Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Saturday, 3 October 2020

☬|| ਅੱਜ ਦਾ ਫੁਰਮਾਨ ||☬ || 03-10-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ {ਪੰਨਾ 603-604}

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ {ਪੰਨਾ 673}

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੫ ॥ ਬਿਨੁ ਹਰਿ ਕਾਮਿ ਨ ਆਵਤ ਹੇ ॥ ਜਾ ਸਿਉ ਰਾਚਿ ਮਾਚਿ ਤੁਮ੍ਹ੍ਹ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥ ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥ ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥ ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥ ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥ ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥ ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥ ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥ {ਪੰਨਾ 821-822}

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ (ਕੋਈ ਹੋਰ ਚੀਜ਼ ਤੇਰੇ ਆਤਮਕ ਜੀਵਨ ਦੇਕੰਮ ਨਹੀਂ ਆ ਸਕਦੀ। ਜਿਸ ਮਨ-ਮੋਹਣੀ ਮਾਇਆ ਨਾਲ ਤੂੰ ਰਚਿਆ ਮਿਚਿਆ ਰਹਿੰਦਾ ਹੈਂ, ਉਹ ਤਾਂ ਤੈਨੂੰ ਠੱਗ ਰਹੀ ਹੈ।੧।ਰਹਾਉ।

ਹੇ ਭਾਈ! ਸੋਨਾ (ਧਨ-ਪਦਾਰਥ) , ਇਸਤ੍ਰੀ ਦੀ ਸੋਹਣੀ ਸੇਜ-ਇਹ ਤਾਂ ਇਕ ਛਿਨ ਵਿਚ ਛੱਡ ਕੇ ਮਨੁੱਖ ਇਥੋਂ ਤੁਰ ਪੈਂਦਾ ਹੈ। ਕਾਮ-ਵਾਸਨਾ ਦੇ ਸੁਆਦਾਂ ਦਾ ਪ੍ਰੇਰਿਆ ਹੋਇਆ ਤੂੰ ਕਾਮ-ਵਾਸਨਾ ਵਿਚ ਫਸਿਆ ਪਿਆ ਹੈਂ, ਅਤੇ ਵਿਸ਼ੇ-ਵਿਕਾਰਾਂ ਦੀ ਠਗ-ਬੂਟੀ ਖਾ ਰਿਹਾ ਹੈਂ (ਜਿਸ ਦੇ ਕਾਰਨ ਤੂੰ ਆਤਮਕ ਜੀਵਨ ਵਲੋਂ ਬੇ-ਹੋਸ਼ ਪਿਆ ਹੈਂ੧।

ਹੇ ਭਾਈ! ਤੀਲਿਆਂ ਦਾ ਘਰ ਬਣਾ ਸਵਾਰ ਕੇ ਤੂੰ ਉਸ ਦੇ ਹੇਠ ਅੱਗ ਬਾਲ ਰਿਹਾ ਹੈਂ (ਇਸ ਸਰੀਰ ਵਿਚ ਕਾਮਾਦਿਕ ਵਿਕਾਰਾਂ ਦਾ ਭਾਂਬੜ ਮਚਾ ਕੇ ਆਤਮਕ ਜੀਵਨ ਨੂੰ ਸੁਆਹ ਕਰੀ ਜਾ ਰਿਹਾ ਹੈਂ। ਵਿਕਾਰਾਂ ਵਿਚ ਸੜ ਰਹੇ) ਇਸ ਸਰੀਰ-ਕਿਲ੍ਹੇ ਵਿਚ ਆਕੜ ਕੇ ਹਠੀ ਹੋਇਆ ਬੈਠਾ ਤੂੰ ਮਾਣ ਕਰ ਕਰ ਕੇ ਹਾਸਲ ਤਾਂ ਕੁਝ ਭੀ ਨਹੀਂ ਕਰ ਰਿਹਾ।੨।

ਹੇ ਅੰਨ੍ਹੇ ਅਗਿਆਨੀ! ਕਾਮਾਦਿਕ ਪੰਜੇ ਵੈਰੀ ਤੇਰੇ ਸਿਰ ਉਤੇ ਖਲੋਤੇ ਹੋਏ ਤੈਨੂੰ ਜ਼ਲੀਲ ਕਰ ਰਹੇ ਹਨ, ਪਰ ਤੈਨੂੰ ਉਹ ਦਿੱਸਦੇ ਨਹੀਂ, ਤੂੰ ਵਿਕਾਰਾਂ ਦੇ ਨਸ਼ੇ ਵਿਚ ਮਸਤ ਹੋ ਕੇ ਆਤਮਕ ਜੀਵਨ ਵਲੋਂ ਬੇ-ਫ਼ਿਕਰ ਹੋਇਆ ਪਿਆ ਹੈਂ।੩।

ਹੇ ਭਾਈ! ਜਿਵੇਂ ਕਿਸੇ ਪੰਛੀ ਨੂੰ ਫੜਨ ਲਈ ਜਾਲ ਖਿਲਾਰ ਕੇ ਉਸ ਉਤੇ ਚੋਗ ਖਿਲਾਰੀ ਜਾਂਦੀ ਹੈ, ਤਿਵੇਂ ਤੂੰ (ਦੁਨੀਆ ਦੇ ਪਦਾਰਥਾਂ ਦੇ ਚੋਗ ਵਿਚ) ਫਸ ਰਿਹਾ ਹੈਂ। ਹੇ ਨਾਨਕ! ਆਖ-(ਹੇ ਭਾਈ!) ਮਾਇਆ ਦੇ ਬੰਧਨਾਂ ਨੂੰ ਕੱਟਣ ਵਾਸਤੇ ਮੈਂ ਤਾਂ ਗੁਰੂ ਮਹਾ ਪੁਰਖ ਨੂੰ ਆਪਣੇ ਹਿਰਦੇ ਵਿਚ ਵਸਾ ਰਿਹਾ ਹਾਂ।੪।੨।੮੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਪੰਨਾ 635-636}

ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ {ਪੰਨਾ 615-616}

ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।

ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।

ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ {ਪੰਨਾ 560}

ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(ਹੇ ਭਾਈ! ਗੁਰੂ ਦੇਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ {ਪੰਨਾ 597-598}

ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।

ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।

(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।

ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।

ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ {ਪੰਨਾ 539}

ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਾਮਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ। ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ (ਹਰ ਥਾਂ) ਸੋਭਾ-ਵਡਿਆਈ ਹੁੰਦੀ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ।੧।

ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ {ਪੰਨਾ 540}

ਅਰਥ: ਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਨਾਨਕ (ਉਸ) ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ (ਨਾਨਕ ਨੂੰ) ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ।੨।

ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ {ਪੰਨਾ 540}

ਅਰਥ: ਹੇ ਮੇਰੀ ਸੋਹਣੀ ਜਿੰਦੇ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸਨ ਕਰਦੀਆਂ ਰਹਿੰਦੀਆਂ ਹਨਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਲਿਖਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ (ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਨਾਨਕ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ-ਅਧਾਰ ਬਣਾ ਲੈਂਦੇ ਹਨ੩।

ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ {ਪੰਨਾ 540}

ਅਰਥ: ਹੇ ਮੇਰੀ ਸੋਹਣੀ ਜਿੰਦੇ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਹਵਾ ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਜੰਗਲ, ਘਾਹਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਾਮਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ {ਪੰਨਾ 617}

ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।

ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।

ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ {ਪੰਨਾ 639-640}

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ {ਪੰਨਾ 640}

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ {ਪੰਨਾ 640}

ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।

ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ {ਪੰਨਾ 630}

ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।

ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।

ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਬਿਲਾਵਲੁ ਮਹਲਾ ੫ ॥ ਬਿਨੁ ਹਰਿ ਕਾਮਿ ਨ ਆਵਤ ਹੇ ॥ ਜਾ ਸਿਉ ਰਾਚਿ ਮਾਚਿ ਤੁਮ੍ਹ੍ਹ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥ ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥ ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥ ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥ ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥ ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥ ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥ ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥ {ਪੰਨਾ 821-822}

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ (ਕੋਈ ਹੋਰ ਚੀਜ਼ ਤੇਰੇ ਆਤਮਕ ਜੀਵਨ ਦੇ) ਕੰਮ ਨਹੀਂ ਆ ਸਕਦੀ। ਜਿਸ ਮਨ-ਮੋਹਣੀ ਮਾਇਆ ਨਾਲ ਤੂੰ ਰਚਿਆ ਮਿਚਿਆ ਰਹਿੰਦਾ ਹੈਂ, ਉਹ ਤਾਂ ਤੈਨੂੰ ਠੱਗ ਰਹੀ ਹੈ।੧।ਰਹਾਉ।

ਹੇ ਭਾਈ! ਸੋਨਾ (ਧਨ-ਪਦਾਰਥ) , ਇਸਤ੍ਰੀ ਦੀ ਸੋਹਣੀ ਸੇਜ-ਇਹ ਤਾਂ ਇਕ ਛਿਨ ਵਿਚ ਛੱਡ ਕੇ ਮਨੁੱਖ ਇਥੋਂ ਤੁਰ ਪੈਂਦਾ ਹੈ। ਕਾਮ-ਵਾਸਨਾ ਦੇ ਸੁਆਦਾਂ ਦਾ ਪ੍ਰੇਰਿਆ ਹੋਇਆ ਤੂੰ ਕਾਮ-ਵਾਸਨਾ ਵਿਚ ਫਸਿਆ ਪਿਆ ਹੈਂ, ਅਤੇ ਵਿਸ਼ੇ-ਵਿਕਾਰਾਂ ਦੀ ਠਗ-ਬੂਟੀ ਖਾ ਰਿਹਾ ਹੈਂ (ਜਿਸ ਦੇ ਕਾਰਨ ਤੂੰ ਆਤਮਕ ਜੀਵਨ ਵਲੋਂ ਬੇ-ਹੋਸ਼ ਪਿਆ ਹੈਂ) ।੧।

ਹੇ ਭਾਈ! ਤੀਲਿਆਂ ਦਾ ਘਰ ਬਣਾ ਸਵਾਰ ਕੇ ਤੂੰ ਉਸ ਦੇ ਹੇਠ ਅੱਗ ਬਾਲ ਰਿਹਾ ਹੈਂ (ਇਸ ਸਰੀਰ ਵਿਚ ਕਾਮਾਦਿਕ ਵਿਕਾਰਾਂ ਦਾ ਭਾਂਬੜ ਮਚਾ ਕੇ ਆਤਮਕ ਜੀਵਨ ਨੂੰ ਸੁਆਹ ਕਰੀ ਜਾ ਰਿਹਾ ਹੈਂ। ਵਿਕਾਰਾਂ ਵਿਚ ਸੜ ਰਹੇ) ਇਸ ਸਰੀਰ-ਕਿਲ੍ਹੇ ਵਿਚ ਆਕੜ ਕੇ ਹਠੀ ਹੋਇਆ ਬੈਠਾ ਤੂੰ ਮਾਣ ਕਰ ਕਰ ਕੇ ਹਾਸਲ ਤਾਂ ਕੁਝ ਭੀ ਨਹੀਂ ਕਰ ਰਿਹਾ।੨।

ਹੇ ਅੰਨ੍ਹੇ ਅਗਿਆਨੀ! ਕਾਮਾਦਿਕ ਪੰਜੇ ਵੈਰੀ ਤੇਰੇ ਸਿਰ ਉਤੇ ਖਲੋਤੇ ਹੋਏ ਤੈਨੂੰ ਜ਼ਲੀਲ ਕਰ ਰਹੇ ਹਨ, ਪਰ ਤੈਨੂੰ ਉਹ ਦਿੱਸਦੇ ਨਹੀਂ, ਤੂੰ ਵਿਕਾਰਾਂ ਦੇ ਨਸ਼ੇ ਵਿਚ ਮਸਤ ਹੋ ਕੇ ਆਤਮਕ ਜੀਵਨ ਵਲੋਂ ਬੇ-ਫ਼ਿਕਰ ਹੋਇਆ ਪਿਆ ਹੈਂ।੩।

ਹੇ ਭਾਈ! ਜਿਵੇਂ ਕਿਸੇ ਪੰਛੀ ਨੂੰ ਫੜਨ ਲਈ ਜਾਲ ਖਿਲਾਰ ਕੇ ਉਸ ਉਤੇ ਚੋਗ ਖਿਲਾਰੀ ਜਾਂਦੀ ਹੈ, ਤਿਵੇਂ ਤੂੰ (ਦੁਨੀਆ ਦੇ ਪਦਾਰਥਾਂ ਦੇ ਚੋਗ ਵਿਚ) ਫਸ ਰਿਹਾ ਹੈਂ। ਹੇ ਨਾਨਕ! ਆਖ-(ਹੇ ਭਾਈ!) ਮਾਇਆ ਦੇ ਬੰਧਨਾਂ ਨੂੰ ਕੱਟਣ ਵਾਸਤੇ ਮੈਂ ਤਾਂ ਗੁਰੂ ਮਹਾ ਪੁਰਖ ਨੂੰ ਆਪਣੇ ਹਿਰਦੇ ਵਿਚ ਵਸਾ ਰਿਹਾ ਹਾਂ।੪।੨।੮੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸਲੋਕ ਮਃ ੧ ॥ ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥ {ਪੰਨਾ 789}

ਅਰਥ: ਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ। ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ) , ਵਪਾਰ ਹੋਣ ਲੱਗ ਪਿਆ। ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ।

(ਹਰੇਕ ਜੀਵ-ਵਪਾਰੀ ਦੀ ਕਰਣੀ-ਰੂਪ ਸਉਦੇ ਤੇ) ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ) , ਹੇ ਨਾਨਕ! ਸ਼ਾਹ-ਪ੍ਰਭੂ ਦੇ ਹੱਟ ਤੇ) 'ਨਾਮਨਫ਼ਾ ਹੀ ਕਬੂਲ ਹੁੰਦਾ ਹੈ। ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ ਤੇ ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ।੧।

ਮਃ ੧ ॥ ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥ {ਪੰਨਾ 789}

ਅਰਥ: ਰਾਤਾਂ ਕਾਲੀਆਂ ਹੁੰਦੀਆਂ ਹਨ (ਪਰ) ਚਿੱਟੀਆਂ ਚੀਜ਼ਾਂ ਦੇ ਉਹੀ ਚਿੱਟੇ ਰੰਗ ਹੀ ਰਹਿੰਦੇ ਹਨ (ਰਾਤ ਦੀ ਕਾਲਖ ਦਾ ਅਸਰ ਉਹਨਾਂ ਤੇ ਨਹੀਂ ਪੈਂਦਾ) , ਦਿਨ ਚਿੱਟਾ ਹੁੰਦਾ ਹੈ, ਚੰਗਾ ਤਕੜਾ ਚਮਕਦਾ ਹੈਪਰ ਕਾਲੇ ਪਦਾਰਥਾਂ ਦੇ ਰੰਗ ਕਾਲੇ ਹੀ ਰਹਿੰਦੇ ਹਨ (ਦਿਨ ਦੀ ਰੌਸ਼ਨੀ ਦਾ ਅਸਰ ਇਹਨਾਂ ਕਾਲੀਆਂ ਚੀਜ਼ਾਂ ਤੇ ਨਹੀਂ ਪੈਂਦਾ। (ਏਸੇ ਤਰ੍ਹਾਂ) ਜੋ ਮਨੁੱਖ ਅੰਨ੍ਹੇ ਮੂਰਖ ਅਕਲ-ਹੀਣ ਹਨ ਉਹਨਾਂ ਦੀ ਅੰਨ੍ਹੀ ਹੀ ਮਤਿ ਰਹਿੰਦੀ ਹੈਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਹੀਂ ਹੋਈ ਉਹਨਾਂ ਨੂੰ ਕਦੇ ('ਨਾਮਦੀ ਪ੍ਰਾਪਤੀ ਦਾ) ਮਾਣ ਨਹੀਂ ਮਿਲਦਾ।੨।

ਪਉੜੀ ॥ ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥ {ਪੰਨਾ 789}

ਅਰਥ: ਇਹ ਮਨੁੱਖਾ-ਸਰੀਰ (ਮਾਨੋ,) ਕਿਲ੍ਹਾ ਹੈ ਜੋ ਸੱਚੇ ਪ੍ਰਭੂ ਨੇ ਆਪ ਬਣਾਇਆ ਹੈ, (ਪਰ ਇਸ ਕਿਲ੍ਹੇ ਵਿਚ ਰਹਿੰਦੇ ਹੋਏ ਭੀ) ਕਈ ਜੀਵ ਮਾਇਆ ਦੇ ਮੋਹ ਵਿਚ ਪਾ ਕੇ ਉਸ ਨੇ ਆਪ ਹੀ ਕੁਰਾਹੇ ਪਾ ਦਿੱਤੇ ਹਨਉਹ (ਵਿਚਾਰੇ) ਹਉਮੈ ਵਿਚ ਫਸੇ ਪਏ ਹਨ।

ਇਹ ਮਨੁੱਖਾ ਸਰੀਰ ਬੜੀ ਮੁਸ਼ਕਲ ਨਾਲ ਲੱਭਾ ਸੀਪਰ ਮਨ ਦੇ ਪਿੱਛੇ ਤੁਰ ਕੇ ਜੀਵ ਦੁਖੀ ਹੋ ਰਹੇ ਹਨ; (ਇਹ ਸਰੀਰ ਪ੍ਰਾਪਤ ਕਰ ਕੇ ਕੀਹ ਕਰਨਾ ਸੀ) ਇਹ ਸਮਝ ਉਸ ਨੂੰ ਆਉਂਦੀ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ੇ ਤੇ ਸਤਿਗੁਰੂ ਥਾਪਣਾ ਦੇਵੇ।

(ਪਰ ਕਿਸੇ ਨੂੰ ਨਿੰਦਿਆ ਭੀ ਨਹੀਂ ਜਾ ਸਕਦਾਇਹ ਸਾਰਾ ਜਗਤ ਉਸ ਪ੍ਰਭੂ ਨੇ ਇਕ ਖੇਡ ਬਣਾਈ ਹੈ ਤੇ ਇਸ ਵਿਚ ਹਰ ਥਾਂ ਆਪ ਹੀ ਮੌਜੂਦ ਹੈ।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੋਰਠਿ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥ {ਪੰਨਾ 625}

ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਨੂੰ ਆਪਣੀ ਸੋਚ-ਮੰਡਲ ਵਿਚ ਟਿਕਾ ਕੇ ਆਤਮਕ ਜੀਵਨ ਦੇ ਸਾਰੇ ਗੁਣ (ਵਿਕਾਰਾਂ ਦੇ ਢਹੇ ਚੜ੍ਹਨ ਤੋਂ) ਠੀਕ-ਠਾਕ ਬਚਾ ਲਏ, ਪ੍ਰਭੂ ਨੇ (ਉਸ ਦੇ ਹਿਰਦੇ ਵਿਚ) ਸਾਰੇ ਆਤਮਕ ਸੁਖ ਆਨੰਦ ਪੈਦਾ ਕਰ ਦਿੱਤੇ।ਰਹਾਉ।

ਹੇ ਭਾਈ! ਜੇਹੜੇ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ ਨਾਮ-ਅੰਮ੍ਰਿਤ ਨਾਲ) ਇਸ਼ਨਾਨ ਕਰਦੇ ਹਨ, ਉਹਨਾਂ ਦੇ (ਪਿਛਲੇ) ਕੀਤੇ ਹੋਏ ਸਾਰੇ ਪਾਪ ਲਹਿ ਜਾਂਦੇ ਹਨ। (ਹਰਿ-ਨਾਮ-ਜਲ ਨਾਲ) ਇਸ਼ਨਾਨ ਕਰ ਕੇ ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਪਰ ਇਹ ਬਖ਼ਸ਼ਸ਼ ਪੂਰੇ ਗੁਰੂ ਨੇ ਹੀ ਕੀਤੀ ਹੁੰਦੀ ਹੈ।੧।

ਹੇ ਭਾਈ! ਸਾਧ ਸੰਗਤਿ ਵਿਚ (ਟਿਕਿਆਂ) ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ, (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਮਦਦਗਾਰ ਬਣ ਜਾਂਦਾ ਹੈ। ਹੇ ਨਾਨਕ! (ਜਿਸ ਮਨੁੱਖ ਨੇ ਰਾਮਦਾਸ-ਸਰੋਵਰ ਵਿਚ ਆ ਕੇਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ ਉਸ ਪ੍ਰਭੂ ਨੂੰ ਲੱਭ ਲਿਆ ਜੋ ਸਭ ਦਾ ਮੁੱਢ ਹੈ ਅਤੇ ਜੋ ਸਰਬ-ਵਿਆਪਕ ਹੈ।੨।੧।੬੫।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts