Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 25 October 2020

☬|| ਅੱਜ ਦਾ ਫੁਰਮਾਨ ||☬ || 25-10-2020|| ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੫ ॥ ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥ ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥ ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥ ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥ ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥ ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥ {ਪੰਨਾ 677}

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ (ਗੁਰੂ ਪਰਮੇਸਰ ਵਾਸਤੇ) ਅਟੱਲ ਸਰਧਾ (ਬਣ ਜਾਂਦੀ) ਹੈ, ਮਾਲਕ-ਪ੍ਰਭੂ ਦੀ ਸੋਭਾ-ਵਡਿਆਈ ਵੇਖ ਵੇਖ ਕੇ ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਖ਼ੁਸ਼ੀ ਬਣੀ ਰਹਿੰਦੀ ਹੈ।ਰਹਾਉ।

ਹੇ ਭਾਈ! ਉਹਨਾਂ ਮਨੁੱਖਾਂ ਨੂੰ ਗੁਰੂ ਨੇ (ਆਪਣੇ) ਗਲ ਨਾਲ ਲਾ ਕੇ (ਸੰਸਾਰ-ਸਮੁੰਦਰ ਤੋਂ) ਬਚਾ ਲਿਆ, ਉਹਨਾਂ ਨੇ ਆਪਣੀਆਂ ਸਾਰੀਆਂ ਮੁਰਾਦਾਂ ਪਰਮਾਤਮਾ ਤੋਂ ਹਾਸਲ ਕਰ ਲਈਆਂ। ਗੁਰੂ ਪਰਮੇਸਰ ਨੇ ਉਹਨਾਂ ਨੂੰ ਸੰਸਾਰ-ਸਮੁੰਦਰ (ਦੇ ਵਿਕਾਰਾਂ ਦੀ ਅੱਗ) ਵਿਚ ਸੜਨ ਨਾਹ ਦਿੱਤਾ।(ਉਹਨਾਂ ਵਿਚੋਂ) ਕਿਸੇ ਨੇ ਭੀ ਇਹ ਨਾਹ ਆਖਿਆ ਕਿ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਔਖਾ ਹੈ।੧।

ਹੇ ਭਾਈ! ਉਹਨਾਂ ਮਨੁੱਖਾਂ ਨੇ ਸਰਬ-ਵਿਆਪਕ ਪਰਮਾਤਮਾ ਦੇ ਚਰਨਾਂ ਦੀ ਸਰਨ ਵਿਚ ਰਹਿ ਕੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪਰਮਾਤਮਾ ਨੂੰ ਪਰਤੱਖ (ਹਰ ਥਾਂ) ਵੇਖ ਲਿਆ ਹੈ। ਹੇ ਨਾਨਕ! (ਉਹਨਾਂ ਦੇ ਦਿਲ ਦੀ) ਜਾਣ ਕੇ ਸਮਝ ਕੇ ਪਰਮਾਤਮਾ ਨੇ ਉਹਨਾਂ ਨੂੰ ਆਪਣਾ ਬਣਾ ਲਿਆ, (ਤੇ, ਇਸ ਤਰ੍ਹਾਂ ਆਪਣੇ ਉਹਨਾਂ) ਭਗਤਾਂ ਦੇ ਅੰਦਰ ਭਗਤੀ ਦਾ ਫੁਟਦਾ ਕੋਮਲ ਅੰਗੂਰ (ਵਿਕਾਰਾਂ ਦੀ ਅੱਗ ਵਿਚ ਸੜਨ ਤੋਂ) ਪਰਮਾਤਮਾ ਨੇ ਬਚਾ ਲਿਆ।੨।੨।੨੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ {ਪੰਨਾ 837-838}

ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ।

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧।

ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨।

ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ {ਪੰਨਾ 838}

ਅਰਥ: ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ) ੩।

ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪।

ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।

ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ {ਪੰਨਾ 838}

ਅਰਥ: ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬।

ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ {ਪੰਨਾ 838}

ਅਰਥ: ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭।

ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮।

ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥ {ਪੰਨਾ 838}

ਅਰਥ: ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦਾ ਹੈ, ਜਿਵੇਂ ਪਪੀਹਾ (ਹਰ ਵੇਲੇ) ਮੀਂਹ ਮੰਗਦਾ ਹੈ, ਤਿਵੇਂਹੇ ਨਾਨਕ! ਪਰਮਾਤਮਾ ਦੇ) ਸੇਵਕ ਦਾ (ਸੁਖੀ) ਜੀਵ ਸਾਧ ਸੰਗਤਿ ਵਿਚ (ਹੀ ਹੁੰਦਾ) ਹੈ, ਸੇਵਕ ਪਿਆਰ ਨਾਲ ਪਰਮਾਤਮਾ (ਦੇ ਨਾਮ) ਨੂੰ ਜਪਦਾ ਹੈ, (ਆਪਣੀ) ਜੀਭ ਨਾਲ (ਪਰਮਾਤਮਾ ਦਾ) ਨਾਮ ਉਚਾਰਦਾ ਰਹਿੰਦਾ ਹੈ ਅਤੇ (ਪਰਮਾਤਮਾ ਦੇ) ਦਰਸਨ ਦੀ ਦਾਤਿ (ਮੰਗਦਾ ਰਹਿੰਦਾ ਹੈ੯।

ਜਿਹੜਾ ਮਨੁੱਖ (ਪਰਮਾਤਮਾ ਦੇ) ਗੁਣ ਗਾ ਕੇ, ਸੁਣ ਕੇ, ਲਿਖ ਕੇ (ਇਹ ਦਾਤਿ ਹੋਰਨਾਂ ਨੂੰ ਭੀ) ਦੇਂਦਾ ਹੈ, ਉਹ ਮਨੁੱਖ ਸਾਰੇ ਫਲ ਦੇਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ (ਆਪਣੀਆਂ) ਸਾਰੀਆਂ ਕੁਲਾਂ ਦਾ (ਹੀ) ਪਾਰ-ਉਤਾਰਾ ਕਰਾ ਲੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।

ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, (ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ) ਪਰਮਾਤਮਾ ਦੇ ਚਰਨ ਉਹਨਾਂ ਵਾਸਤੇ ਜਹਾਜ਼ (ਦਾ ਕੰਮ ਦੇਂਦੇ) ਹਨ। ਮੁਰਾਰੀ ਪ੍ਰਭੂ ਉਹਨਾਂ ਦੀ ਲਾਜ ਰੱਖਦਾ ਹੈ, ਉਹ ਹਰੀ ਦੀ ਸਰਨ ਪਏ ਰਹਿੰਦੇ ਹਨ, ਉਹ ਹਰੀ ਦੇ ਦਰ ਤੇ ਟਿਕੇ ਰਹਿੰਦੇ ਹਨ।੧੦।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ 697}

ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।

ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ {ਪੰਨਾ 769-770}

ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ। ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ। ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।

ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ {ਪੰਨਾ 770}

ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।੨।

ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ {ਪੰਨਾ 770}

ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੩।

ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥ {ਪੰਨਾ 770}

ਅਰਥ: ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ।

ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ।੪।੩।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ {ਪੰਨਾ 666}

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ {ਪੰਨਾ 845}

ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।

(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।

ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇਲੜ ਨਾਲ ਲਾਈ ਰੱਖ।੧।

ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ {ਪੰਨਾ 845}

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।

ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।

ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼੨।

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ {ਪੰਨਾ 846}

ਅਰਥ: (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ। (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।

ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ। (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।

ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩।

ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ {ਪੰਨਾ 846}

ਅਰਥ: (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ।

ਨਾਨਕ ਬੇਨਤੀ ਕਰਦਾ ਹੈ-(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656}

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ {ਪੰਨਾ 653}

ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ {ਪੰਨਾ 653}

ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।

ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ {ਪੰਨਾ 653}

ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।

ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ {ਪੰਨਾ 653}

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।

ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ {ਪੰਨਾ 653-654}

ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।

ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ {ਪੰਨਾ 654}

ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।

ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ    {ਪੰਨਾ 654}

ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥ {ਪੰਨਾ 525-526}

ਅਰਥ: ਜੇ (ਕਿਸੇ ਮਨੁੱਖ ਨੇ) ਅੰਦਰਲਾ ਮਲੀਨ (ਮਨ) ਸਾਫ਼ ਨਹੀਂ ਕੀਤਾ, ਪਰ ਬਾਹਰ (ਸਰੀਰ ਉਤੇ) ਸਾਧੂਆਂ ਵਾਲਾ ਬਾਣਾ ਪਾਇਆ ਹੋਇਆ ਹੈ, ਜੇ ਉਸ ਨੇ ਆਪਣੇ ਹਿਰਦੇ-ਰੂਪ ਕਉਲ ਨੂੰ ਨਹੀਂ ਪਰਖਿਆ, ਜੇ ਉਸ ਨੇ ਆਪਣੇ ਅੰਦਰ ਪਰਮਾਤਮਾ ਨਹੀਂ ਵੇਖਿਆ, ਤਾਂ ਸੰਨਿਆਸ ਧਾਰਨ ਕਰਨ ਦਾ ਕੋਈ ਲਾਭ ਨਹੀਂ।੧।

ਹੇ ਜੈ ਚੰਦ! ਸਾਰੀ ਲੋਕਾਈ (ਇਸੇ ਭੁਲੇਖੇ ਵਿਚ) ਭੁੱਲੀ ਪਈ ਹੈ (ਕਿ ਨਿਰਾ ਫ਼ਕੀਰੀ ਭੇਖ ਧਾਰਿਆਂ ਪਰਮਾਤਮਾ ਮਿਲ ਪੈਂਦਾ ਹੈਪਰ ਇਹ ਗ਼ਲਤ ਹੈ, ਇਸ ਤਰ੍ਹਾਂ) ਪਰਮਾਨੰਦ ਪ੍ਰਭੂ ਦੀ ਸੋਝੀ ਕਦੇ ਭੀ ਨਹੀਂ ਪੈਂਦੀ।੧।ਰਹਾਉ।

(ਜਿਸ ਮਨੁੱਖ ਨੇ) ਘਰ ਘਰ ਤੋਂ (ਮੰਗ ਕੇ ਟੁੱਕਰ) ਖਾ ਲਿਆ, (ਆਪਣੇ) ਸਰੀਰ ਨੂੰ ਚੰਗਾ ਪਾਲ ਲਿਆ, ਗੋਦੜੀ ਪਹਿਨ ਲਈ, ਮੁੰਦ੍ਰਾਂ ਭੀ ਪਾ ਲਈਆਂ, (ਪਰ ਸਭ ਕੁਝ) ਮਾਇਆ ਦੀ ਖ਼ਾਤਰ ਹੀ (ਕੀਤਾ) , ਮਸਾਣਾਂ ਦੀ ਧਰਤੀ ਦੀ ਸੁਆਹ ਭੀ (ਪਿੰਡੇ) ਮਲ ਲਈ, ਪਰ ਜੇ ਉਹ ਗੁਰੂ ਦੇ ਰਾਹ ਤੇ ਨਹੀਂ ਤੁਰਿਆ ਤਾਂ ਇਸ ਤਰ੍ਹਾਂ ਤੱਤ ਦੀ ਪ੍ਰਾਪਤੀ ਨਹੀਂ ਹੁੰਦੀ।੨।

(ਹੇ ਭਾਈ!) ਕਿਉਂ (ਗਿਣੇ ਮਿਥੇ) ਜਪ ਕਰਦੇ ਹੋਕਿਉਂ ਤਪ ਸਾਧਦੇ ਹੋਕਾਹਦੇ ਲਈ ਪਾਣੀ ਰਿੜਕਦੇ ਹੋ? (ਹਠ ਨਾਲ ਕੀਤੇ ਹੋਏ ਇਹ ਸਾਧਨ ਤਾਂ ਪਾਣੀ ਰਿੜਕਣ ਸਮਾਨ ਹਨ) ; ਉਸ ਵਾਸ਼ਨਾ-ਰਹਿਤ ਪ੍ਰਭੂ ਨੂੰ (ਹਰ ਵੇਲੇ) ਯਾਦ ਕਰੋ, ਜਿਸ ਨੇ ਚੌਰਾਸੀ ਲੱਖ (ਜੋਨਿ ਵਾਲੀ ਸ੍ਰਿਸ਼ਟੀ) ਪੈਦਾ ਕੀਤੀ ਹੈ।੩।

ਹੇ ਕਾਪੜੀਏ! ਹੱਥ ਵਿਚਖੱਪਰ ਫੜਨ ਦਾ ਕੋਈ ਲਾਭ ਨਹੀਂ। ਅਠਾਹਠ ਤੀਰਥਾਂ ਤੇ ਭਟਕਣ ਦਾ ਭੀ ਕੋਈ ਲਾਭ ਨਹੀਂ। ਤ੍ਰਿਲੋਚਨ ਆਖਦਾ ਹੈ-ਹੇ ਬੰਦੇ! ਸੁਣਜੇ (ਭਰੀਆਂ ਵਿਚਅੰਨ ਦੇ ਦਾਣੇ ਨਹੀਂ, ਤਾਂ ਗਾਹ ਪਾਣ ਦਾ ਕੋਈ ਲਾਭ ਨਹੀਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰੂਦਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਆਸਾ ਮਹਲਾ ੫ ॥ ਸਲੋਕੁ ॥ ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥ ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥ ਛੰਤ ॥ ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥ ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥ ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥ {ਪੰਨਾ 455}

ਅਰਥ: (ਸਾਰੀ ਲੁਕਾਈ ਪਰਮਾਤਮਾ ਦੀ ਪ੍ਰਾਪਤੀ ਵਾਸਤੇ) ਹਰੇਕ ਜੰਗਲ ਖੋਜਦੀ ਫਿਰੀ, (ਜੰਗਲਾਂ ਵਿਚ) ਭਾਲ ਕਰ ਕਰ ਥੱਕ ਗਈ (ਪਰ ਪਰਮਾਤਮਾ ਨਾਹ ਲੱਭਾ) । ਹੇ ਨਾਨਕ! (ਜਿਸ ਵਡ-ਭਾਗੀ ਨੂੰ) ਜਦੋਂ ਗੁਰੂ ਮਿਲ ਪਿਆ, ਉਸ ਨੇ ਆਪਣੇ ਮਨ ਵਿਚ (ਪਰਮਾਤਮਾ ਨੂੰ) ਲੱਭ ਲਿਆ।1।

ਛੰਤ। (ਹੇ ਭਾਈ!) ਜਿਸ ਪਰਮਾਤਮਾ ਨੂੰ ਬੇਅੰਤ ਸਮਾਧੀ-ਇਸਥਿਤ ਰਿਸ਼ੀ ਅਤੇ ਅਨੇਕਾਂ ਧੂਣੀਆਂ ਤਪਾਣ ਵਾਲੇ ਸਾਧੂ ਲੱਭਦੇ ਹਨ, ਕ੍ਰੋੜਾਂ ਹੀ ਬ੍ਰਹਮਾ ਅਤੇ ਧਰਮ-ਪੁਸਤਕਾਂ ਦੇ ਵਿਦਵਾਨ ਜਿਸ ਦਾ ਜਾਪ ਜਪ ਕੇ ਆਰਾਧਨ ਕਰਦੇ ਹਨ। (ਹੇ ਭਾਈ!) ਜਿਸ ਨਿਰਲੇਪ ਪ੍ਰਭੂ ਨੂੰ ਮਿਲਣ ਵਾਸਤੇ ਲੋਕ ਕਈ ਕਿਸਮ ਦੇ ਜਪ ਤਪ ਕਰਦੇ ਹਨ, ਇੰਦ੍ਰਿਆਂ ਨੂੰ ਵੱਸ ਕਰਨ ਦੇ ਜਤਨ ਕਰਦੇ ਹਨ, ਅਨੇਕਾਂ (ਮਿਥੀਆਂ) ਧਾਰਮਿਕ ਰਸਮਾਂ ਤੇ ਪੂਜਾ ਕਰਦੇ ਹਨ, ਆਪਣੇ ਸਰੀਰ ਨੂੰ ਪਵਿਤ੍ਰ ਕਰਨ ਦੇ ਸਾਧਨ ਅਤੇ (ਡੰਡਉਤ) ਬੰਦਨਾ ਕਰਦੇ ਹਨ, (ਤਿਆਗੀ ਬਣ ਕੇ) ਸਾਰੀ ਧਰਤੀ ਦਾ ਚੱਕਰ ਲਾਂਦੇ ਹਨ (ਸਾਰੇ) ਤੀਰਥਾਂ ਦੇ ਇਸ਼ਨਾਨ ਕਰਦੇ ਹਨ (ਉਹ ਪਰਮਾਤਮਾ ਗੁਰੂ ਦੀ ਕਿਰਪਾ ਨਾਲ ਸਾਧ ਸੰਗਤਿ ਵਿਚ ਮਿਲ ਪੈਂਦਾ ਹੈ) ।

ਹੇ ਦਇਆ ਦੇ ਸੋਮੇ ਗੋਬਿੰਦ! ਹੇ ਮੇਰੇ ਪਿਆਰੇ ਪ੍ਰਭੂ! ਮਨੁੱਖ, ਜੰਗਲ, ਬਨਸਪਤੀ, ਪਸ਼ੂ, ਪੰਛੀ = ਇਹ ਸਾਰੇ ਹੀ ਤੇਰਾ ਆਰਾਧਨ ਕਰਦੇ ਹਨ। (ਮੈਂ ਨਾਨਕ ਉਤੇ ਦਇਆ ਕਰ, ਮੈਨੂੰ) ਨਾਨਕ ਨੂੰ ਗੁਰੂ ਦੀ ਸੰਗਤਿ ਵਿਚ ਮਿਲਾ, ਤਾ ਕਿ ਮੈਨੂੰ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਏ।1।

ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥ ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥ ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥ {ਪੰਨਾ 455}

ਅਰਥ: ਹੇ ਦਇਆਲ ਹਰੀ! ਵਿਸ਼ਨੂੰ ਦੇ ਕ੍ਰੋੜਾਂ ਅਵਤਾਰ ਅਤੇ ਕ੍ਰੋੜਾਂ ਜਟਾਧਾਰੀ ਸ਼ਿਵ ਤੈਨੂੰ (ਮਿਲਣਾ) ਲੋਚਦੇ ਹਨ, ਉਹਨਾਂ ਦੇ ਮਨ ਵਿਚ ਉਹਨਾਂ ਦੇ ਹਿਰਦੇ ਵਿਚ (ਤੇਰੇ ਮਿਲਣ ਦੀ) ਤਾਂਘ ਰਹਿੰਦੀ ਹੈ।

ਹੇ ਬੇਅੰਤ ਪ੍ਰਭੂ! ਹੇ ਅਪਹੁੰਚ ਪ੍ਰਭੂ! ਹੇ ਗੋਬਿੰਦ! ਹੇ ਠਾਕੁਰ! ਹੇ ਸਭ ਦੀ ਕਾਮਨਾ ਪੂਰੀ ਕਰਨ ਵਾਲੇ ਪ੍ਰਭੂ! ਹੇ ਸਭ ਦੇ ਮਾਲਕ! ਦੇਵਤੇ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਸ਼ਿਵ ਦੇ ਗਣ, ਦੇਵਤਿਆਂ ਦੇ ਰਾਗੀ, ਜੱਖ, ਕਿੰਨਰ (ਆਦਿਕ ਸਾਰੇ) ਤੇਰਾ ਸਿਮਰਨ ਕਰਦੇ ਹਨ, ਤੇ ਗੁਣ ਉਚਾਰਦੇ ਹਨ।

ਹੇ ਭਾਈ! ਕ੍ਰੋੜਾਂ ਇੰਦਰ, ਅਨੇਕਾਂ ਦੇਵਤੇ, ਮਾਲਕ-ਪ੍ਰਭੂ ਦੀ ਜੈਕਾਰ ਜਪਦੇ ਰਹਿੰਦੇ ਹਨ।

ਹੇ ਨਾਨਕ! ਉਸ ਨਿਖਸਮਿਆਂ ਦੇ ਖਸਮ ਪ੍ਰਭੂ ਨੂੰ, ਦਇਆ ਦੇ ਸੋਮੇ ਪ੍ਰਭੂ ਨੂੰ ਸਾਧ ਸੰਗਤਿ ਦੀ ਰਾਹੀਂ (ਹੀ) ਮਿਲ ਕੇ (ਸੰਸਾਰ-ਸਮੁੰਦਰ ਤੋਂ) ਬੇੜਾ ਪਾਰ ਹੁੰਦਾ ਹੈ।2।

ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥ ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥ ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥ ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥ ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥ {ਪੰਨਾ 456}

ਅਰਥ: (ਹੇ ਭਾਈ!) ਕ੍ਰੋੜਾਂ ਦੇਵੀਆਂ ਜਿਸ ਪਰਮਾਤਮਾ ਦੀ ਸੇਵਾ-ਭਗਤੀ ਕਰਦੀਆਂ ਹਨ, ਧਨ ਦੀ ਦੇਵੀ ਲਛਮੀ ਅਨੇਕਾਂ ਤਰੀਕਿਆਂ ਨਾਲ ਜਿਸ ਦੀ ਸੇਵਾ ਕਰਦੀ ਹੈ, ਦਿੱਸਦੇ ਅਣਦਿੱਸਦੇ ਸਾਰੇ ਜੀਵ-ਜੰਤੂ ਜਿਸ ਪਰਮਾਤਮਾ ਦਾ ਆਰਾਧਨ ਕਰਦੇ ਹਨ, ਹਵਾ ਪਾਣੀ ਦਿਨ ਰਾਤ ਜਿਸ ਨੂੰ ਧਿਆਉਂਦੇ ਹਨ; (ਬੇਅੰਤ) ਤਾਰੇ ਚੰਦਰਮਾ ਅਤੇ ਸੂਰਜ ਜਿਸ ਪਰਮਾਤਮਾ ਦਾ ਧਿਆਨ ਧਰਦੇ ਹਨ, ਧਰਤੀ ਜਿਸ ਦੀ ਸਿਫ਼ਤਿ-ਸਾਲਾਹ ਕਰਦੀ ਹੈ, ਸਾਰੀਆਂ ਖਾਣੀਆਂ ਤੇ ਸਾਰੀਆਂ ਬੋਲੀਆਂ (ਦਾ ਹਰੇਕ ਜੀਵ) ਜਿਸ ਪਰਮਾਤਮਾ ਦਾ ਸਦਾ ਹੀ ਧਿਆਨ ਧਰ ਰਿਹਾ ਹੈ, ਸਤਾਈ ਸਿਮ੍ਰਿਤੀਆਂ, ਅਠਾਰਾਂ ਪੁਰਾਣ, ਚਾਰ ਵੇਦ, ਛੇ ਸ਼ਾਸਤ੍ਰ ਜਿਸ ਪਰਮਾਤਮਾ ਨੂੰ ਜਪਦੇ ਰਹਿੰਦੇ ਹਨ, ਉਸ ਪਤਿਤ-ਪਾਵਨ ਪ੍ਰਭੂ ਨੂੰ ਉਸ ਭਗਤਿ-ਵਛਲ ਹਰੀ ਨੂੰ, ਹੇ ਨਾਨਕ! ਸਦਾ ਕਾਇਮ ਰਹਿਣ ਵਾਲੀ ਸਾਧ ਸੰਗਤਿ ਦੀ ਰਾਹੀਂ ਹੀ ਮਿਲ ਸਕੀਦਾ ਹੈ।3।

ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥ ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥ ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥ ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥ ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥ ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥ {ਪੰਨਾ 456}

ਅਰਥ: ਹੇ ਭਾਈ! ਜਿਤਨੀ ਸ੍ਰਿਸ਼ਟੀ ਦੀ ਸੂਝ ਪ੍ਰਭੂ ਨੇ ਮੈਨੂੰ ਦਿੱਤੀ ਹੈ ਉਤਨੀ ਮੇਰੀ ਜੀਭ ਨੇ ਬਿਆਨ ਕਰ ਦਿੱਤੀ ਹੈ (ਕਿ ਇਤਨੀ ਸ੍ਰਿਸ਼ਟੀ ਪਰਮਾਤਮਾ ਦੀ ਸੇਵਾ-ਭਗਤੀ ਕਰ ਰਹੀ ਹੈ) । ਪਰ ਹੋਰ ਜਿਤਨੀ ਲੁਕਾਈ ਦਾ ਮੈਨੂੰ ਪਤਾ ਨਹੀਂ ਜੇਹੜੀ ਉਹ ਲੁਕਾਈ ਪ੍ਰਭੂ ਦੀ ਸੇਵਾ-ਭਗਤੀ ਕਰਦੀ ਹੈ ਉਹ ਮੈਥੋਂ ਗਿਣੀ ਨਹੀਂ ਜਾ ਸਕਦੀ। ਉਹ ਪਰਮਾਤਮਾ ਅਦ੍ਰਿਸ਼ਟ ਹੈ, ਉਸ ਦੇ ਗੁਣ ਗਿਣੇ ਨਹੀਂ ਜਾ ਸਕਦੇ, ਉਹ (ਮਾਨੋ) ਬੇਅੰਤ ਡੂੰਘਾ ਸਮੁੰਦਰ ਹੈ, ਉਹ ਸਭ ਦਾ ਮਾਲਕ ਹੈ, ਸਭ ਜੀਵਾਂ ਦੇ ਅੰਦਰ ਭੀ ਹੈ ਤੇ ਸਭ ਤੋਂ ਵੱਖਰਾ ਭੀ ਹੈ, ਸਾਰੇ ਜੀਵ-ਜੰਤ ਉਸ (ਦੇ ਦਰ) ਦੇ ਮੰਗਤੇ ਹਨ, ਉਹ ਇਕ ਸਭ ਨੂੰ ਦਾਤਾਂ ਦੇਣ ਵਾਲਾ ਹੈ, ਉਹ ਕਿਸੇ ਵੀ ਜੀਵ ਤੋਂ ਦੂਰ ਨਹੀਂ ਹੈ ਉਹ ਸਭ ਦੇ ਨਾਲ ਵੱਸਦਾ ਹੈ ਤੇ ਪਰਤੱਖ ਹੈ।

ਹੇ ਭਾਈ! ਉਹ ਪਰਮਾਤਮਾ ਆਪਣੇ ਭਗਤਾਂ ਦੇ ਵੱਸ ਵਿੱਚ ਹੈ, ਜੇਹੜੇ ਜੀਵ ਉਸ ਨੂੰ ਮਿਲ ਪੈਂਦੇ ਹਨ ਉਹਨਾਂ ਦੀ ਵਡਿਆਈ ਮੈਂ ਕਿਤਨੀ ਕੁ ਬਿਆਨ ਕਰਾਂ? (ਬਿਆਨ ਨਹੀਂ ਕੀਤੀ ਜਾ ਸਕਦੀ) । (ਜੇ ਉਸ ਦੀ ਮੇਹਰ ਹੋਵੇ ਤਾਂ) ਨਾਨਕ (ਉਸ ਦੇ ਭਗਤ-ਜਨਾਂ ਦੇ) ਚਰਨਾਂ ਉੱਤੇ ਆਪਣਾ ਸਿਰ ਰੱਖੀ ਰੱਖੇ।4।2।5।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥ {ਪੰਨਾ 525-526}

ਅਰਥ: ਜੇ (ਕਿਸੇ ਮਨੁੱਖ ਨੇ) ਅੰਦਰਲਾ ਮਲੀਨ (ਮਨ) ਸਾਫ਼ ਨਹੀਂ ਕੀਤਾ, ਪਰ ਬਾਹਰ (ਸਰੀਰ ਉਤੇ) ਸਾਧੂਆਂ ਵਾਲਾ ਬਾਣਾ ਪਾਇਆ ਹੋਇਆ ਹੈ, ਜੇ ਉਸ ਨੇ ਆਪਣੇ ਹਿਰਦੇ-ਰੂਪ ਕਉਲ ਨੂੰ ਨਹੀਂ ਪਰਖਿਆ, ਜੇ ਉਸ ਨੇ ਆਪਣੇ ਅੰਦਰ ਪਰਮਾਤਮਾ ਨਹੀਂ ਵੇਖਿਆ, ਤਾਂ ਸੰਨਿਆਸ ਧਾਰਨ ਕਰਨ ਦਾ ਕੋਈ ਲਾਭ ਨਹੀਂ।੧।

ਹੇ ਜੈ ਚੰਦ! ਸਾਰੀ ਲੋਕਾਈ (ਇਸੇ ਭੁਲੇਖੇ ਵਿਚ) ਭੁੱਲੀ ਪਈ ਹੈ (ਕਿ ਨਿਰਾ ਫ਼ਕੀਰੀ ਭੇਖ ਧਾਰਿਆਂ ਪਰਮਾਤਮਾ ਮਿਲ ਪੈਂਦਾ ਹੈਪਰ ਇਹ ਗ਼ਲਤ ਹੈ, ਇਸ ਤਰ੍ਹਾਂ) ਪਰਮਾਨੰਦ ਪ੍ਰਭੂ ਦੀ ਸੋਝੀ ਕਦੇ ਭੀ ਨਹੀਂ ਪੈਂਦੀ।੧।ਰਹਾਉ।

(ਜਿਸ ਮਨੁੱਖ ਨੇ) ਘਰ ਘਰ ਤੋਂ (ਮੰਗ ਕੇ ਟੁੱਕਰ) ਖਾ ਲਿਆ, (ਆਪਣੇ) ਸਰੀਰ ਨੂੰ ਚੰਗਾ ਪਾਲ ਲਿਆ, ਗੋਦੜੀ ਪਹਿਨ ਲਈ, ਮੁੰਦ੍ਰਾਂ ਭੀ ਪਾ ਲਈਆਂ, (ਪਰ ਸਭ ਕੁਝ) ਮਾਇਆ ਦੀ ਖ਼ਾਤਰ ਹੀ (ਕੀਤਾ) , ਮਸਾਣਾਂ ਦੀ ਧਰਤੀ ਦੀ ਸੁਆਹ ਭੀ (ਪਿੰਡੇ) ਮਲ ਲਈ, ਪਰ ਜੇ ਉਹ ਗੁਰੂ ਦੇ ਰਾਹ ਤੇ ਨਹੀਂ ਤੁਰਿਆ ਤਾਂ ਇਸ ਤਰ੍ਹਾਂ ਤੱਤ ਦੀ ਪ੍ਰਾਪਤੀ ਨਹੀਂ ਹੁੰਦੀ।੨।

(ਹੇ ਭਾਈ!) ਕਿਉਂ (ਗਿਣੇ ਮਿਥੇ) ਜਪ ਕਰਦੇ ਹੋਕਿਉਂ ਤਪ ਸਾਧਦੇ ਹੋਕਾਹਦੇ ਲਈ ਪਾਣੀ ਰਿੜਕਦੇ ਹੋ? (ਹਠ ਨਾਲ ਕੀਤੇ ਹੋਏ ਇਹ ਸਾਧਨ ਤਾਂ ਪਾਣੀ ਰਿੜਕਣ ਸਮਾਨ ਹਨ) ; ਉਸ ਵਾਸ਼ਨਾ-ਰਹਿਤ ਪ੍ਰਭੂ ਨੂੰ (ਹਰ ਵੇਲੇ) ਯਾਦ ਕਰੋ, ਜਿਸ ਨੇ ਚੌਰਾਸੀ ਲੱਖ (ਜੋਨਿ ਵਾਲੀ ਸ੍ਰਿਸ਼ਟੀ) ਪੈਦਾ ਕੀਤੀ ਹੈ।੩।

ਹੇ ਕਾਪੜੀਏ! ਹੱਥ ਵਿਚਖੱਪਰ ਫੜਨ ਦਾ ਕੋਈ ਲਾਭ ਨਹੀਂ। ਅਠਾਹਠ ਤੀਰਥਾਂ ਤੇ ਭਟਕਣ ਦਾ ਭੀ ਕੋਈ ਲਾਭ ਨਹੀਂ। ਤ੍ਰਿਲੋਚਨ ਆਖਦਾ ਹੈ-ਹੇ ਬੰਦੇ! ਸੁਣਜੇ (ਭਰੀਆਂ ਵਿਚਅੰਨ ਦੇ ਦਾਣੇ ਨਹੀਂ, ਤਾਂ ਗਾਹ ਪਾਣ ਦਾ ਕੋਈ ਲਾਭ ਨਹੀਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ {ਪੰਨਾ 733-734}

ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।

ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।

ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।

ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ {ਪੰਨਾ 734}

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ। ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ। ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ। ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ।੩।

ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈਸਦਾ ਹੀ ਟਿਕਿਆ ਰਹਿੰਦਾ ਹੈ। ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ। ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ।੪।

ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥ {ਪੰਨਾ 734}

ਅਰਥ: ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ। (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ।੫।

ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ। ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ। ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ।੬।੩।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ {ਪੰਨਾ 569-570}

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧।

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ {ਪੰਨਾ 570}

ਅਰਥ: ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ

ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ।

ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ।੨।

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ {ਪੰਨਾ 570}

ਅਰਥ: ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ। (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ।

ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ।੩।

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥ {ਪੰਨਾ 570}

ਅਰਥ: (ਹੇ ਭਾਈ! ਜੀਵਾਂ ਨੂੰ 'ਖੋਟੇ ਖਰੇਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ। ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ

ਹੇ ਨਾਨਕ! ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643}

ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ {ਪੰਨਾ 643}

ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ {ਪੰਨਾ 644}

ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।

ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ {ਪੰਨਾ 644}

ਅਰਥ: (ਨਾਮ-ਰੂਪਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ {ਪੰਨਾ 644}

ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ {ਪੰਨਾ 644}

ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ {ਪੰਨਾ 644}

ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ {ਪੰਨਾ 644}

ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ {ਪੰਨਾ 644}

ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸੂਹੀ ਮਹਲਾ ੧ ਕਾਫੀ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ {ਪੰਨਾ 751-752}

ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ।

(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ੧।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ੨।

ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂਦੀ ਧੁਨ ਲੱਗ ਪਏ।੩।

ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ੪।

ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬।

ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭।

ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ {ਪੰਨਾ 591}

ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈਹੇ ਨਾਨਕਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧।

ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592}

ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂਇਸਤ੍ਰੀਆਂ ਹਨਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ {ਪੰਨਾ 592}

ਅਰਥ: (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ {ਪੰਨਾ 592}

ਅਰਥ: ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ {ਪੰਨਾ 592}

ਅਰਥ: (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨।

ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ {ਪੰਨਾ 592}

ਅਰਥ: ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ {ਪੰਨਾ 592}

ਅਰਥ: ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥  {ਪੰਨਾ 592}

ਅਰਥ: ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

 👉  Youtube Channel :- Sikh Youth Of Punjab

👉 Whatsapp Group :- Sikhyouthpb

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts