Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Monday, 11 October 2021

☬|| ਅੱਜ ਦਾ ਫੁਰਮਾਨ ||☬ || 11-10-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੫ ॥ ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥ ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥ ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥ 

ਅਰਥ: ਹੇ ਪ੍ਰਭੂ! ਜਿਸ (ਮਾਇਆ) ਨੇ ਸਾਰੀ ਸ੍ਰਿਸ਼ਟੀ ਤੇ ਸਾਰੇ ਦੇਸ ਆਪਣੇ ਪਿਆਰ ਵਿਚ ਫਸਾਏ ਹੋਏ ਹਨ, ਉਸੇ (ਮਾਇਆ) ਦੇ ਵੱਸ ਵਿਚ ਮੈਂ ਭੀ ਪਿਆ ਹੋਇਆ ਹਾਂ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼, ਤੇ ਮੈਨੂੰ ਇਸ ਵਿਕਾਰੀ ਜੀਵ ਨੂੰ (ਮਾਇਆ ਦੇ ਹੱਥੋਂ) ਬਚਾ ਲੈ।੧।ਰਹਾਉ।

ਹੇ ਪ੍ਰਭੂ! ਮੈਂ ਭੀ ਉਸ (ਮਾਇਆ) ਦੇ ਪਿੱਛੇ (ਮੁੜ ਮੁੜ) ਜਾਂਦਾ ਹਾਂ ਜਿਸ ਪਾਸੋਂ ਕੋਈ ਭੀ ਕਦੇ ਸੁਖੀ ਨਹੀਂ ਹੋਇਆ। ਮੈਂ ਮੁੜ ਮੁੜ (ਉਹਨਾਂ ਪਦਾਰਥਾਂ ਨਾਲ) ਚੰਬੜਦਾ ਹਾਂ, ਜੋ (ਆਖ਼ਰ) ਸਭਨਾਂ ਨੂੰ ਛੱਡ ਜਾਂਦੇ ਹਨ।੧।

ਹੇ ਤਰਸ ਦੇ ਮਾਲਕ! ਹੇ ਹਰੀ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਗੁਣ ਗਾਂਦਾ ਰਹਾਂ। ਹੇ ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਅੱਗੇ ਇਹੀ) ਬੇਨਤੀ ਹੈ ਕਿ ਮੈਂ ਸਾਧ ਸੰਗਤਿ ਵਿਚ ਟਿਕਿਆ ਰਹਾਂ।੨।੩।੪੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।

ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ 

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ 

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਦੇਵਗੰਧਾਰੀ ॥ ਅਬ ਹਮ ਚਲੀ ਠਾਕੁਰ ਪਹਿ ਹਾਰਿ ॥ ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥ ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥ ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥

ਅਰਥ: ਹੁਣ ਮੈਂ ਹੋਰ ਸਾਰੇ ਆਸਰੇ ਛੱਡ ਕੇ ਮਾਲਕ-ਪ੍ਰਭੂ ਦੀ ਸਰਨ ਆ ਗਈ ਹਾਂ। ਜਦੋਂ ਹੁਣ, ਹੇ ਪ੍ਰਭੂ! ਮੈਂ ਤੇਰੀ ਸਰਨ ਆ ਗਈ ਹਾਂ, ਚਾਹੇ ਮੈਨੂੰ ਰੱਖ ਚਾਹੇ ਮਾਰ (ਜਿਵੇਂ ਤੇਰੀ ਰਜ਼ਾ ਹੈ ਮੈਨੂੰ ਉਸੇ ਹਾਲ ਰੱਖ੧।ਰਹਾਉ।

ਦੁਨੀਆ ਵਾਲੀ ਸਿਆਣਪ, ਤੇ, ਦੁਨੀਆ ਵਾਲੀ ਵਡਿਆਈ-ਇਹਨਾਂ ਨੂੰ ਮੈਂ ਅੱਗ ਵਿਚ ਸਾੜ ਦਿੱਤਾ ਹੈ। ਚਾਹੇ ਕੋਈ ਮੈਨੂੰ ਚੰਗਾ ਆਖੇ ਚਾਹੇ ਕੋਈ ਮੰਦਾ ਆਖੇਮੈਂ ਤਾਂ ਆਪਣਾ ਸਰੀਰ (ਠਾਕੁਰ ਦੇ ਚਰਨਾਂ ਵਿਚਭੇਟ ਕਰ ਦਿੱਤਾ ਹੈ।੧।

ਹੇ ਮਾਲਕ! ਹੇ ਪ੍ਰਭੂਜੇਹੜਾ ਭੀ ਕੋਈ (ਵਡ-ਭਾਗੀ) ਤੇਰੀ ਸਰਨ ਆ ਪੈਂਦਾ ਹੈ, ਤੂੰ ਮੇਹਰ ਕਰ ਕੇ ਉਸ ਦੀ ਰੱਖਿਆ ਕਰਦਾ ਹੈਂ। ਹੇ ਦਾਸ ਨਾਨਕ! ਆਖ-) ਹੇ ਹਰੀ ਜੀ! ਹੇ ਮੁਰਾਰੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਇੱਜ਼ਤ ਰੱਖ।੨।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ਜੇਤੇ ਪੁਨਹਚਰਨ ਸੇ ਕੀਨ੍ਹ੍ਹੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕ੍ਰੋੜਾਂ ਹੀ ਉੱਦਮ (ਮਾਨੋਹੋ ਜਾਂਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ।੧।

(ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ। ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ। ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ।੨।੧੭।੧੦੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਰਾਗੁ ਆਸਾ ਮਹਲਾ ੧ ਛੰਤ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥ ਜਿਨ੍ਹ੍ਹ ਇਕ ਮਨਿ ਧਿਆਇਆ ਤਿਨ੍ਹ੍ਹ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥ ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨ੍ਹ੍ਹ ਜਮੁ ਨੇੜਿ ਨ ਆਵੈ ॥ ਜੰਮਣੁ ਮਰਣੁ ਤਿਨ੍ਹ੍ਹਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥ ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ ਜਿਨ੍ਹ੍ਹ ਇਕ ਮਨਿ ਧਿਆਇਆ ਤਿਨ੍ਹ੍ਹ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥ 

ਅਰਥ: ਹੇ ਪ੍ਰਭੂ! ਮੈਂ ਜਿੱਥੇ ਭੀ ਜਾਂਦਾ ਹਾਂ ਤੂੰ ਸਭ ਥਾਂਈਂ ਮੌਜੂਦ ਹੈਂ, ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੂੰ ਸਾਰੇ ਜਗਤ ਨੂੰ ਪੈਦਾ ਕਰਨ ਵਾਲਾ ਹੈਂ। ਤੂੰ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈਂ ਤੇ ਸਭ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ।

ਜਿਸ ਪ੍ਰਭੂ ਦਾ ਕੀਤਾ ਹੀ ਸਭ ਕੁਝ ਹੁੰਦਾ ਹੈ ਉਹ ਸਭ ਦਾ ਮਾਲਕ ਹੈ ਉਹ ਸਭ ਦੇ ਦੁੱਖ ਨਾਸ ਕਰਨ ਦੇ ਸਮਰੱਥ ਹੈ। ਜੀਵਾਂ ਦੇ ਪਾਪਾਂ ਦੇ ਢੇਰਾਂ ਦੇ ਢੇਰ ਇਕ ਪਲਕ ਵਿਚ ਨਾਸ ਕਰ ਦੇਂਦਾ ਹੈ। ਜੀਵ ਭਾਵੇਂ ਸ੍ਰੇਸ਼ਟ ਤੋਂ ਸ੍ਰੇਸ਼ਟ ਹੋਣ ਭਾਵੇਂ ਨਿਖਿੱਧ ਤੋਂ ਨਿਖਿੱਧ ਹੋਣ, ਪ੍ਰਭੂ ਹਰੇਕ ਦੀ ਸੰਭਾਲ ਕਰਦਾ ਹੈ।

ਹੇ ਪ੍ਰਭੂ! ਮੈਂ ਜਿਥੇ ਭੀ ਜਾਂਦਾ ਹਾਂ, ਤੂੰ ਹਰ ਥਾਂ ਮੌਜੂਦ ਹੈਂ ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ।1।

ਜਿਨ੍ਹਾਂ ਮਨੁੱਖਾਂ ਨੇ ਇਕਾਗਰ ਹੋ ਕੇ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੇ ਆਤਮਕ ਆਨੰਦ ਮਾਣਿਆ ਹੈ, ਪਰ ਅਜੇਹੇ ਬੰਦੇ ਸੰਸਾਰ ਵਿਚ ਵਿਰਲੇ ਵਿਰਲੇ ਹਨ। ਜੇਹੜਾ ਜੇਹੜਾ ਬੰਦਾ ਗੁਰੂ ਦਾ ਸ਼ਬਦ ਕਮਾਂਦਾ ਹੈ (ਭਾਵ ਗੁਰੂ ਦੇ ਸ਼ਬਦ ਅਨੁਸਾਰ ਜੀਵਨ ਬਣਾਂਦਾ ਹੈ) ਜਮ ਉਹਨਾਂ ਦੇ ਨੇੜੇ ਨਹੀਂ ਢੁਕਦਾ (ਉਹਨਾਂ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ) ਉਹ ਕਦੇ ਭੀ ਮਨੁੱਖਾ ਜਨਮ ਦੀ ਬਾਜ਼ੀ ਹਾਰ ਕੇ ਨਹੀਂ ਆਉਂਦੇ। ਜੇਹੜੇ ਮਨੁੱਖ ਪਰਮਾਤਮਾ ਦੇ ਗੁਣ ਹਿਰਦੇ ਵਿਚ ਵਸਾਂਦੇ ਹਨ, ਉਹ (ਵਿਕਾਰਾਂ ਦੇ ਟਾਕਰੇ ਤੇ) ਕਦੇ ਹਾਰਦੇ ਨਹੀਂ, ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁਕਦੀ। ਜੇਹੜੇ ਬੰਦੇ ਪਰਮਾਤਮਾ ਦੀ ਚਰਨੀਂ ਲੱਗਦੇ ਹਨ ਉਹਨਾਂ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।

ਗੁਰੂ ਦੀ ਮਤਿ ਲੈ ਕੇ ਜਿਨ੍ਹਾਂ ਨੇ ਪ੍ਰਭੂ-ਨਾਮ ਦਾ ਰਸ ਚੱਖਿਆ ਹੈ, ਨਾਮ-ਫਲ ਪ੍ਰਾਪਤ ਕੀਤਾ ਹੈ, ਪ੍ਰਭੂ ਦਾ ਨਾਮ ਹਿਰਦੇ ਵਿਚ ਟਿਕਾਇਆ ਹੈ, ਇਕਾਗਰ ਹੋ ਕੇ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੇ ਆਤਮਕ ਆਨੰਦ ਮਾਣਿਆ ਹੈ। ਪਰ ਅਜੇਹੇ ਬੰਦੇ ਜਗਤ ਵਿਚ ਵਿਰਲੇ ਵਿਰਲੇ ਹੀ ਹਨ।2।

ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥ ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥ ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥ ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥ ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥ ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥ ਤਿਨ੍ਹ੍ਹ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥ ਨਾਮੁ ਲੈਨ੍ਹ੍ਹਿ ਸਿ ਸੋਹਹਿ ਤਿਨ੍ਹ੍ਹ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥੧॥੪॥

ਅਰਥ: ਮੈਂ ਉਸ ਪ੍ਰਭੂ ਤੋਂ ਸਦਕੇ ਹਾਂ ਜਿਸ ਨੇ ਜਗਤ ਪੈਦਾ ਕੀਤਾ ਹੈ ਤੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾ ਦਿਤਾ ਹੈ। (ਹੇ ਭਾਈ!) ਉਸ ਪ੍ਰਭੂ ਦੀ ਸੇਵਾ ਭਗਤੀ ਕਰਨੀ ਚਾਹੀਦੀ ਹੈ, ਇਹੀ ਲਾਭ ਜਗਤ ਵਿਚੋਂ ਖੱਟਣਾ ਚਾਹੀਦਾ ਹੈ, (ਇਸ ਤਰ੍ਹਾਂ) ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲਦਾ ਹੈ।

ਉਹੀ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ਜੇਹੜਾ ਇਕ ਪਰਮਾਤਮਾ ਨੂੰ (ਆਪਣੇ ਅੰਗ-ਸੰਗ) ਪਛਾਣਦਾ ਹੈ। ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਹ (ਮਾਨੋ) ਜਗਤ ਦੇ ਨੌ ਹੀ ਖ਼ਜ਼ਾਨੇ ਹਾਸਲ ਕਰਦਾ ਹੈ।

(ਹੇ ਭਾਈ!) ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਜੋ ਸਭ ਤੋਂ ਸ੍ਰੇਸ਼ਟ ਹੈ ਜੋ ਸਭ ਵਿਚ ਵਿਆਪਕ ਹੈ ਜੋ ਸਭ ਤੋਂ ਵੱਡਾ ਹੈ।

ਮੈਂ ਉਸ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਜਗਤ ਪੈਦਾ ਕੀਤਾ ਹੈ ਤੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾ ਰੱਖਿਆ ਹੈ।3।

ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਉਹ (ਲੋਕ ਪਰਲੋਕ ਵਿਚ) ਸੋਭਾ ਪਾਂਦੇ ਹਨ, ਉਹਨਾਂ ਨੂੰ ਆਤਮਕ ਆਨੰਦ-ਰੂਪ ਫਲ ਮਿਲਦਾ ਹੈ, (ਹਰ ਥਾਂ) ਆਦਰ ਪਾਂਦੇ ਹਨ, ਉਹ (ਮਨੁੱਖਾ-ਜਨਮ ਦੀ ਬਾਜ਼ੀ) ਜਿੱਤ ਕੇ (ਇਥੋਂ) ਜਾਂਦੇ ਹਨ। ਉਹਨਾਂ ਨੂੰ (ਆਤਮਕ ਸੁਖ ਦਾ) ਫਲ ਇਤਨਾ ਮਿਲਦਾ ਹੈ ਕਿ ਪਰਮਾਤਮਾ ਦੀ ਰਜ਼ਾ ਅਨੁਸਾਰ ਉਹ ਕਦੇ ਭੀ ਘਟਦਾ ਨਹੀਂ ਚਾਹੇ ਅਨੇਕਾਂ ਜੁਗ ਬੀਤ ਜਾਣ। ਹੇ ਪ੍ਰਭੂ-ਸੁਆਮੀ! ਚਾਹੇ ਅਨੇਕਾਂ ਹੀ ਜੁਗ ਬੀਤ ਜਾਣ ਸਿਮਰਨ ਕਰਨ ਵਾਲਿਆਂ ਨੂੰ ਆਤਮਕ ਆਨੰਦ ਦਾ ਮਿਲਿਆ ਫਲ ਕਦੇ ਭੀ ਘਟਦਾ ਨਹੀਂ। ਜੇਹੜਾ ਜੇਹੜਾ ਬੰਦਾ ਹਰੀ ਦਾ ਨਾਮ ਸਿਮਰਦਾ ਹੈ ਉਹਨਾਂ ਨੂੰ ਪ੍ਰਾਪਤ ਹੋਈ ਉੱਚੀ ਆਤਮਕ ਅਵਸਥਾ ਨੂੰ ਨਾਹ ਬੁਢੇਪਾ ਆਉਂਦਾ ਹੈ ਨਾਹ ਮੌਤ ਆਉਂਦੀ ਹੈ, ਉਹ ਕਦੇ ਨਰਕ ਵਿਚ ਨਹੀਂ ਪੈਂਦੇ।

ਹੇ ਨਾਨਕ! ਜੇਹੜੇ ਬੰਦੇ ਪਰਮਾਤਮਾ ਦਾ ਸਿਮਰਨ ਕਰਦੇ ਹਨ ਉਹ ਕਦੇ ਸੁੱਕਦੇ ਨਹੀਂ ਹਨ (ਭਾਵ, ਉਹਨਾਂ ਦਾ ਅੰਦਰਲਾ ਆਤਮਕ ਖੇੜਾ ਕਦੇ ਸੁੱਕਦਾ ਨਹੀਂ) ਉਹ ਕਦੇ ਦੁੱਖੀ ਨਹੀਂ ਹੁੰਦੇ। ਜੇਹੜੇ ਮਨੁੱਖ ਨਾਮ ਸਿਮਰਦੇ ਹਨ ਉਹ (ਲੋਕ- ਪਰਲੋਕ ਵਿਚ) ਸੋਭਾ ਪਾਂਦੇ ਹਨ, ਉਹਨਾਂ ਨੂੰ ਆਤਮਕ ਆਨੰਦ-ਰੂਪ ਫਲ ਮਿਲਦਾ ਹੈ, ਉਹ (ਹਰ ਥਾਂ) ਆਦਰ ਪਾਂਦੇ ਹਨ, ਉਹ (ਮਨੁੱਖਾ ਜਨਮ ਦੀ ਬਾਜ਼ੀ) ਜਿੱਤ ਕੇ (ਇਥੋਂ) ਜਾਂਦੇ ਹਨ।4।1।4।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ 

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ 

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ 

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ। ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ 

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ 

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ 

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ 

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧।

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ) , ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ।

ਹੇ ਦਾਸ ਨਾਨਕ! ਆਖ-ਜਿਸ ਵਡ-ਭਾਗੀ ਨੂੰਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀਸਾਰੀ ਤ੍ਰੇਹ ਬੁੱਝ ਜਾਂਦੀ ਹੈ।੧।

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ 

ਅਰਥ: ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ।

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨।

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ 

ਅਰਥ: ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ। (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩।

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥

ਅਰਥ: ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ। ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ।

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ 

ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।

(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।

ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,

ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।

ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।

ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ

ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।

ਹੇ ਸਤਿਗੁਰੂ! ਉਹਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।

(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋਰੋ ਕੇ ਵਿਛੁੜਦੀ ਹੈ।

ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।

ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।

ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ।

ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ {ਪੰਨਾ 549}

ਅਰਥ: ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭਹੇ ਨਾਨਕ! ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।

ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ 

ਅਰਥ: ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ।

ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ।

ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ।

ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰਕਿਥੋਂ ਲਭੇਹੇ ਮੂਰਖਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ।੨।

ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ 

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ।

ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ।

ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ। ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ। (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ 

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ 

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts