Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Saturday, 21 August 2021

☬|| ਅੱਜ ਦਾ ਫੁਰਮਾਨ ||☬ || 21-08-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਬਿਲਾਵਲੁ ਮਹਲਾ ੫ ॥ ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥ ਸੁਣਿ ਸੁਣਿ ਜੀਵੈ ਦਾਸੁ ਤੁਮ੍ਹ੍ਹ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥ ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥ ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥ ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥ ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥

ਅਰਥ: ਹੇ ਪ੍ਰਭੂ! ਤੇਰੇ ਸੇਵਕ ਤੇਰੀ ਸਿਫ਼ਤਿ-ਸਲਾਹ ਦੀ ਜੇਹੜੀ ਬਾਣੀ ਉਚਾਰਦੇ ਹਨ, ਤੇਰਾ ਦਾਸ ਉਸ ਬਾਣੀ ਨੂੰ ਹਰ ਵੇਲੇ ਸੁਣ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਹੈ। (ਇਸ ਤਰ੍ਹਾਂ ਵਿਕਾਰਾਂ ਤੋਂ ਬਚਾ ਕੇ) ਤੂੰ ਆਪਣੇ ਸੇਵਕ ਦੀ ਜੋ ਇੱਜ਼ਤ ਰੱਖਦਾ ਹੈਂ, ਉਹ ਸਾਰੇ ਸੰਸਾਰ ਵਿਚ ਉੱਘੜ ਪੈਂਦੀ ਹੈ।੧।ਰਹਾਉ।

(ਹੇ ਭਾਈ! ਇਹ ਜਗਤਮਾਨੋ, ਇਕ ਸਮੁੰਦਰ ਹੈ ਜਿਸ ਵਿਚ ਵਿਕਾਰਾਂ ਦਾ ਪਾਣੀ ਠਾਠਾਂ ਮਾਰ ਰਿਹਾ ਹੈ) ਇਸ ਸਮੁੰਦਰ ਵਿਚੋਂ ਉਹੀ ਮਨੁੱਖ ਪਾਰ ਲੰਘਦਾ ਹੈ, ਜੇਹੜਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਜੇਹੜਾ ਸਾਧ ਸੰਗਤਿ ਦੇ ਨਾਲ ਮੇਲ-ਜੋਲ ਰੱਖਦਾ ਹੈ। (ਪਰ ਇਹ ਦਾਤਿ) ਕੋਈ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ।੧।

(ਹੇ ਭਾਈ! ਜਿਸ ਸੇਵਕ ਨੇ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰ ਲਿਆਪਰਮਾਤਮਾ ਨੇ ਆਪ ਉਸ ਨੂੰ (ਵਿਕਾਰਾਂ ਦੀਅੱਗ ਦੇ ਸਮੁੰਦਰ ਵਿਚੋਂ ਕੱਢ ਲਿਆ, ਪਰਮਾਤਮਾ ਨੇ ਆਪ (ਉਸ ਦੇ ਅੰਦਰੋਂ ਵਿਕਾਰਾਂ ਦੀ) ਸੜਨ ਸ਼ਾਂਤ ਕਰ ਦਿੱਤੀ। ਸਤਿਗੁਰੂ ਜੀ ਨੇ ਉਸ ਸੇਵਕ ਦੀ ਸਹਾਇਤਾ ਕੀਤੀ, ਤੇ (ਉਸ ਦੇ ਹਿਰਦੇ ਵਿਚਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਿੜਕਿਆ।੨।

(ਹੇ ਭਾਈ! ਜਿਸ ਸੇਵਕ ਨੇ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਸੁਣ ਕੇ ਆਤਮਕ ਜੀਵਨ ਲੱਭ ਲਿਆਉਸ ਨੇ ਜਨਮ ਮਰਨ ਦੇ ਗੇੜ ਦਾ ਦੁੱਖ ਕੱਟ ਲਿਆ, ਉਸ ਨੇ ਉਹ (ਆਤਮਕ) ਟਿਕਾਣਾ ਲੱਭ ਲਿਆ ਜਿਥੇ ਸੁਖ ਹੀ ਸੁਖ ਹੈ, ਉਸ ਨੇ (ਆਪਣੇ ਅੰਦਰੋਂਭਟਕਣਾ ਤੇ ਮੋਹ ਦੀ ਫਾਹੀ ਕੱਟ ਲਈ, ਉਹ ਸੇਵਕ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪਿਆ।੩।

(ਪਰ, ਹੇ ਭਾਈ!) ਕਿਤੇ ਇਹ ਨਾਹ ਸਮਝ ਲੈਣਾ (ਕਿ ਇਹੋ ਜਿਹਾ ਆਤਮਕਆਨੰਦ ਮਾਣਨ ਵਾਸਤੇ ਅਸਾਂ ਜੀਵਾਂ ਦਾ) ਕੋਈ ਹੋਰ ਚਾਰਾ ਚੱਲ ਸਕਦਾ ਹੈ (ਯਕੀਨ ਨਾਲ ਜਾਣੋ ਕਿ) ਹਰੇਕ ਜੁਗਤਿ ਪਰਮਾਤਮਾ ਦੇ (ਆਪਣੇ) ਹੱਥ ਵਿਚ ਹੈ। ਹੇ ਨਾਨਕ! ਉਹੀ ਸੇਵਕ ਸਾਰੇ ਸੁਖ ਪ੍ਰਾਪਤ ਕਰਦਾ ਹੈ ਜੋ ਸੰਤ ਜਨਾਂ ਦੀ ਸੰਗਤਿ ਵਿਚ ਰਹਿੰਦਾ ਹੈ ਜੋ ਸੰਤ ਜਨਾਂ ਦੇ ਨਾਲ ਰਹਿੰਦਾ ਹੈ।੪।੨੨।੫੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੫ ॥ ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥ ਸੰਤਨ ਕਉ ਅਨਦੁ ਸਗਲ ਹੀ ਜਾਈ ॥ ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥ ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥ 

ਅਰਥ: ਹੇ ਭਾਈ! ਸੰਤ ਜਨਾਂ ਨੂੰ (ਹਰਿ-ਨਾਮ ਦੀ ਬਰਕਤਿ ਨਾਲਸਭਨੀਂ ਥਾਈਂ ਆਤਮਕ ਆਨੰਦ ਬਣਿਆ ਰਹਿੰਦਾ ਹੈ। ਘਰ ਵਿਚ, (ਘਰੋਂ) ਬਾਹਰ (ਹਰ ਥਾਂ) ਪਰਮਾਤਮਾ ਭਗਤਾਂ ਦਾ (ਰਾਖਾ) ਹੈ। (ਭਗਤਾਂ ਨੂੰ ਪ੍ਰਭੂ) ਸਭਨੀਂ ਥਾਈਂ ਵੱਸਦਾ (ਦਿੱਸਦਾ ਹੈ੧।ਰਹਾਉ।

ਹੇ ਭਾਈ! ਧਰਤੀ ਦੇ ਸਾਰੇ ਨੌ ਖ਼ਜ਼ਾਨੇ, ਸਾਰੀਆਂ ਕਰਾਮਾਤੀ ਤਾਕਤਾਂ, ਸੰਤ ਜਨਾਂ ਦੇ ਪੈਰਾਂ ਵਿਚ ਟਿਕੀਆਂ ਰਹਿੰਦੀਆਂ ਹਨ। ਪ੍ਰਭੂ ਜੀ ਆਪਣੇ ਸੇਵਕਾਂ ਉਤੇ (ਸਦਾ) ਕਿਰਪਾਲ ਰਹਿੰਦੇ ਹਨ, ਦਇਆਵਾਨ ਰਹਿੰਦੇ ਹਨ। (ਜੇ ਪ੍ਰਭੂ ਦੀ ਕਿਰਪਾ ਹੋਵੇ, ਤਾਂ ਸੰਤ ਜਨਾਂ ਦੀ ਸਰਨ ਪੈ ਕੇ) ਮੈਂ ਭੀ ਆਪਣੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਇਕੱਠਾ ਕਰ ਸਕਾਂ।੧।

ਹੇ ਭਾਈ! ਜਿਸ ਮਨੁੱਖ ਦੇ ਪੱਖ ਵਿਚ ਪਰਮਾਤਮਾ ਆਪ ਹੁੰਦਾ ਹੈ, ਉਸ ਮਨੁੱਖ ਦੀ ਕੋਈ ਹੋਰ ਮਨੁੱਖ ਬਰਾਬਰੀ ਨਹੀਂ ਕਰ ਸਕਦਾ। ਹੇ ਨਾਨਕ! ਆਖ-ਹੇ ਭਾਈ!) ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਸਹਮ ਮੁੱਕ ਜਾਂਦਾ ਹੈ (ਆਤਮਕ ਮੌਤ ਨੇੜੇ ਨਹੀਂ ਢੁਕਦੀ) , ਤੂੰ ਭੀ ਉਸ ਦਾ ਨਾਮ ਸਿਮਰਿਆ ਕਰ।੨।੨।੩੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ 

ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।

ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ 

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਵਡਹੰਸੁ ਮਹਲਾ ੩ ਛੰਤ    ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ 

ਅਰਥ: ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।

ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ।

ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ। ਹੇ ਨਾਨਕ! ਆਖ-) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ।੧।

ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ 

ਅਰਥ: ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ। ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਹੇ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ।੨।

ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥

ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ। ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ।੩।

ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥ 

ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ। (ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ।

ਹੇ ਜਿੰਦੇ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵਨ ਵਾਲੀ ਬਣਾ ਦਿੱਤਾ।

ਹੇ ਨਾਨਕ! ਜਦੋਂ ਜੀਵ-ਇਸਤ੍ਰੀ ਗੁਰੂ ਦੇ ਅਨੁਸਾਰ ਤੁਰਦੀ ਹੈ, ਤਾਂ ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈਉਸ ਨੂੰ ਪ੍ਰਭੂ-ਪਤੀ ਸੁਹਾਗ ਮਿਲ ਜਾਂਦਾ ਹੈਉਸ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੋਹਣੇ ਆਤਮਕ ਜੀਵਨ ਵਾਲੀ ਬਣ ਜਾਂਦੀ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ 

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥

ਅਰਥ: (ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ) , (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।

ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨।

(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ।੩।

ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ।

ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ।੪।੩।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ 

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ 

ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ 

ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ 

ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ 

ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ 

ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ੧੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ 

ਅਰਥ: ਮੈਂ (ਭੀਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ 

ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।

(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।

ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ। ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ 

ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।

(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ੧।

(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।

(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।

(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ 

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ 

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ 

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ 

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ 

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ 

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ 

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ 

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧।

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ) , ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ।

ਹੇ ਦਾਸ ਨਾਨਕ! ਆਖ-ਜਿਸ ਵਡ-ਭਾਗੀ ਨੂੰਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀਸਾਰੀ ਤ੍ਰੇਹ ਬੁੱਝ ਜਾਂਦੀ ਹੈ।੧।

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥

ਅਰਥ: ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ।

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨।

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ 

ਅਰਥ: ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ। (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩।

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ 

ਅਰਥ: ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ। ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ।

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ 

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts