*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||
ਸਾਵਣਿ ਮਹੀਨੇ ਦੀ ਸੰਗਰਾਂਦ ਦਾ ਹੁਕਮਨਾਮਾ ਸਾਹਿਬ, ੦੧ ਸਾਵਣ, ਨਾਨਕਸ਼ਾਹੀ ਸੰਮਤ ੫੫੨ (16 ਜੁਲਾਈ 2020, ਵੀਰਵਾਰ)
*Please cover your head & Remove your shoes before reading Hukamnama sahib Ji*
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ {ਪੰਨਾ 134}
ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) ।
ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ।
ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ।
ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
*Please cover your head & Remove your shoes before reading Hukamnama sahib Ji*
ਸਲੋਕ ਮਃ ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ {ਪੰਨਾ 523}
ਅਰਥ: (ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ (ਆਪਣੇ ਸੇਵਕ ਨੂੰ) ਸਦਾ ਹੀ ਬਚਾਇਆ ਹੈ, (ਜਿਸ ਸੇਵਕ ਦੀ ਪ੍ਰਭੂ ਨੇ ਰੱਖਿਆ ਕੀਤੀ ਹੈ, ਉਸ ਨੂੰ) ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤ ਚੱਖਿਆ ਹੈ, (ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ, ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ। ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ।
ਨਾਨਕ (ਭੀ, ਉਸੇ ਦੇ ਦਰ ਤੋਂ) ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ।੧।
ਮਃ ੫ ॥ ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥ {ਪੰਨਾ 523}
ਅਰਥ: (ਹੇ ਭਾਈ!) ਉਸ (ਪ੍ਰਭੂ) ਨੂੰ (ਆਪਣੇ) ਮਨ ਵਿਚ ਵਸਾ ਜਿਸ ਨੇ (ਤੈਨੂੰ) ਪੈਦਾ ਕੀਤਾ ਹੈ, ਜਿਸ ਮਨੁੱਖ ਨੇ ਖਸਮ (-ਪ੍ਰਭੂ) ਨੂੰ ਸਿਮਰਿਆ ਹੈ ਉਸ ਨੇ ਸੁਖ ਪਾਇਆ ਹੈ, ਉਸ ਗੁਰਮੁਖਿ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ ਹੈ, ਖਸਮ (ਪ੍ਰਭੂ ਨੇ) ਜੋ ਹੁਕਮ ਦਿੱਤਾ, ਉਸ ਹੁਕਮ ਨੂੰ ਸਮਝ ਕੇ ਉਹ (ਗੁਰਮੁਖਿ) ਸਦਾ ਖਿੜਿਆ ਰਹਿੰਦਾ ਹੈ।
ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਵਾਨ ਹੋਇਆ ਹੈ ਉਹ ਭਟਕਣਾ ਵਿਚ ਨਹੀਂ ਪੈਂਦਾ, ਖਸਮ (-ਪ੍ਰਭੂ) ਨੇ ਜੋ ਕੁਝ ਉਸ ਨੂੰ ਦਿੱਤਾ, ਉਹ ਉਸ ਨੂੰ ਸੁਖ ਹੀ ਪ੍ਰਤੀਤ ਹੋਇਆ ਹੈ।
ਹੇ ਨਾਨਕ! ਜਿਸ ਮਨੁੱਖ ਤੇ ਮਿੱਤਰ (ਪ੍ਰਭੂ) ਮੇਹਰਵਾਨ ਹੁੰਦਾ ਹੈ ਉਸ ਨੂੰ ਆਪਣੇ ਹੁਕਮ ਦੀ ਸੂਝ ਬਖ਼ਸ਼ਦਾ ਹੈ, ਪਰ, ਜਿਸ ਜਿਸ ਜੀਵ ਨੂੰ ਭੁੱਲ ਵਿਚ ਪਾਂਦਾ ਹੈ ਉਹ ਨਿੱਤ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ।੨।
ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥ {ਪੰਨਾ 523-524}
ਅਰਥ: ਜੋ ਮਨੁੱਖ (ਗੁਰਮੁਖਾਂ ਦੀ) ਨਿੰਦਿਆ ਕਰਦੇ ਹਨ ਉਹ ਤਾਂ ਪ੍ਰਭੂ ਨੇ (ਮਾਨੋ) ਉਸੇ ਵੇਲੇ ਹੀ ਮਾਰ ਦਿੱਤੇ, (ਕਿਉਂਕਿ ਨਿੰਦਾ ਦੇ ਕਾਰਨ ਪ੍ਰਭੂ ਨੇ ਉਹਨਾਂ ਦੇ ਮਨ ਨੂੰ) ਇਕ ਪਲਕ ਭਰ ਭੀ ਸ਼ਾਂਤੀ ਨਹੀਂ ਕਰਨ ਦਿੱਤੀ, ਪ੍ਰਭੂ ਜੀ ਆਪਣੇ ਦਾਸਾਂ ਦਾ ਦੁੱਖ ਸਹਾਰ ਨਹੀਂ ਸਕਦੇ (ਭਾਵ) ਪ੍ਰਭੂ ਦੀ ਬੰਦਗੀ ਕਰਨ ਵਾਲਿਆਂ ਨੂੰ ਕੋਈ ਦੁੱਖ ਵਿਕਾਰ ਨਹੀਂ ਪੋਂਹਦਾ, ਪਰ ਨਿੰਦਕਾਂ ਨੂੰ ਪ੍ਰਭੂ ਨੇ ਜੂਨ ਵਿਚ ਪਾ ਦਿੱਤਾ ਹੈ, (ਨਿੰਦਕਾਂ ਨੂੰ, ਮਾਨੋ,) ਉਸ ਨੇ ਕੇਸਾਂ ਤੋਂ ਫੜ ਕੇ ਭੁੰਞੇ ਪਟਕਾ ਮਾਰਿਆ ਹੈ ਤੇ ਜਮ ਦੇ ਰਾਹ ਤੇ (ਨਿਖਸਮੇ) ਛੱਡ ਦਿੱਤਾ ਹੈ; ਇਸ ਤਰ੍ਹਾਂ ਦੁੱਖ ਲੱਗਣ ਕਰ ਕੇ ਉਹ ਵਿਲਕਦੇ ਹਨ, ਤੇ ਮਾਨੋ, ਘੋਰ ਨਰਕ ਵਿਚ ਜਾ ਪੈਂਦੇ ਹਨ।
ਪਰ ਹੇ ਨਾਨਕ! ਸੱਚੇ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਵਿਕਾਰਾਂ ਦੁੱਖਾਂ ਤੋਂ, ਮਾਨੋ) ਗਲ ਲਾ ਕੇ ਬਚਾ ਲਿਆ ਹੈ।੨੦।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667}
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}
ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ।
(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।
ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।
ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।
(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਪੰਨਾ 711-712}
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}
ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।ਰਹਾਉ।
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।
ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।
(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {ਪੰਨਾ 636}
ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।
ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।
ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।
ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।
ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।
ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।
ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।
ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ {ਪੰਨਾ 637}
ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ {ਪੰਨਾ 637-638}
ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}
ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।
ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ {ਪੰਨਾ 735}
ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।
(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।
ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਸਲੋਕ ਮਃ ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ {ਪੰਨਾ 587}
ਅਰਥ: ਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ, ਉਹ ਸਤਸੰਗੀਆਂ ਨੂੰ ਮਿਲਦੇ ਹਨ; ਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ; ਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈ; ਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ।
ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ। ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤਿ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ? (ਭਾਵ, ਮਾਇਆ ਵਿਚ ਫਸੇ ਰਹਿਣ ਕਰਕੇ ਉਹ ਪਰਮਾਤਮਾ ਨਾਲੋਂ ਵਿਛੋੜਾ ਮਹਿਸੂਸ ਹੀ ਨਹੀਂ ਕਰਦੇ) ।
ਜੋ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ, ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ ਚਾਹੀਦੀ।੧।
ਮਃ ੩ ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ {ਪੰਨਾ 587}
ਅਰਥ: ਕਈ (ਵਡ-ਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ) ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ; (ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ। ਉਹਨਾਂ ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈ, ਸਾਰੀ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ।
ਹੇ ਨਾਨਕ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ ਸੁਖਾਲੇ ਰਹਿੰਦੇ ਹਨ।੨।
ਪਉੜੀ ॥ ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥ {ਪੰਨਾ 588}
ਅਰਥ: ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ, ਤੇ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ। ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ; ਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ।
ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ।੫।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}
ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।
ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।
(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।
ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।
ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।
(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਬਿਲਾਵਲੁ ਮਹਲਾ ੫ ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥ {ਪੰਨਾ 817-818}
ਅਰਥ: ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ।੧।ਰਹਾਉ।
ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ। ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ।੧।
ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ। (ਉਸ ਦੇ ਅੰਦਰੋਂ) ਕਾਮ, ਕ੍ਰੋਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ।੨।੪।੬੮।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ {ਪੰਨਾ 630}
ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।
ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।
ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਗੂਜਰੀ ਮਹਲਾ ੧ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥ ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥ ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥ ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥ ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥ ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥ ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥ ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥ ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥ ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥ {ਪੰਨਾ 505}
ਅਰਥ: ਹੇ ਮਨ! ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਓਟ ਫੜ। ਪਰਮਾਤਮਾ ਦੇ ਨਾਮ ਨੂੰ ਜੀਵਨ ਦਾ ਮਨੋਰਥ ਬਣਾ। ਇਹ ਨਾਮ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ ਜਹਾਜ਼ ਹੈ।੧।ਰਹਾਉ।
ਜੇਹੜੇ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ, ਸਦਾ-ਥਿਰ ਪ੍ਰਭੂ ਨੂੰ ਪ੍ਰੇਮ ਨਾਲ ਆਰਾਧਦੇ ਹਨ, ਉਹਨਾਂ ਦੇ ਅੰਦਰ ਪ੍ਰਭੂ-ਪ੍ਰੇਮ ਦੀ ਤੀਬਰ ਖਿੱਚ ਬਣੀ ਰਹਿੰਦੀ ਹੈ, ਉਹ (ਪ੍ਰਭੂ ਦੇ ਦਰ ਤੇ ਹੀ) ਹਾੜੇ-ਤਰਲੇ ਕਰਦੇ ਹਨ ਬੇਨਤੀਆਂ ਕਰਦੇ ਹਨ, ਉਹਨਾਂ ਦੇ ਚਿੱਤ ਪ੍ਰਭੂ ਦੇ ਪ੍ਰੇਮ ਪਿਆਰ ਵਿਚ (ਮਗਨ ਰਹਿੰਦੇ ਹਨ) ਤੇ ਉਹ ਆਤਮਕ ਆਨੰਦ ਮਾਣਦੇ ਹਨ।੧।
ਹੇ ਮਨ! ਗੁਰੂ ਦੇ ਸ਼ਬਦ ਵਿਚ (ਟਿਕ ਕੇ) ਪਰਮਾਤਮਾ ਦਾ ਸਿਮਰਨ ਕਰ, ਤੇ (ਵਿਕਾਰਾਂ ਵਲੋਂ ਉਪਰਾਮ ਹੋ) , ਵਿਕਾਰਾਂ ਵਲੋਂ ਮੌਤ (ਜੀਵਨ ਵਾਸਤੇ) ਸੁਖਦਾਈ ਹੈ। ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਮਨ ਵਿਚ ਸਿਮਰਦੇ ਹਨ ਉਹਨਾਂ ਦੀ ਮਤਿ ਜਗਤ-ਮੂਲ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ, ਉਹਨਾਂ ਨੂੰ ਸੁਖਾਂ ਦਾ ਖ਼ਜ਼ਾਨਾ ਪ੍ਰਭੂ ਮਿਲ ਪੈਂਦਾ ਹੈ।੨।
(ਦੁਨੀਆ ਦਾ) ਧਨ (ਮਨੁੱਖ ਦੇ) ਮਨ ਨੂੰ ਚੰਚਲ ਬਣਾਂਦਾ ਹੈ ਤੇ ਭਟਕਣਾ ਪੈਦਾ ਕਰਦਾ ਹੈ, (ਪਰ) ਜਗਤ (ਇਸ ਧਨ ਦੇ) ਮੋਹ ਵਿਚ ਪ੍ਰੇਮ ਵਿਚ ਮਸਤ ਰਹਿੰਦਾ ਹੈ। ਪਰਮਾਤਮਾ ਦੇ ਭਗਤ (ਆਪਣੀ) ਸਮਝ ਵਿਚ (ਇਹ ਨਿਸਚਾ) ਪੱਕਾ ਕਰ ਲੈਂਦੇ ਹਨ ਕਿ ਪਰਮਾਤਮਾ ਦਾ ਨਾਮ (ਹੀ) ਸਦਾ ਕਾਇਮ ਰਹਿਣ ਵਾਲਾ ਹੈ। ਉਹ ਗੁਰੂ ਦੇ ਸ਼ਬਦ ਵਿਚ ਟਿਕ ਕੇ ਸਿਫ਼ਤਿ-ਸਾਲਾਹ ਵਿਚ ਰੱਤੇ ਰਹਿੰਦੇ ਹਨ।੩।
ਜਗਤ (ਮਾਇਆ ਦੇ ਮੋਹ ਦੇ ਕਾਰਨ) ਜਨਮ ਮਰਨ ਦੇ ਰੋਗ ਵਿਚ ਖ਼ੁਆਰ ਹੁੰਦਾ ਰਹਿੰਦਾ ਹੈ, ਭਟਕਦਾ ਰਹਿੰਦਾ ਹੈ, (ਇਸ ਦੀ ਮਾਇਆ ਵਾਲੀ) ਭਟਕਣਾ ਮੁੱਕਦੀ ਨਹੀਂ। ਹੇ ਮਨ! ਪਰਮਾਤਮਾ ਦੀ ਸਰਨ ਹੀ ਐਸਾ ਥਾਂ ਹੈ ਜੋ ਮਾਇਆ ਦੇ ਮੋਹ ਤੋਂ ਉਪਰਾਮ ਕਰਦਾ ਹੈ, ਪਰਮਾਤਮਾ ਦੇ ਨਾਮ ਦਾ ਤਪ ਹੀ ਸਹੀ ਸਮਝ ਹੈ।੪।
ਇਹ ਜਗਤ ਮਾਇਆ ਦੇ ਮੋਹ ਵਿਚ ਫਸਿਆ ਹੋਇਆ ਹੈ, ਇਸ ਵਾਸਤੇ ਇਸ ਨੂੰ ਜਨਮ ਮਰਨ ਦਾ ਬਹੁਤ ਦੁੱਖ ਲੱਗਾ ਰਹਿੰਦਾ ਹੈ। (ਹੇ ਭਾਈ!) ਤੂੰ ਪਰਮਾਤਮਾ ਦਾ ਨਾਮ ਹਿਰਦੇ ਵਿਚ ਸਿਮਰ, ਸਤਿਗੁਰੂ ਦੀ ਸਰਨ ਪਉ, (ਤਦੋਂ ਹੀ) ਤੂੰ (ਜਨਮ ਮਰਨ ਦੇ ਗੇੜ ਤੋਂ) ਬਚ ਸਕੇਂਗਾ।੫।
ਜੋ ਮਨੁੱਖ ਆਪਣੇ ਮਨ ਵਿਚ ਗੁਰੂ ਦੀ ਸਿੱਖਿਆ ਪੱਕੇ ਤੌਰ ਤੇ ਧਾਰਨ ਕਰ ਲੈਂਦਾ ਹੈ, ਉਸ ਦਾ ਮਨ ਅਡੋਲ ਆਤਮਕ ਅਵਸਥਾ ਦੀ ਵਿਚਾਰ ਵਿਚ ਗਿੱਝ ਜਾਂਦਾ ਹੈ (ਭਾਵ, ਉਹ ਸਦਾ ਇਹ ਖ਼ਿਆਲ ਰੱਖਦਾ ਹੈ ਕਿ ਮਨ ਮਾਇਆ ਦੀ ਭਟਕਣਾ ਵਲੋਂ ਹਟ ਕੇ ਪ੍ਰਭੂ ਦੇ ਨਾਮ ਦੀ ਇਕਾਗ੍ਰਤਾ ਵਿਚ ਟਿਕਿਆ ਰਹੇ। ਜਿਸ ਮਨ ਵਿਚ ਸਦਾ-ਥਿਰ ਪ੍ਰਭੂ ਟਿਕ ਜਾਏ ਉਹ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦੇ ਅੰਦਰ ਪ੍ਰਭੂ-ਗਿਆਨ ਦਾ ਸ੍ਰੇਸ਼ਟ ਰਤਨ ਮੌਜੂਦ ਰਹਿੰਦਾ ਹੈ।੬।
ਹੇ (ਮੇਰੇ) ਮਨ! ਪਰਮਾਤਮਾ ਦੇ ਡਰ-ਅਦਬ ਵਿਚ ਰਹੁ, ਪ੍ਰਭੂ ਦੇ ਪਿਆਰ ਵਿਚ ਰਹੁ, ਪ੍ਰਭੂ ਦੀ ਭਗਤੀ ਕਰ, ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜ, ਇਸ ਤਰ੍ਹਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ। (ਹੇ ਭਾਈ!) ਪਰਮਾਤਮਾ ਦਾ ਪਵਿਤ੍ਰ ਨਾਮ ਆਪਣੇ ਹਿਰਦੇ ਵਿਚ (ਰੱਖ ਤੇ ਪ੍ਰਭੂ ਅੱਗੇ ਇਉਂ ਅਰਦਾਸ ਕਰ-ਹੇ ਪ੍ਰਭੂ!) ਮੇਰਾ ਇਹ ਸਰੀਰ ਤੇਰੀ ਸਰਨ ਹੈ (ਭਾਵ, ਮੈਂ ਤੇਰੀ ਸਰਨ ਆਇਆ ਹਾਂ)।੭।
ਹੇ ਨਾਨਕ! ਪਰਮਾਤਮਾ ਦਾ ਨਾਮ (ਆਤਮਕ ਜੀਵਨ ਦਾ ਸਰਮਾਇਆ ਹੈ, ਇਸ) ਸਰਮਾਏ ਨੂੰ ਆਪਣੇ ਮਨ ਵਿਚ ਸਾਂਭ ਕੇ ਰੱਖ, ਇਹ ਲੱਬ ਤੇ ਲੋਭ ਦੀਆਂ ਲਹਿਰਾਂ ਨੂੰ ਦੂਰ ਕਰਨ ਦੇ ਸਮਰੱਥ ਹੈ। ਆਪਣੇ ਮਨ ਨੂੰ (ਲਬ ਲੋਭ ਵਲੋਂ) ਕਾਬੂ ਕਰ ਕੇ ਰੱਖ, ਤੇ ਆਖ-ਹੇ ਨਿਰੰਜਨ! ਮੈਂ ਤੇਰੀ ਸਰਨ ਆਇਆ ਹਾਂ।੮।੧।੫।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ {ਪੰਨਾ 767}
ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ।
ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ।
ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ।੧।
ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ {ਪੰਨਾ 767-768}
ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ।
ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ।੨।
ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ {ਪੰਨਾ 768}
ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ।
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ।
ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ) , ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼) । ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ।੩।
ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ {ਪੰਨਾ 768}
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ।
ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ।
ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ।੪।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ {ਪੰਨਾ 626}
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ।
ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧।
ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ {ਪੰਨਾ 619}
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।
ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ {ਪੰਨਾ 591}
ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈ; ਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇ) ਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈ; ਹੇ ਨਾਨਕ! ਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧।
ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592}
ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ; ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।
ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ {ਪੰਨਾ 592}
ਅਰਥ: (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈ; ਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!
ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ {ਪੰਨਾ 592}
ਅਰਥ: ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂ, ਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈ; ਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।
ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ {ਪੰਨਾ 592}
ਅਰਥ: (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈ; ਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨।
ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ {ਪੰਨਾ 592}
ਅਰਥ: ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।
ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ {ਪੰਨਾ 592}
ਅਰਥ: ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈ; ਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈ; ਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।
ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥ {ਪੰਨਾ 592}
ਅਰਥ: ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।
No comments:
Post a Comment