Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Thursday, 12 August 2021

☬|| ਅੱਜ ਦਾ ਫੁਰਮਾਨ ||☬ || 12-08-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਬਿਲਾਵਲੁ ਮਹਲਾ ੫ ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥

ਅਰਥ: ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ।੧।ਰਹਾਉ।

ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ। ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ।੧।

ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ। (ਉਸ ਦੇ ਅੰਦਰੋਂ) ਕਾਮ, ਕ੍ਰੋਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ।੨।੪।੬੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੂਹੀ ਮਹਲਾ ੫ ॥ ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ ਈਤ ਊਤ ਕੀ ਓਟ ਸਵਾਰੀ ॥੧॥ ਸਦਾ ਸਦਾ ਜਪੀਐ ਹਰਿ ਨਾਮ ॥ ਪੂਰਨ ਹੋਵਹਿ ਮਨ ਕੇ ਕਾਮ ॥੧॥ ਰਹਾਉ ॥ ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥ ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥੨॥ ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥ ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥੩॥ ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥ ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥੪॥੨੪॥੩੦॥ 

ਅਰਥ: ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ ਚਾਹੀਦਾ ਹੈ। (ਸਿਮਰਨ ਦੀ ਬਰਕਤਿ ਨਾਲ) ਮਨ ਦੇ ਚਿਤਵੇ ਹੋਏ ਸਾਰੇ ਕੰਮ ਸਫਲ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਅੰਮ੍ਰਿਤ ਵੇਲੇ (ਉੱਠ ਕੇ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਇਸ ਤਰ੍ਹਾਂ) ਇਸ ਲੋਕ ਅਤੇ ਪਰਲੋਕ ਵਾਸਤੇ ਸੋਹਣਾ ਆਸਰਾ ਬਣਾਂਦਾ ਰਿਹਾ ਕਰ।੧।

ਹੇ ਭਾਈ! ਰਾਤ ਦਿਨ ਅਬਿਨਾਸ਼ੀ ਪ੍ਰਭੂ (ਦੀ ਸਿਫ਼ਤਿ-ਸਾਲਾਹ ਦੇ ਗੀਤਗਾਇਆ ਕਰ। (ਇਸ ਤਰ੍ਹਾਂ) ਦੁਨੀਆ ਦੀ ਕਾਰ ਕਰਦਾ ਹੋਇਆ ਨਿਰਮੋਹ ਰਹਿ ਕੇ ਤੂੰ (ਪ੍ਰਭੂ-ਚਰਨਾਂ ਵਿਚ) ਸਦਾ ਕਾਇਮ ਰਹਿਣ ਵਾਲੀ ਥਾਂ ਪ੍ਰਾਪਤ ਕਰ ਲਏਂਗਾ।੨।

ਹੇ ਭਾਈ! ਨਾਮ-ਧਨ ਦੇ ਮਾਲਕ ਉਸ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ, (ਉਸ ਪਾਸੋਂ ਐਸਾ ਧਨ ਮਿਲਦਾ ਹੈ) ਜਿਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਉਸ ਧਨ ਨੂੰ ਆਪ ਵਰਤਦਿਆਂ ਹੋਰਨਾਂ ਵਿਚ ਵਰਤਾਂਦਿਆਂ ਜ਼ਿੰਦਗੀ ਸੁਖ ਆਨੰਦ ਨਾਲ ਬੀਤਦੀ ਹੈ।੩।

ਹੇ ਨਾਨਕ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਸ ਨੇ ਜਗਤ ਦੇ ਜੀਵਨ ਸਰਬ-ਵਿਆਪਕ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ।੪।੨੪।੩੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ 

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।

ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।

ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।

ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।

ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ 

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ 

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ 

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ 

ਅਰਥ: ਹੇ ਭਾਈ! ਮੇਰਾ ਗੁਰੂ ਸਭ ਗੁਣਾਂ ਨਾਲ ਭਰਪੂਰ ਹੈ, ਸਾਰੇ ਸੁਖ ਬਖ਼ਸ਼ਣ ਵਾਲਾ ਹੈ। ਗੁਰੂ ਉਸ ਸਰਬ-ਵਿਆਪਕ ਸਿਰਜਣਹਾਰ ਦਾ ਰੂਪ ਹੈ ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਭ ਤਾਕਤਾਂ ਦਾ ਮਾਲਕ ਹੈ।ਰਹਾਉ।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮੁੜ ਮੁੜ ਗੁਰੂ ਸਤਿਗੁਰੂ (ਦੀ ਬਾਣੀ) ਨੂੰ ਚੇਤੇ ਕਰ ਕੇ ਆਪਣਾ ਹਰੇਕ ਕਿਸਮ ਦਾ ਦੁੱਖ ਦੂਰ ਕਰ ਲੈਂਦਾ ਹੈ। ਗੁਰੂ ਦੇ ਬਚਨਾਂ ਉੱਤੇ ਤੁਰ ਕੇ ਉਸ ਦੇ ਸਾਰੇ ਕਲੇਸ਼ ਸਾਰੇ ਰੋਗ ਦੂਰ ਹੋ ਜਾਂਦੇ ਹਨ, ਉਹ ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ! ਜੇ ਤੇਰੇ ਉੱਤੇ) ਸਤਿਗੁਰੂ ਜੀ ਦਇਆਵਾਨ ਹੋਏ ਹਨ, ਤਾਂ ਤੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਿਹਾ ਕਰ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਤੇਰੇ ਅੰਦਰ) ਆਨੰਦ ਖ਼ੁਸ਼ੀਆਂ ਸੁਖ ਬਣੇ ਰਹਿਣਗੇ। (ਸਿਫ਼ਤਿ-ਸਾਲਾਹ ਦਾ ਸਦਕਾ) ਜਗਤ ਵਿਚ ਸੋਭਾ ਮਿਲਦੀ ਹੈ। (ਇਹ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ (ਸਦਾ ਸਿਰ ਉੱਤੇ) ਰਾਖਾ ਹੈ।੨।੧੫।੪੩।

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ 

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ 

ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ 

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ 

ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ 

ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ 

ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।

ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ 

ਅਰਥ: (ਨਾਮ-ਰੂਪਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ 

ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ 

ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥

ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ 

ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ 

ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧।

ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨।

ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ 

ਅਰਥ: ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ 

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ 

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ 

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ 

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ 

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ 

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਰਾਮਕਲੀ ਸਦੁ     ੴ ਸਤਿਗੁਰ ਪ੍ਰਸਾਦਿ ॥ ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥ ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥ ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥ ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥ ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥ ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥ 

ਅਰਥ: ਜੋ ਅਕਾਲ ਪੁਰਖ ਜਗਤ ਵਿਚ (ਜੀਵਾਂ ਨੂੰ) ਦਾਤਾਂ ਬਖ਼ਸ਼ਣ ਵਾਲਾ ਹੈ, ਜੋ ਤਿੰਨਾਂ ਲੋਕਾਂ ਵਿਚ ਭਗਤੀ ਕਰਨ ਵਾਲਿਆਂ ਨੂੰ ਪਿਆਰ ਕਰਦਾ ਹੈ, (ਉਸ ਅਕਾਲ ਪੁਰਖ ਵਿਚ ਗੁਰੂ ਅਮਰਦਾਸ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਲੀਨ (ਰਿਹਾ) ਹੈ, (ਅਤੇ ਉਸ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ।

(ਗੁਰੂ ਅਮਰਦਾਸ ਜੀ) ਸਤਿਗੁਰੂ ਦੇ ਸ਼ਬਦਿ ਦੀ ਬਰਕਤਿ ਨਾਲ (ਅਕਾਲ ਪੁਰਖ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦੇ (ਰਹੇ) ਹਨ, ਕੇਵਲ ਇੱਕ 'ਨਾਮ' ਨੂੰ ਧਿਆਉਂਦੇ (ਰਹੇ) ਹਨ; ਗੁਰੂ ਨਾਨਕ ਅਤੇ ਗੁਰੂ ਅੰਗਦ ਦੇਵ ਜੀ ਦੀ ਕਿਰਪਾ ਨਾਲ ਉਹ ਉੱਚੇ ਦਰਜੇ ਨੂੰ ਪ੍ਰਾਪਤ ਕਰ ਚੁਕੇ ਹਨ।

(ਜਿਹੜਾ ਗੁਰੂ ਅਮਰਦਾਸ) ਅਕਾਲ ਪੁਰਖ ਦੇ ਨਾਮ ਵਿਚ ਲੀਨ ਸੀ, (ਧੁਰੋਂ) ਉਸ ਦੇ ਚੱਲਣ ਦਾ ਸੱਦਾ ਆ ਗਿਆ; (ਗੁਰੂ ਅਮਰਦਾਸ ਜੀ ਨੇ) ਜਗਤ ਵਿਚ (ਰਹਿੰਦਿਆਂ) ਅਮਰ, ਅਟੱਲ, ਅਤੋਲ ਠਾਕੁਰ ਨੂੰ ਭਗਤੀ ਦੀ ਰਾਹੀਂ ਪ੍ਰਾਪਤ ਕਰ ਲਿਆ ਹੋਇਆ ਸੀ।1।

ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥ ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥ ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥ ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥ ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥ ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥ 

ਅਰਥ: ਅਕਾਲ ਪੁਰਖ ਦੀ ਰਜ਼ਾ ਗੁਰੂ (ਅਮਰਦਾਸ ਜੀ) ਨੂੰ ਪਿਆਰੀ ਲੱਗੀ, ਅਤੇ ਸਤਿਗੁਰੂ (ਜੀ) ਅਕਾਲ ਪੁਰਖ ਦੇ ਕੋਲ ਜਾਣ ਨੂੰ ਤਿਆਰ ਹੋ ਪਏ। ਗੁਰੂ ਅਮਰਦਾਸ ਜੀ ਨੇ ਅਕਾਲ ਪੁਰਖ ਅੱਗੇ ਇਹ ਬੇਨਤੀ ਕੀਤੀ: '(ਹੇ ਹਰੀ!) ਮੇਰੀ ਅਰਦਾਸਿ ਹੈ ਕਿ ਮੇਰੀ ਲਾਜ ਰੱਖ। ਹੇ ਹਰੀ! ਆਪਣੇ ਸੇਵਕਾਂ ਦੀ ਲਾਜ ਰੱਖ, ਅਤੇ ਮਾਇਆ ਤੋਂ ਨਿਰਮੋਹ ਕਰਨ ਵਾਲਾ ਆਪਣਾ ਨਾਮ ਬਖ਼ਸ਼, ਜਮਦੂਤਾਂ ਅਤੇ ਕਾਲ ਨੂੰ ਨਾਸ ਕਰਨ ਵਾਲਾ ਨਾਮ ਦੇਹਿ, ਜੋ ਅਖ਼ੀਰ ਚੱਲਣ ਵੇਲੇ ਸਾਥੀ ਬਣੇ। '

ਸਤਿਗੁਰੂ ਦੀ ਕੀਤੀ ਹੋਈ ਇਹ ਬੇਨਤੀ, ਇਹ ਅਰਦਾਸਿ, ਅਕਾਲ ਪੁਰਖ ਪ੍ਰਭੂ ਨੇ ਸੁਣ ਲਈ, ਅਤੇ ਮਿਹਰ ਕਰ ਕੇ ਉਸ ਨੇ ਗੁਰੂ ਅਮਰਦਾਸ ਜੀ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ ਅਤੇ ਕਹਿਣ ਲੱਗਾ = ਸ਼ਾਬਾਸ਼ੇ! ਤੂੰ ਧੰਨ ਹੈਂ, ਤੂੰ ਧੰਨ ਹੈਂ।2।

ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥ ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥ ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥ ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥ ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥ ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥ 

ਅਰਥ: ਹੇ ਮੇਰੇ ਸਿੱਖੋ! ਹੇ ਮੇਰੇ ਪੁੱਤ੍ਰੋ! ਹੇ ਮੇਰੇ ਭਰਾਵੋ! ਸੁਣੋ = "ਮੇਰੇ ਅਕਾਲ ਪੁਰਖ ਨੂੰ (ਇਹ) ਚੰਗਾ ਲੱਗਾ ਹੈ (ਅਤੇ ਮੈਨੂੰ ਉਸ ਨੇ ਹੁਕਮ ਕੀਤਾ ਹੈ:) 'ਮੇਰੇ ਕੋਲ ਆਉ'।

"ਅਕਾਲ ਪੁਰਖ ਦੀ ਰਜ਼ਾ ਗੁਰੂ ਨੂੰ ਮਿੱਠੀ ਲੱਗੀ ਹੈ, ਮੇਰਾ ਪ੍ਰਭੂ (ਮੈਨੂੰ) ਸ਼ਾਬਾਸ਼ ਦੇ ਰਿਹਾ ਹੈ। ਉਹੀ (ਮਨੁੱਖ) ਭਗਤ ਹੈ ਤੇ ਪੂਰਾ ਗੁਰੂ ਹੈ ਜਿਸ ਨੂੰ ਰੱਬ ਦਾ ਭਾਣਾ ਮਿੱਠਾ ਲੱਗਦਾ ਹੈ; (ਉਸ ਦੇ ਅੰਦਰ) ਆਨੰਦ ਦੇ ਵਾਜੇ ਇੱਕ-ਰਸ ਵੱਜਦੇ ਹਨ, ਅਕਾਲ ਪੁਰਖ ਉਸ ਨੂੰ ਆਪ ਆਪਣੇ ਗਲ ਲਾਉਂਦਾ ਹੈ।

"ਤੁਸੀਂ ਮੇਰੇ ਪੁੱਤਰ ਹੋ, ਮੇਰੇ ਭਰਾ ਹੋ ਮੇਰਾ ਪਰਵਾਰ ਹੋ; ਮਨ ਵਿਚ ਕਿਆਸ ਕਰ ਕੇ ਵੇਖਹੁ, ਕਿ ਧੁਰੋਂ ਲਿਖਿਆ ਹੋਇਆ ਹੁਕਮ (ਕਦੇ) ਟਲ ਨਹੀਂ ਸਕਦਾ; (ਸੋ, ਇਸ ਵਾਸਤੇ, ਹੁਣ) ਗੁਰੂ, ਅਕਾਲ ਪੁਰਖ ਦੇ ਕੋਲ ਜਾ ਰਿਹਾ ਹੈ"।3।

ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥ ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥ ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥ ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥ ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥ ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥ 

ਅਰਥ: ਗੁਰੂ (ਅਮਰਦਾਸ ਜੀ) ਨੇ ਬੈਠ ਕੇ ਆਪਣੀ ਮਰਜ਼ੀ ਨਾਲ (ਸਾਰੇ) ਪਰਵਾਰ ਨੂੰ ਸੱਦ ਘੱਲਿਆ; (ਤੇ ਆਖਿਆ-) 'ਮਤਾਂ ਮੇਰੇ ਪਿਛੋਂ ਕੋਈ ਰੋਵੇ, ਮੈਨੂੰ ਉਹ (ਰੋਣ ਵਾਲਾ) ਉੱਕਾ ਹੀ ਚੰਗਾ ਨਹੀਂ ਲੱਗਣਾ। ਜਿਸ ਮਨੁੱਖ ਨੂੰ ਆਪਣੇ ਮਿਤ੍ਰ ਦੀ ਵਡਿਆਈ (ਹੁੰਦੀ) ਚੰਗੀ ਲੱਗਦੀ ਹੈ, ਉਹ ਖ਼ੁਸ਼ ਹੁੰਦਾ ਹੈ (ਜਦੋਂ) ਉਸ ਦੇ ਮਿਤ੍ਰ ਨੂੰ ਆਦਰ ਮਿਲਦਾ ਹੈ। ਤੁਸੀ ਭੀ, ਹੇ ਮੇਰੇ ਪੁਤਰੋ ਤੇ ਭਰਾਵੋ! (ਹੁਣ) ਵਿਚਾਰ ਕੇ ਵੇਖ ਲਵੋ ਕਿ ਅਕਾਲ ਪੁਰਖ ਗੁਰੂ ਨੂੰ ਆਦਰ ਦੇ ਰਿਹਾ ਹੈ (ਇਸ ਵਾਸਤੇ ਤੁਸੀ ਭੀ ਖ਼ੁਸ਼ ਹੋਵੋ) । '

(ਇਹ ਉਪਦੇਸ਼ ਦੇ ਕੇ, ਫਿਰ) ਗੁਰੂ (ਅਮਰਦਾਸ ਜੀ) ਨੇ ਸਰੀਰਕ ਜਾਮੇ ਵਿਚ ਹੁੰਦਿਆਂ ਹੀ ਬੈਠ ਕੇ ਆਪ ਗੁਰਿਆਈ ਦੀ ਗੱਦੀ (ਭੀ) ਥਾਪ ਦਿੱਤੀ, (ਅਤੇ) ਸਾਰੇ ਸਿੱਖਾਂ ਨੂੰ, ਸਾਕਾਂ-ਅੰਗਾਂ ਨੂੰ, ਪੁਤ੍ਰਾਂ ਨੂੰ, ਅਤੇ ਭਰਾਵਾਂ ਨੂੰ (ਗੁਰੂ) ਰਾਮਦਾਸ ਜੀ ਦੀ ਚਰਨੀਂ ਲਾ ਦਿੱਤਾ।4।

ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥ ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥ ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥ ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥ ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥ 

ਅਰਥ: ਜੋਤੀ ਜੋਤਿ ਸਮਾਣ ਵੇਲੇ ਗੁਰੂ ਅਮਰਦਾਸ ਜੀ ਨੇ ਆਖਿਆ: (ਹੇ ਭਾਈ!) 'ਮੇਰੇ ਪਿੱਛੋਂ ਨਿਰੋਲ ਕੀਰਤਨ ਕਰਿਓ, ਕੇਸੋ ਗੋਪਾਲ (ਅਕਾਲ ਪੁਰਖ) ਦੇ ਪੰਡਿਤਾਂ ਨੂੰ ਸੱਦ ਘੱਲਿਓ, ਜੋ (ਆ ਕੇ) ਅਕਾਲ ਪੁਰਖ ਦੀ ਕਥਾ ਵਾਰਤਾ-ਰੂਪ ਪੁਰਾਣ ਪੜ੍ਹਨ। (ਚੇਤਾ ਰੱਖਿਓ, ਮੇਰੇ ਪਿੱਛੋਂ) ਅਕਾਲ ਪੁਰਖ ਦੀ ਕਥਾ (ਹੀ) ਪੜ੍ਹਨੀ ਚਾਹੀਦੀ ਹੈ, ਅਕਾਲ ਪੁਰਖ ਦਾ ਨਾਮ ਹੀ ਸੁਣਨਾ ਚਾਹੀਦਾ ਹੈ, ਬੇਬਾਣ ਭੀ ਗੁਰੂ ਨੂੰ (ਕੇਵਲ) ਅਕਾਲ ਪੁਰਖ ਦਾ ਪਿਆਰ ਹੀ ਚੰਗਾ ਲੱਗਦਾ ਹੈ। ਗੁਰੂ (ਤਾਂ) ਪਿੰਡ ਪਤਲਿ, ਕਿਰਿਆ, ਦੀਵਾ ਅਤੇ ਫੁੱਲ = ਇਹਨਾਂ ਸਭਨਾਂ ਨੂੰ ਸਤਸੰਗ ਤੋਂ ਸਦਕੇ ਕਰਦਾ ਹੈ। ' ਅਕਾਲ ਪੁਰਖ ਨੂੰ ਪਿਆਰੇ ਲੱਗੇ ਹੋਏ ਗੁਰੂ ਨੇ (ਉਸ ਵੇਲੇ) ਇਉਂ ਆਖਿਆ।

ਸਤਿਗੁਰੂ ਨੂੰ ਸੁਜਾਣ ਅਕਾਲ ਪੁਰਖ ਮਿਲ ਪਿਆ। ਗੁਰੂ ਅਮਰਦਾਸ ਜੀ ਨੇ ਸੋਢੀ (ਗੁਰੂ) ਰਾਮਦਾਸ ਜੀ ਨੂੰ (ਗੁਰਿਆਈ ਦਾ) ਤਿਲਕ (ਅਤੇ) ਗੁਰੂ ਦਾ ਸ਼ਬਦ-ਰੂਪ ਸੱਚੀ ਰਾਹਦਾਰੀ ਬਖ਼ਸ਼ੀ।5।

ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥ ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥ ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥

ਅਰਥ: ਜਦੋਂ ਗੁਰੂ ਅਮਰਦਾਸ ਜੀ ਨੇ ਬਚਨ ਕੀਤਾ (ਕਿ ਸਾਰੇ ਗੁਰੂ ਰਾਮਦਾਸ ਜੀ ਦੇ ਚਰਨੀਂ ਲੱਗਣ, ਤਾਂ) ਗੁਰਸਿੱਖਾਂ ਨੇ (ਗੁਰੂ ਅਮਰਦਾਸ ਜੀ ਦਾ) ਹੁਕਮ ਮੰਨ ਲਿਆ। (ਸਭ ਤੋਂ ਪਹਿਲਾਂ) (ਗੁਰੂ ਅਮਰਦਾਸ ਜੀ ਦੇ) ਪੁੱਤ੍ਰ (ਬਾਬਾ) ਮੋਹਰੀ ਜੀ ਗੁਰੂ ਰਾਮਦਾਸ ਜੀ ਦੇ ਪੈਰਾਂ ਤੇ ਪੈ ਕੇ (ਪਿਤਾ ਦੇ) ਸਾਮ੍ਹਣੇ ਸੁਰਖ਼ਰੂ ਹੋ ਕੇ ਆ ਖਲੋਤੇ। ਗੁਰੂ ਰਾਮਦਾਸ ਜੀ ਵਿਚ ਗੁਰੂ (ਅਮਰਦਾਸ ਜੀ) ਨੇ ਆਪਣੀ ਆਤਮਾ ਟਿਕਾ ਦਿੱਤੀ, (ਇਸ ਵਾਸਤੇ) ਸਾਰੀ ਲੋਕਾਈ ਗੁਰੂ (ਰਾਮਦਾਸ ਜੀ) ਦੀ ਪੈਰੀਂ ਆ ਪਈ। ਜੇ ਕੋਈ ਨਿੰਦਾ ਕਰ ਕੇ (ਪਹਿਲਾਂ) ਨਹੀਂ ਸੀ ਭੀ ਨਿਂਵਿਆ, ਉਸ ਨੂੰ ਭੀ ਗੁਰੂ ਅਮਰਦਾਸ ਜੀ ਨੇ ਲਿਆ ਕੇ ਆ ਪੈਰੀਂ ਪਾਇਆ।

ਸੁੰਦਰ ਆਖਦਾ ਹੈ– ਹੇ ਸੰਤਹੁ! ਸੁਣੋ, ਅਕਾਲ ਪੁਰਖ ਅਤੇ ਗੁਰੂ ਅਮਰਦਾਸ ਜੀ ਨੂੰ (ਇਹੀ) ਚੰਗਾ ਲੱਗਾ, (ਉਹਨਾਂ ਗੁਰੂ ਰਾਮਦਾਸ ਜੀ ਨੂੰ) ਵਡਿਆਈ ਬਖ਼ਸ਼ੀ; ਧੁਰੋਂ ਅਕਾਲ ਪੁਰਖ ਦਾ ਇਹੀ ਹੁਕਮ ਲਿਖਿਆ ਆਇਆ ਸੀ; (ਇਸ ਵਾਸਤੇ) ਸਾਰਾ ਜਗਤ (ਗੁਰੂ ਰਾਮਦਾਸ ਜੀ ਦੀ) ਪੈਰੀਂ ਪਿਆ।6।1।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸਿਰੀਰਾਗੁ ਮਹਲਾ ੫ ॥ ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥ ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥ ਮਨ ਮੇਰੇ ਸਗਲ ਉਪਾਵ ਤਿਆਗੁ ॥ ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥ ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥ ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥ ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥ ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥ ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥ 

ਅਰਥ: ਹੇ ਮੇਰੇ ਮਨ! ਹੋਰ ਸਾਰੇ ਹੀਲੇ ਛੱਡ ਦੇ। ਸਿਰਫ਼ ਪੂਰੇ ਗੁਰੂ ਨੂੰ ਸਦਾ ਚੇਤੇ ਰੱਖ (ਸਿਰਫ਼ ਗੁਰੂ ਦੇ ਸ਼ਬਦ ਦਾ ਆਸਰਾ ਲੈ, ਤੇ) ਇਕ ਪਰਮਾਤਮਾ (ਦੇ ਚਰਨਾਂ) ਦੀ ਲਗਨ (ਆਪਣੇ ਅੰਦਰ) ਲਾਈ ਰੱਖ।1। ਰਹਾਉ।

(ਹੇ ਭਾਈ!) ਜਿੰਦ ਦਾ ਮਿੱਤਰ ਸਿਰਫ਼ ਪਰਮਾਤਮਾ ਹੀ ਹੈ, ਪਰਮਾਤਮਾ ਹੀ ਜਿੰਦ ਨੂੰ (ਵਿਕਾਰ ਆਦਿਕਾਂ ਤੋਂ) ਬਚਾਣ ਵਾਲਾ ਹੈ, (ਇਸ ਵਾਸਤੇ) ਆਪਣੇ ਮਨ ਵਿਚ ਸਿਰਫ਼ ਪਰਮਾਤਮਾ ਦਾ ਆਸਰਾ ਰੱਖ, ਸਿਰਫ਼ ਪਰਮਾਤਮਾ ਹੀ ਜਿੰਦ ਦਾ ਸਹਾਰਾ ਹੈ। ਉਹ ਪਾਰਬ੍ਰਹਮ ਕਰਤਾਰ (ਹੀ ਸਹਾਰਾ ਹੈ) ਉਸ ਦੀ ਸਰਨ ਪਿਆਂ ਸਦਾ ਸੁਖ ਮਿਲਦਾ ਹੈ।1।

(ਹੇ ਮਨ!) ਸਿਰਫ਼ ਪਰਮਾਤਮਾ ਹੀ (ਅਸਲ) ਭਰਾ ਹੈ ਮਿੱਤਰ ਹੈ, ਸਿਰਫ਼ ਪਰਮਾਤਮਾ ਹੀ (ਅਸਲ) ਮਾਂ ਪਿਉ ਹੈ (ਭਾਵ, ਮਾਪਿਆਂ ਵਾਂਗ ਪਾਲਣਹਾਰ ਹੈ) । (ਮੈਨੂੰ ਤਾਂ) ਉਸ ਪਰਮਾਤਮਾ ਦਾ ਹੀ ਮਨ ਵਿਚ ਸਹਾਰਾ ਹੈ ਜਿਸ ਨੇ ਇਹ ਜਿੰਦ ਦਿੱਤੀ ਹੈ, ਜਿਸ ਨੇ ਇਹ ਸਰੀਰ ਦਿੱਤਾ ਹੈ। (ਮੇਰੀ ਸਦਾ ਇਹੀ ਅਰਦਾਸ ਹੈ ਕਿ) ਜਿਸ ਪ੍ਰਭੂ ਨੇ ਸਭ ਕੁਝ ਆਪਣੇ ਵੱਸ ਵਿਚ ਰਖਿਆ ਹੋਇਆ ਹੈ ਉਹ ਕਦੇ ਮੇਰੇ ਮਨ ਤੋਂ ਨਾਹ ਭੁੱਲੇ।2।

(ਹੇ ਭਾਈ! ਤੇਰੇ) ਹਿਰਦੇ ਵਿਚ ਭੀ ਤੇ ਬਾਹਰ ਹਰ ਥਾਂ ਭੀ ਸਿਰਫ਼ ਪਰਮਾਤਮਾ ਹੀ ਵੱਸ ਰਿਹਾ ਹੈ। (ਹੇ ਭਾਈ!) ਅੱਠੇ ਪਹਿਰ ਉਸ ਪ੍ਰਭੂ ਨੂੰ ਸਿਮਰ, ਜਿਸ ਨੇ ਸਾਰੇ ਜੀਅ ਜੰਤ ਪੈਦਾ ਕੀਤੇ ਹਨ। ਜੇ ਸਿਰਫ਼ ਪਰਮਾਤਮਾ ਦੇ (ਪਿਆਰ-ਰੰਗ) ਵਿਚ ਰੰਗੇ ਰਹੀਏ, ਤਾਂ ਕਦੇ ਕੋਈ ਦੁੱਖ ਕਲੇਸ਼ ਨਹੀਂ ਪੋਂਹਦਾ।3।

ਪਾਰਬ੍ਰਹਮ ਪਰਮਾਤਮਾ ਹੀ (ਸਾਰੇ ਸੰਸਾਰ ਦਾ ਮਾਲਕ) ਹੈ, ਕੋਈ ਹੋਰ ਉਸ ਦੇ ਬਰਾਬਰ ਦਾ ਨਹੀਂ ਹੈ। (ਸਭ ਜੀਵਾਂ ਦਾ) ਸਰੀਰ ਉਸ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਸ ਨੂੰ ਚੰਗਾ ਲਗਦਾ ਹੈ।

ਹੇ ਨਾਨਕ! ਜੇਹੜਾ ਮਨੁੱਖ ਪੂਰੇ ਗੁਰੂ ਦੀ ਰਾਹੀਂ ਉਸ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ, ਉਹ (ਸਭ ਗੁਣਾਂ ਨਾਲ) ਮੁਕੰਮਲ ਹੋ ਜਾਂਦਾ ਹੈ।4।9। 79।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥

ਅਰਥ: ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ 'ਨਾਮਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ੧।

ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ 

ਅਰਥ: ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ।੨।

ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ 

ਅਰਥ: ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ।

ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥ 

ਅਰਥ: ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts