Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Tuesday, 22 September 2020

☬|| ਅੱਜ ਦਾ ਫੁਰਮਾਨ ||☬ || 22-09-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 

*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ {ਪੰਨਾ 591}

ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈਹੇ ਨਾਨਕਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧।

ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592}

ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂਇਸਤ੍ਰੀਆਂ ਹਨਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ {ਪੰਨਾ 592}

ਅਰਥ: (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ {ਪੰਨਾ 592}

ਅਰਥ: ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ {ਪੰਨਾ 592}

ਅਰਥ: (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨।

ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ {ਪੰਨਾ 592}

ਅਰਥ: ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ {ਪੰਨਾ 592}

ਅਰਥ: ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥  {ਪੰਨਾ 592}

ਅਰਥ: ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੯    ੴ ਸਤਿਗੁਰ ਪ੍ਰਸਾਦਿ ॥ ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥ ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥ ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥ {ਪੰਨਾ 631}

ਅਰਥ: ਹੇ (ਮੇਰੇਮਨ! ਪਰਮਾਤਮਾ ਨਾਲ ਪਿਆਰ ਬਣਾ। (ਹੇ ਭਾਈ!) ਕੰਨਾਂ ਨਾਲ ਪਰਮਾਤਮਾ ਦੀ ਉਸਤਤਿ ਸੁਣਿਆ ਕਰ, ਅਤੇ, ਜੀਭ ਨਾਲ ਪਰਮਤਾਮਾ (ਦੀ ਸਿਫ਼ਤਿ-ਸਾਲਾਹ) ਦੇ ਗੀਤ ਗਾਇਆ ਕਰ।ਰਹਾਉ।

ਹੇ ਭਾਈ! ਗੁਰਮੁਖਾਂ ਦੀ ਸੰਗਤਿ ਕਰਿਆ ਕਰ, ਪਰਮਾਤਮਾ ਦਾ ਸਿਮਰਨ ਕਰਦਾ ਰਹੁ। (ਸਿਮਰਨ ਦੀ ਬਰਕਤਿ ਨਾਲ) ਵਿਕਾਰੀ ਭੀ ਪਵਿਤ੍ਰ ਬਣ ਜਾਂਦੇ ਹਨ। ਹੇ ਮਿੱਤਰ! ਇਸ ਕੰਮ ਵਿਚ ਆਲਸ ਨਾਹ ਕਰ, ਵੇਖ) ਮੌਤ ਸੱਪ ਵਾਂਗ ਮੂੰਹ ਖੋਲ੍ਹ ਕੇ ਪਈ ਫਿਰਦੀ ਹੈ।੧।

ਹੇ ਭਾਈ! ਆਪਣੇ ਚਿੱਤ ਵਿਚ ਸਮਝ ਰੱਖ ਕਿ (ਇਹ ਮੌਤ) ਤੈਨੂੰ ਭੀ ਛੇਤੀ ਹੀ ਹੜੱਪ ਕਰ ਲਏਗੀ। ਨਾਨਕ (ਤੈਨੂੰ) ਆਖਦਾ ਹੈ-(ਹੁਣ ਅਜੇ ਵੇਲਾ ਹੈ) ਪਰਮਾਤਮਾ ਦਾ ਭਜਨ ਕਰ ਲੈ, ਇਹ ਵੇਲਾ ਲੰਘਦਾ ਜਾ ਰਿਹਾ ਹੈ।੨।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ {ਪੰਨਾ 599-600}

ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨਰਹਾਉ।

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।

ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।

ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂਦਾ ਸਰਮਾਇਆ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648}

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ {ਪੰਨਾ 648}

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ {ਪੰਨਾ 648}

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ {ਪੰਨਾ 648}

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ {ਪੰਨਾ 723-724}

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ {ਪੰਨਾ 760}

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ 691}

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ {ਪੰਨਾ 537-538}

ਅਰਥ: ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।

ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ {ਪੰਨਾ 538}

ਅਰਥ: ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨।

ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥

ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ।

ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।

ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ {ਪੰਨਾ 538}

ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ    ੴ ਸਤਿਗੁਰ ਪ੍ਰਸਾਦਿ ॥ ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥੧॥ {ਪੰਨਾ 838-839}

ਅਰਥ: ਪਰਮਾਤਮਾ ਇੱਕ ਹੈ (ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਉਸ ਦਾ ਕੋਈ ਖ਼ਾਸ ਘਰ ਨਹੀਂ, ਉਹ ਕਦੇ ਮਰਦਾ ਨਹੀਂਉਹ ਜੂਨਾਂ ਵਿਚ ਨਹੀਂ ਆਉਂਦਾ, ਉਸ ਦੀ ਕੋਈ ਖ਼ਾਸ ਜਾਤਿ ਨਹੀਂ, ਉਸ ਨੂੰ (ਮਾਇਆ ਆਦਿਕ ਦਾਕੋਈ ਬੰਧਨ ਨਹੀਂ (ਵਿਆਪਦਾ। ਉਹ ਇੱਕ ਪਰਮਾਤਮਾ ਅਪਹੁੰਚ ਹੈ, (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, (ਕਿਉਂਕਿ) ਉਸ ਦੀ ਕੋਈ ਖ਼ਾਸ ਸ਼ਕਲ ਨਹੀਂ, ਕੋਈ ਖ਼ਾਸ ਨਿਸ਼ਾਨ ਨਹੀਂ। ਪਰ ਭਾਲ ਕਰਦਿਆਂ ਕਰਦਿਆਂ ਉਸ ਨੂੰ ਹਰੇਕ ਸਰੀਰ ਵਿਚ ਵੇਖ ਸਕੀਦਾ ਹੈ।

ਮੈਂ ਉਸ (ਗੁਰੂ) ਤੋਂ ਸਦਕੇ ਜਾਂਦਾ ਹਾਂ ਜਿਹੜਾ (ਹਰੇਕ ਸਰੀਰ ਵਿਚ ਪ੍ਰਭੂ ਨੂੰ) ਵੇਖ ਕੇ (ਹੋਰਨਾਂ ਨੂੰ ਭੀਵਿਖਾ ਦੇਂਦਾ ਹੈ। ਗੁਰੂ ਦੀ ਕਿਰਪਾ ਨਾਲ (ਹੀ ਉਸ ਦਾ ਹਰੇਕ ਸਰੀਰ ਵਿਚ ਦਰਸਨ ਕਰਨ ਦੀ) ਉੱਚੀ ਤੋਂ ਉੱਚੀ ਪਦਵੀ ਮੈਂ ਪ੍ਰਾਪਤ ਕਰ ਸਕਦਾ ਹਾਂ।੧।

ਕਿਆ ਜਪੁ ਜਾਪਉ ਬਿਨੁ ਜਗਦੀਸੈ ॥ ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥ {ਪੰਨਾ 839}

ਅਰਥ: ਗੁਰੂ ਦੇ ਸ਼ਬਦ ਵਿਚ ਜੁੜ ਕੇ (ਪਰਮਾਤਮਾ ਦਾ ਸਿਮਰਨ ਕੀਤਿਆਂ ਪਰਮਾਤਮਾ ਦਾ) ਦਰ-ਘਰ ਦਿੱਸ ਸਕਦਾ ਹੈ (ਪਰਮਾਤਮਾ ਦੇ ਚਰਨਾਂ ਵਿਚ ਟਿਕ ਸਕੀਦਾ ਹੈ, ਇਸ ਵਾਸਤੇ) ਜਗਤ ਦੇ ਮਾਲਕ ਪਰਮਾਤਮਾ ਦੇ ਸਿਮਰਨ ਤੋਂ ਬਿਨਾ ਮੈਂ ਹੋਰ ਕੋਈ ਭੀ ਜਾਪ ਨਹੀਂ ਜਪਦਾ।੧।ਰਹਾਉ।

ਦੂਜੈ ਭਾਇ ਲਗੇ ਪਛੁਤਾਣੇ ॥ ਜਮ ਦਰਿ ਬਾਧੇ ਆਵਣ ਜਾਣੇ ॥ ਕਿਆ ਲੈ ਆਵਹਿ ਕਿਆ ਲੇ ਜਾਹਿ ॥ ਸਿਰਿ ਜਮਕਾਲੁ ਸਿ ਚੋਟਾ ਖਾਹਿ ॥ ਬਿਨੁ ਗੁਰ ਸਬਦ ਨ ਛੂਟਸਿ ਕੋਇ ॥ ਪਾਖੰਡਿ ਕੀਨ੍ਹ੍ਹੈ ਮੁਕਤਿ ਨ ਹੋਇ ॥੨॥ {ਪੰਨਾ 839}

ਅਰਥ: ਜਿਹੜੇ ਜੀਵ (ਪਰਮਾਤਮਾ ਨੂੰ ਵਿਸਾਰ ਕੇ) ਕਿਸੇ ਹੋਰ ਮੋਹ ਵਿਚ ਫਸੇ ਰਹਿੰਦੇ ਹਨ ਉਹ (ਆਖ਼ਰ) ਪਛੁਤਾਂਦੇ ਹਨ। ਉਹ ਜਮਰਾਜ ਦੇ ਦਰ ਤੇ ਬੱਝੇ ਰਹਿੰਦੇ ਹਨ, ਉਹਨਾਂ ਦਾ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ। ਜਗਤ ਵਿਚ ਖ਼ਾਲੀ-ਹੱਥ ਆਉਂਦੇ ਹਨਇਥੋਂ ਖ਼ਾਲੀ-ਹੱਥ ਹੀ ਜਾਂਦੇ ਹਨ (ਭਾਵ, ਸਿਮਰਨ ਸੇਵਾ ਆਦਿਕ ਦੀ ਆਤਮਕ ਰਾਸਿ-ਪੂੰਜੀ ਤਾਂ ਇਕੱਠੀ ਨਾਹ ਕੀਤੀ, ਤੇ ਹੋਰ ਜੋੜਿਆ ਕਮਾਇਆ ਧਨ-ਪਦਾਰਥ ਜਗਤ ਵਿਚ ਹੀ ਰਹਿ ਗਿਆ। ਉਹਨਾਂ ਦੇ ਸਿਰ ਉਤੇ ਆਤਮਕ ਮੌਤ (ਹਰ ਵੇਲੇ ਖੜੀ ਰਹਿੰਦੀ ਹੈ) ਤੇ ਉਹ (ਨਿੱਤ ਇਸ ਆਤਮਕ ਮੌਤ ਦੀਆਂ) ਸੱਟਾਂ ਸਹਾਰਦੇ ਰਹਿੰਦੇ ਹਨ।

ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਆਤਮਕ ਮੌਤ ਤੋਂ ਬਚ ਨਹੀਂ ਸਕਦਾ। ਪਖੰਡ ਕੀਤਿਆਂ (ਬਾਹਰੋਂ ਧਾਰਮਿਕ ਭੇਖ ਬਣਾਇਆਂ) ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ।੨।

ਆਪੇ ਸਚੁ ਕੀਆ ਕਰ ਜੋੜਿ ॥ ਅੰਡਜ ਫੋੜਿ ਜੋੜਿ ਵਿਛੋੜਿ ॥ ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥ ਰਾਤਿ ਦਿਨੰਤੁ ਕੀਏ ਭਉ ਭਾਉ ॥ ਜਿਨਿ ਕੀਏ ਕਰਿ ਵੇਖਣਹਾਰਾ ॥ ਅਵਰੁ ਨ ਦੂਜਾ ਸਿਰਜਣਹਾਰਾ ॥੩॥ {ਪੰਨਾ 839}

ਅਰਥ: ਹੇ ਭਾਈ! ਪਰਮਾਤਮਾ) ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ, (ਇਹ ਬ੍ਰਹਮਾਂਡ ਉਸ ਸਦਾ-ਥਿਰ ਪ੍ਰਭੂ ਨੇ) ਹੁਕਮ ਕਰ ਕੇ (ਆਪ ਹੀ) ਪੈਦਾ ਕੀਤਾ ਹੈ। ਇਸ ਬ੍ਰਹਮਾਂਡ ਨੂੰ ਨਾਸ ਕਰ ਕੇ, (ਫਿਰ) ਪੈਦਾ ਕਰ ਕੇ, (ਫਿਰ) ਨਾਸ ਕਰ ਕੇ (ਫਿਰ ਆਪ ਹੀ ਪੈਦਾ ਕਰ ਦੇਂਦਾ ਹੈ

ਹੇ ਭਾਈ! ਇਹ) ਧਰਤੀ (ਅਤੇ) ਆਕਾਸ਼ (ਪਰਮਾਤਮਾ ਨੇ ਜੀਵਾਂ ਦੇ) ਵੱਸਣ ਵਾਸਤੇ ਥਾਂ ਬਣਾਈ ਹੈ। (ਪਰਮਾਤਮਾ ਨੇ ਆਪ ਹੀ) ਦਿਨ ਅਤੇ ਰਾਤ ਬਣਾਏ ਹਨ, (ਜੀਵਾਂ ਦੇ ਅੰਦਰ) ਡਰ ਅਤੇ ਪਿਆਰ (ਭੀ ਪਰਮਾਤਮਾ ਨੇ ਆਪ ਹੀ ਪੈਦਾ ਕੀਤੇ ਹਨ

ਹੇ ਭਾਈ! ਜਿਸ (ਪਰਮਾਤਮਾ) ਨੇ (ਸਾਰੇ ਜੀਵਪੈਦਾ ਕੀਤੇ ਹਨ, (ਇਹਨਾਂ ਨੂੰ) ਪੈਦਾ ਕਰ ਕੇ (ਆਪ ਹੀ ਇਹਨਾਂ ਦੀ) ਸੰਭਾਲ ਕਰਨ ਵਾਲਾ ਹੈ। ਹੇ ਭਾਈ! ਪਰਮਾਤਮਾ ਤੋਂ ਬਿਨਾ) ਕੋਈ ਹੋਰ ਦੂਜਾ (ਇਸ ਬ੍ਰਹਮਾਂਡ ਨੂੰ) ਪੈਦਾ ਕਰਨ ਵਾਲਾ ਨਹੀਂ ਹੈ।੩।

ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ ਦੇਵੀ ਦੇਵ ਉਪਾਏ ਵੇਸਾ ॥ ਜੋਤੀ ਜਾਤੀ ਗਣਤ ਨ ਆਵੈ ॥ ਜਿਨਿ ਸਾਜੀ ਸੋ ਕੀਮਤਿ ਪਾਵੈ ॥ ਕੀਮਤਿ ਪਾਇ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥ {ਪੰਨਾ 839}

ਅਰਥ: ਪਰਮਾਤਮਾ ਨੇ ਹੀ ਬ੍ਰਹਮਾ ਵਿਸ਼ਨੂ ਤੇ ਸ਼ਿਵ ਪੈਦਾ ਕੀਤੇ, ਪਰਮਾਤਮਾ ਨੇ ਹੀ ਦੇਵੀਆਂ ਦੇਵਤੇ ਆਦਿਕ ਅਨੇਕਾਂ ਹਸਤੀਆਂ ਪੈਦਾ ਕੀਤੀਆਂ। ਦੁਨੀਆ ਨੂੰ ਚਾਨਣ ਦੇਣ ਵਾਲੀਆਂ ਇਤਨੀਆਂ ਹਸਤੀਆਂ ਉਸ ਨੇ ਪੈਦਾ ਕੀਤੀਆਂ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਹੋ ਸਕਦੀ।

ਜਿਸ ਪਰਮਾਤਮਾ ਨੇ (ਇਹ ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ ਉਹ (ਹੀਇਸ ਦੀ ਕਦਰ ਜਾਣਦਾ ਹੈ (ਭਾਵ, ਇਸ ਨਾਲ ਪਿਆਰ ਕਰਦਾ ਹੈ, ਤੇ) ਇਸ ਵਿਚ ਹਰ ਥਾਂ ਮੌਜੂਦ (ਇਸ ਦੀ ਸੰਭਾਲ ਕਰਦਾ) ਹੈ। ਮੈਂ ਕੀਹ ਦੱਸਾਂ ਕਿ ਕਿਸ ਤੋਂ ਉਹ ਪਰਮਾਤਮਾ ਨੇੜੇ ਹੈ ਤੇ ਕਿਸ ਤੋਂ ਦੂਰ ਹੈ? (ਭਾਵ, ਪਰਮਾਤਮਾ ਨਾਹ ਕਿਸੇ ਤੋਂ ਨੇੜੇ ਤੇ ਨਾਹ ਕਿਸੇ ਤੋਂ ਦੂਰ ਹੈ, ਹਰੇਕ ਵਿਚ ਇਕ-ਸਮਾਨ ਵਿਆਪਕ ਹੈ੪।

ਚਉਥਿ ਉਪਾਏ ਚਾਰੇ ਬੇਦਾ ॥ ਖਾਣੀ ਚਾਰੇ ਬਾਣੀ ਭੇਦਾ ॥ ਅਸਟ ਦਸਾ ਖਟੁ ਤੀਨਿ ਉਪਾਏ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਤੀਨਿ ਸਮਾਵੈ ਚਉਥੈ ਵਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥ {ਪੰਨਾ 839}

ਅਰਥ: ਪਰਮਾਤਮਾ ਨੇ ਆਪ ਹੀ ਚਾਰ ਵੇਦ ਪੈਦਾ ਕੀਤੇ ਹਨ, ਆਪ ਹੀ (ਜਗਤ-ਉਤਪੱਤੀ ਦੀਆਂ) ਚਾਰ ਖਾਣਾਂ ਪੈਦਾ ਕੀਤੀਆਂ ਹਨ ਤੇ ਆਪ ਹੀ ਜੀਵਾਂ ਦੀਆਂ ਵਖ ਵਖ ਬੋਲੀਆਂ ਬਣਾ ਦਿੱਤੀਆਂ ਹਨ। ਅਕਾਲ ਪੁਰਖ ਨੇ ਆਪ ਹੀ ਅਠਾਰਾਂ ਪੁਰਾਣ ਛੇ ਸ਼ਾਸਤ੍ਰ ਤੇ (ਮਾਇਆ ਦੇ) ਤਿੰਨ (ਗੁਣ) ਪੈਦਾ ਕੀਤੇ ਹਨ। ਇਸ ਭੇਤ ਨੂੰ ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸੂਝ ਬਖ਼ਸ਼ੇ।

ਨਾਨਕ ਬੇਨਤੀ ਕਰਦਾ ਹੈ-ਮੈਂ ਉਸ ਮਨੁੱਖ ਦਾ ਦਾਸ ਹਾਂ ਜੋ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਮੁਕਾ ਕੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।੫।

ਪੰਚਮੀ ਪੰਚ ਭੂਤ ਬੇਤਾਲਾ ॥ ਆਪਿ ਅਗੋਚਰੁ ਪੁਰਖੁ ਨਿਰਾਲਾ ॥ ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥ ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥ ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥ ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥ {ਪੰਨਾ 839}

ਅਰਥ: ਸਰਬ-ਵਿਆਪਕ (-ਪੁਰਖ) ਪਰਮਾਤਮਾ ਆਪ ਤਾਂ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ ਤੇ ਨਿਰਲੇਪ ਹੈਪਰ ਉਸ ਦੇ ਪੈਦਾ ਕੀਤੇ ਹੋਏ ਜਿਹੜੇ ਜੀਵ ਪੰਜ ਤੱਤਾਂ ਵਿਚ ਹੀ ਪਰਵਿਰਤ ਹਨ ਉਹ ਜੀਵਨ-ਜਾਚ ਤੋਂ ਖੁੰਝੇ ਹੋਏ ਹਨ। (ਅਜਿਹੇ) ਅਨੇਕਾਂ ਜੀਵ ਭਟਕਣਾ ਦੇ ਕਾਰਨ ਤ੍ਰਿਸ਼ਨਾ-ਅਧੀਨ ਹਨ, ਮਾਇਆ ਦੇ ਮੋਹ ਵਿਚ ਫਸੇ ਹੋਏ ਹਨ। ਪਰ ਕਈ ਐਸੇ (ਭਾਗਾਂ ਵਾਲੇ) ਹਨ ਜੋ (ਪਰਮਾਤਮਾ ਦੇ ਨਾਮ ਦਾ) ਸੁਆਦ ਚੱਖ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਵਲੋਂ ਰੱਜੇ ਹੋਏ ਹਨ, ਤੇ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਹੋਏ ਹਨ। ਪਰ ਇਕ ਐਸੇ ਹਨ ਜੋ ਆਤਮਕ ਮੌਤ ਸਹੇੜ ਕੇ ਮਿੱਟੀ ਹੋਏ ਪਏ ਹਨ (ਜੀਵਨ ਉੱਕਾ ਹੀ ਗਵਾ ਚੁਕੇ ਹਨ। ਇਕ ਐਸੇ ਹਨ ਜੋ ਪ੍ਰਭੂ ਨੂੰ ਆਪਣੇ ਅੰਗ-ਸੰਗ ਵੇਖ ਕੇ ਉਸ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਕੇ ਰਹਿੰਦੇ ਹਨ ਉਸ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ।੬।

ਝੂਠੇ ਕਉ ਨਾਹੀ ਪਤਿ ਨਾਉ ॥ ਕਬਹੁ ਨ ਸੂਚਾ ਕਾਲਾ ਕਾਉ ॥ ਪਿੰਜਰਿ ਪੰਖੀ ਬੰਧਿਆ ਕੋਇ ॥ ਛੇਰੀਂ ਭਰਮੈ ਮੁਕਤਿ ਨ ਹੋਇ ॥ ਤਉ ਛੂਟੈ ਜਾ ਖਸਮੁ ਛਡਾਏ ॥ ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥ {ਪੰਨਾ 839}

ਅਰਥ: ਜਿਹੜਾ ਮਨੁੱਖ ਦੁਨੀਆ ਦੇ ਪਦਾਰਥਾਂ ਦਾ ਹੀ ਪ੍ਰੇਮੀ ਬਣਿਆ ਰਹਿੰਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ ਕਿਤੇ ਭੀ) ਇੱਜ਼ਤ-ਆਦਰ ਨਸੀਬ ਨਹੀਂ ਹੁੰਦਾ। ਜਿਸ ਮਨੁੱਖ ਦਾ ਮਨ ਵਿਕਾਰਾਂ ਨਾਲ ਕਾਂ ਵਾਂਗ ਕਾਲਾ ਹੋ ਜਾਏ ਉਹ (ਮਾਇਆ ਵਿਚ ਫਸਿਆ ਰਹਿ ਕੇ) ਕਦੇ ਭੀ ਪਵਿੱਤ੍ਰ ਨਹੀਂ ਹੋ ਸਕਦਾ।

ਕੋਈ ਪੰਛੀ ਪਿੰਜਰੇ ਵਿਚ ਕੈਦ ਹੋ ਜਾਏ, ਉਹ ਪਿੰਜਰੇ ਦੀਆਂ ਵਿਰਲਾਂ ਵਿਚ (ਬੇਸ਼ੱਕ) ਪਿਆ ਭਟਕੇ, (ਇਸ ਤਰ੍ਹਾਂ ਪਿੰਜਰੇ ਦੀ) ਕੈਦ ਵਿਚੋਂ ਨਿਕਲ ਨਹੀਂ ਸਕਦਾ, ਤਦੋਂ ਹੀ ਪਿੰਜਰੇ ਵਿਚੋਂ ਆਜ਼ਾਦ ਹੋਵੇਗਾ ਜੇ ਉਸ ਦਾ ਮਾਲਕ ਉਸ ਨੂੰ ਆਜ਼ਾਦੀ ਦੇਵੇ (ਤਿਵੇਂ ਹੀ ਮਾਇਆ ਦੇ ਮੋਹ ਵਿਚ ਕੈਦ ਹੋਏ ਜੀਵ ਨੂੰ ਮਾਲਕ-ਪ੍ਰਭੂ ਆਪ ਹੀ ਖ਼ਲਾਸੀ ਦੇਂਦਾ ਹੈ। ਪ੍ਰਭੂ ਉਸ ਨੂੰ ਗੁਰੂ ਦੀ ਮਤਿ ਵਿਚ ਜੋੜਦਾ ਹੈ, ਆਪਣੀ ਭਗਤੀ ਉਸ ਦੇ ਹਿਰਦੇ ਵਿਚ ਪੱਕੀ ਕਰ ਦੇਂਦਾ ਹੈ।੭।

ਖਸਟੀ ਖਟੁ ਦਰਸਨ ਪ੍ਰਭ ਸਾਜੇ ॥ ਅਨਹਦ ਸਬਦੁ ਨਿਰਾਲਾ ਵਾਜੇ ॥ ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ ਸਬਦੇ ਭੇਦੇ ਤਉ ਪਤਿ ਪਾਵੈ ॥ ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥ ਸਾਚੈ ਸਾਚੇ ਸਾਚਿ ਸਮਾਵਹਿ ॥੮॥ {ਪੰਨਾ 839}

ਅਰਥ: ਪ੍ਰਭੂ ਨੂੰ ਮਿਲਣ ਵਾਸਤੇ (ਜੋਗੀ ਸੰਨਿਆਸੀ ਆਦਿਕ) ਛੇ ਭੇਖ ਬਣਾਏ ਗਏ, ਪਰ ਇਕ-ਰਸ ਸਿਫ਼ਤਿ-ਸਾਲਾਹ ਦਾ ਸ਼ਬਦ (-ਵਾਜਾ ਇਹਨਾਂ ਭੇਖਾਂ ਤੋਂ) ਵੱਖਰਾ ਹੀ ਵੱਜਦਾ ਹੈ (ਪ੍ਰਭਾਵ ਪਾਂਦਾ ਹੈ। ਜੇ ਪ੍ਰਭੂ ਨੂੰ (ਕੋਈ ਵਡ-ਭਾਗੀ) ਚੰਗਾ ਲੱਗ ਪਏ, ਤਾਂ ਉਸ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ। ਜਦੋਂ ਕੋਈ ਮਨੁੱਖ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ (ਆਪਣੇ ਮਨ ਨੂੰ ਪ੍ਰਭੂ ਦੀ ਯਾਦ ਵਿਚ) ਪ੍ਰੋ ਲਏ, ਤਦੋਂ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਇੱਜ਼ਤ ਪਾਂਦਾ ਹੈ।

ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ-ਨਾਮ ਦੇ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਪਰ (ਭੇਖੀ ਸਾਧ) ਧਾਰਮਿਕ ਭੇਖ ਕਰ ਕਰ ਕੇ ਹੀ ਖਪਦੇ ਹਨ ਤੇ (ਤ੍ਰਿਸ਼ਨਾ-ਅੱਗ ਵਿਚ) ਸੜਦੇ ਰਹਿੰਦੇ ਹਨ।੮।

ਸਪਤਮੀ ਸਤੁ ਸੰਤੋਖੁ ਸਰੀਰਿ ॥ ਸਾਤ ਸਮੁੰਦ ਭਰੇ ਨਿਰਮਲ ਨੀਰਿ ॥ ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥ ਮਨਿ ਸਾਚਾ ਮੁਖਿ ਸਾਚਉ ਭਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੯॥ {ਪੰਨਾ 839}

ਅਰਥ: ਜਿਸ ਮਨੁੱਖ ਦੇ ਅੰਦਰ ਦੂਜਿਆਂ ਦੀ ਸੇਵਾ ਤੇ ਸੰਤੋਖ (ਪਲ੍ਹਰਦੇ) ਹਨ, ਜਿਸ ਮਨੁੱਖ ਦੇ ਪੰਜੇ ਗਿਆਨ-ਇੰਦ੍ਰੇ, ਮਨ ਅਤੇ ਬੁੱਧੀ ਪਰਮਾਤਮਾ ਦੇ ਪਵਿੱਤ੍ਰ ਨਾਮ-ਜਲ ਨਾਲ ਭਰਪੂਰ ਹੋ ਜਾਂਦੇ ਹਨ, ਜੋ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ (ਅੰਤਰ ਆਤਮੇ) ਪਵਿਤ੍ਰ-ਆਚਰਨ-ਰੂਪ ਇਸ਼ਨਾਨ ਕਰਦਾ ਰਹਿੰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸਾਰਿਆਂ ਨੂੰ (ਭਾਵ, ਪੰਜੇ ਗਿਆਨ-ਇੰਦ੍ਰਿਆਂ, ਮਨ ਤੇ ਬੁੱਧੀ ਨੂੰ ਵਿਕਾਰਾਂ ਦੇ ਪ੍ਰਭਾਵ ਤੋਂ) ਪਾਰ ਲੰਘਾ ਲੈਂਦਾ ਹੈ।

ਜਿਸ ਮਨੁੱਖ ਦੇ ਮਨ ਵਿਚ ਸਦਾ-ਥਿਰ ਪ੍ਰਭੂ ਵੱਸਦਾ ਹੈ, ਜਿਸ ਮਨੁੱਖ ਦੀ ਜੀਭ ਉਤੇ ਸਦਾ-ਥਿਰ ਪ੍ਰਭੂ ਹੀ ਵੱਸਦਾ ਹੈ, ਜੋ ਸਦਾ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ, ਸਦਾ-ਥਿਰ ਨਾਮ ਉਸ ਦੇ ਪਾਸ (ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਸ ਰਾਹਦਾਰੀ ਦੇ ਕਾਰਨ (ਉਸ ਦੇ ਰਾਹ ਵਿਚ ਵਿਕਾਰ ਆਦਿਕਾਂ ਦੀ ਕੋਈ) ਰੋਕ ਨਹੀਂ ਪੈਂਦੀ।੯।

ਅਸਟਮੀ ਅਸਟ ਸਿਧਿ ਬੁਧਿ ਸਾਧੈ ॥ ਸਚੁ ਨਿਹਕੇਵਲੁ ਕਰਮਿ ਅਰਾਧੈ ॥ ਪਉਣ ਪਾਣੀ ਅਗਨੀ ਬਿਸਰਾਉ ॥ ਤਹੀ ਨਿਰੰਜਨੁ ਸਾਚੋ ਨਾਉ ॥ ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥ {ਪੰਨਾ 839}

ਅਰਥ: ਜਿਹੜਾ ਮਨੁੱਖ (ਜੋਗੀਆਂ ਵਾਲੀਆਂ) ਅੱਠ ਸਿੱਧੀਆਂ ਹਾਸਲ ਕਰਨ ਦੀ ਤਾਂਘ ਰੱਖਣ ਵਾਲੀ ਬੁੱਧੀ ਨੂੰ ਆਪਣੇ ਕਾਬੂ ਵਿਚ ਰੱਖਦਾ ਹੈ (ਭਾਵ, ਜੋ ਮਨੁੱਖ ਸਿੱਧੀਆਂ ਪ੍ਰਾਪਤ ਕਰਨ ਦੀ ਲਾਲਸਾ ਤੋਂ ਉਤਾਂਹ ਰਹਿੰਦਾ ਹੈ) , ਜੋ ਪਵਿਤ੍ਰ-ਸਰੂਪ ਸਦਾ-ਥਿਰ ਪ੍ਰਭੂ ਨੂੰ ਉਸ ਦੀ ਮਿਹਰ ਨਾਲ (ਸਦਾ) ਸਿਮਰਦਾ ਹੈ, ਜਿਸ ਦੇ ਹਿਰਦੇ ਵਿਚ ਰਜੋ ਸਤੋ ਅਤੇ ਤਮੋ ਗੁਣ ਦਾ ਅਭਾਵ ਰਹਿੰਦਾ ਹੈ, ਉਸੇ ਹਿਰਦੇ ਵਿਚ ਨਿਰਲੇਪ ਪਰਮਾਤਮਾ ਵੱਸਦਾ ਹੈ, ਸਦਾ-ਥਿਰ ਪ੍ਰਭੂ-ਨਾਮ ਵੱਸਦਾ ਹੈ।

ਜਿਸ ਮਨੁੱਖ ਦਾ ਮਨ ਉਸ ਅਕਾਲ ਪੁਰਖ ਵਿਚ ਸਦਾ ਲੀਨ ਰਹਿੰਦਾ ਹੈ, ਨਾਨਕ ਆਖਦਾ ਹੈ, ਉਸ ਨੂੰ ਆਤਮਕ ਮੌਤ ਨਹੀਂ ਖਾਂਦੀ (ਆਤਮਕ ਮੌਤ ਉਸ ਦੇ ਆਤਮਕ ਜੀਵਨ ਨੂੰ ਤਬਾਹ ਨਹੀਂ ਕਰਦੀ੧੦।

ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ ਮਹਾ ਬਲਵੰਡਾ ॥ ਆਈ ਪੂਤਾ ਇਹੁ ਜਗੁ ਸਾਰਾ ॥ ਪ੍ਰਭ ਆਦੇਸੁ ਆਦਿ ਰਖਵਾਰਾ ॥ ਆਦਿ ਜੁਗਾਦੀ ਹੈ ਭੀ ਹੋਗੁ ॥ ਓਹੁ ਅਪਰੰਪਰੁ ਕਰਣੈ ਜੋਗੁ ॥੧੧॥ {ਪੰਨਾ 839-840}

ਅਰਥ: (ਅਸਲ) ਨਾਥ (ਉਹ ਪ੍ਰਭੂ ਹੈ ਜੋ) ਹਰੇਕ ਸਰੀਰ ਵਿਚ ਵਿਆਪਕ ਹੈ, ਜੋ ਮਹਾ ਬਲੀ ਹੈ, ਜੋਗੀਆਂ ਦੇ ਨੌ ਹੀ ਨਾਥ ਤੇ ਧਰਤੀ ਦੇ ਸਾਰੇ ਜੀਵ ਜਿਸ ਦਾ ਨਾਮ ਜਪਦੇ ਹਨ।

(ਉਹ ਨਾਥ-ਪ੍ਰਭੂ ਸਾਰੇ ਜਗਤ ਦੀ ਮਾਂ ਹੈ) ਇਹ ਸਾਰਾ ਜਗਤ ਉਸ ਮਾਂ (-ਨਾਥ-ਪ੍ਰਭੂ) ਦਾ ਪੁੱਤਰ ਹੈ (ਪੈਦਾ ਕੀਤਾ ਹੋਇਆ ਹੈ। ਉਸ ਪ੍ਰਭੂ ਨੂੰ ਹੀ ਨਮਸਕਾਰ ਕਰਨੀ ਚਾਹੀਦੀ ਹੈ, ਉਹ ਸਭ ਦਾ ਮੁੱਢ ਹੈ, ਸਭ ਦਾ ਰਾਖਾ ਹੈ। ਉਹ ਪ੍ਰਭੂ ਮੁੱਢ ਤੋਂ ਹੈ, ਜੁਗਾਂ ਦੇ ਸ਼ੁਰੂ ਤੋਂ ਹੀ ਹੈ, ਹੁਣ ਭੀ ਹੈ ਤੇ ਸਦਾ ਲਈ ਮੌਜੂਦ ਰਹੇਗਾ। ਉਹ ਪ੍ਰਭੂ-ਨਾਥ ਪਰੇ ਤੋਂ ਪਰੇ ਹੈ (ਉਸ ਦਾ ਪਾਰ ਨਹੀਂ ਪਾਇਆ ਜਾ ਸਕਦਾ) ਉਹ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧੧।

ਦਸਮੀ ਨਾਮੁ ਦਾਨੁ ਇਸਨਾਨੁ ॥ ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥ ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥ ਬਿਲਮੁ ਨ ਤੂਟਸਿ ਕਾਚੈ ਤਾਗੈ ॥ ਜਿਉ ਤਾਗਾ ਜਗੁ ਏਵੈ ਜਾਣਹੁ ॥ ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥ {ਪੰਨਾ 840}

ਅਰਥ: ਪਰਮਾਤਮਾ ਦਾ ਨਾਮ ਜਪਣਾ ਹੀ ਦਸਵੀਂ ਥਿਤ ਤੇ ਦਾਨ ਕਰਨਾ ਤੇ ਇਸ਼ਨਾਨ ਕਰਨਾ ਹੈ। ਪ੍ਰਭੂ ਦੇ ਗੁਣਾਂ ਨਾਲ ਡੂੰਘੀ ਸਾਂਝ ਹੀ ਸਦਾ-ਥਿਰ ਰਹਿਣ ਵਾਲਾ ਨਿੱਤ ਦਾ ਤੀਰਥ-ਇਸ਼ਨਾਨ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ (ਮਨ ਨੂੰ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਮਨ ਦਾ ਸਹਿਮ ਮੁੱਕ ਜਾਂਦਾ ਹੈ (ਇਉਂ ਤੁਰਤ ਮੁੱਕਦਾ ਹੈ, ਜਿਵੇਂਕੱਚੇ ਧਾਗੇ ਨੂੰ ਟੁੱਟਦਿਆਂ ਚਿਰ ਨਹੀਂ ਲੱਗਦਾ।

(ਹੇ ਭਾਈ!) ਜਗਤ (ਦੇ ਸੰਬੰਧ) ਨੂੰ ਇਉਂ ਹੀ ਸਮਝੋ ਜਿਵੇਂ ਕੱਚਾ ਧਾਗਾ ਹੈਆਪਣੇ ਮਨ ਨੂੰ ਸਦਾ-ਥਿਰ ਪ੍ਰਭੂ-ਨਾਮ ਵਿਚ ਟਿਕਾ ਕੇ ਰੱਖੋ, ਅਤੇ ਆਤਮਕ ਆਨੰਦ ਮਾਣੋ।੧੨।

ਏਕਾਦਸੀ ਇਕੁ ਰਿਦੈ ਵਸਾਵੈ ॥ ਹਿੰਸਾ ਮਮਤਾ ਮੋਹੁ ਚੁਕਾਵੈ ॥ ਫਲੁ ਪਾਵੈ ਬ੍ਰਤੁ ਆਤਮ ਚੀਨੈ ॥ ਪਾਖੰਡਿ ਰਾਚਿ ਤਤੁ ਨਹੀ ਬੀਨੈ ॥ ਨਿਰਮਲੁ ਨਿਰਾਹਾਰੁ ਨਿਹਕੇਵਲੁ ॥ ਸੂਚੈ ਸਾਚੇ ਨਾ ਲਾਗੈ ਮਲੁ ॥੧੩॥ {ਪੰਨਾ 840}

ਅਰਥ: ਜਿਹੜਾ ਮਨੁੱਖ ਇਕ (ਪਰਮਾਤਮਾ) ਨੂੰ (ਆਪਣੇਹਿਰਦੇ ਵਿਚ ਵਸਾਂਦਾ ਹੈ, (ਉਹ ਮਨੁੱਖ ਆਪਣੇ ਅੰਦਰੋਂ) ਨਿਰਦਇਤਾ, ਮਾਇਆ ਦੀ ਅਪਣੱਤ ਅਤੇ ਮਾਇਆ ਦਾ ਮੋਹ ਦੂਰ ਕਰ ਲੈਂਦਾ ਹੈ। (ਜਿਹੜਾ ਮਨੁੱਖ ਹਿੰਸਾ ਮੋਹ ਆਦਿਕ ਤੋਂ ਬਚੇ ਰਹਿਣ ਵਾਲਾ ਇਹ) ਵਰਤ (ਰੱਖਦਾ ਹੈ, ਉਹ ਇਸ ਵਰਤ ਦਾ ਇਹਫਲ ਪ੍ਰਾਪਤ ਕਰਦਾ ਹੈ ਕਿ (ਸਦਾ) ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ। ਪਰ ਵਿਖਾਵੇ (ਦੇ ਵਰਤ) ਵਿਚ ਪਤੀਜ ਕੇ ਮਨੁੱਖ (ਸਾਰੇ ਜਗਤ ਦੇਮੂਲ (ਪਰਮਾਤਮਾ ਨੂੰ) ਨਹੀਂ ਵੇਖ ਸਕਦਾ।

ਹੇ ਭਾਈ! ਪਰਮਾਤਮਾ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ, ਪਰਮਾਤਮਾ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ (ਉਹ ਹਰ ਵੇਲੇ ਹੀ ਬ੍ਰਤ-ਧਾਰੀ ਹੈ) , ਪਰਮਾਤਮਾ ਸੁੱਧ-ਸਰੂਪ ਹੈ, (ਜਿਹੜੇ ਮਨੁੱਖ ਉਸ) ਪਵਿੱਤਰ ਪ੍ਰਭੂ ਵਿਚ (ਜੁੜ ਕੇ) ਉਸ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ, ਉਹਨਾਂ ਨੂੰ (ਵੀ ਵਿਕਾਰਾਂ ਦੀ) ਮੈਲ ਨਹੀਂ ਲੱਗਦੀ।੧੩।

ਜਹ ਦੇਖਉ ਤਹ ਏਕੋ ਏਕਾ ॥ ਹੋਰਿ ਜੀਅ ਉਪਾਏ ਵੇਕੋ ਵੇਕਾ ॥ ਫਲੋਹਾਰ ਕੀਏ ਫਲੁ ਜਾਇ ॥ ਰਸ ਕਸ ਖਾਏ ਸਾਦੁ ਗਵਾਇ ॥ ਕੂੜੈ ਲਾਲਚਿ ਲਪਟੈ ਲਪਟਾਇ ॥ ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥ {ਪੰਨਾ 840}

ਅਰਥ: ਮੈਂ ਜਿਧਰ ਵੇਖਦਾ ਹਾਂ, ਉਧਰ ਇਕ ਪਰਮਾਤਮਾ ਹੀ ਪਰਮਾਤਮਾ ਦਿੱਸਦਾ ਹੈ। (ਉਸ ਨੇ) ਭਾਂਤ ਭਾਂਤ ਦੇ ਇਹ ਸਾਰੇ ਜੀਵ ਪੈਦਾ ਕੀਤੇ ਹੋਏ ਹਨ (ਜੋ ਵਰਤ ਆਦਿਕ ਕਈ ਭਰਮਾਂ ਵਿਚ ਪਏ ਰਹਿੰਦੇ ਹਨ

ਹੇ ਭਾਈ! ਏਕਾਦਸੀ ਵਾਲੇ ਦਿਨ ਅੰਨ ਛੱਡ ਕੇ) ਨਿਰੇ ਫਲ ਖਾਧਿਆਂ (ਵਰਤ ਦਾ ਅਸਲ) ਫਲ ਨਹੀਂ ਮਿਲਦਾ (ਅਸਲ ਵਰਤ ਹੈ 'ਵਿਕਾਰਾਂ ਵਲੋਂ ਪਰਹੇਜ਼', ਉਸ ਦਾ ਫਲ ਹੈ 'ਉੱਚਾ ਆਤਮਕ ਜੀਵਨ') । (ਅੰਨ ਦੇ ਥਾਂ) ਕਈ ਸੁਆਦਾਂ ਵਾਲੇ ਫਲ ਆਦਿਕ ਪਦਾਰਥ (ਜੋ ਮਨੁੱਖ) ਖਾਂਦਾ ਹੈ, (ਉਹ ਤਾਂ ਉਂਞ ਹੀ ਵਰਤ ਦਾ) ਮਜ਼ਾ ਗਵਾ ਲੈਂਦਾ ਹੈ। (ਵਰਤ ਰੱਖਣ ਵਾਲਾ ਮਨੁੱਖ ਵਰਤ ਦੇ ਫਲ ਦੀ ਆਸ ਧਾਰ ਕੇ) ਮਾਇਆ ਦੇ ਲਾਲਚ ਵਿਚ ਫਸਿਆ ਹੀ ਰਹਿੰਦਾ ਹੈ। (ਇਸ ਲਾਲਚ ਤੋਂ ਉਹ ਮਨੁੱਖ) ਖ਼ਲਾਸੀ ਹਾਸਲ ਕਰਦਾ ਹੈ ਜਿਹੜਾ ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਦਾ ਹੈ।੧੪।

ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥ ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥ ਜਾਗਤੁ ਜਾਗਿ ਰਹੈ ਲਿਵ ਲਾਇ ॥ ਗੁਰ ਪਰਚੈ ਤਿਸੁ ਕਾਲੁ ਨ ਖਾਇ ॥ ਅਤੀਤ ਭਏ ਮਾਰੇ ਬੈਰਾਈ ॥ ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥ {ਪੰਨਾ 840}

ਅਰਥ: ਹੇ ਭਾਈ! ਗੁਰੂ ਦੇ ਉਪਦੇਸ਼ ਵਿਚ ਜੁੜ ਕੇ ਜਿਹੜੇ ਮਨੁੱਖ) ਦਿਨ ਰਾਤ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ (ਮਾਇਆ ਦੇ ਮੋਹ ਦੀ ਨੀਂਦ ਵਿਚ) ਕਦੇ ਨਹੀਂ ਸੌਂਦੇ, (ਉਹੀ ਹਨ ਅਸਲ) ਤਿਆਗੀ, (ਉਹਨਾਂ ਦਾ) ਮਨ (ਮਾਨੋਭੇਖਾਂ ਦੇ) ਬਾਰਾਂ ਹੀ ਚਿੰਨ੍ਹਾਂ ਦਾ ਧਾਰਨੀ ਹੁੰਦਾ ਹੈ। ਹੇ ਭਾਈ! ਗੁਰੂ ਦੇ ਉਪਦੇਸ਼ ਵਿਚ (ਟਿਕ ਕੇ ਜਿਹੜਾ ਮਨੁੱਖ ਮਾਇਆ ਦੇ ਹੱਲਿਆਂ ਵਲੋਂ) ਜਾਗਦਾ ਰਹਿੰਦਾ ਹੈ, ਅਤੇ ਸੁਚੇਤ ਰਹਿ ਕੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜੀ ਰੱਖਦਾ ਹੈ, ਉਸ (ਦੇ ਆਤਮਕ ਜੀਵਨ) ਨੂੰ (ਆਤਮਕ) ਮੌਤ ਖਾ ਨਹੀਂ ਸਕਦੀ।

ਨਾਨਕ ਬੇਨਤੀ ਕਰਦਾ ਹੈ-(ਜਿਨ੍ਹਾਂ ਮਨੁੱਖਾਂ ਨੇ) ਉਥੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜੀ ਹੋਈ ਹੈ, ਉਹਨਾਂ ਨੇ (ਕਾਮਾਦਿਕ) ਸਾਰੇ ਵੈਰੀ ਮੁਕਾ ਲਏ, ਉਹ (ਅਸਲ) ਤਿਆਗੀ ਬਣ ਗਏ।੧੫।

ਦੁਆਦਸੀ ਦਇਆ ਦਾਨੁ ਕਰਿ ਜਾਣੈ ॥ ਬਾਹਰਿ ਜਾਤੋ ਭੀਤਰਿ ਆਣੈ ॥ ਬਰਤੀ ਬਰਤ ਰਹੈ ਨਿਹਕਾਮ ॥ ਅਜਪਾ ਜਾਪੁ ਜਪੈ ਮੁਖਿ ਨਾਮ ॥ ਤੀਨਿ ਭਵਣ ਮਹਿ ਏਕੋ ਜਾਣੈ ॥ ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥ {ਪੰਨਾ 840}

ਅਰਥ: ਹੇ ਭਾਈ! ਕਰਮ-ਕਾਂਡੀ ਮਨੁੱਖ ਕਿਸੇ ਵਰਤ ਆਦਿਕ ਸਮੇ ਮਾਇਆ ਦਾ ਦਾਨ ਕਰਦਾ ਹੈ, ਅਤੇ ਕਿਸੇ ਮੰਤ੍ਰ ਦਾ ਅਜਪਾ ਜਾਪ ਕਰਦਾ ਹੈ, ਪਰ ਜਿਹੜਾ ਮਨੁੱਖ ਬੰਦਿਆਂ ਵਿਚ) ਪਿਆਰ ਵੰਡਣਾ ਜਾਣਦਾ ਹੈ, ਬਾਹਰ ਭਟਕਦੇ ਮਨ ਨੂੰ (ਹਰਿ-ਨਾਮ ਦੀ ਸਹਾਇਤਾ ਨਾਲ ਆਪਣੇ) ਅੰਦਰ ਹੀ ਲੈ ਆਉਂਦਾ ਹੈ, ਜਿਹੜਾ ਮਨੁੱਖ ਵਾਸਨਾ-ਰਹਿਤ ਜੀਵਨ ਜੀਊਂਦਾ ਹੈ, ਅਤੇ ਮੂੰਹੋਂ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਮਨੁੱਖ (ਮਾਨੋ) ਅਜਪਾ ਜਾਪ ਕਰ ਰਿਹਾ ਹੈ। ਹੇ ਭਾਈ! ਜਿਹੜਾ ਮਨੁੱਖ ਸਾਰੇ ਸੰਸਾਰ ਵਿਚ ਇਕ ਪਰਮਾਤਮਾ ਨੂੰ ਹੀ ਵੱਸਦਾ ਸਮਝਦਾ ਹੈ, ਅਤੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਉਹ (ਮਾਨੋ) ਸਰੀਰਕ ਪਵਿਤ੍ਰੱਤਾ ਦੇ ਸਾਰੇ ਉੱਦਮ ਕਰ ਰਿਹਾ ਹੈ, ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਕਰਨ ਦੇ ਸਾਰੇ ਜਤਨ ਕਰ ਰਿਹਾ ਹੈ।੧੬।

ਤੇਰਸਿ ਤਰਵਰ ਸਮੁਦ ਕਨਾਰੈ ॥ ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥ ਡਰ ਡਰਿ ਮਰੈ ਨ ਬੂਡੈ ਕੋਇ ॥ ਨਿਡਰੁ ਬੂਡਿ ਮਰੈ ਪਤਿ ਖੋਇ ॥ ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥ ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥ {ਪੰਨਾ 840}

ਅਰਥ: ਹੇ ਭਾਈ! ਜਿਵੇਂ) ਸਮੁੰਦਰ ਦੇ ਕੰਢੇ ਉੱਤੇ ਉੱਗੇ ਹੋਏ ਰੁੱਖ ਦੀ (ਪਾਂਇਆਂ ਹੈ, ਤਿਵੇਂ ਇਹ ਸਰੀਰ ਹੈ। ਪਰ ਜਿਹੜਾ ਮਨੁੱਖ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨੂੰ (ਆਪਣੇ ਜੀਵਨ ਦੀ) ਜੜ੍ਹ ਬਣਾਂਦਾ ਹੈ, (ਉੱਕੀ) ਸੁਰਤਿ ਦੀ ਡੋਰ ਦੀ ਬਰਕਤ ਨਾਲ ਉਹ ਸਿਖਰ ਤੇ (ਪ੍ਰਭੂ-ਚਰਨਾਂ ਵਿਚ ਜਾ ਪਹੁੰਚਦਾ ਹੈ। (ਜਿਹੜਾ ਭੀ ਮਨੁੱਖ ਇਹ ਉੱਦਮ ਕਰਦਾ ਹੈ, ਉਹ ਸੰਸਾਰਕ) ਡਰਾਂ ਨਾਲ ਡਰ ਡਰ ਕੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਵਿਕਾਰਾਂ ਦੇ ਸਮੁੰਦਰ ਵਿਚ) ਨਹੀਂ ਡੁੱਬਦਾ। (ਪਰ ਪਰਮਾਤਮਾ ਦਾ) ਡਰ-ਅਦਬ ਨਾਹ ਰੱਖਣ ਵਾਲਾ ਮਨੁੱਖ (ਲੋਕ ਪਰਲੋਕ ਦੀ) ਇੱਜ਼ਤ ਗਵਾ ਕੇ ਆਤਮਕ ਮੌਤ ਸਹੇੜ ਲੈਂਦਾ ਹੈ। ਹੇ ਭਾਈ! (ਜਿਹੜਾ ਮਨੁੱਖ ਪਰਮਾਤਮਾ ਦੇ) ਡਰ-ਅਦਬ ਵਿਚ (ਆਪਣਾ) ਟਿਕਾਣਾ ਬਣਾਈ ਰੱਖਦਾ ਹੈ, ਜਿਹੜਾ ਮਨੁੱਖ ਆਪਣੇ ਹਿਰਦੇ-ਘਰ ਵਿਚ (ਪ੍ਰਭੂ ਦਾ) ਡਰ ਅਦਬ ਵਸਾਈ ਰੱਖਣਾ ਜਾਣਦਾ ਹੈ, ਜਿਸ ਮਨੁੱਖ ਨੂੰ ਆਪਣੇ ਮਨ ਵਿਚ ਸਦਾ-ਥਿਰ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਨੂੰ (ਉੱਚੇ ਆਤਮਕ ਜੀਵਨ ਦੇ ਰੱਬੀ) ਤਖ਼ਤ ਉੱਤੇ ਨਿਵਾਸ ਮਿਲਦਾ ਹੈ।੧੭।

ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥ ਰਾਜਸ ਤਾਮਸ ਸਤ ਕਾਲ ਸਮਾਵੈ ॥ ਸਸੀਅਰ ਕੈ ਘਰਿ ਸੂਰੁ ਸਮਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥ ਚਉਦਸਿ ਭਵਨ ਪਾਤਾਲ ਸਮਾਏ ॥ ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥ {ਪੰਨਾ 480}

ਅਰਥ: (ਜਦੋਂ ਮਨੁੱਖ ਗੁਰੂ ਦੀ ਕਿਰਪਾ ਨਾਲਤੁਰੀਆ ਅਵਸਥਾ ਨੂੰ ਲੱਭ ਲੈਂਦਾ ਹੈ, ਤਦੋਂ ਰਜੋ ਗੁਣ ਤਮੋ ਗੁਣ ਸਤੋ ਗੁਣ (ਮਾਇਆ ਦਾ ਇਹ ਹਰੇਕ ਗੁਣ ਉਸ ਚੌਥੇ ਪਦ ਵਿਚਲੀਨ ਹੋ ਜਾਂਦਾ ਹੈ। ਸ਼ਾਂਤੀ ਦੇ ਘਰ ਵਿਚ (ਮਨੁੱਖ ਦੇ ਮਨ ਦੀ) ਤਪਸ਼ ਸਮਾ ਜਾਂਦੀ ਹੈ, (ਉਸ ਵੇਲੇ ਮਨੁੱਖ ਪਰਮਾਤਮਾ ਨਾਲ) ਮਿਲਾਪ ਦੀ ਜੁਗਤੀ ਦੀ ਕਦਰ ਸਮਝਦਾ ਹੈ। ਤਦੋਂ ਮਨੁੱਖ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਹੜਾ ਖੰਡਾਂ ਬ੍ਰਹਮੰਡਾਂ ਵਿਚ ਚੌਦਾਂ ਭਵਨਾਂ ਵਿਚ ਪਾਤਾਲਾਂ ਵਿਚ ਹਰ ਥਾਂ ਸਮਾਇਆ ਹੋਇਆ ਹੈ।੧੮।

ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥ ਬੂਝਹੁ ਗਿਆਨੀ ਸਬਦੁ ਬੀਚਾਰਿ ॥ ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥ ਕਰਿ ਕਰਿ ਵੇਖੈ ਕਰਤਾ ਸੋਈ ॥ ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥ ਮਨਮੁਖਿ ਭੂਲੇ ਆਵਹਿ ਜਾਹਿ ॥੧੯॥ {ਪੰਨਾ 840}

ਅਰਥ: ਹੇ ਭਾਈ! ਜਿਵੇਂ) ਮੱਸਿਆ ਨੂੰ ਚੰਦ ਆਕਾਸ਼ ਵਿਚ ਗੁਪਤ ਰਹਿੰਦਾ ਹੈ (ਤਿਵੇਂ ਪਰਮਾਤਮਾ ਹਰੇਕ ਹਿਰਦੇ ਵਿਚ ਗੁਪਤ ਵੱਸ ਰਿਹਾ ਹੈ। ਹੇ ਆਤਮਕ ਜੀਵਨ ਦੀ ਸੂਝ ਦੇ ਖੋਜੀ ਮਨੁੱਖ! ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ (ਹੀ ਇਸ ਭੇਤ ਨੂੰ) ਸਮਝ ਸਕੋਗੇ। (ਜਿਵੇਂ) ਚੰਦ੍ਰਮਾ ਆਕਾਸ਼ ਵਿਚ (ਹਰ ਪਾਸੇ ਚਾਨਣ ਦੇ ਰਿਹਾ ਹੈ, ਤਿਵੇਂ ਪਰਮਾਤਮਾ ਦੀ) ਜੋਤਿ ਸਾਰੇ ਸੰਸਾਰ ਵਿਚ (ਜੀਵਨ-ਸੱਤਾ ਦੇ ਰਹੀ ਹੈ। ਉਹ ਕਰਤਾਰ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰ ਕੇ (ਸਭ ਦੀ) ਸੰਭਾਲ ਕਰ ਰਿਹਾ ਹੈ। ਜਿਸ ਮਨੁੱਖ ਨੂੰ ਗੁਰੂ ਪਾਸੋਂ ਇਹ ਸੂਝ ਮਿਲ ਜਾਂਦੀ ਹੈ, ਉਹ ਮਨੁੱਖ ਉਸ ਪਰਮਾਤਮਾ ਵਿਚ ਹੀ ਸਦਾ ਲੀਨ ਰਹਿੰਦਾ ਹੈ।

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪੈ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ।੧੯।

ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥ ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥ ਜਹ ਆਸਾ ਤਹ ਬਿਨਸਿ ਬਿਨਾਸਾ ॥ ਫੂਟੈ ਖਪਰੁ ਦੁਬਿਧਾ ਮਨਸਾ ॥ ਮਮਤਾ ਜਾਲ ਤੇ ਰਹੈ ਉਦਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥ {ਪੰਨਾ 840}

ਅਰਥ: ਹੇ ਭਾਈ! ਜਦੋਂ ਮਨੁੱਖ ਗੁਰੂ (ਦਾ ਮਿਲਾਪ) ਹਾਸਲ ਕਰ ਲੈਂਦਾ ਹੈ, ਤਦੋਂ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦੇਂਦਾ ਹੈ, ਅਤੇ ਪ੍ਰਭੂ-ਚਰਨਾਂ ਨੂੰ ਪ੍ਰਭੂ ਦੇ ਦਰ ਨੂੰ (ਆਪਣਾ) ਪੱਕਾ ਆਸਰਾ ਬਣਾ ਕੇ ਉਸ ਥਾਂ ਵਿਚ (ਪ੍ਰਭੂ-ਚਰਨਾਂ ਵਿਚ) ਟਿਕ ਕੇ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ। ਜਿਸ ਹਿਰਦੇ ਵਿਚ (ਪਹਿਲਾਂ ਦੁਨੀਆ ਵਾਲੀਆਂ) ਆਸਾਂ (ਹੀ ਆਸਾਂ ਟਿਕੀਆਂ ਰਹਿੰਦੀਆਂ ਸਨ) ਉਥੇ ਆਸਾਂ ਦਾ ਪੂਰਨ ਅਭਾਵ ਹੋ ਜਾਂਦਾ ਹੈ, (ਉਸ ਦੇ ਅੰਦਰੋਂ) ਮੇਰ-ਤੇਰ ਅਤੇ ਮਨ ਦੇ ਫੁਰਨਿਆਂ ਦਾ ਭਾਂਡਾ (ਹੀ) ਭੱਜ ਜਾਂਦਾ ਹੈ। ਉਹ ਮਨੁੱਖ (ਮਾਇਆ ਦੀਮਮਤਾ ਦੇ ਜਾਲ ਤੋਂ ਵੱਖਰਾ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਮੈਂ ਇਹੋ ਜਿਹੇ ਮਨੁੱਖ ਦਾ (ਸਦਾ) ਦਾਸ ਹਾਂ।੨੦।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ {ਪੰਨਾ 631}

ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧।

ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਬਿਲਾਵਲੁ ਮਹਲਾ ੫ ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥ {ਪੰਨਾ 815}

ਅਰਥ: ਹੇ ਭਾਈ! ਗੁਰੂ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ, ਪਰਮਾਤਮਾ ਦਾ ਆਰਾਧਨ ਕਰਦਿਆਂਪਰਮਾਤਮਾ ਦਾ ਨਾਮ ਜਪ ਜਪ ਕੇ, (ਜਿਉਂ ਜਿਉਂਮੈਂ ਮੂੰਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹਾਂ, (ਤਿਉਂ ਤਿਉਂ) ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਜਪਣ ਦਾ) ਉੱਦਮ ਕਰਦਿਆਂ (ਮਨ ਵਿਚ) ਸਰੂਰ ਪੈਦਾ ਹੁੰਦਾ ਹੈ, ਨਾਮ ਸਿਮਰਦਿਆਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਸਭ ਗੁਣਾਂ ਨਾਲ ਭਰਪੂਰ ਪਰਮਾਤਮਾ ਦੇ ਗੁਣਾਂ ਦਾ ਵਿਚਾਰ (ਮਨ ਵਿਚ ਟਿਕਿਆ ਰਹਿੰਦਾ ਹੈ੧।

ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਦਿਆਂ) ਸਾਰੇ ਜੀਅ ਜੰਤ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, (ਜਪਣ ਵਾਲੇ) ਸਭਨਾਂ ਦੇ ਮਨ ਵਿਚ (ਸਿਮਰਨ ਦੀ) ਤਾਂਘ ਪੈਦਾ ਹੋਈ ਰਹਿੰਦੀ ਹੈ। (ਜੇਹੜੇ ਜੇਹੜੇ ਮਨੁੱਖ ਨਾਮ ਜਪਦੇ ਹਨ, ਉਹ) ਸਦਾ ਦੂਜਿਆਂ ਦੀ ਭਲਾਈ ਕਰਨ ਦਾ ਕੰਮ ਸੋਚਦੇ ਰਹਿੰਦੇ ਹਨ, ਕੋਈ ਪਾਪ-ਵਿਕਾਰ ਉਹਨਾਂ ਉਤੇ ਆਪਣਾ ਅਸਰ ਨਹੀਂ ਪਾ ਸਕਦਾ।੨।

ਹੇ ਭਾਈ! ਜਿਸ ਥਾਂ ਪਰਮਾਤਮਾ ਦਾ ਨਾਮ ਜਪਿਆ ਜਾਂਦਾ ਹੈ, ਉਹ ਥਾਂ ਭਾਗਾਂ ਵਾਲਾ ਹੋ ਜਾਂਦਾ ਹੈਉਥੇ ਵੱਸਣ ਵਾਲੇ ਭੀ ਭਾਗਾਂ ਵਾਲੇ ਬਣ ਜਾਂਦੇ ਹਨ (ਕਿਉਂਕਿ ਜਿਸ ਥਾਂ) ਪਰਮਾਤਮਾ ਦੀ ਕਥਾ-ਵਾਰਤਾ, ਪ੍ਰਭੂ ਦੀ ਸਿਫ਼ਤਿ-ਸਾਲਾਹ ਬਹੁਤ ਹੁੰਦੀ ਰਹੇ, ਉਹ ਥਾਂ ਆਤਮਕ ਆਨੰਦ ਦਾ, ਆਤਮਕ ਅਡੋਲਤਾ ਦਾ ਟਿਕਾਣਾ (ਸੋਮਾ) ਬਣ ਜਾਂਦਾ ਹੈ।੩।

(ਇਸ ਵਾਸਤੇ) ਹੇ ਨਾਨਕ! (ਆਖ-ਹੇ ਭਾਈ!) ਉਹ ਅਨਾਥਾਂ ਦਾ ਨਾਥ ਪ੍ਰਭੂ ਕਦੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ, ਉਸ ਪ੍ਰਭੂ ਦੀ ਸਰਨ ਸਦਾ ਪਏ ਰਹਿਣਾ ਚਾਹੀਦਾ ਹੈ, ਜਿਸ ਦੇ ਹੱਥ ਵਿਚ ਹਰੇਕ ਚੀਜ਼ ਹੈ।੪।੨੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609}

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਰਾਗੁ ਸੂਹੀ ਛੰਤ ਮਹਲਾ ੪ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ {ਪੰਨਾ 775}

ਅਰਥ: ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ।

ਹੇ ਪ੍ਰਭੂ! ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ।

ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।

ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ {ਪੰਨਾ 775}

ਅਰਥ: ਹੇ ਭਾਈ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ। (ਪਰ ਜਿਹੜਾ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ। (ਉਸ ਮਨੁੱਖ ਨੂੰ ਹੀ ਇਹ ਨਿਸ਼ਚਾ ਬਣਦਾ ਹੈ ਕਿ) ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ।

ਹੇ ਭਾਈ! ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ। ਹੇ ਨਾਨਕਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੂੰਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੨।

ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ {ਪੰਨਾ 775}

ਅਰਥ: ਹੇ ਭਾਈ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂਪਾਰ ਲੰਘਣਾ ਔਖਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ, (ਕਿਉਂਕਿ ਉਸ ਦੇਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕ੍ਰੋਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ।

ਹੇ ਭਾਈ! ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ। (ਉਹ ਮਨੁੱਖ ਸਾਰੀ ਉਮਰਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ। ਹੇ ਭਾਈ! ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ-ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ। ਹੇ ਨਾਨਕ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ।੩।

ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥ {ਪੰਨਾ 775-776}

ਅਰਥ: ਹੇ ਭਾਈ! ਜਦੋਂ) ਮੈਂ (ਨਾਮ ਦੀਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ (ਤਾਂ ਅੱਗੋਂ ਉੱਤਰ ਮਿਲਦਾ ਹੈ ਕਿ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ। (ਗੁਰੂ ਦੀ ਰਜ਼ਾ ਵਿਚ ਤੁਰਿਆਂ) ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਰੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। (ਕਿਉਂਕਿਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ ਸੁਰਤਿ ਜੋੜੀ ਰੱਖਦਾ ਹੈ। ਉਸ ਦੀ ਮਤਿ ਵਿਚ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈਉਸ ਦਾ ਮਨ ਨਾਮ ਵਿਚ ਪਤੀਜ ਜਾਂਦਾ ਹੈ, ਉਸ ਨੂੰ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ। ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਮਿਲ ਪੈਂਦਾ ਹੈਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਇਕ-ਮਿਕ ਹੋਈ ਰਹਿੰਦੀ ਹੈ।੪।੧।੪।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts