Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Wednesday, 8 July 2020

☬|| ਅੱਜ ਦਾ ਫੁਰਮਾਨ ||☬ || 08-07-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ) , ਗੁ:ਸ਼੍ਰੀ ਕੰਧ ਸਾਹਿਬ (ਬਟਾਲਾ) ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

Shabad Play Touch This Link👆

*┈┉┅━❀꧁꧂❀━┅┉┈*

ਸੂਰਾ ਸੋ ਪਹਿਚਾਨੀਐ ਜੂ ਲਰੈ ਦੀਨ ਕੇ ਹੇਤ ।।

ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ।।੨।।੨। ।  

ਅੱਜ ਦੇ ਦਿਨ ਭਾਈ ਮਨੀ ਸਿੰਘ ਜੀ ਨੇ ਲਹੌਰ ਵਿਖੇ ਆਪਣਾ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕੀਤੀ ਸੀ..

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

*Please cover your head & Remove your shoes before reading Hukamnama sahib Ji*

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}

ਪਦਅਰਥ: ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ 'ਜਿਨਿਦੀ 'ਿਕ੍ਰਿਆ ਵਿਸ਼ੇਸ਼ਣ 'ਹੀਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂਕਿਸ ਪਾਸੋਂਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ 'ਜਿਸੁਦਾ ੁ ਸੰਬੰਧਕ 'ਤੇਦੇ ਕਾਰਨ ਉੱਡ ਗਿਆ ਹੈਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ।੧।

ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ।ਰਹਾਉ।

ਜਾ ਕੈ ਘਰਿ = ਜਿਸ (ਪ੍ਰਭੂ) ਦੇ ਘਰ ਵਿਚ। ਨਉ ਨਿਧਿ = ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ। ਭੰਡਾਰ = ਖ਼ਜ਼ਾਨੇ। ਤਿਸ ਕੀ = {ਲਫ਼ਜ਼ 'ਤਿਸਦਾ ੁ ਸੰਬੰਧਕ 'ਕੀਦੇ ਕਾਰਨ ਉੱਡ ਗਿਆ ਹੈ}। ਅਗਮ = ਅਪਹੁੰਚ। ਅਪਾਰ = ਬੇਅੰਤ, ਜਿਸ ਦਾ ਪਾਰਲਾ ਬੰਨਾ ਨਹੀਂ ਦਿੱਸਦਾ। ਸਾਰ = ਸੰਭਾਲ। ਭੇਟੀਐ = ਲੱਭੀਏ। ਸਬਦਿ = ਸ਼ਬਦ ਵਿਚ (ਜੋੜ ਕੇ। ਮਿਲਾਵਣਹਾਰ = ਮਿਲਾ ਸਕਣ ਵਾਲਾ।੨।

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ {ਪੰਨਾ 639-640}

ਪਦਅਰਥ: ਸਚੇ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ। ਸਰੇਵੀਅਹਿ = ਸੇਵੇ ਜਾਣੇ ਚਾਹੀਦੇ ਹਨ। ਭ੍ਰਮੁ = ਭਟਕਣਾ। ਮਿਲਿ = ਮਿਲ ਕੇ। ਮਾਂਜੀਐ = ਮਾਂਜਣਾ ਚਾਹੀਦਾ ਹੈ। ਕੈ ਨਾਮਿ = ਦੇ ਨਾਮ ਵਿਚ। ਗਿਆਨ = ਆਤਮਕ ਜੀਵਨ ਦੀ ਸੂਝ। ਅਗਿਆਨਤਾ = ਆਤਮਕ ਜੀਵਨ ਵਲੋਂ ਬੇ = ਸਮਝੀ। ਕਮਲ ਪਰਗਾਸੁ = (ਹਿਰਦੇ ਦੇ) ਕੌਲ ਫੁੱਲ ਦਾ ਖਿੜਾਉ। ਸਭਿ = ਸਾਰੇ।੩।

ਮੇਰਾ ਤੇਰਾ = ਮੇਰ = ਤੇਰ, ਵਿਤਕਰਾ। ਹੋਈਐ = ਬਣ ਜਾਣਾ ਚਾਹੀਦਾ ਹੈ। ਧੂਰਿ = ਖ਼ਾਕ। ਘਟਿ ਘਟਿ = ਹਰੇਕ ਘਟ ਵਿਚ। ਹਜੂਰਿ = ਅੰਗ = ਸੰਗ ਹੋ ਕੇ। ਜਿਤੁ = ਜਿਸ ਵਿਚ। ਦਿਨਿ = ਦਿਨ ਵਿਚ। ਜਿਤੁ ਦਿਨਿ = ਜਿਸ ਦਿਨ ਵਿਚ। ਤਿਤੁ ਦਿਨਿ = ਉਸ ਦਿਨ ਵਿਚ। ਮਰੀਐ = ਮਰੀਦਾ ਹੈ। ਝੂਰਿ = ਪਛੁਤਾ ਕੇ। ਕਰਨ ਕਰਾਵਨ ਸਮਰਥੋ = ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ। ਕਲਾ = ਤਾਕਤ।੪।

ਪਦਾਰਥੁ = ਕੀਮਤੀ ਧਨ। ਮੋਹ ਬਿਨਾਸੁ = ਮੋਹ ਦਾ ਨਾਸ। ਤਿਸੁ ਭਾਵੈ = ਉਸ (ਪਰਮਾਤਮਾ) ਨੂੰ ਚੰਗਾ ਲੱਗੇ। ਹਿਰਦੈ = ਹਿਰਦੇ ਵਿਚ। ਗੁਰਮੁਖਿ = ਗੁਰੂ ਦੀ ਸ਼ਰਨ ਪਿਆਂ। ਰਿਦੈ = ਹਿਰਦੈ ਵਿਚ। ਪਰਗਾਸੁ = ਚਾਨਣ। ਪ੍ਰਗਟ ਭਇਆ = ਉੱਘੜ ਪੈਂਦਾ ਹੈ। ਪਰਤਾਪੁ = ਤਾਕਤ। ਮਉਲਿਆ = ਖਿੜਿਆ ਹੋਇਆ।੫।

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ {ਪੰਨਾ 640}

ਪਦਅਰਥ: ਗੁਰਿ = ਗੁਰੂ ਨੇ। ਸੰਤੋਖਿਆ = ਸੰਤੋਖ ਦਿੱਤਾ। ਅਹਿ = ਦਿਨ। ਨਿਸਿ = ਰਾਤ। ਭਾਉ = ਪ੍ਰੇਮ। ਰਸਨਾ = ਜੀਭ (ਨਾਲ। ਰਵੈ = ਸਿਮਰਦਾ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਸੁਆਉ = ਸੁਆਰਥ, ਮਨੋਰਥ। ਕਰਨੀ = ਕੰਨਾਂ ਨਾਲ, ਕਰਨੀਂ। ਜੀਅੜਾ = (ਨਿਭਾਗੀ) ਜਿੰਦ। ਜਲਿ ਜਾਉ = ਜਲਿ ਜਾਇ, (ਵਿਕਾਰਾਂ ਵਿਚ) ਸੜ ਜਾਂਦੀ ਹੈ।੬।

ਸਾਹਿਬੈ = ਸਾਹਿਬ ਵਿਚ। ਹਉ = ਮੈਂ। ਤਿਸ ਕੈ = ਉਸ ਤੋਂ {ਲਫ਼ਜ਼ 'ਤਿਸੁਦਾ ੁ ਸੰਬੰਧਕ 'ਕੈਦੇ ਕਾਰਨ ਉੱਡ ਗਿਆ ਹੈ}। ਬਲਿ = ਸਦਕੇ। ਜਾਉ = ਜਾਉਂ, ਜਾਂਦਾ ਹਾਂ। ਦੇਇ = ਦੇਂਦਾ ਹੈ। ਸੰਬਾਹੇ = ਅਪੜਾਂਦਾ ਹੈ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਗੂੜਾ = ਗੂੜ੍ਹਾ ਪ੍ਰੇਮ = ਰੰਗ ਦੇਣ ਵਾਲਾ। ਭੇਟੀਐ = ਮਿਲ ਪੈਂਦਾ ਹੈ। ਕਰਮਾਉ = ਕਿਸਮਤ।੭।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ {ਪੰਨਾ 640}

ਪਦਅਰਥ: ਨ ਜੀਵੀਐ = ਨਹੀਂ ਜੀ ਸਕੀਦਾ, ਆਤਮਕ ਜੀਵਨ ਨਹੀਂ ਮਿਲ ਸਕਦਾ। ਕਲਾ = ਤਾਕਤਾਂ। ਸਾਸਿ = (ਹਰੇਕ) ਸਾਹ ਦੇ ਨਾਲ। ਗਿਰਾਸਿ = ਗਿਰਾਹੀ ਦੇ ਨਾਲ। ਸਾਸਿ ਗਿਰਾਸਿ = ਸਾਹ ਲੈਂਦਿਆਂ ਤੇ ਖਾਂਦਿਆਂ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਹਜੂਰਿ = ਅੰਗ = ਸੰਗ। ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ। ਮਰਦੇ = ਆਤਮਕ ਮੌਤ ਸਹੇੜਦੇ ਹਨ। ਝੂਰਿ = ਚਿੰਤਾਤੁਰ ਹੋ ਕੇ।੮।

ਅੰਚਲਿ = ਪੱਲੇ ਨਾਲਲੜ ਨਾਲ। ਭਉਜਲੁ = ਸੰਸਾਰ = ਸਮੁੰਦਰ। ਕਰਿ = ਕਰ ਕੇ। ਨਦਰਿ = ਮੇਹਰ ਦੀ ਨਿਗਾਹ। ਨਿਹਾਲਿਆ = ਤੱਕਿਆ। ਕੀਤੋਨੁ = ਉਸ ਨੇ ਕੀਤਾ। ਅੰਗੁ = ਪੱਖ। ਅਪਾਰੁ = ਬੇਅੰਤ। ਸੀਤਲੁ = ਠੰਢਾ। ਅਧਾਰੁ = ਆਸਰਾ। ਕਿਲਬਿਖ = ਪਾਪ। ਕਾਟਣਹਾਰੁ = ਕੱਟ ਸਕਣ ਵਾਲਾ। ਜਿ = ਜੇਹੜਾ।੯।

ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।

ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਟੋਡੀ ਮਹਲਾ ੪ ਘਰੁ ੧ ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ {ਪੰਨਾ 711}

ਪਦਅਰਥ: ਮੇਲੇ = (ਜਿਸ ਨੂੰ) ਮਿਲਾ ਦੇਂਦਾ ਹੈ। ਬਹੁਰਿ = ਮੁੜ। ਭਵਜਲਿ = ਸੰਸਾਰ = ਸਮੁੰਦਰ ਵਿਚ।੧।ਰਹਾਉ।

ਹੀਅਰੈ = ਹਿਰਦੇ ਵਿਚ। ਲੋਚ = ਤਾਂਘ। ਕੇਰੀ = ਦੀ। ਨੈਨਹੁ = ਅੱਖਾਂ ਨਾਲ। ਹੇਰਾ = ਹੇਰਾਂ, ਮੈਂ ਵੇਖਾਂ। ਸਤਿਗੁਰਿ = ਗੁਰੂ ਨੇ। ਦਇਆਲਿ = ਦਇਆਲ ਨੇ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਪਾਧਰੁ = ਪੱਧਰਾ ਰਾਹ। ਕੇਰਾ = ਦਾ, ਮਿਲਣ ਦਾ।੧।

ਰੰਗੀ = ਅਨੇਕਾਂ ਰੰਗਾਂ = ਕੌਤਕਾਂ ਦਾ ਮਾਲਕ। ਮਨਿ = ਮਨ ਵਿਚ। ਤਨਿ = ਤਨ ਵਿਚ। ਮੁਖਿ = ਮੂੰਹ ਉੱਤੇ। ਮਸਤਕਿ = ਮੱਥੇ ਉੱਤੇ।੨।

ਓਇ = {ਲਫ਼ਜ਼ 'ਓਹਤੋਂ ਬਹੁ-ਵਚਨ}। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਮੂੜ = ਮੂਰਖ। ਕਹੀਅਹਿ = ਆਖੇ ਜਾਂਦੇ ਹਨ। ਅਗਿਆਨੀ = ਆਤਮਕ ਜੀਵਨ ਵਲੋਂ ਬੇ = ਸਮਝ।੩।

ਬਿਬੇਕ ਬੁਧਿ = (ਚੰਗੇ ਮੰਦੇ ਦੀ) ਪਰਖ ਕਰਨ ਵਾਲੀ ਅਕਲ। ਤੇ = ਤੋਂ, ਪਾਸੋਂ। ਗਿਆਨੁ = ਆਤਮਕ ਜੀਵਨ ਦੀ ਸੂਝ। ਧੁਰਿ = ਧੁਰ ਦਰਗਾਹ ਤੋਂ। ਲਿਖੇਰਾ = ਲਿਖਿਆ ਹੋਇਆ।੪।

ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ।

ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧।

ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨।

ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ੩।

ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ 691}

ਪਦਅਰਥ: ਸਨਕ ਸਨੰਦ = ਬ੍ਰਹਮਾ ਦੇ ਪੁੱਤਰ (ਸਨਕ, ਸਨੰਦ, ਸਨਾਤਨ, ਸਨਤ ਕੁਮਾਰ। ਮਹੇਸ = ਸ਼ਿਵ। ਸਮਾਨਾਂ = ਵਰਗਿਆਂ ਨੇ। ਸੇਖ ਨਾਗਿ = ਸ਼ੇਸ਼ ਨਾਗ ਨੇ (ਸ਼ੇਸ਼ ਨਾਗ = ਸੱਪਾਂ ਦਾ ਰਾਜਾ, ਇਸ ਦੇ ਇੱਕ ਹਜ਼ਾਰ ਫਣ ਮਿੱਥੇ ਗਏ ਹਨਇਹਨਾਂ ਨਾਲ ਇਹ ਆਪਣੇ ਇਸ਼ਟ ਵਿਸ਼ਨੂ ਭਗਵਾਨ ਉੱਤੇ ਛਾਂ ਕਰਦਾ ਹੈ, ਹਰੇਕ ਜੀਭ ਨਾਲ ਨਿੱਤ ਨਵਾਂ ਨਾਮ ਭਗਵਾਨ ਦਾ ਉਚਾਰਦਾ ਹੈ। ਮਰਮੁ = ਭੇਤ।੧।

ਰਿਦੈ = ਹਿਰਦੇ ਵਿਚ। ਬਸਾਈ = ਬਸਾਈਂ, ਮੈਂ ਵਸਾਉਂਦਾ ਹਾਂ।੧।ਰਹਾਉ।

ਸਰਿ = ਵਰਗੇ ਨੇ। ਗਰੁੜ = ਵਿਸ਼ਨੂ ਭਗਵਾਨ ਦੀ ਸਵਾਰੀ, ਸਾਰੇ ਪੰਛੀਆਂ ਦਾ ਰਾਜਾ। ਸੁਰ ਪਤਿ = ਦੇਵਤਿਆਂ ਦਾ ਰਾਜਾ, ਇੰਦਰ। ਨਰਪਤਿ = ਮਨੁੱਖਾਂ ਦਾ ਰਾਜਾ।੨।

ਕਮਲਾਪਤਿ = ਲੱਛਮੀ ਦਾ ਪਤੀ, ਵਿਸ਼ਨੂ। ਕਵਲਾ = ਲੱਛਮੀ।੩।

ਕਹਿ = ਕਹੇ, ਆਖਦਾ ਹੈ। ਭਰਮੈ ਨਾਹੀ = ਭਟਕਦਾ ਨਹੀਂ। ਪਗ ਲਗਿ = ਚਰਨੀਂ ਲੱਗ ਕੇ। ਸਰਨਾਂਹੀ = ਸ਼ਰਨ ਵਿਚ।੪।

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

ਸ਼ਬਦ ਦਾ ਭਾਵ: ਅੱਨ ਪੂਜਾ ਛੱਡ ਕੇ ਇਕ ਪਰਮਾਤਮਾ ਦਾ ਹੀ ਭਜਨ ਕਰੋ। ਬ੍ਰਹਮਾਸ਼ਿਵ, ਵਿਸ਼ਨੂ, ਇੰਦਰ ਆਦਿਕ ਅਤੇ ਉਹਨਾਂ ਦੇ ਸੇਵਕ ਪਰਮਾਤਮਾ ਦਾ ਅੰਤ ਨਾਹ ਪਾ ਸਕੇ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ {ਪੰਨਾ 671}

ਪਦਅਰਥ: ਜਿਸ ਕਾ, ਤਿਸ ਕਾ = {ਲਫ਼ਜ਼ 'ਜਿਸੁ' 'ਤਿਸੁਦਾ ੁ ਸੰਬੰਧਕ 'ਕਾਦੇ ਕਾਰਨ ਉੱਡ ਗਿਆ ਹੈ}। ਸੋਈ = ਉਹ (ਪ੍ਰਭੂ) ਹੀ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਨੀ = ਸਿਆਣਾ। ਤਿਨ ਹੀ = ਤਿਨਿ ਹੀ {ਲਫ਼ਜ਼ 'ਤਿਨਦੀ 'ਿਕ੍ਰਿਆ ਵਿਸ਼ੇਸ਼ਣ 'ਹੀਦੇ ਕਾਰਣ ਉੱਡ ਗਈ ਹੈ}। ਤਉ = ਤਦੋਂ। ਨੀਕੀ ਬਿਧਿ = ਚੰਗੀ ਹਾਲਤ। ਖਟਾਨੀ = ਬਣ ਗਈ।੧।

ਜੀਅ ਕੀ = ਜਿੰਦ ਦੀ। ਏਕੈ ਹੀ ਪਹਿ = ਇਕ ਪਰਮਾਤਮਾ ਦੇ ਪਾਸ ਹੀ। ਮਾਨੀ = ਮੰਨੀ ਜਾਂਦੀ ਹੈ। ਅਵਰਿ = {ਲਫ਼ਜ਼ 'ਅਵਰਤੋਂ ਬਹੁ-ਵਚਨਹੋਰ। ਤਿਨ ਕੀਮਤਿ = ਉਹਨਾਂ (ਜਤਨਾਂਦੀ ਕੀਮਤਿ। ਜਾਨੀ = ਜਾਣੀ ਜਾਂਦੀ।ਰਹਾਉ।

ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਨਿਰਮੋਲਕੁ = ਜਿਸ ਦਾ ਕੋਈ ਮੁੱਲ ਨਾਹ ਪਾਇਆ ਜਾ ਕੇ। ਗੁਰਿ = ਗੁਰੂ ਨੇ। ਮੰਤਾਨੀ = ਮੰਤਰ। ਦ੍ਰਿੜੁ ਕਰਿ ਰਹਿਓ = ਪੱਕੇ ਤੌਰ ਤੇ ਟਿਕ ਗਿਆ।੨।

ਓਇ = {ਲਫ਼ਜ਼ 'ਓਹਤੋਂ ਬਹੁ-ਵਚਨ}। ਓਇ ਬੀਚ = ਉਹ ਅੰਤਰੇਉਹ ਵਿੱਥਾਂ, ਉਹ ਵਿਤਕਰੇ। ਹਮ ਤੁਮ ਬੀਚ = ਅਸੀ ਤੁਸੀ ਵਾਲੇ ਵਿਤਕਰੇ, ਮੇਰ = ਤੇਰ ਵਾਲੇ ਵਿਤਕਰੇ। ਬਿਲਾਨੀ = ਬੀਤ ਜਾਂਦੀ ਹੈ, ਮੁੱਕ ਜਾਂਦੀ ਹੈ। ਅਲੰਕਾਰ = ਗਹਣੇ। ਮਿਲਿ = ਮਿਲ ਕੇ। ਥੈਲੀ = ਰੈਣੀ, ਢੇਲੀ। ਤਾ ਤੇ = ਉਸ (ਰੈਣੀ) ਤੋਂ। ਕਨਿਕ = ਸੋਨਾ।੩।

ਸਹਜ ਸੁਖ = ਆਤਮਕ ਅਡੋਲਤਾ ਦੇ ਆਨੰਦ। ਬਾਜੇ = ਵੱਜਦੇ ਹਨ। ਅਨਹਤ = ਇਕ-ਰਸ, ਲਗਾਤਾਰ। ਬਾਨੀ = ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ। ਨਿਹਚਲ = ਅਟੱਲ। ਗੁਰਿ = ਗੁਰੂ ਨੇ। ਬੰਧਾਨੀ = ਮਰਯਾਦਾ।੪।

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}

ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।

ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿਦੀ 'ਿਕ੍ਰਿਆ ਵਿਸ਼ੇਸ਼ਣ 'ਹੀਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।

ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।

ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ  {ਪੰਨਾ 661-662}

ਪਦਅਰਥ: ਤਪਤੁ ਹੈ– ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ

ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂਰਹਾਉ

ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ

ਦਾਗ ਦੋਸ = ਦੋਸਾਂ ਦੇ ਦਾਗ਼। ਮੁਹਿ = ਮੂੰਹ ਉਤੇ। ਲਾਇ = ਲਾ ਕੇ। ਜਾਇ = ਥਾਂ

ਕਰਮਿ = ਮੇਹਰ ਨਾਲ, ਬਖ਼ਸ਼ਸ਼ ਨਾਲ। ਜਿਤੁ ਲਗਿ = ਜਿਸ ਵਿਚ ਲੱਗ ਕੇ। ਕੋ = ਕੋਈ ਜੀਵ। ਸਾਰ = ਸੰਭਾਲ

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}

ਪਦਅਰਥ: ਬਿੰਦੈ = ਜਾਣਦਾ ਹੈ। ਬ੍ਰਹਮੁ = ਪਰਮਾਤਮਾ। ਬ੍ਰਹਮਤੁ = ਬ੍ਰਾਹਮਣ ਵਾਲਾ ਲੱਛਣ। ਏਕ ਸਬਦਿ = ਕੇਵਲ ਸ਼ਬਦ ਵਿਚ।

ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649}

ਪਦਅਰਥ: ਕਰਿ = ਕਰ ਕੇ।

ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649}

ਪਦਅਰਥ: ਸੀਤਲੁ = ਠੰਡੇ, ਸ਼ਾਂਤ, ਸੰਤੋਖੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਰਮੁਖਿ = ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ।

ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650}

ਪਦਅਰਥ: ਤ੍ਰਿਪਤਿ = ਰੱਜ, ਰਜੇਵਾਂ। ਜਿ = ਜੋ ਕੁਝ।

ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ {ਪੰਨਾ 650}

ਪਦਅਰਥ: ਰਵਾ = ਉਚਾਰਾਂ। ਕਿਲਵਿਖ = ਪਾਪ। ਕ੍ਰਿਖਾ = ਨਾਸ ਕਰ ਦਿਆਂ। ਵਿਖਾ = ਕਦਮ, ਪੈਰ।

ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ੧੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ।੧।

ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ।ਰਹਾਉ।

ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ।੨।

ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ! ਦੁਬਿਧਾ = ਮਨ ਦੀ ਡਾਂਵਾਂ = ਡੋਲ ਹਾਲਤ, ਮੇਰ = ਤੇਰ। ਮੰਨਿ = ਮਨਿ, ਮਨ ਵਿਚ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ। ਪਰਸਾਦਿ = ਕਿਰਪਾ ਨਾਲ। ਆਇ = ਆ ਕੇ।੩।

ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ। ਮਾਨਿਆ = ਪਤੀਜ ਜਾਂਦਾ ਹੈ।੪।

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}

ਪਦਅਰਥ: ਜਬ = ਜਿਤਨਾ ਚਿਰ। ਹਮ = ਅਸੀ, ਹਉਮੈ, ਆਪਾ = ਭਾਵ। ਹੋਤੇ = ਹੁੰਦੇ ਹਾਂ। ਮੈ = ਮੇਰੀ ਅਪਣੱਤ, ਹਉਮੈ। ਅਨਲ = {Skt. अनिलਹਵਾ। ਅਨਲ ਅਗਮ = ਭਾਰੀ ਹਨੇਰੀ (ਦੇ ਕਾਰਨ। ਲਹਰਿ ਮਇ = ਲਹਰਿ ਮਯ, ਲਹਰਿ ਮੈ, {ਸੰ: ਮਯ = ਜਿਸ ਲਫ਼ਜ਼ ਦੇ ਅਖ਼ੀਰ ਵਿਚ ਲਫ਼ਜ਼ 'ਮਯਵਰਤਿਆ ਜਾਏ, ਉਸ ਦੇ ਅਰਬ ਵਿਚ 'ਬਹੁਲਤਾਦਾ ਖ਼ਿਆਲ ਵਧਾਇਆ ਜਾਂਦਾ ਹੈ, ਜਿਵੇਂ ਦਇਆ ਮਯ = ਦਇਆ ਨਾਲ ਭਰਪੂਰਲਹਰਾਂ ਨਾਲ ਭਰਪੂਰ। ਓਦਧਿ = {Skt. ਉਦਧਿउदधिਸਮੁੰਦਰ।੧।

ਮਾਧਵੇ = ਹੇ ਮਾਧੋ! (ਨੋਟ: ਲਫ਼ਜ਼ 'ਮਾਧੋਭਗਤ ਰਵਿਦਾਸ ਜੀ ਦਾ ਖ਼ਾਸ ਪਿਆਰਾ ਲਫ਼ਜ਼ ਹੈ, ਬਹੁਤੀ ਵਾਰੀ ਪਰਮਾਤਮਾ ਵਾਸਤੇ ਇਹੀ ਲਫ਼ਜ਼ ਵਰਤਦੇ ਹਨ, ਸੰਸਕ੍ਰਿਤ ਧਾਰਮਿਕ ਪੁਸਤਕਾਂ ਵਿਚ ਇਹ ਨਾਮ ਕ੍ਰਿਸ਼ਨ ਜੀ ਦਾ ਹੈ। ਜੇ ਰਵਿਦਾਸ ਜੀ ਸ੍ਰੀ ਰਾਮ ਚੰਦ ਜੀ ਦੇ ਉਪਾਸ਼ਕ ਹੁੰਦੇ, ਤਾਂ ਇਹ ਲਫ਼ਜ਼ ਉਹ ਨਾਹ ਵਰਤਦੇ। ਕਿਆ ਕਹੀਐ = ਕੀਹ ਆਖੀਏਕਿਹਾ ਨਹੀਂ ਜਾ ਸਕਦਾ। ਭ੍ਰਮੁ = ਭੁਲੇਖਾ। ਮਾਨੀਐ = ਮੰਨਿਆ ਜਾ ਰਿਹਾ ਹੈ, ਖ਼ਿਆਲ ਬਣਾਇਆ ਹੋਇਆ ਹੈ।੧।ਰਹਾਉ।

ਨਰਪਿਤ = ਰਾਜਾ। ਸਿੰਘਾਸਨਿ = ਤਖ਼ਤ ਉੱਤੇ। ਭਿਖਾਰੀ = ਮੰਗਤਾ। ਅਛਤ = ਹੁੰਦਿਆਂ ਸੁੰਦਿਆਂ। ਗਤਿ = ਹਾਲਤ।੨।

ਰਾਜ = ਰੱਜੂ, ਰੱਸੀ। ਭੁਇਅੰਗ = ਸੱਪ। ਪ੍ਰਸੰਗ = ਵਾਰਤਾ, ਗੱਲ। ਮਰਮੁ = ਭੇਤ, ਰਾਜ਼। ਕਟਕ = ਕੜੇ। ਕਹਤੇ = ਆਖਦਿਆਂ।੩।

ਸਰਬੇ = ਸਾਰਿਆਂ ਵਿਚ। ਅਨੇਕੈ = ਅਨੇਕ = ਰੂਪ ਹੋ ਕੇ। ਭਗਵੈ = {ਨੋਟ: ਅੱਖਰ 'ਭਦੇ ਨਾਲ ਦੋ ਲਗਾਂ ਹਨ (ੋ) ਤੇ (ੁ। ਅਸਲ ਲਫ਼ਜ਼ ਹੈ 'ਭੋਗਵੈਪਰ ਇਥੇ ਪੜ੍ਹਨਾ ਹੈ 'ਭੁਗਵੈ'} ਭੋਗ ਰਿਹਾ ਹੈ, ਮੌਜੂਦ ਹੈ। ਪੈ = ਤੋਂ। ਸਹਜੇ = ਸੁਤੇ ਹੀ, ਉਸ ਦੀ ਰਜ਼ਾ ਵਿਚ।੪।

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

ਸ਼ਬਦ ਦਾ ਭਾਵ: ਪਰਮਾਤਮਾ ਸਰਬ-ਵਿਆਪਕ ਹੈ। ਪਰ ਜੀਵ ਆਪਣੀ 'ਹਉਂਦੇ ਘੇਰੇ ਵਿਚ ਰਹਿ ਕੇ ਜਗਤ ਨੂੰ ਉਸ ਤੋਂ ਵੱਖਰੀ ਹਸਤੀ ਸਮਝਦਾ ਹੈ। ਜਿਤਨਾ ਚਿਰ 'ਹਉਂਹੈ, ਉਤਨਾ ਚਿਰ ਵਿਤਕਰੇ ਹਨ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}

ਪਦਅਰਥ: ਕੁਮਤਿ = ਭੈੜੀ ਮਤਿ। ਦਾਰਾ = ਇਸਤ੍ਰੀ। ਰਾਸਿ = ਰਸ ਵਿਚ। ਰਚਿਓ = ਮਸਤ ਹੈਂ।ਰਹਾਉ।

ਮੁਕਤਿ ਪੰਥੁ = (ਇਹਨਾਂਵਿਕਾਰਾਂ ਤੋਂ ਖ਼ਲਾਸੀ ਦਾ ਰਾਹ। ਨਾਹਨਿ = ਨਹੀਂ। ਧਾਇਆ = ਦੌੜਿਆ ਫਿਰਦਾ ਹੈਂ। ਸੰਗ = ਸਾਥ। ਕਾਹੂ = ਕਿਸੇ ਨੇ ਭੀ। ਬਿਰਥਾ = ਵਿਅਰਥ ਹੀ। ਆਪੁ = ਆਪਣੇ ਆਪ ਨੂੰ।੧।

ਗਿਆਨਾ = ਆਤਮਕ ਜੀਵਨ ਦੀ ਸੂਝ। ਘਟ = ਹਿਰਦਾ। ਤੇਰੈ ਘਟ ਹੀ ਮਾਹਿ = ਤੇਰੇ ਹਿਰਦੇ ਵਿਚ ਹੀ। ਉਦਿਆਨਾ = ਜੰਗਲ।੨।

ਤੈ ਹਾਰਿਓ = ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ। ਅਸਥਿਰ = ਅਡੋਲਤਾ ਵਿਚ ਰੱਖਣ ਵਾਲੀ। ਮਾਨਸ ਦੇਹ ਪਦ = ਮਨੁੱਖਾ ਸਰੀਰ ਦਾ ਦਰਜਾ। ਪਾਇ = ਹਾਸਲ ਕਰ ਕੇ। ਨਾਨਕ = ਹੇ ਨਾਨਕ!੩।

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।

ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।

ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।

ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।

ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲਅਵੈੜਾ।੪।

ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂਬਚ ਗਏ।੫।

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ {ਪੰਨਾ 671}

ਪਦਅਰਥ: ਜਿਸ ਕਾ, ਤਿਸ ਕਾ = {ਲਫ਼ਜ਼ 'ਜਿਸੁ' 'ਤਿਸੁਦਾ ੁ ਸੰਬੰਧਕ 'ਕਾਦੇ ਕਾਰਨ ਉੱਡ ਗਿਆ ਹੈ}। ਸੋਈ = ਉਹ (ਪ੍ਰਭੂ) ਹੀ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਨੀ = ਸਿਆਣਾ। ਤਿਨ ਹੀ = ਤਿਨਿ ਹੀ {ਲਫ਼ਜ਼ 'ਤਿਨਦੀ 'ਿਕ੍ਰਿਆ ਵਿਸ਼ੇਸ਼ਣ 'ਹੀਦੇ ਕਾਰਣ ਉੱਡ ਗਈ ਹੈ}। ਤਉ = ਤਦੋਂ। ਨੀਕੀ ਬਿਧਿ = ਚੰਗੀ ਹਾਲਤ। ਖਟਾਨੀ = ਬਣ ਗਈ।੧।

ਜੀਅ ਕੀ = ਜਿੰਦ ਦੀ। ਏਕੈ ਹੀ ਪਹਿ = ਇਕ ਪਰਮਾਤਮਾ ਦੇ ਪਾਸ ਹੀ। ਮਾਨੀ = ਮੰਨੀ ਜਾਂਦੀ ਹੈ। ਅਵਰਿ = {ਲਫ਼ਜ਼ 'ਅਵਰਤੋਂ ਬਹੁ-ਵਚਨਹੋਰ। ਤਿਨ ਕੀਮਤਿ = ਉਹਨਾਂ (ਜਤਨਾਂਦੀ ਕੀਮਤਿ। ਜਾਨੀ = ਜਾਣੀ ਜਾਂਦੀ।ਰਹਾਉ।

ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਨਿਰਮੋਲਕੁ = ਜਿਸ ਦਾ ਕੋਈ ਮੁੱਲ ਨਾਹ ਪਾਇਆ ਜਾ ਕੇ। ਗੁਰਿ = ਗੁਰੂ ਨੇ। ਮੰਤਾਨੀ = ਮੰਤਰ। ਦ੍ਰਿੜੁ ਕਰਿ ਰਹਿਓ = ਪੱਕੇ ਤੌਰ ਤੇ ਟਿਕ ਗਿਆ।੨।

ਓਇ = {ਲਫ਼ਜ਼ 'ਓਹਤੋਂ ਬਹੁ-ਵਚਨ}। ਓਇ ਬੀਚ = ਉਹ ਅੰਤਰੇਉਹ ਵਿੱਥਾਂ, ਉਹ ਵਿਤਕਰੇ। ਹਮ ਤੁਮ ਬੀਚ = ਅਸੀ ਤੁਸੀ ਵਾਲੇ ਵਿਤਕਰੇ, ਮੇਰ = ਤੇਰ ਵਾਲੇ ਵਿਤਕਰੇ। ਬਿਲਾਨੀ = ਬੀਤ ਜਾਂਦੀ ਹੈ, ਮੁੱਕ ਜਾਂਦੀ ਹੈ। ਅਲੰਕਾਰ = ਗਹਣੇ। ਮਿਲਿ = ਮਿਲ ਕੇ। ਥੈਲੀ = ਰੈਣੀ, ਢੇਲੀ। ਤਾ ਤੇ = ਉਸ (ਰੈਣੀ) ਤੋਂ। ਕਨਿਕ = ਸੋਨਾ।੩।

ਸਹਜ ਸੁਖ = ਆਤਮਕ ਅਡੋਲਤਾ ਦੇ ਆਨੰਦ। ਬਾਜੇ = ਵੱਜਦੇ ਹਨ। ਅਨਹਤ = ਇਕ-ਰਸ, ਲਗਾਤਾਰ। ਬਾਨੀ = ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ। ਨਿਹਚਲ = ਅਟੱਲ। ਗੁਰਿ = ਗੁਰੂ ਨੇ। ਬੰਧਾਨੀ = ਮਰਯਾਦਾ।੪।

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਗੂਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥ ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ਹ੍ਹ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥ {ਪੰਨਾ 493-494}

ਪਦ ਅਰਥ: ਗੁਰਮਖਿ = ਗੁਰੂ ਦੇ ਸਨਮੁਖ ਰਹਿਣ ਵਾਲੇ। ਸਖੀ ਸਹੇਲੀ ਮੇਰੀ = ਹੇ ਮੇਰੀ ਸਖੀਹੋ ਸਹੇਲੀਹੋ! ਮੋ ਕਉ = ਮੈਨੂੰ। ਪ੍ਰਾਨ ਜੀਵਾਇਆ = ਜਿਵਾਲਣ ਵਾਲਾ, ਆਤਮਕ ਜੀਵਨ ਦੇਣ ਵਾਲਾ! ਹਮ ਹੋਵਹ = ਅਸੀਂ ਹੋਵਾਂਗੇ, ਮੈਂ ਹੁੰਦਾ ਹਾਂ। ਲਾਲੇ = ਦਾਸ। ਗੋਲੇ = ਗ਼ੁਲਾਮ। ਅਨਦਿਨੁ = ਹਰ ਰੋਜ਼, ਹਰ ਵੇਲੇ।1।

ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਬਿਰਹੁ = ਪ੍ਰੇਮ, ਲਗਨ। ਪਗ = ਪੈਰ। ਸਖਾ = ਮਿੱਤਰ।1। ਰਹਾਉ।

ਵਚਨ ਗੁਰੂ = ਗੁਰੂ ਦੇ ਬਚਨ। ਭਾਇਆ = ਚੰਗੇ ਲੱਗਦੇ। ਨਿਰਬਾਣੀ = ਨਿਰਲੇਪ। ਨਿਰਬਾਣ ਪਦੁ = ਵਾਸਨਾ-ਰਹਿਤ ਆਤਮਕ ਦਰਜਾ।2।

ਸੰਗੁ = ਮੇਲ, ਸਾਥ। ਜਮਿ = ਜਮ ਨੇ, ਆਤਮਕ ਮੌਤ ਨੇ।3।

ਜਨੁ ਨਾਨਕੁ ਬੋਲੇ = ਦਾਸ ਨਾਨਕ ਬੋਲਦਾ ਹੈ। ਗੁਣ ਬਾਣੀ = ਪਰਮਾਤਮਾ ਦੇ ਗੁਣਾਂ ਨਾਲ ਭਰੀ ਬਾਣੀ। ਨਾਮਿ = ਨਾਮ ਵਿਚ।4।

ਅਰਥ: ਹੇ ਗੁਰੂ ਦੇ ਸਨਮੁਖ ਰਹਿਣ ਵਾਲੇ ਸਿੱਖੋ! ਹੇ ਮੇਰੀ ਸਖੀ ਸਹੇਲੀਹੋ! ਮੈਨੂੰ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਦੀ ਦਾਤਿ ਦਿਉ। ਮੈਂ ਉਹਨਾਂ ਗੁਰਸਿੱਖਾਂ ਦਾ ਦਾਸ ਹਾਂ, ਗ਼ੁਲਾਮ ਹਾਂ, ਜੇਹੜੇ ਹਰ ਵੇਲੇ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ।1।

ਹੇ ਮੇਰੀ ਜਿੰਦ ਦੇ ਸਾਥੀ ਗੁਰ-ਸਿੱਖੋ! ਹੇ ਭਰਾਵੋ! (ਮੇਰੇ ਚੰਗੇ ਭਾਗਾਂ ਨੂੰ ਪਰਮਾਤਮਾ ਨੇ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਗੁਰਸਿੱਖਾਂ ਦੇ ਚਰਨਾਂ ਦਾ ਪ੍ਰੇਮ ਪੈਦਾ ਕਰ ਦਿੱਤਾ ਹੈ। ਤੁਸੀ ਮੈਨੂੰ ਇਹੋ ਜਿਹਾ ਉਪਦੇਸ਼ ਕਰੋ, (ਜਿਸ ਦੀ ਬਰਕਤਿ ਨਾਲ) ਤੁਹਾਡਾ ਮਿਲਾਇਆ ਪਰਮਾਤਮਾ ਮੈਨੂੰ ਮਿਲ ਪਏ।1। ਰਹਾਉ।

ਹੇ ਭਰਾਵੋ! ਜਦੋਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਤਦੋਂ ਉਹਨਾਂ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਮਿਲਾਪ ਕਰਾਂਦਾ ਹੈ ਜਿਨ੍ਹਾਂ ਨੂੰ ਗੁਰੂ ਦੇ ਬਚਨ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ। ਗੁਰੂ ਦੇ ਉਹ ਪਿਆਰੇ ਸਿੱਖ ਵੱਡੇ ਭਾਗਾਂ ਵਾਲੇ ਹਨ ਜੇਹੜੇ ਨਿਰਲੇਪ ਪਰਮਾਤਮਾ ਨੂੰ ਮਿਲ ਕੇ ਵਾਸ਼ਨਾ-ਰਹਿਤ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ।2।

ਹੇ ਭਰਾਵੋ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਮਿੱਠਾ ਨਾਮ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ਉਹਨਾਂ ਨੂੰ ਸਤਿਗੁਰੂ ਦੀ ਸਾਧ ਸੰਗਤਿ ਭੀ ਪਿਆਰੀ ਲੱਗਦੀ ਹੈ।

ਪਰ ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੀ ਸੰਗਤਿ ਦਾ ਸਾਥ ਪਸੰਦ ਨਹੀਂ ਆਉਂਦਾ, ਉਹ ਬਦ-ਕਿਸਮਤ ਰਹਿ ਜਾਂਦੇ ਹਨ, ਉਹਨਾਂ ਪਾਪੀਆਂ ਨੂੰ ਆਤਮਕ ਮੌਤ ਨੇ ਸਮੂਲਚਾ ਖਾ ਲਿਆ ਹੁੰਦਾ ਹੈ।3।

ਹੇ ਭਰਾਵੋ! ਜਦੋਂ ਦਇਆਵਾਨ ਪਰਮਾਤਮਾ ਆਪ ਕਿਸੇ ਮਨੁੱਖ ਉਤੇ ਦਇਆ ਕਰਦਾ ਹੈ, ਤਦੋਂ ਉਹ ਆਪ ਹੀ ਉਸ ਮਨੁੱਖ ਨੂੰ ਗੁਰੂ ਦੀ ਰਾਹੀਂ ਮਿਲਾਇਆ ਹੋਇਆ ਮਿਲ ਪੈਂਦਾ ਹੈ। ਦਾਸ ਨਾਨਕ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗੁਰਬਾਣੀ ਹੀ (ਨਿੱਤ) ਉਚਾਰਦਾ ਹੈ। ਗੁਰਬਾਣੀ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।4।5।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ {ਪੰਨਾ 675}

ਪਦਅਰਥ: ਦੀਨ = ਗਰੀਬਅਨਾਥ। ਨਿਵਾਰਿ = ਦੂਰ ਕਰ ਕੇ। ਜਨ = ਸੇਵਕ। ਰਾਖੈ = ਲਾਜ ਰੱਖਦਾ ਹੈ। ਤਰਣ = ਜਹਾਜ਼। ਨਿਧਿ = ਖ਼ਜ਼ਾਨਾ। ਨ ਸਕੈ ਬਿਆਪਿ = ਪੋਹ ਨਹੀਂ ਸਕਦਾ।੧।

ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ। ਗੋਪਾਲ = ਧਰਤੀ ਦਾ ਪਾਲਣ ਵਾਲਾ। ਆਨ = {अन्यਕੋਈ ਹੋਰ। ਸੰਜਮ = ਜੁਗਤਿ। ਕਟਿ = ਕੱਟ ਲੈ। ਕਲਿ ਕਾਲ = ਸੰਸਾਰ ਦੀ ਕਲਪਣਾ, ਜਗਤ ਦੇ ਝੰਬੇਲੇ।ਰਹਾਉ।

ਆਦਿ = ਸ਼ੁਰੂ ਤੋਂ। ਅੰਤਿ = ਅਖ਼ੀਰ ਵਿਚ। ਆਦਿ ਅੰਤਿ = ਜਗਤ ਦੇ ਸ਼ੁਰੂ ਤੋਂ ਲੈ ਕੇ ਅਖ਼ੀਰ ਤਕ, ਸਦਾ ਹੀ। ਦਇਆਲ = ਦਇਆ ਦਾ ਘਰ। ਪੂਰਨ = ਸਰਬ = ਵਿਆਪਕ। ਨਿਵਾਰਿ = ਦੂਰ ਕਰ ਲੈ। ਜਪਿ = ਜਪ ਕੇ। ਸੋਇ = ਉਹੀ।੨।

ਕਰਹਿ = ਕਰਦੇ ਹਨ। ਮੁਕਤਿ = (ਜਗਤ ਦੇ ਝਗੜਿਆਂ ਝੰਬੇਲਿਆਂ ਤੋਂ) ਖ਼ਲਾਸੀ। ਅੰਧਾਰੁ = ਹਨੇਰਾ।੩।

ਅਧਾਰੁ = ਆਸਰਾ। ਸਾਚਾ = ਸਦਾ ਕਾਇਮ ਰਹਿਣ ਵਾਲਾ।੪।

ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।

ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।

ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।

ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}

ਪਦਅਰਥ: ਜਾ ਕਉ = ਜਿਸ (ਮਨੁੱਖ) ਨੂੰ। ਰੰਗੁ = ਪ੍ਰੇਮ। ਇਸੁ ਜੁਗ ਮਹਿ = ਇਸ ਜਗਤ ਵਿਚ। ਸੂਰਾ = ਸੂਰਮਾ। ਆਤਮੁ = ਆਪਣੇ ਆਪ ਨੂੰਆਪਣੇ ਮਨ ਨੂੰ। ਜਿਣੈ = ਜਿੱਤ ਲੈਂਦਾ ਹੈ। ਵਸਿ = ਵੱਸ ਵਿਚ। ਤਾ ਕੈ ਵਸਿ = ਉਸ ਦੇ ਵੱਸ ਵਿਚ।੧।

ਆਤਮ ਰੰਗਿ = ਦਿਲੀ ਪਿਆਰ ਨਾਲ। ਗਾਈਐ = ਗਾਣਾ ਚਾਹੀਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸੰਗਿ = ਨਾਲ।੧।ਰਹਾਉ।

ਵਸਹਿ = ਵੱਸ ਪੈਣ। ਮੇਰੈ ਹੀਅਰੈ = ਮੇਰੇ ਹਿਰਦੇ ਵਿਚ। ਪੁਨੀਤਾ = ਪਵਿਤ੍ਰ। ਦੇਹੀ = ਸਰੀਰ। ਕਿਰਪਾ ਨਿਧਿ = ਹੇ ਕਿਰਪਾ ਦੇ ਖ਼ਜ਼ਾਨੇ! ਨਾਨਕ ਕੈ = ਨਾਨਕ ਦੇ ਹਿਰਦੇ ਵਿਚ।੨।

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ {ਪੰਨਾ 615-616}

ਪਦਅਰਥ: ਭੈ = {ਲਫ਼ਜ਼ 'ਭਉਤੋਂ ਬਹੁ-ਵਚਨ}। ਪੂਰਾ = ਸਾਰੇ ਗੁਣਾਂ ਦਾ ਮਾਲਕ।੧।

ਪ੍ਰਭ = ਹੇ ਪ੍ਰਭੂ! ਸਾਹਿਬੁ = ਮਾਲਕ। ਗਾਵਉ = ਗਾਵਉਂ, ਮੈਂ ਗਾਵਾਂ। ਰੰਗਿ = ਪ੍ਰੇਮ = ਰੰਗ ਵਿਚ। ਰਾਤਾ = ਰੰਗਿਆ ਹੋਇਆ।ਰਹਾਉ।

ਸਤਿਗੁਰਿ = ਗੁਰੂ ਨੇ। ਨਿਧਾਨੁ = ਖ਼ਜ਼ਾਨਾ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਕਰਿ ਲੀਨਾ = ਬਣਾ ਲਿਆ। ਮਨਿ = ਮਨ ਵਿਚ।੨।

ਕਉ = ਨੂੰ। ਬਿਘਨੁ = ਰੁਕਾਵਟ। ਰਿਦ = ਹਿਰਦਾ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।੩।

ਸੇਵਕ = ਸੇਵਕਾਂ ਵਾਂਗ। ਜਿਨਿ = ਜਿਸ (ਪ੍ਰਭੂ) ਨੇ। ਇਛ = ਕਾਮਨਾ। ਪੁਜਾਈ = ਪੂਰੀ ਕਰ ਦਿੱਤੀ। ਤਾ ਕੈ = ਉਸ ਤੋਂ। ਪੈਜ = ਇੱਜ਼ਤ। ਪੂਰਨ = ਪੂਰੇ ਤੌਰ ਤੇ।੪।

ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।

ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।

ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ {ਪੰਨਾ 630}

ਪਦਅਰਥ: ਆਗੈ = ਅਗਾਂਹ ਆਉਣ ਵਾਲੇ ਜੀਵਨ ਵਿਚ। ਮੀਤਾ = ਹੇ ਮਿੱਤਰ! ਪਾਛੇ = ਪਿੱਛੇ ਬੀਤ ਚੁਕੇ ਸਮੇ ਵਿਚ। ਪ੍ਰਭਿ = ਪ੍ਰਭੂ ਨੇ। ਪਰਮੇਸੁਰਿ = ਪਰਮੇਸਰ ਨੇ। ਬਣਤ = ਵਿਓਂਤ। ਕਤ ਹੂ = ਕਿਤੇ ਭੀ।੧।

ਸਾਚੇ ਸਿਉ = ਸਦਾ ਕਾਇਮ ਰਹਿਣ ਵਾਲੇ। ਸਿਉ = ਨਾਲ। ਮਾਨਿਆ = ਪਤੀਜ ਗਿਆ। ਨਿਰੰਤਰਿ = {ਨਿਰ = ਅੰਤਰਿ। ਅੰਤਰੁ = ਵਿੱਥਇਕ-ਰਸ, ਬਿਨਾ ਵਿੱਥ ਦੇ।੧।ਰਹਾਉ।

ਜੀਅ = {ਲਫ਼ਜ਼ 'ਜੀਵਤੋਂ ਬਹੁ-ਵਚਨ}। ਦਇਆਲਾ = ਹੇ ਦਇਆ ਦੇ ਘਰਕਰਹਿ = ਤੂੰ ਕਰਦਾ ਹੈਂ। ਅਚਰਜੁ = ਹੈਰਾਨ ਕਰ ਦੇਣ ਵਾਲਾ। ਵਡਿਆਈ = ਬਖ਼ਸ਼ਸ਼। ਧਿਆਈ = ਧਿਆਉਂਦਾ ਹੈ।੨।

ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।

ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।

ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}

ਪਦਅਰਥ: ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ।੧।ਰਹਾਉ।

ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ।੧।

ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ।੨।

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ {ਪੰਨਾ 646}

ਪਦਅਰਥ: ਜਗਿ = ਜਗਤ ਵਿਚ। ਤੋਟਾ = ਘਾਟਾ। ਸੰਸਾਰਿ = ਸੰਸਾਰ ਵਿਚ। ਸਭਿ = ਸਾਰੇ ਜੀਵ

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ

ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ {ਪੰਨਾ 646}

ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ {ਪੰਨਾ 646}

ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ {ਪੰਨਾ 646}

ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ। ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ

ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ {ਪੰਨਾ 646}

ਪਦਅਰਥ: ਸਤਿਆ = ਸਤਿਸਦਾ-ਥਿਰ ਰਹਿਣ ਵਾਲਾ

ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨਉਹ ਉਸ ਦਾ ਨਾਮ ਸਿਮਰਦੇ ਹਨਉਸ ਇੱਕ ਹਰੀ ਨੂੰ ਧਿਆਉਂਦੇ ਹਨਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

1 comment:

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts