਿ = ਮਨਿ ਹੀ, ਮਨ ਵਿਚ ਹੀ {ਲਫ਼ਜ਼ 'ਮਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਸਬਦਿ = ਸ਼ਬਦ ਦੀ ਰਾਹੀਂ।੪।
ਅਚਿੰਤ = ਚਿੰਤਾ ਤੋਂ ਬਿਨਾ ਹੀ। ਪ੍ਰਭ = ਹੇ ਪ੍ਰਭੂ! ਪਰਸਾਦਿ = ਕਿਰਪਾ ਨਾਲ। ਮਨਿ = ਮਨ ਵਿਚ। ਸਭਿ = ਸਾਰੇ। ਸੁ = ਉਹ (ਮਨੁੱਖ) । ਵਿਗੁਚੈ = ਖ਼ੁਆਰ ਹੁੰਦਾ ਹੈ।੫।
ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}
ਪਦਅਰਥ: ਕਿਨੈ = ਕਿਸੇ ਨੇ ਭੀ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਉਕਿ = ਫ਼ਜ਼ੂਲ ਬੋਲ ਕੇ। ਮੁਏ = ਆਤਮਕ ਮੌਤ ਸਹੇੜ ਬੈਠੇ। ਬਿਲਲਾਈ = ਬਿਲਲਾਇ, ਵਿਲਕ ਕੇ। ਆਵਹਿ ਜਾਵਹਿ = ਜੰਮਦੇ ਹਨ ਮਰਦੇ ਹਨ। ਠਉਰ = ਟਿਕਾਣਾ, ਜਨਮ ਮਰਨ ਤੋਂ ਖਲ੍ਹੀਰ। ਦੁਖਿ = ਦੁੱਖ ਵਿਚ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸਹਜੇ = ਆਤਮਕ ਅਡੋਲਤਾ ਵਿਚ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਮਾਈ = ਲੀਨਤਾ।੬।
ਜਨਮੁ = ਜਨਮਾਂ ਦਾ ਗੇੜ। ਅਧਿਕਾਈ = ਬਹੁਤ। ਪੜਹਿ = ਪੜ੍ਹਦੇ ਹਨ {ਬਹੁ-ਵਚਨ}। ਤੈ = ਅਤੇ। ਵਾਦ = ਚਰਚਾ, ਬਹਿਸਾਂ। ਪਤਿ = ਇੱਜ਼ਤ। ਸਚਾ = ਸਦਾ-ਥਿਰ (ਪ੍ਰਭੂ ਦਾ ਉਪਦੇਸ਼ ਕਰਨ ਵਾਲਾ) । ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਭਜਿ = ਭੱਜ ਕੇ, ਦੌੜ ਕੇ। ਛੂਟਹਿ = (ਆਤਮਕ ਮੌਤ ਤੋਂ) ਬਚਦੇ ਹਨ।੭।
ਮਨਿ = ਮਨ ਵਿਚ। ਦਰਿ = ਪ੍ਰਭੂ ਦੇ ਦਰ ਤੇ। ਸਾਚੇ = ਸੁਰਖ਼ = ਰੂ। ਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰਾ = ਸੁਰਖ਼ = ਰੂ, ਇੱਜ਼ਤ ਵਾਲੇ। ਜੁਗਿ ਜੁਗਿ = ਹਰੇਕ ਜੁਗ ਵਿਚ। ਤਿਨ ਕੈ = ਉਹਨਾਂ ਤੋਂ। ਸਦ = ਸਦਾ। ਉਰਿ = ਹਿਰਦੇ ਵਿਚ।
ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।
ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।
ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਪੰਨਾ 635-636}
ਪਦਅਰਥ: ਆਸਾ ਮਨਸਾ = ਮਾਇਆ ਵਾਲੀਆਂ ਆਸਾਂ ਤੇ ਫੁਰਨੇ। ਬੰਧਨੀ = (ਮਾਇਆ ਦੇ ਮੋਹ ਵਿਚ) ਬੰਨ੍ਹਣ ਵਾਲੇ। ਭਾਈ = ਹੇ ਭਾਈ! ਹੇ ਪੰਡਿਤ! ਕਰਮ ਧਰਮ = ਉਹ ਕਰਮ ਜੋ ਧਾਰਮਿਕ ਮਿਥੇ ਹੋਏ ਹਨ, ਰਸਮੀ ਧਾਰਮਿਕ ਕਰਮ। ਬੰਧਕਾਰੀ = ਮਾਇਆ ਦੇ ਬੰਧਨ ਪੈਦਾ ਕਰਨ ਵਾਲੇ। ਪਾਪਿ ਪੁੰਨਿ = (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ। ਬਿਨਸੈ = ਆਤਮਕ ਮੌਤ ਮਰਦਾ ਹੈ। ਵਿਸਾਰੀ = ਵਿਸਾਰ ਕੇ। ਜਗਿ = ਜਗਤ ਵਿਚ। ਵੇਕਾਰੀ = ਵਿਅਰਥ।੧।
ਪੰਡਿਤ = ਹੇ ਪੰਡਿਤ! ਕਰਮਾ ਕਾਰੀ = ਕਰਮ ਕਾਂਡੀ, ਤੀਰਥ ਵਰਤ ਆਦਿਕ ਮਿਥੇ ਹੋਏ ਧਾਰਮਿਕ ਕਰਮਾਂ ਦਾ ਵਿਸ਼ਵਾਸੀ। ਜਿਤੁ = ਜਿਸ ਦੀ ਰਾਹੀਂ। ਜਿਤੁ ਕਰਮਿ = ਜਿਸ ਕਰਮ ਦੀ ਰਾਹੀਂ। ਆਤਮ ਤਤੁ = ਆਤਮਾ ਦਾ ਮੂਲ।੧।ਰਹਾਉ।
ਬਕੈ ਖੜੋ = ਖਲੋਤਾ ਉਚਾਰਦਾ ਹੈਂ। ਕਰਹੁ = ਤੁਸੀ ਕਰਦੇ ਹੋ। ਸੰਸਾਰੀ = ਸੰਸਾਰ ਵਾਲੇ, ਮਾਇਆ ਵਿਚ ਹੀ ਪ੍ਰਵਿਰਤ ਕਰਨ ਵਾਲੇ। ਪਾਖੰਡਿ = ਪਾਖੰਡ ਨਾਲ। ਵਿਕਾਰੀ = ਵਿਕਾਰਾਂ ਦੀ। ਮਾਕੁਰੀ = ਮੱਕੜੀ, ਜਾਲਾ ਤਣਨ ਵਾਲਾ ਕਕਹਿਣਾ। ਊਂਡੀ = ਉਲਟੀ।੨।
ਘਣੀ = ਬਹੁਤ (ਲੋਕਾਈ) । ਭਾਇ = ਪਿਆਰ ਵਿਚ, ਮੋਹ ਵਿਚ। ਖੁਆਈ = ਖੁੰਝ ਗਈ। ਰਹਾਈ = ਰਹਿ ਜਾਂਦਾ ਹੈ।੩।
ਸਾਚੁ ਸਹਜੁ = ਸਦਾ ਕਾਇਮ ਰਹਿਣ ਵਾਲੀ ਅਡੋਲ ਆਤਮਕ ਅਵਸਥਾ। ਤੇ = ਤੋਂ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਮਗੁ = ਰਸਤਾ। ਅੰਤਰਿ = ਅੰਦਰ। ਬੋਲਿ = ਬੋਲ ਕੇ। ਬਿਖੁ = ਜ਼ਹਿਰ, ਆਤਮਕ ਮੌਤ ਲਿਆਉਣ ਵਾਲੀ ਸ਼ੈ। ਖਾਈ = ਖਾਂਦਾ ਹੈ।੪।
ਪੰਡਿਤ = ਹੇ ਪੰਡਿਤ! ਵਿਲੋਈਐ = (ਜੇ) ਰਿੜਕੀਏ। ਤਥੁ = ਅਸਲ ਚੀਜ਼, ਮੱਖਣ। ਏਹਾ ਵਥੁ = ਇਹੀ ਚੀਜ਼ (ਪਾਣੀ ਹੀ ਪ੍ਰਾਪਤ ਕਰਦਾ ਹੈ) । ਵਿਗੂਚੀਐ = ਖ਼ੁਆਰ ਹੋਈਦਾ ਹੈ। ਦੇਉ = ਪ੍ਰਕਾਸ਼ = ਰੂਪ ਪ੍ਰਭੂ। ਅਲਖੁ = ਜਿਸ ਦਾ ਸਰੂਪ ਸਮਝਿਆ ਨਹੀਂ ਜਾ ਸਕਦਾ।੫।
ਤਾਗੋ = ਧਾਗਾ। ਕੋ = ਦਾ। ਦਹ ਦਿਸ = ਦਸੀਂ ਪਾਸੀਂ। ਮਾਇ = ਮਾਇਆ (ਨਾਲ) । ਗਾਠਿ = ਗੰਢ। ਛੂਟਈ = ਖੁਲ੍ਹਦੀ। ਕਰਮ = ਰਸਮੀ ਧਾਰਮਿਕ ਕੰਮ।੬।
ਮਨਿ = ਮਨ ਵਿਚ। ਭੈ = (ਪਰਮਾਤਮਾ ਦੇ) ਡਰ = ਅਦਬ ਵਿਚ। ਸਚੁ = ਅਟੱਲ (ਆਤਮਕ ਜੀਵਨ ਦੇਣ ਵਾਲਾ) । ਮਜਨੁ = ਤੀਰਥ = ਇਸ਼ਨਾਨ। ਵਿਸੇਖੁ = ਵਿਸ਼ਸ਼ੇਤਾ ਦਾ ਹੱਕਦਾਰ। ਅੰਕਸੁ = ਕੁੰਡਾ ਜੋ ਹਾਥੀ ਨੂੰ ਚਲਾਣ ਲਈ ਵਰਤੀਦਾ ਹੈ। ਜਿਨਿ = ਜਿਸ (ਗੁਰੂ) ਨੇ। ਮਨਿ = ਮਨ ਵਿਚ। ਭੇਖੁ = (ਵਿਖਾਵੇ ਦਾ) ਧਾਰਮਿਕ ਲਿਬਾਸ।੭।
ਹਾਟੁ = ਹੱਟ। ਸਰਾਫ = ਸ਼ਾਹ। ਕੋ = ਦਾ। ਦ੍ਰਿੜੈ = ਪੱਕੀ ਤਰ੍ਹਾਂ ਚੇਤੇ ਰੱਖਦਾ ਹੈ। ਧਨੁ = ਭਾਗਾਂ ਵਾਲਾ। ਮੇਲਿ = ਮੇਲ ਵਿਚ, ਸਤ ਸੰਗ ਵਿਚ।੮।
ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ।
ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।
ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।
ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।
ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।
ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।
ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।
ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।
ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ {ਪੰਨਾ 654}
ਪਦਅਰਥ: ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ– ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ– ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ।੧।
ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ = ਭਾਰ, ਉਲਟਾ। ਸੋ ਦਿਨੁ = ਉਹ ਸਮਾ।੧।ਰਹਾਉ।
ਮਧੁ = ਸ਼ਹਿਦ। ਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ। ਜਿਉ...ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ) , ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ। ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ।੨।
ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ। ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ।੩।
ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ। ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ।੪।
ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।
ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।
ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।
ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।
ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
*┈┉┅━❀꧁ੴ꧂❀━┅┉┈*
*┈┉┅━❀꧁ੴ꧂❀━┅┉┈*
ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ {ਪੰਨਾ 755}
ਪਦਅਰਥ: ਮਰਿ ਵੰਞਸੀ = ਮਰ ਜਾਇਗੀ। ਮਰਿ = ਮਰ ਕੇ। ਖਾਕੁ = ਮਿੱਟੀ। ਥੀਈ = ਹੋ ਜਾਇਗੀ।੧।
ਵਾਹੁ = ਧੰਨ, ਸਲਾਹੁਣ = ਜੋਗ। ਸਾਹਿਬਾ = ਹੇ ਮਾਲਕ! ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਲਾਹੀਐ = ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁ = ਬੇ = ਮੁਥਾਜ।੧।ਰਹਾਉ।
ਕੇਰੀ = ਦੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਝਿ = ਸੜ ਕੇ। ਮਰੰਨਿ = ਮਰਦੇ ਹਨ। ਜਮ ਪੁਰਿ = ਜਮ ਦੀ ਪੁਰੀ ਵਿਚ। ਮਾਰੀਅਹਿ = ਮਾਰੇ ਜਾਂਦੇ ਹਨ, ਮਾਰ ਖਾਂਦੇ ਹਨ। ਵੇਲਾ = ਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿ = ਨਹੀਂ ਪ੍ਰਾਪਤ ਕਰ ਸਕਦੇ।੨।
ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲੇ ਮਨੁੱਖ। ਸਕਾਰਥਾ = ਸਫਲ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ। ਆਤਮ ਰਾਮੁ = ਸਰਬ = ਵਿਆਪਕ ਪਰਮਾਤਮਾ। ਸਹਜੇ = ਆਤਮਕ ਅਡੋਲਤਾ ਵਿਚ। ਸੁਖਿ = ਅਨੰਦ ਵਿਚ।੩।
ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਅਨਦਿਨੁ = {अनुदिनं} ਹਰ ਰੋਜ਼, ਹਰ ਵੇਲੇ।੪।
ਕਰੰਨਿ = ਕਰਦੇ ਹਨ। ਦੁਸਟ = ਮੰਦ = ਕਰਮੀ, ਭੈੜੇ। ਸਿਉ = ਸਮੇਤ। ਡੋਬੰਨਿ = ਡੋਬ ਦੇਂਦੇ ਹਨ।੫।
ਮੁਗਧ = ਮੂਰਖ। ਨਰਕੇ ਘੋਰਿ = ਘੋਰ ਨਰਕ ਵਿਚ, ਭਿਆਨਕ ਨਰਕ ਵਿਚ। ਪਵੰਨਿ = ਪ ੈਂਦੇ ਹਨ।੬।
ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।
ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।
ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।
ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।
ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ {ਪੰਨਾ 755}
ਪਦਅਰਥ: ਏ ਮਨ = ਹੇ ਮਨ! ਹੇ ਜੀਵ! ਜੈਸਾ ਸੇਵਹਿ = ਜਿਹੋ ਜਿਹੇ ਦੀ ਤੂੰ ਸੇਵਾ = ਭਗਤੀ ਕਰਦਾ ਹੈਂ। ਤੈਸਾ ਹੋਵਹਿ = ਤੂੰ ਉਹੋ ਜਿਹਾ ਬਣ ਜਾਂਦਾ ਹੈਂ। ਤੇਹੇ = ਉਹੋ ਜਿਹੇ। ਕਮਾਇ = ਕਮਾ ਕੇ। ਬੀਜਿ = (ਕਰਮਾਂ ਦਾ ਬੀਜ) ਬੀਜ ਕੇ। ਆਪੇ = ਆਪ ਹੀ। ਕਹਣਾ ਕਿਛੂ ਨ ਜਾਇ = (ਇਸ ਨਿਯਮ ਵਿਚ) ਕੋਈ ਇਤਰਾਜ਼ ਨਹੀਂ ਕੀਤਾ ਜਾ ਸਕਦਾ।੭।
ਕਿਤੈ ਪਰਥਾਇ = ਕਿਸੇ ਪਰਸੰਗ ਅਨੁਸਾਰ। ਓਇ = ਮਹਾ ਪੁਰਖ {ਬਹੁ-ਵਚਨ ਲਫ਼ਜ਼ 'ਓਹ' ਤੋਂ}। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ = ਰਸ। ਹਹਿ = ਹੁੰਦੇ ਹਨ। ਤਮਾਇ = ਲਾਲਚ, ਆਪਣੀ ਗ਼ਰਜ਼।੮।
ਗੁਣਕਾਰੀ = ਗੁਣ ਕਰਨ ਵਾਲਾ, ਉਪਕਾਰੀ, ਗੁਰਮੁਖਿ। ਸੰਘਰੈ = ਇੱਕਠਾ ਕਰਦਾ ਹੈ। ਉਪਦੇਸੇਨਿ = ਉਪਦੇਸ਼ ਦੇਂਦੇ ਹਨ। ਸੇ = ਉਹ {ਬਹੁ-ਵਚਨ}। ਜਿ = ਜੇਹੜੇ। ਅਨਦਿਨੁ = ਹਰ ਰੋਜ਼, ਹਰ ਵੇਲੇ। ਲਏਨਿ = ਲੈਂਦੇ ਹਨ।੯।
ਦੇਸੀ = ਦੇਵੇਗਾ। ਸੰਬਾਹਿ = ਅਪੜਾ ਕੇ। ਜਿਨਿ = ਜਿਸ (ਪਰਮਾਤਮਾ) ਨੇ। ਮੇਦਨੀ = ਸ੍ਰਿਸ਼ਟੀ। ਧਣੀ = ਮਾਲਕ।੧੦।
ਸਚੁ = ਸਦਾ ਕਾਇਮ ਰਹਿਣ ਵਾਲਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਦਰਿ ਨਿਹਾਲਿ = ਗਹੁ ਨਾਲ ਵੇਖ। ਸਮਾਲਿ = ਹਿਰਦੇ ਵਿਚ ਸਾਂਭ ਰੱਖ।੧੧।
ਨਿਰਮਲਾ = ਪਵਿਤ੍ਰ। ਸਬਦਿ = ਸ਼ਬਦ ਦੀ ਰਾਹੀਂ। ਜਲਾਇ = ਸਾੜ ਕੇ।੧੨।
ਅਰਥ: ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭।
(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ।੮।
ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ।੧੦।
ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧।
ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨।
ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ {ਪੰਨਾ 755}
ਪਦਅਰਥ: ਸਹੁ = ਖਸਮ, ਸ਼ਹੁ। ਧ੍ਰਿਗੁ = ਫਿਟਕਾਰ = ਜੋਗ। ਸੰਸਾਰਿ = ਸੰਸਾਰ ਵਿਚ। ਨਦਰਿ = ਮੇਹਰ ਦੀ ਨਿਗਾਹ। ਗੁਰਮਤੀ = ਗੁਰੂ ਦੀ ਮਤਿ ਲੈ ਕੇ। ਵੀਚਾਰਿ = ਹਰਿ = ਨਾਮ ਦੀ ਵਿਚਾਰ ਕਰਦਾ ਹੈ।੧੩।
ਮਿਲਿ ਰਹਾ = ਮਿਲਿ ਰਹਾਂ, ਮੈਂ ਮਿਲਿਆ ਰਹਿ ਸਕਦਾ ਹਾਂ। ਰਖਾ = ਰੱਖਾਂ, ਮੈਂ ਰੱਖ ਸਕਦਾ ਹਾਂ। ਉਰ = ਹਿਰਦਾ। ਧਾਰਿ = ਟਿਕਾ ਕੇ। ਕੈ ਹੇਤਿ ਪਿਆਰਿ = ਦੇ ਪਿਆਰ ਹਿਤ ਦੀ ਬਰਕਤਿ ਨਾਲ।੧੪।
ਪਿਰੁ ਸਾਲਾਹੀ = ਹੇ ਭਾਈ! ਤੂੰ ਪ੍ਰਭੂ = ਪਤੀ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਵੀਚਾਰਿ = ਸੁਰਤਿ ਜੋੜ ਕੇ। ਸਬਦਿ = ਸ਼ਬਦ ਵਿਚ। ਮਿਲਿ = ਮਿਲ ਕੇ।੧੫।
ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਅਤਿ = ਬਹੁਤ। ਚਿਤਿ = ਚਿੱਤ ਵਿਚ। ਸਪੈ = ਸੱਪ ਨੂੰ। ਵਿਸੁ = ਜ਼ਹਿਰ। ਨਿਕੋਰ = ਨਿਰੋਲ।੧੬।
ਸਬਦੀ = ਸ਼ਬਦ ਦੀ ਰਾਹੀਂ। ਸਚੁ = ਸਦਾ-ਥਿਰ ਰਹਿਣ ਵਾਲਾ।੧੭।
ਵਣਜਾਰੇ = ਵਣਜ ਕਰਨ ਵਾਲੇ। ਓਥੈ = ਉਸ ਸ਼ਾਹ ਦੇ ਦਰਬਾਰ ਵਿਚ। ਕੂੜੇ = ਮਾਇਆ ਨਾਲ ਹੀ ਪਿਆਰ ਕਰਨ ਵਾਲੇ। ਟਿਕੰਨਿ = ਟਿਕ ਸਕਦੇ। ਨ ਭਾਵਈ = ਨ ਭਾਵੈ, ਪਸੰਦ ਨਹੀਂ ਆਉਂਦਾ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਪਚੰਨਿ = ਖ਼ੁਆਰ ਹੁੰਦੇ ਹਨ।੧੮।
ਅਰਥ: ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩।
ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪।
ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ।੧੫।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬।
ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭।
ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮।
ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ {ਪੰਨਾ 756}
ਪਦਅਰਥ: ਮੈਲਾ = ਮੈਲੇ ਮਨ ਵਾਲਾ। ਵਾਰੋ ਵਾਰ = ਮੁੜ ਮੁੜ। ਪਇਐ ਕਿਰਤਿ = ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ।੧੯।
ਸਚਿ = ਸਦਾ-ਥਿਰ ਪ੍ਰਭੂ ਵਿਚ। ਸਲਾਹੀ = ਸਾਲਾਹਿ, ਸਿਫ਼ਤਿ-ਸਾਲਾਹ ਕਰ। ਮਨਿ = ਮਨ ਵਿਚ। ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰੁ = ਸੁਰਖ਼ = ਰੂ।੨੦।
ਪੂਰੀ = ਉਕਾਈ = ਹੀਣ। ਅਹਿ = ਦਿਨ। ਨਿਸਿ = ਰਾਤ। ਠਾਕਿ ਰਹਾਇ = ਰੋਕ ਕੇ ਰੱਖਦਾ ਹੈ।੨੧।
ਸਾਲਾਹੀ = ਸਾਲਾਹੀਂ, ਮੈਂ ਸਿਫ਼ਤਿ-ਸਾਲਾਹ ਕਰਾਂ। ਨਿਵਿ = ਨਿਊਂ ਕੇ। ਲਾਗਾ = ਲਾਗਾਂ, ਮੈਂ ਲੱਗਾਂ। ਪਾਇ = ਪੈਰੀਂ। ਸਉਪੀ = ਸਉਪੀਂ, ਮੈਂ ਸਉਂਪ ਦਿਆਂ। ਧਰੀ = ਧਰੀਂ, ਮੈਂ ਧਰ ਦਿਆਂ। ਆਪੁ = ਆਪਾ = ਭਾਵ। ਗਵਾਇ = ਦੂਰ ਕਰ ਕੇ।੨੨।
ਖਿੰਚੋਤਾਣਿ = ਖਿੰਚੋਤਾਣ ਵਿਚ, ਡਾਂਵਾਂ = ਡੋਲ ਹਾਲਤ ਵਿਚ। ਵਿਗੁਚੀਐ = ਖ਼ੁਆਰ ਹੋਈਦਾ ਹੈ। ਲਿਵ ਲਾਇ = ਪਿਆਰ ਜੋੜ। ਮੇਰਾ = ਮਮਤਾ। ਸਚਿ = ਸਦਾ-ਥਿਰ ਪ੍ਰਭੂ ਵਿਚ।੨੩।
ਅਰਥ: ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯।
ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦।
ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧।
ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ।੨੨।
ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩।
ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ {ਪੰਨਾ 756}
ਪਦਅਰਥ: ਨੇ = ਨੂੰ। ਸਿ = ਉਹ ਮਨੁੱਖ {ਸੇ=ਬਹੁ = ਬਚਨ}। ਭਾਇਰਾ = (ਮੇਰੇ) ਭਰਾ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ। ਲਗੰਨਿ = ਲੱਗਦੇ ਹਨ, ਚਿੱਤ ਜੋੜਦੇ ਹਨ। ਸਚਿ = ਸਦਾ-ਥਿਰ ਪ੍ਰਭੂ ਵਿਚ। ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ।੨੪।
ਸੇ = ਉਹ ਮਨੁੱਖ {ਬਹੁ-ਵਚਨ}। ਸੇਵੰਨਿ = ਸਿਮਰਦੇ ਹਨ। ਵਿਕਣਿ = ਵਿਕਣ ਨਾਲ। ਅਵਗਣ ਵਿਕਣਿ = ਅਉਗਣਾਂ ਦੇ ਵਿਕ ਜਾਣ ਨਾਲ। ਪਲ੍ਹ੍ਹਰਨਿ = ਪਲ੍ਹਰਦੇ ਹਨ, ਪ੍ਰਫੁਲਤ ਹੁੰਦੇ ਹਨ।੨੫।
ਸਚੀ ਭਗਤਿ = ਸਦਾ ਕਾਇਮ ਰਹਿਣ ਵਾਲੀ ਹਰਿ = ਭਗਤੀ। ਕਰੰਨ੍ਹ੍ਹਿ = ਕਰਦੇ ਹਨ। ਵਣੰਜਹਿ = ਵਿਹਾਝਦੇ ਹਨ। ਸਿਉ = ਨਾਲ, ਦੀ ਰਾਹੀਂ। ਲਾਹਾ = ਲਾਭ। ਲਏਨਿ = ਲੈਂਦੇ ਹਨ।੨੬।
ਰੁਪਾ = ਚਾਂਦੀ। ਸੰਚੀਐ = ਇਕੱਠਾ ਕਰੀਦਾ ਹੈ। ਨ ਚਲਸੀ = ਨਹੀਂ ਚੱਲੇਗਾ। ਸਭ = ਸਾਰੀ ਲੁਕਾਈ। ਮੁਠੀ = ਲੁੱਟ ਲਈ। ਜਮਕਾਲਿ = ਜਮ = ਕਾਲ ਨੇ, ਮੌਤ ਨੇ, ਆਤਮਕ ਮੌਤ ਨੇ।੨੭।
ਤੋਸਾ = ਰਸਤੇ ਦਾ ਖ਼ਰਚ। ਸਮ੍ਹ੍ਹਾਲਿ = ਸੰਭਾਲ ਕੇ। ਅਖੁਟੁ = ਕਦੇ ਨਾਹ ਮੁੱਕਣ ਵਾਲਾ। ਗੁਰਮੁਖਿ = ਉਹ ਮਨੁੱਖ ਜੋ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ।੨੮।
ਮੂਲਹੁ = ਮੂਲ ਤੋਂ, ਪਰਮਾਤਮਾ ਤੋਂ। ਜਾਸਹਿ = ਜਾਵੇਂਗਾ। ਪਤਿ = ਇੱਜ਼ਤ। ਗਵਾਇ = ਗਵਾ ਕੇ। ਮੋਹ = ਮੋਹ ਵਿਚ। ਮੋਹਿ ਦੂਜੇ = ਦੂਜੇ ਦੇ ਮੋਹ ਵਿਚ, ਮਾਇਆ ਦੇ ਮੋਹ ਵਿਚ। ਵਿਆਖਿਆ: ਫਸਿਆ ਹੋਇਆ ਹੈ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ।੨੯।
ਅਰਥ: ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪।
ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫।
ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ।੨੬।
ਹੇ ਭਾਈ! ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ) ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) ।੨੭।
ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ) ਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮।
ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯।
ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ {ਪੰਨਾ 756}
ਪਦਅਰਥ: ਜਸੁ = ਸੋਭਾ, ਵਡਿਆਈ। ਕੈ ਸਬਦਿ = ਦੇ ਸ਼ਬਦਿ ਵਿਚ। ਸਿਉ = ਨਾਲ।੩੦।
ਸਹੁ = ਸ਼ਹੁ, ਖਸਮ = ਪ੍ਰਭੂ। ਰੰਗੁਲਾ = ਰੰਗੀਲਾ, ਆਨੰਦ = ਸਰੂਪ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਕਾਮਣਿ = ਜੀਵ = ਇਸਤ੍ਰੀ। ਰੰਗੁ = ਪ੍ਰੇਮ ਰੰਗ। ਤਾ = ਤਾਂ, ਤਦੋਂ। ਜਾ = ਜਾਂ, ਜਦੋਂ। ਕੈ ਅੰਕਿ = ਦੀ ਗੋਦ ਵਿਚ, ਦੇ ਚਰਨਾਂ ਵਿਚ।੩੧।
ਮਿਲਨਿ = ਮਿਲ ਪੈਂਦੇ ਹਨ। ਸੇਵੰਨਿ = ਸਰਨ ਪੈਂਦੇ ਹਨ। ਅੰਤਰਿ = (ਹਰੇਕ ਦੇ) ਅੰਦਰ। ਨਵਨਿਧਿ = ਧਰਤੀ ਦੇ ਸਾਰੇ ਨੌ ਖ਼ਜ਼ਾਨੇ। ਖਾਨਿ = ਖਾਂਦੇ ਹਨ। ਖਰਚਨਿ = ਖ਼ਰਚਦੇ ਹਨ। ਰਵੰਨਿ = ਸਿਮਰਦੇ ਹਨ।੩੨।
ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ}। ਸਹੰਨਿ = ਸਹਿੰਦੇ ਹਨ। ਗੁਰਿ = ਗੁਰੂ ਨੇ। ਉਬਰੇ = (ਜਨਮ ਮਰਨ ਦੇ ਗੇੜ ਵਿਚੋਂ) ਬਚ ਗਏ। ਸਿਉ = ਨਾਲ। ਕੇਲ = ਆਨੰਦ।੩੩।
ਜਿ = ਜੇਹੜੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनां}। ਜਾਣੀਅਹਿ = ਜਾਣੇ ਜਾਂਦੇ ਹਨ। ਸਚੁ = ਸਦਾ-ਥਿਰ ਪ੍ਰਭੂ। ਲਹੰਨਿ = ਲੈਂਦੇ ਹਨ, ਮੇਲ ਪ੍ਰਾਪਤ ਕਰਦੇ ਹਨ।੩੪।
ਅਰਥ: ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦।
ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨।
ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ।੩੩।
ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ।੩੪।੧।੩।
ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ {ਪੰਨਾ 709}
ਪਦਅਰਥ: ਕੀਰਤਨ = ਸਿਫ਼ਤਿ-ਸਾਲਾਹ, ਵਡਿਆਈ। ਲਿਪਤ ਨ = ਨਹੀਂ ਲਿੱਬੜਦਾ, ਨਹੀਂ ਫਸਦਾ। ਪੁਰਖ = ਸਾਰ = ਵਿਆਪਕ। ਭਗਵਾਨ = ਭਾਗਾਂ ਵਾਲਾ, ਪਰਤਾਪਵਾਨ ਪ੍ਰਭੂ।੧।
ਭਾਹਿ = ਅੱਗ। ਜਿਨਿ = ਜਿਸ ਪ੍ਰਭੂ ਨੇ। ਮੇਦਨੀ = ਧਰਤੀ, ਸ੍ਰਿਸ਼ਟੀ।੨।
ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧।
ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨।
ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ {ਪੰਨਾ 710}
ਪਦਅਰਥ: ਨ ਬਿਆਪੈ = ਜ਼ੋਰ ਨਹੀਂ ਪਾ ਸਕਦੀ। ਕੋਟਿ ਅਘਾ = ਕਰੋੜਾਂ ਪਾਪ। ਨਿਰਮਲ = ਪਵਿਤ੍ਰ। ਜਨ ਧੂਰੀ = ਸੰਤ ਜਨਾਂ ਦੀ ਚਰਨ = ਧੂੜ ਵਿਚ। ਨਾਇਆ = ਨ੍ਹਾਤਿਆਂ। ਕੁਟੰਬ = ਪਰਵਾਰ। ਸਬਾਇਆ = ਸਾਰੀ।
ਅਰਥ: ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}
ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧।
ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ।
ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨।
ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ।
ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩।
ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ।
ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪।
ਵਿਟਹੁ = ਤੋਂ। ਸਾਹਿਬ = ਹੇ ਸਾਹਿਬ!
ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।
*┈┉┅━❀꧁ੴ꧂❀━┅┉┈*

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}
ਪਦਅਰਥ: ਪੂਰਕੁ = ਪੂਰੀਆਂ ਕਰਨ ਵਾਲਾ। ਦਾਤਾ = ਦੇਣ ਵਾਲਾ। ਸਰਬ = ਸਾਰੇ। ਜਾ ਕੈ ਵਸਿ = ਜਿਸ ਦੇ ਇਖ਼ਤਿਆਰ ਵਿਚ। ਧੇਨ = ਗਾਂ। ਕਾਮ = ਵਾਸਨਾ। ਕਾਮਧੇਨ = ਸ੍ਵਰਗ ਦੀ ਉਹ ਗਾਂ ਜੋ ਸਾਰੀਆਂ ਵਾਸਨਾਂ ਪੂਰੀਆਂ ਕਰ ਦੇਂਦੀ ਹੈ। ਜੀਅੜੇ = ਹੇ ਸੋਹਣੀ ਜਿੰਦੇ! ਤਾ = ਤਦੋਂ। ਪਾਵਹਿ = ਪਾ ਲਏਂਗਾ।੧।
ਮਨ = ਹੇ ਮਨ! ਸਤਿ ਨਾਮੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਮੁਖ ਊਜਲ = ਉੱਜਲ ਮੂੰਹ ਵਾਲੇ, ਸੁਰਖ਼ = ਰੂ। ਪੁਰਖੁ = ਸਰਬ = ਵਿਆਪਕ। ਨਿਰੰਜਨਾ = ਮਾਇਆ ਤੋਂ ਨਿਰਲੇਪ ਪ੍ਰਭੂ।ਰਹਾਉ।
ਜਹ = ਜਿਥੇ, ਜਿਸ ਹਿਰਦੇ ਵਿਚ। ਤਹ = ਉਸ ਹਿਰਦੇ ਵਿਚੋਂ। ਉਪਾਧਿ = ਝਗੜਾ = ਬਖੇੜਾ। ਗਤੁ ਕੀਨੀ = ਚਾਲੇ ਪਾ ਜਾਂਦਾ ਹੈ। ਕਉ = ਨੂੰ। ਗੁਰਿ = ਗੁਰੂ ਨੇ। ਭਵਜਲੁ = ਸੰਸਾਰ = ਸਮੁੰਦਰ।੨।
ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।
*┈┉┅━❀꧁ੴ꧂❀━┅┉┈*
*┈┉┅━❀꧁ੴ꧂❀━┅┉┈*
ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ {ਪੰਨਾ 565-566}
ਪਦਅਰਥ: ਕਾਇਆ = ਸਰੀਰ। ਕੂੜਿ = ਮਾਇਆ ਦੇ ਮੋਹ ਵਿਚ। ਵਿਗਾੜਿ = ਮੈਲਾ ਕਰ ਕੇ। ਕਾਹੇ ਨਾਈਐ = (ਤੀਰਥ-) ਇਸ਼ਨਾਨ ਦਾ ਕੋਈ ਲਾਭ ਨਹੀਂ। ਸਚੁ = ਸਦਾ-ਥਿਰ ਨਾਮ ਦਾ ਸਿਮਰਨ। ਸਾਚ ਅੰਦਰਿ = ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਟਿਕ ਕੇ। ਸਾਚਾ = ਸਦਾ-ਥਿਰ ਪ੍ਰਭੂ (ਦਾ ਰੂਪ) । ਤਾਮਿ = ਤਦੋਂ। ਲਿਖੇ ਬਾਝਹੁ = ਪ੍ਰਭੂ ਦੇ ਲਿਖੇ ਹੁਕਮ ਤੋਂ ਬਿਨਾ। ਸੁਰਤਿ = ਉੱਚੀ ਸੁਰਤਿ।੧।
ਤਾ = ਤਦੋਂ ਹੀ। ਕਹਣੁ ਕਹਿਆ = ਸਿਫ਼ਤਿ-ਸਾਲਾਹ ਕੀਤੀ। ਜਾ = ਜਦੋਂ। ਮਨਿ = ਮਨ ਵਿਚ। ਭਾਇਆ = ਪਿਆਰਾ ਲੱਗਾ। ਮਨਹਿ = ਮਨ ਵਿਚ। ਦੂਖਿ = ਦੁੱਖ ਨੇ। ਜਾਮਿ = ਜਦੋਂ। ਜਿੰਨਿ = ਜਿਸ (ਤੈਂ) ਨੇ। ਆਪੁ = ਆਪਣੇ ਆਪ ਨੂੰ।੨।
ਵਾਰੀ = ਮਨੁੱਖਾ ਜਨਮ ਦੀ ਵਾਰੀ। ਕਢਾਏ = ਦੇਂਦਾ ਹੈ। ਕਿਰਤੁ ਕਮਾਵਣਾ = ਕਮਾਈ ਹੋਈ ਕਿਰਤ ਅਨੁਸਾਰ। ਸੁਆਮਿ ਸੇਤੀ = ਸੁਆਮੀ ਨਾਲ। ਵਞਾਵਣਾ = ਖ਼ੁਆਰ ਕਰਨਾ। ਰੂਆਵਣਾ = ਸ਼ਿਕੈਤ ਕਰਨੀ। ਦੇਇ = ਦੇਂਦਾ ਹੈ। ਮਨਹਿ = ਵਰਜਿਤ। ਵਾਵਣਾ = ਗਿਲਾ = ਗੁਜ਼ਾਰੀ ਕਰਨੀ।੩।
ਉਪਾਈਅਨੁ = ਉਸ ਨੇ ਪੈਦਾ ਕੀਤੀ ਹੈ। ਸਭੁ ਕੋਇ = ਹਰੇਕ ਜੀਵ। ਤੁਲਿ = ਬਰਾਬਰ। ਸਮਸਰੇ = ਬਰਾਬਰ। ਕਰਮੁ = ਬਖ਼ਸ਼ਸ਼। ਧੁਰਿ = ਧੁਰੋਂ। ਕਦੇ = ਕਦੇ ਦੀ।੪।
ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?।੧।
(ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ।
(ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) ।
ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨।
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ।
ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩।
ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ।
ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ।
ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।
*┈┉┅━❀꧁ੴ꧂❀━┅┉┈*
ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥ {ਪੰਨਾ 664}
ਪਦਅਰਥ: ਨਿਰਮਲੁ = ਪਵਿਤ੍ਰ। ਅਪਾਰਾ = ਬੇਅੰਤ, ਕਦੇ ਨਾਹ ਮੁੱਕਣ ਵਾਲਾ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਭੰਡਾਰਾ = ਖ਼ਜ਼ਾਨੇ। ਬਿਖੁ = ਜ਼ਹਰ (ਜੋ ਆਤਮਕ ਮੌਤ ਲੈ ਆਉਂਦਾ ਹੈ) । ਜਾਣੁ = ਸਮਝ। ਮੋਹਿ = ਮੋਹ ਵਿਚ। ਅਭਿਮਾਨੁ = ਅਹੰਕਾਰ।੧।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਕੋਇ = ਜੇਹੜਾ ਕੋਈ। ਭਾਗਿ = ਕਿਸਮਤ ਨਾਲ।ਰਹਾਉ।
ਦੀਪਕੁ = ਦੀਵਾ। ਵਰਤੈ = ਕੰਮ ਕਰਦਾ ਹੈ, ਚਾਨਣ ਦੇਂਦਾ ਹੈ। ਤਿਹੁ ਲੋਇ = ਤਿੰਨਾਂ ਲੋਕਾਂ ਵਿਚ। ਨਾਮਿ = ਨਾਮ ਦੀ ਰਾਹੀਂ। ਮਲੁ = ਮੈਲ। ਧੋਇ = ਧੋ ਲੈਂਦਾ ਹੈ। ਸਾਚੀ = ਸਦਾ ਕਾਇਮ ਰਹਿਣ ਵਾਲੀ।੨।
ਜਿਨਿ = ਜਿਸ (ਮਨੁੱਖ) ਨੇ। ਹਰਿ ਜਨੁ = ਹਰੀ ਦਾ ਸੇਵਕ। ਹਰਖੁ = ਖ਼ੁਸ਼ੀ। ਸੋਗੁ = ਗ਼ਮ। ਮੁਕਤੁ = (ਦੁੱਖਾਂ ਵਿਕਾਰਾਂ ਤੋਂ) ਆਜ਼ਾਦ। ਅਵਰਾ = ਹੋਰਨਾਂ ਨੂੰ। ਤੇ = ਤੋਂ, ਪਾਸੋਂ।੩।
ਸਭ = ਸਾਰੀ ਲੁਕਾਈ। ਮੁਈ = ਆਤਮਕ ਮੌਤੇ ਮਰ ਗਈ। ਬਿਲਲਾਇ = ਵਿਲਕ ਕੇ, ਦੁੱਖੀ ਹੋ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ। ਦਾਝਹਿ = ਸਾੜਦੇ ਹਨ। ਸਾਤਿ = ਸ਼ਾਂਤੀ। ਨ ਪਾਇ = ਨਹੀਂ ਪ੍ਰਾਪਤ ਕਰਦਾ। ਸਭ = ਸਾਰੀ। ਨਾਮਿ = ਨਾਮ ਵਿਚ (ਜੁੜ ਕੇ) ।੪।
ਅਰਥ: ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ। ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) । (ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ।੧।
ਹੇ ਭਾਈ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। (ਗੁਰੂ ਦੇ ਸ਼ਬਦ ਦੀ ਰਾਹੀਂ) ਪਵਿਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ। ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੨।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ। ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ।੩।
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ। (ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ। (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ।੪।੨।

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}
ਪਦਅਰਥ: ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧।
ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ।
ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ) । ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।
ਹਉ = ਮੈਂ, ਹਉਂ। ਵਾਰੀ = ਕੁਰਬਾਨ। ਚਾਕਰੀ = ਸੇਵਾ। ਸਦ = ਸਦਾ।੩।
ਹਰਿ = ਹੇ ਹਰੀ! ਤੇ = ਤੋਂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਨਿਸਤਾਰਾ = ਪਾਰ = ਉਤਾਰਾ।੪।
ਤੇ = ਉਹ {ਬਹੁ-ਵਚਨ}। ਪਰਵਾਨਾ = ਕਬੂਲ, ਮਨਜ਼ੂਰ। ਵਿਟਹੁ = ਤੋਂ।੫।
ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}
ਪਦਅਰਥ: ਸਾ = ਉਹ {ਇਸਤ੍ਰੀ ਲਿੰਗ}। ਹਰਿ ਪ੍ਰਭ = ਹੇ ਹਰੀ ਪ੍ਰਭੂ! ਭਾਵੈ = (ਤੈਨੂੰ) ਚੰਗੀ ਲੱਗਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਪਾਵੈ = ਦੇਂਦਾ ਹੈ।੬।
ਸੇਤੀ = ਨਾਲ। ਪਿਰਹੜੀ = ਪ੍ਰੇਮ। ਤਿਨਾ ਜੀਅ = ਉਹਨਾਂ ਦੇ ਦਿਲ। ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ} ਉਹ ਬੰਦੇ। ਜਪਿ = ਜਪ ਕੇ। ਜੀਵਦੇ = ਆਤਮਕ ਜੀਵਨ ਹਾਸਲ ਕਰਦੇ ਹਨ। ਸਮਾਲੇ = ਸਮਾਲਿ, ਹਿਰਦੇ ਵਿਚ ਸੰਭਾਲ ਕੇ।੭।
ਕਉ = ਨੂੰ, ਤੋਂ। ਘੁਮਿ ਜਾਇਆ = ਮੈਂ ਸਦਕੇ ਜਾਂਦਾ ਹਾਂ। ਸਿਉ = ਸਮੇਤ। ਸਭੁ = ਸਾਰਾ।੮।
ਗੁਰਿ ਪਿਆਰੈ = ਪਿਆਰੇ ਗੁਰੂ ਦੀ ਰਾਹੀਂ। ਧੰਨੁ = {धन्य} ਸਲਾਹੁਣ = ਜੋਗ। ਗੁਰਿ = ਗੁਰੂ ਨੇ। ਮਾਰਗੁ = ਰਸਤਾ। ਗੁਰ ਪੁੰਨੁ = ਗੁਰੂ ਦਾ ਉਪਕਾਰ।੯।
ਗੁਰਸਿਖ = ਗੁਰੂ ਦੇ ਸਿੱਖ। ਪੁੰਨ = {ਵਿਸ਼ੇਸ਼ਣ} ਪਵਿਤ੍ਰ, ਭਾਗਾਂ ਵਾਲੇ। ਸੇ ਪਰਾਣੀ = ਉਹ ਬੰਦੇ।੧੦।
ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}
ਪਦਅਰਥ: ਸਖੀ = ਸਖੀਆਂ, ਸਹੇਲੀਆਂ। ਸੇ = ਉਹ ਸਖੀਆਂ। ਭਾਈਆ = ਭਾਈਆਂ, ਪਿਆਰੀਆਂ ਲੱਗੀਆਂ। ਪੈਨਾਈਆ = ਪੈਨਾਈਆਂ, ਸਤਕਾਰੀਆਂ ਗਈਆਂ, ਉਹਨਾਂ ਨੂੰ ਸਿਰੋਪਾ ਮਿਲਿਆ। ਗਲਿ = ਗਲ ਨਾਲ। ਲਾਈਆ = ਲਾਈਆਂ।੧੧।
ਦੀਜੈ = ਕਿਰਪਾ ਕਰ ਕੇ ਦੇਹ। ਪਖਾਲਦੇ = ਧੋਂਦੇ ਹਾਂ। ਘੋਲਿ = ਘੋਲ ਕੇ।੧੨।
ਖਾਤੀਆ = ਖਾਤੀਆਂ, ਖਾਂਦੀਆਂ। ਮੁਖਿ = ਮੂੰਹ ਵਿਚ। ਬੀੜੀਆ = ਬੀੜੀਆਂ, ਪਾਨਾਂ ਦੀਆਂ ਬੀੜੀਆਂ। ਜਮਿ = ਜਮ ਨੇ, ਮੌਤ ਨੇ। ਪਕੜਿ = ਫੜ ਕੇ।੧੩।
ਹਿਰਦੈ = ਹਿਰਦੇ ਵਿਚ। ਉਰਿ = ਹਿਰਦੇ ਵਿਚ। ਧਾਰੇ = ਧਾਰਿ, ਧਾਰ ਕੇ। ਜਮੁ = ਮੌਤ, ਮੌਤ ਦਾ ਡਰ। ਆਵਈ = ਆਵਏ, ਆਵੈ, ਆਉਂਦਾ।੧੪।
ਨਿਧਾਨੁ = ਖ਼ਜ਼ਾਨਾ। ਕੋਈ = ਕੋਈ ਵਿਰਲਾ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਭੇਟਿਆ = ਮਿਲ ਪਿਆ। ਰੰਗਿ = ਪ੍ਰੇਮ = ਰੰਗ ਵਿਚ। ਮਾਣੈ = ਮਾਣਦਾ ਹੈ। ਨਾਨਕ = ਹੇ ਨਾਨਕ!।੧੫।
ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ।੧੧।
ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ।੧੨।
ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩।
ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ।੧੪।
ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ।੧੫।
ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ {ਪੰਨਾ 726}
ਪਦਅਰਥ: ਦਾਤਾ = (ਨਾਮ ਦੀ ਦਾਤਿ) ਦੇਣ ਵਾਲਾ। ਆਖੀਐ = ਆਖਣਾ ਚਾਹੀਦਾ ਹੈ। ਤੁਸਿ = ਤ੍ਰੁੱਠ ਕੇ। ਪਸਾਓ = ਪ੍ਰਸਾਦੁ, ਕਿਰਪਾ। ਹਉ = ਮੈਂ। ਵਿਟਹੁ = ਤੋਂ। ਵਾਰਿਆ = ਕੁਰਬਾਨ। ਜਿਨਿ = ਜਿਸ (ਗੁਰੂ) ਨੇ। ਨਾਓ = ਨਾਉ, ਨਾਮ।੧੬।
ਧੰਨੁ = ਸਲਾਹੁਣ = ਜੋਗ। ਦੇਇ = ਦੇਂਦਾ ਹੈ। ਸਨੇਹਾ = ਉਪਦੇਸ਼। ਵੇਖਿ = ਵੇਖ ਕੇ। ਵਿਗਸਿਆ = ਖਿੜ ਪਿਆ ਹਾਂ। ਗੁਰ ਦੇਹਾ = ਗੁਰੂ ਦਾ ਸਰੀਰ।੧੭।
ਰਸਨਾ = ਜੀਭ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਹਰਿ = ਨਾਮ। ਨਾਮਿ = ਨਾਮ ਦੀ ਰਾਹੀਂ। ਸੁਹਾਵੀ = ਸੋਹਣੀ। ਜਿਨ = ਜਿਨ੍ਹਾਂ ਨੇ {ਲਫ਼ਜ਼ 'ਜਿਨਿ' ਅਤੇ 'ਜਿਨ' ਦਾ ਫ਼ਰਕ ਵੇਖੋ}। ਸਿਖਾ = ਸਿੱਖਾਂ (ਨੇ) । ਜਾਵੀ = ਦੂਰ ਹੋ ਜਾਂਦੀ ਹੈ।੧੮।
ਮਾਰਗੁ = ਰਸਤਾ। ਕਹੁ = ਦੱਸੋ। ਕਿਤੁ ਬਿਧਿ = ਕਿਸ ਤਰੀਕੇ ਨਾਲ?।੧੯।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੇ = ਉਹ {ਬਹੁ-ਵਚਨ}। ਸਾਹ = ਸ਼ਾਹ। ਦਾਣੇ = ਸਿਆਣੇ, ਦਾਨੇ। ਸਦ = ਸਦਾ। ਗੁਰ ਬਚਨਿ = ਗੁਰੂ ਦੇ ਬਚਨ ਦੀ ਰਾਹੀਂ।੨੦।
ਸਾਹਿਬੋ = ਸਾਹਿਬੁ, ਮਾਲਕ। ਮੀਰਾ = ਸਰਦਾਰ, ਪਾਤਿਸ਼ਾਹ। ਤੁਧੁ = ਤੈਨੂੰ। ਗੁਣੀ = ਗੁਣਾਂ ਦਾ ਮਾਲਕ। ਗਹੀਰਾ = ਡੂੰਘੇ ਜਿਗਰੇ ਵਾਲਾ।੨੧।
ਆਪੇ = ਆਪ ਹੀ। ਇਕ ਰੰਗੁ = ਇਕ ਸਰੂਪ ਵਾਲਾ। ਬਹੁ ਰੰਗੀ = ਅਨੇਕਾਂ ਸਰੂਪਾਂ ਵਾਲਾ।੨੨।
ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ।੧੬।
ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ।੧੭।
ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ।੧੮।
ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ।੧੯।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ।੨੦।
ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ।੨੧।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ।੨੨।੨।
ਪਦਅਰਥ: ਚਾਤ੍ਰਿਕ = ਪਪੀਹਾ। ਚਿਤਵਤ = ਚਿਤਾਰਦਾ ਰਹਿੰਦਾ ਹੈ। ਬਰਸਤ ਮੇਂਹ = (ਕਿ) ਮੀਂਹ ਵਰ੍ਹੇ, ਮੀਂਹ ਦਾ ਵਰ੍ਹਨਾ। ਸਿੰਧੁ = ਸਮੁੰਦਰ। ਕ੍ਰਿਪਾ ਸਿੰਧੁ = ਹੇ ਕਿਰਪਾ ਦੇ ਸਮੁੰਦਰ! ਕਰੁਣਾ = ਤਰਸ, ਦਇਆ। ਕੌ = ਦਾ। ਨੇਂਹ = ਪ੍ਰੇਮ, ਲਗਨ, ਸ਼ੌਕ।੧।ਰਹਾਉ।
ਚਾਹਤ = ਚਾਹੁੰਦੀ। ਅਨਦ = ਆਨੰਦ, ਸੁਖ। ਪੇਖਿ = ਵੇਖ ਕੇ। ਦੇਂਹ = ਦਿਨ। ਆਨ = {अन्य} ਹੋਰ ਹੋਰ। ਮੀਨਾ = ਮੱਛੀ। ਤੇਂਹ = ਉਸ ਦਾ। ਮਰਨਾ = ਮੌਤ।੧।
ਨਾਥ = ਹੇ ਨਾਥ! ਕਰੇਂਹ = ਕਰ। ਨਾਨਕੁ ਆਰਾਧੈ = ਨਾਨਕ ਆਰਾਧਦਾ ਰਹੇ। ਤਿਸੁ ਬਿਨੁ = ਉਸ (ਆਰਾਧਨ) ਤੋਂ ਬਿਨਾ। ਆਨ = ਹੋਰ। ਕੇਂਹ = ਕੁਝ ਭੀ।੨।
ਅਰਥ: ਜਿਵੇਂ ਪਪੀਹਾ (ਹਰ ਵੇਲੇ) ਮੀਂਹ ਦਾ ਵੱਸਣਾ ਚਿਤਵਦਾ ਰਹਿੰਦਾ ਹੈ (ਵਰਖਾ ਚਾਹੁੰਦਾ ਹੈ) , ਤਿਵੇਂ, ਹੇ ਕਿਰਪਾ ਦੇ ਸਮੁੰਦਰ! ਹੇ ਪ੍ਰਭੂ! ਮੈਂ ਚਿਤਵਦਾ ਰਹਿੰਦਾ ਹਾਂ ਕਿ ਮੇਰੇ ਉੱਤੇ) ਤਰਸ ਕਰੋ, ਮੈਨੂੰ ਆਪਣੀ ਪਿਆਰ-ਭਰੀ ਭਗਤੀ ਦੀ ਲਗਨ ਬਖ਼ਸ਼ੋ।੧।ਰਹਾਉ।
ਹੇ ਭਾਈ! ਚਕਵੀ (ਹੋਰ) ਅਨੇਕਾਂ ਸੁਖ (ਭੀ) ਨਹੀਂ ਮੰਗਦੀ, ਸੂਰਜ ਨੂੰ ਵੇਖ ਕੇ ਉਸ ਦੇ ਅੰਦਰ ਪੂਰਨ ਆਨੰਦ ਪੈਦਾ ਹੋ ਜਾਂਦਾ ਹੈ। (ਪਾਣੀ ਤੋਂ ਬਿਨਾ) ਹੋਰ ਹੋਰ ਅਨੇਕਾਂ ਉਪਾਵਾਂ ਨਾਲ ਭੀ ਮੱਛੀ ਜੀਊਂਦੀ ਨਹੀਂ ਰਹਿ ਸਕਦੀ, ਪਾਣੀ ਤੋਂ ਬਿਨਾ ਉਸ ਦੀ ਮੌਤ ਹੋ ਜਾਂਦੀ ਹੈ।੧।
ਹੇ ਨਾਥ! ਤੈਥੋਂ ਬਿਨਾ) ਅਸੀ ਨਿਆਸਰੇ ਸਾਂ। ਆਪਣੀ ਮੇਹਰ ਕਰ, ਤੇ, ਸਾਨੂੰ ਆਪਣੀ ਸਰਨ ਵਿਚ ਰੱਖ। (ਤੇਰਾ ਦਾਸ) ਨਾਨਕ ਤੇਰੇ ਸੋਹਣੇ ਚਰਨਾਂ ਦੀ ਆਰਾਧਨਾ ਕਰਦਾ ਰਹੇ, ਸਿਮਰਨ ਤੋਂ ਬਿਨਾ (ਨਾਨਕ ਨੂੰ) ਹੋਰ ਕੁਝ ਭੀ ਚੰਗਾ ਨਹੀਂ ਲੱਗਦਾ।੨।੬।੧੦।
*┈┉┅━❀꧁ੴ꧂❀━┅┉┈*
Waheguru ji
ReplyDelete